nabaz-e-punjab.com

ਗੈਰ-ਕਾਨੂੰਨੀ ਢੰਗ ਨਾਲ ਲੋਕਾਂ ਨੂੰ ਕੰਬੋਡੀਆ ਭੇਜਣ ਵਾਲੇ ਦੋ ਟਰੈਵਲ ਏਜੰਟ ਗ੍ਰਿਫ਼ਤਾਰ

ਮੁਲਜ਼ਮਾਂ ਨੇ ਧੋਖੇ ਨਾਲ ਕਾਫ਼ੀ ਲੋਕਾਂ ਨੂੰ ਕੰਬੋਡੀਆ ਭੇਜਿਆ, ਜਿੱਥੇ ਜਬਰਨ ਸਾਈਬਰ ਗੁਲਾਮੀ ਦਾ ਸ਼ਿਕਾਰ ਹੋਏ: ਡੀਜੀਪੀ

ਅਜਿਹੇ ਹੋਰ ਟਰੈਵਲ ਏਜੰਟਾਂ ਦੀ ਪਛਾਣ ਕਰਨ ਲਈ ਡੂੰਘਾਈ ਨਾਲ ਜਾਂਚ ਜਾਰੀ: ਏਡੀਜੀਪੀ ਵੀ. ਨੀਰਜਾ

ਨਬਜ਼-ਏ-ਪੰਜਾਬ, ਮੁਹਾਲੀ, 3 ਜੁਲਾਈ:
ਪੰਜਾਬ ਪੁਲੀਸ ਦੇ ਸਾਈਬਰ ਕ੍ਰਾਈਮ ਡਵੀਜ਼ਨ ਨੇ ਗੈਰ-ਕਾਨੂੰਨੀ ਢੰਗ ਨਾਲ ਲੋਕਾਂ ਨੂੰ ਕੰਬੋਡੀਆ ਅਤੇ ਹੋਰ ਦੱਖਣ ਪੂਰਬੀ ਏਸ਼ੀਆਈ ਦੇਸ਼ਾਂ ਵਿੱਚ ਭੇਜਣ ਵਾਲੇ ਦੋ ਟਰੈਵਲ ਏਜੰਟਾਂ ਨੂੰ ਮਨੁੱਖੀ ਤਸਕਰੀ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਅਮਰਜੀਤ ਸਿੰਘ ਵਜੋਂ ਹੋਈ ਹੈ, ਜੋ ਮੁਹਾਲੀ ਸਥਿਤ ਵੀਜ਼ਾ ਪੈਲੇਸ ਇਮੀਗ੍ਰੇਸ਼ਨ ਦਾ ਮਾਲਕ ਹੈ। ਦੂਜਾ ਮੁਲਜ਼ਮ ਗੁਰਜੋਧ ਸਿੰਘ ਵੀ ਉਸ ਦਾ ਸਾਥੀ ਹੈ।
ਜਾਣਕਾਰੀ ਅਨੁਸਾਰ ਇਹ ਟਰੈਵਲ ਏਜੰਟ ਭੋਲੇ-ਭਾਲੇ ਲੋਕਾਂ ਨੂੰ ਡਾਟਾ ਐਂਟਰੀ ਦੀਆਂ ਨੌਕਰੀਆਂ ਦਾ ਲਾਲਚ ਦੇ ਕੇ ਪੰਜਾਬ ਤੋਂ ਕੰਬੋਡੀਆ ਭੇਜਦੇ ਸਨ ਅਤੇ ਸਿਆਮ ਰੀਪ ਪਹੁੰਚਣ ’ਤੇ ਉਨ੍ਹਾਂ ਦੇ ਪਾਸਪੋਰਟ ਖੋਹ ਲਏ ਜਾਂਦੇ ਹਨ। ਫਿਰ ਉਨ੍ਹਾਂ ਨੂੰ ਸਾਈਬਰ ਸਕੈਮਿੰਗ ਕਾਲ ਸੈਂਟਰਾਂ ਵਿੱਚ ਕੰਮ ਕਰਨ ਲਈ ਮਜ਼ਬੂਰ ਕੀਤਾ ਜਾਂਦਾ ਹੈ ਤਾਂ ਜੋ ਸਾਈਬਰ ਫਾਇਨਾਂਸ਼ੀਅਲ ਫਰਾਡ ਲਈ ਭਾਰਤੀ ਲੋਕਾਂ ਨੂੰ ਨਿਸ਼ਾਨਾ ਬਣਾਇਆ ਜਾ ਸਕੇ। ਕੰਬੋਡੀਆ ਸਥਿਤ ਭਾਰਤੀ ਦੂਤਾਵਾਸ ਦੇ ਸੰਪਰਕ ਵਿੱਚ ਆਉਣ ਵਾਲੇ ਪੀੜਤ ਦੀ ਜਾਣਕਾਰੀ ਤੋਂ ਬਾਅਦ ਸਟੇਟ ਸਾਈਬਰ ਕ੍ਰਾਈਮ ਥਾਣੇ ਵਿੱਚ ਧਾਰਾ 370, 406, 420 ਅਤੇ 120-ਬੀ ਅਤੇ ਇਮੀਗਰੇਸ਼ਨ ਐਕਟ ਦੀ ਧਾਰਾ 24 ਤਹਿਤ ਪਰਚਾ ਦਰਜ ਕੀਤਾ ਗਿਆ ਹੈ।
