
ਮੁਹਾਲੀ ਸੜਕ ਹਾਦਸਿਆਂ ਵਿੱਚ ਦੋ ਜਣਿਆਂ ਦੀ ਮੌਤ, ਇਕ ਗੰਭੀਰ ਜ਼ਖ਼ਮੀ
ਜੋਤੀ ਸਿੰਗਲਾ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਜੁਲਾਈ:
ਮੁਹਾਲੀ ਵਿੱਚ ਦੋ ਵੱਖ-ਵੱਖ ਸੜਕ ਹਾਦਸਿਆਂ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਜਦੋਂਕਿ ਇੱਕ ਨੌਜਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਮ੍ਰਿਤਕਾ ਦੀ ਪਛਾਣ ਬਲਜੀਤ ਸਿੰਘ (38) ਵਾਸੀ ਫੇਜ਼-4 (ਮੁਹਾਲੀ) ਅਤੇ ਕਿਸ਼ਨ ਚੰਦ (55) ਵਾਸੀ ਖਰੜ ਵਜੋਂ ਹੈ। ਪਹਿਲੀ ਘਟਨਾ ਇੱਥੋਂ ਦੇ ਫੇਜ਼-3ਬੀ2 ਅਤੇ ਫੇਜ਼-7 ਦੀ ਟਰੈਫ਼ਿਕ ਲਾਈਟ ਪੁਆਇੰਟ ’ਤੇ ਵਾਪਰੀ। ਜਾਂਚ ਅਧਿਕਾਰੀ ਏਐਸਆਈ ਚਰਨਜੀਤ ਸਿੰਘ ਨੇ ਦੱਸਿਆ ਕਿ ਬਲਜੀਤ ਸਿੰਘ ਗੁਰੂ ਗਰੰਥ ਸਾਹਿਬ ਵਰਲਡ ਯੂਨੀਵਰਸਿਟੀ ਫਤਹਿਗੜ੍ਹ ਸਾਹਿਬ ਵਿੱਚ ਨੌਕਰੀ ਕਰਦਾ ਸੀ। ਉਹ ਸਵੇਰੇ ਕਰੀਬ ਸਾਢੇ ਅੱਠ ਵਜੇ ਆਪਣੇ ਮੋਟਰ ਸਾਈਕਲ ’ਤੇ ਸਵਾਰ ਹੋ ਕੇ ਫੇਜ਼-7 ਵੱਲ ਜਾ ਰਿਹਾ ਸੀ ਜਦੋਂਕਿ ਉਹ ਫੇਜ਼-3ਬੀ2 ਅਤੇ ਫੇਜ਼-7 ਦੀਆਂ ਲਾਈਟਾਂ ਨੇੜੇ ਪਹੁੰਚਿਆ ਤਾਂ ਹਰਿਆਣਾ ਪੁਲੀਸ ਦੇ ਏਡੀਜੀਪੀ ਟੈਲੀਕਾਮ ਸਟਾਫ਼ ਦੀ ਮਹਿੰਦਰਾ ਬੋਲੈਰੋ ਗੱਡੀ ਨੇ ਉਸ ਦੇ ਮੋਟਰ ਸਾਈਕਲ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਜਿਸ ਨੂੰ ਤੁਰੰਤ ਚਾਵਲਾ ਹਸਪਤਾਲ ਵਿੱਚ ਲਿਜਾਇਆ ਗਿਆ। ਜਿੱਥੇ ਮੁੱਢਲੀ ਮੈਡੀਕਲ ਸਹਾਇਤਾ ਤੋਂ ਬਾਅਦ ਡਾਕਟਰਾਂ ਨੇ ਉਸ ਨੂੰ ਪੀਜੀਆਈ ਚੰਡੀਗੜ੍ਹ ਲਈ ਰੈਫਰ ਕਰ ਦਿੱਤਾ। ਇਲਾਜ ਦੌਰਾਨ ਸ਼ਾਮ ਨੂੰ ਉਸ ਦੀ ਮੌਤ ਹੋ ਗਈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਹਰਿਆਣਾ ਪੁਲੀਸ ਦੀ ਕਾਰ ਚਾਲਕ ਹਨੂਮੰਤ ਸਿੰਘ ਦੇ ਖ਼ਿਲਾਫ਼ ਮਟੌਰ ਥਾਣੇ ਵਿੱਚ ਧਾਰਾ 279 ਅਤੇ 304ਏ ਦੇ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਪੋਸਟ ਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ।
ਉਧਰ, ਦੂਜਾ ਸੜਕ ਹਾਦਸਾ ਇੱਥੋਂ ਦੇ ਸੈਕਟਰ-68 ਅਤੇ ਸੈਕਟਰ-69 ਲਾਲ ਬੱਤੀ ਟੀ ਪੁਆਇੰਟ ਨੇੜੇ ਵਾਪਰਿਆ। ਇੱਥੇ ਇਕ ਤੇਜ਼ ਰਫ਼ਤਾਰ ਆਲਟੋ ਕਾਰ ਨੇ ਐਕਟਿਵਾ ਸਕੂਟਰ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਮੁਹਾਲੀ ਨਗਰ ਨਿਗਮ ਦੇ ਸਫ਼ਾਈ ਕਰਮਚਾਰੀ ਕਿਸ਼ਨ ਚੰਦ (55) ਵਾਸੀ ਖਰੜ ਦੀ ਮੌਤ ਹੋ ਗਈ ਜਦੋਂਕਿ ਉਸ ਦਾ ਬੇਟਾ ਰਾਜ ਕੁਮਾਰ (33) ਜ਼ਖ਼ਮੀ ਹੋ ਗਿਆ। ਦੱਸਿਆ ਗਿਆ ਹੈ ਕਿ ਅਣਪਛਾਤੀ ਕਾਰ ਦਾ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਜਾਂਚ ਅਧਿਕਾਰੀ ਸਬ ਇੰਸਪੈਕਟਰ ਭੁਪਿੰਦਰ ਸਿੰਘ ਨੇ ਦੱਸਿਆ ਕਿ ਕਿਸ਼ਨ ਚੰਦ ਦੇ ਸਿਰ ਵਿੱਚ ਗੰਭੀਰ ਸੱਟਾਂ ਲੱਗੀਆਂ ਸਨ। ਉਸ ਨੂੰ ਵੀ ਪੀਜੀਆਈ ਦਾਖ਼ਲ ਕਰਵਾਇਆ ਗਿਆ। ਜਿੱਥੇ ਇਲਾਜ ਦੌਰਾਨ ਉਸ ਨੇ ਦਮ ਤੋੜ ਦਿੱਤਾ। ਉਨ੍ਹਾਂ ਦੱਸਿਆ ਕਿ ਪੁਲੀਸ ਨੇ ਕਾਰ ਚਾਲਕ ਖ਼ਿਲਾਫ਼ ਸੈਂਟਰਲ ਥਾਣਾ ਫੇਜ਼-8 ਵਿੱਚ ਧਾਰਾ 279, 304-ਏ ਅਤੇ 427 ਤਹਿਤ ਕੇਸ ਦਰਜ ਕਰਕੇ ਕਾਰ ਚਾਲਕ ਦੀ ਭਾਲ ਸ਼ੁਰੂ ਕਰ ਦਿੱਤੀ ਹੈ।