Share on Facebook Share on Twitter Share on Google+ Share on Pinterest Share on Linkedin ਦੋ ਮੰਤਰੀਆਂ ਨੇ ਰੱਖਿਆ ਲਾਂਡਰਾਂ ਜੰਕਸ਼ਨ ਤੇ ਸੜਕਾਂ ਚੌੜੀਆਂ ਕਰਨ ਦੇ ਕੰਮ ਦਾ ਨੀਂਹ ਪੱਥਰ 6 ਤੋਂ 9 ਮਹੀਨਿਆਂ ਦੇ ਅੰਦਰ ਮੁਕੰਮਲ ਹੋਵੇਗਾ 25.33 ਕਰੋੜੀ ਪ੍ਰਾਜੈਕਟ: ਸਿੰਗਲਾ ਲਾਂਡਰਾਂ ਜੰਕਸ਼ਨ ਦੇ ਨਿਰਮਾਣ ਨਾਲ ਇਲਾਕੇ ਦੇ ਲੋਕਾਂ ਨੂੰ ਮਿਲੇਗਾ ਟਰੈਫ਼ਿਕ ਜਾਮ ਤੋਂ ਛੁਟਕਾਰਾ: ਸਿੱਧੂ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਫਰਵਰੀ: ਪੰਜਾਬ ਦੇ ਪੀ.ਡਬਲਿਊ.ਡੀ ਮੰਤਰੀ ਵਿਜੈਇੰਦਰ ਸਿੰਗਲਾ ਅਤੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਇੱਥੋਂ ਦੇ ਲਾਂਡਰਾਂ ਜੰਕਸ਼ਨ ਦੇ ਨਿਰਮਾਣ ਕਾਰਜਾਂ ਦੀ ਰਸਮੀ ਸ਼ੁਰੂਆਤ ਕਰਵਾਉਂਦਿਆਂ ਅੱਜ ਇਸ ਪ੍ਰਾਜੈਕਟ ਦੀ ਉਸਾਰੀ ਸਬੰਧੀ ਨੀਂਹ ਪੱਥਰ ਰੱਖਿਆ। ਇਸ ਦੇ ਨਾਲ ਲਾਂਡਰਾਂ ਤੋਂ ਬਨੂੜ ਅਤੇ ਲਾਂਡਰਾਂ ਤੋਂ ਸਰਹਿੰਦ ਮਾਰਗ ’ਤੇ ਪਿੰਡ ਸਵਾੜਾ ਤੱਕ ਸੜਕਾਂ ਨੂੰ ਮਜ਼ਬੂਤ ਤੇ ਚੌੜਾ ਕਰਕੇ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਪ੍ਰਾਜੈਕਟ ਨੇਪਰੇ ਚੜ੍ਹਨ ਨਾਲ ਲਾਂਡਰਾਂ ਜੰਕਸ਼ਨ ’ਤੇ ਇਲਾਕੇ ਦੇ ਲੋਕਾਂ ਅਤੇ ਰਾਹਗੀਰਾਂ ਨੂੰ ਰੋਜ਼ਾਨਾ ਲਗਦੇ ਲੰਮੇ ਟਰੈਫ਼ਿਕ ਜਾਮ ਤੋਂ ਮੁਕਤੀ ਮਿਲ ਜਾਵੇਗੀ। ਸ੍ਰੀ ਸਿੰਗਲਾ ਨੇ ਦੱਸਿਆ ਕਿ ਇਸ ਪ੍ਰਾਜੈਕਟ ਲਈ 25.33 ਕਰੋੜ ਰੁਪਏ ਖ਼ਰਚ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਮੰਤਵ ਲਈ ਐਕਵਾਇਰ ਕੀਤੀ ਗਈ ਜ਼ਮੀਨ ਸਬੰਧੀ ਕਿਸਾਨਾਂ ਨੂੰ 18 ਕਰੋੜ ਮੁਆਵਜ਼ਾ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਿਹਤ ਮੰਤਰੀ ਬਲਬੀਰ ਸਿੱਧੂ ਦਾ ਇਹ ਵੱਕਾਰੀ ਪ੍ਰਾਜੈਕਟ 6 ਤੋਂ 9 ਮਹੀਨਿਆਂ ਦੇ ਅੰਦਰ ਅੰਦਰ ਮੁਕੰਮਲ ਹੋ ਜਾਵੇਗਾ। ਇਸ ਸਬੰਧੀ ਸ੍ਰੀ ਸਿੰਗਲਾ ਨੇ ਠੇਕੇਦਾਰ ਨੂੰ ਮੌਕੇ ’ਤੇ ਸੱਦ ’ਤੇ ਲੋਕਾਂ ਦੀ ਹਾਜ਼ਰੀ ਵਿੱਚ ਹਦਾਇਤ ਕੀਤੀ ਕਿ ਪ੍ਰਾਜੈਕਟ ਦੇ ਨਿਰਮਾਣ ਵਿੱਚ ਕੋਈ ਵੀ ਗੜਬੜੀ ਨਹੀਂ ਹੋਣੀ ਚਾਹੀਦੀ ਅਤੇ ਮੈਟੀਰੀਅਲ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਸ੍ਰੀ ਸਿੰਗਲਾ ਨੇ ਦੱਸਿਆ ਕਿ ਮੁਹਾਲੀ ਸਮੇਤ ਸਮੁੱਚੇ ਪੰਜਾਬ ਵਿੱਚ ਡੀਜੀਪੀ ਦਿਨਕਰ ਗੁਪਤਾ ਨਾਲ ਐਕਸੀਡੈਂਟ ਪੁਆਇੰਟਾਂ ਨਾਲ ਚਰਚਾ ਕਰਦਿਆਂ ਭਵਿੱਖ ਵਿੱਚ ਸੜਕ ਦੁਰਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਪੁਲੀਸ ਅਤੇ ਹੋਰ ਵੱਖ-ਵੱਖ ਵਿਭਾਗਾਂ ਨਾਲ ਮਿਲ ਕੇ ਸਾਂਝੇ ਯਤਨ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਭਿਆਨਕ ਸੜਕ ਹਾਦਸੇ ਵਾਲੀਆਂ ਦੀ ਸ਼ਨਾਖ਼ਤ ਕੀਤੀ ਜਾ ਰਹੀ ਹੈ। ਜਿੱਥੇ ਲੋੜ ਅਨੁਸਾਰ ਸਰਵਿਸ ਲੇਨ ਅਤੇ ਸੀਸੀਟੀਵੀ ਕੈਮਰੇ ਲਗਾਏ ਜਾਣਗੇ। ਮੰਤਰੀ ਨੇ ਦੱਸਿਆ ਕਿ ਪੰਜਾਬ ਦੀਆਂ ਲਿੰਕ ਸੜਕਾਂ ਦੀ ਮੁਰੰਮਤ ’ਤੇ 3 ਹਜ਼ਾਰ ਕਰੋੜ ਰੁਪਏ ਖ਼ਰਚੇ ਜਾਣਗੇ। ਸਿਹਤ ਮੰਤਰੀ ਦੇ ਬਲਬੀਰ ਸਿੰਘ ਸਿੱਧੂ ਨੇ ਇਲਾਕੇ ਦੇ ਲੋਕਾਂ ਦੀ ਇਹ ਚਿਕਚੋਣੀ ਮੰਗ ਹੁਣ ਪੂਰੀ ਹੋਣ ਜਾ ਰਹੀ ਹੈ ਜਦੋਂਕਿ ਪਿਛਲੀ ਅਕਾਲੀ ਸਰਕਾਰ ਨੇ ਲਾਂਡਰਾਂ ਜੰਕਸ਼ਨ ਸਮੇਤ ਹੋਰ ਵਿਕਾਸ ਕੰਮਾਂ ਵੱਲ ਉੱਕਾ ਹੀ ਧਿਆਨ ਨਹੀਂ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਕੁਝ ਸਮਾਂ ਪਹਿਲਾਂ 45 ਲੱਖ ਰੁਪਏ ਦੀ ਲਾਗਤ ਨਾਲ ਲਖਨੌਰ-ਲਾਂਡਰਾਂ ਸੜਕ ’ਤੇ ਪੇਵਰ ਬਲਾਕ ਲਗਾ ਕੇ ਇਹ ਲਾਂਘਾ ਲੋਕਾਂ ਲਈ ਖੋਲ੍ਹਿਆ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਜਿੱਥੇ ਇਤਿਹਾਸਕ ਗੁਰਦੁਆਰਾ ਫਤਹਿਗੜ੍ਹ ਸਾਹਿਬ ਦੇ ਦਰਸ਼ਨਾਂ ਲਈ ਜਾਂਦੇ ਸ਼ਰਧਾਲੂਆਂ ਨੂੰ ਰਾਹਤ ਮਿਲੇਗੀ, ਉੱਥੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਚੰਡੀਗੜ੍ਹ ਤੇ ਮੁਹਾਲੀ ਆਉਣ ਵਾਲੇ ਲੋਕਾਂ ਦਾ ਸਫ਼ਰ ਸੌਖਾ ਹੋਵੇਗਾ ਅਤੇ ਲਾਂਡਰਾਂ ਚੌਕ ਵਿੱਚ ਲਗਦੇ ਲੰਮੇ ਜਾਮ ਤੋਂ ਨਿਜਾਤ ਮਿਲੇਗੀ। ਇਸ ਮੌਕੇ ਬੱਸੀ ਪਠਾਣਾਂ ਦੇ ਵਿਧਾਇਕ ਗੁਰਪ੍ਰੀਤ ਸਿੰਘ, ਸਿਹਤ ਮੰਤਰੀ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ, ਐਸਡੀਐਮ ਜਗਦੀਸ਼ ਸਹਿਗਲ, ਡੀਡੀਪੀਓ ਡੀਕੇ ਸਾਲਦੀ, ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਕੰਵਰਬੀਰ ਸਿੰਘ ਸਿੱਧੂ, ਜ਼ਿਲ੍ਹਾ ਪ੍ਰੀਸ਼ਦ ਦੀ ਚੇਅਰਪਰਸਨ ਜਸਵਿੰਦਰ ਕੌਰ ਦੁਰਾਲੀ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਠੇਕੇਦਾਰ ਮੋਹਨ ਸਿੰਘ ਬਠਲਾਣਾ, ਦਸਮੇਸ਼ ਯੁਵਕ ਸੇਵਾਵਾਂ ਕਲੱਬ ਰਾਏਪੁਰ ਕਲਾਂ ਦੇ ਪ੍ਰਧਾਨ ਰਜਿੰਦਰ ਸਿੰਘ ਰਾਏਪੁਰ, ਹਰਚਰਨ ਸਿੰਘ ਗਿੱਲ ਸਰਪੰਚ ਲਾਂਡਰਾਂ, ਬਲਾਕ ਸਮਿਤੀ ਖਰੜ ਦੀ ਚੇਅਰਪਰਸਨ ਰਣਬੀਰ ਕੌਰ ਬੜੀ, ਵਾਈਸ ਚੇਅਰਮੈਨ ਮਨਜੀਤ ਸਿੰਘ ਤੰਗੋਰੀ, ਬਲਾਕ ਸਮਿਤੀ ਮੈਂਬਰ ਸਤਵੰਤ ਕੌਰ ਲਾਂਡਰਾਂ, ਕੌਂਸਲਰ ਕੁਲਜੀਤ ਸਿੰਘ ਬੇਦੀ ਤੇ ਭਾਰਤ ਭੂਸ਼ਨ ਮੈਣੀ, ਐਮਡੀਐਸ ਸੋਢੀ, ਪਰਮਜੀਤ ਸਿੰਘ ਚੌਹਾਨ, ਗਗਨਦੀਪ ਸਿੰਘ ਧਾਲੀਵਾਲ, ਨਰੇਸ਼ ਧੀਮਾਨ, ਰਾਜਾ ਕੰਵਰਜੋਤ ਸਿੰਘ, ਨਰਪਿੰਦਰ ਸਿੰਘ ਰੰਗੀ, ਭਗਵੰਤ ਸਿੰਘ ਗੀਗੇਮਾਜਰਾ, ਬਲਜੀਤ ਸਿੰਘ ਭਾਗੋਮਾਜਰਾ, ਸਰਪੰਚ ਬੈਰੋਂਪੁਰ ਸੁਦੇਸ਼ ਕੁਮਾਰ ਗੋਗਾ, ਬਲਬੀਰ ਸਿੰਘ ਸਾਬਕਾ ਸਰਪੰਚ ਮੌਜਪੁਰ, ਮੰਗਾ ਸਿੰਘ ਸਰਪੰਚ ਮੌਜਪੁਰ, ਸਮਿਤੀ ਮੈਂਬਰ ਸਮਸ਼ੇਰ ਸਿੰਘ ਕੈਲੋਂ, ਚੌਧਰੀ ਭਗਤ ਰਾਮ ਸਰਪੰਚ ਸਨੇਟਾ, ਚੌਧਰੀ ਹਰਨੇਕ ਸਿੰਘ ਨੇਕੀ, ਹਰਭਜਨ ਸਿੰਘ ਰਾਏਪੁਰ ਕਲਾਂ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