ਡੀਜੀਪੀ ਨੇ ਕਿਹਾ ਕਿ ਮੁੱਢਲੀ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਕਿ ਮੁਲਜ਼ਮਾਂ ਨੇ ਕਈ ਵਿਅਕਤੀਆਂ ਨੂੰ ਧੋਖੇ ਨਾਲ ਕੰਬੋਡੀਆ ਅਤੇ ਹੋਰ ਦੱਖਣ-ਪੂਰਬੀ ਏਸ਼ੀਆਈ ਦੇਸ਼ਾਂ ਵਿੱਚ ਭੇਜਿਆ ਹੈ, ਜਿੱਥੇ ਉਨ੍ਹਾਂ ਤੋਂ ਭਾਰਤੀਆਂ ਨਾਲ ਸਾਈਬਰ ਸਕੈਮਿੰਗ ਵਾਲੇ ਕੇਂਦਰਾਂ ਵਿੱਚ ਜ਼ਬਰਦਸਤੀ ਕੰਮ ਕਰਵਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਾਈਬਰ ਗੁਲਾਮੀ ਵਿੱਚ ਫਸੇ ਹੋਰ ਵਿਅਕਤੀਆਂ ਦੇ ਵੇਰਵੇ ਪ੍ਰਾਪਤ ਕੀਤੇ ਜਾ ਰਹੇ ਹਨ ਅਤੇ ਪੀੜਤਾਂ ਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਤਾਲਮੇਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਏਡੀਜੀਪੀ (ਸਾਈਬਰ ਕਰਾਈਮ) ਵੀ. ਨੀਰਜਾ ਨੇ ਦੱਸਿਆ ਕਿ ਸਟੇਟ ਸਾਈਬਰ ਕ੍ਰਾਈਮ ਦੀ ਟੀਮ ਨੇ ਇੰਸਪੈਕਟਰ ਦੀਪਕ ਭਾਟੀਆ ਦੀ ਅਗਵਾਈ ਹੇਠ ਵੀਜ਼ਾ ਪੈਲੇਸ ਇਮੀਗ੍ਰੇਸ਼ਨ ਮੁਹਾਲੀ ਦੇ ਦਫ਼ਤਰ ’ਤੇ ਛਾਪੇਮਾਰੀ ਕਰਕੇ ਦੋਵੇਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ। ਮੁਲਜ਼ਮਾਂ ਨੇ ਪੁੱਛਗਿੱਛ ਦੌਰਾਨ ਖ਼ੁਲਾਸਾ ਕੀਤਾ ਕਿ ਉਹ ਵੱਖ-ਵੱਖ ਸੂਬਿਆਂ ਨਾਲ ਸਬੰਧਤ ਹੋਰ ਏਜੰਟਾਂ ਦੀ ਮਿਲੀਭੁਗਤ ਨਾਲ ਗੈਰ-ਕਾਨੂੰਨੀ ਗਤੀਵਿਧੀਆਂ ਕਰ ਰਹੇ ਸਨ। ਅਜਿਹੇ ਹੋਰ ਟਰੈਵਲ ਏਜੰਟਾਂ ਅਤੇ ਉਨ੍ਹਾਂ ਦੇ ਸਾਥੀਆਂ ਦੀ ਪਛਾਣ ਕਰਨ ਲਈ ਜਾਂਚ ਕੀਤੀ ਜਾ ਰਹੀ ਹੈ।
ਏਡੀਜੀਪੀ ਨੇ ਲੋਕਾਂ ਨੂੰ ਅਜਿਹੀਆਂ ਧੋਖਾਧੜੀ ਵਾਲੀਆਂ ਇਮੀਗ੍ਰੇਸ਼ਨ ਗਤੀਵਿਧੀਆਂ ਤੋਂ ਸੁਚੇਤ ਰਹਿਣ ਅਤੇ ਵਿਦੇਸ਼ਾਂ, ਖਾਸ ਕਰਕੇ ਦੱਖਣ-ਪੂਰਬੀ ਏਸ਼ੀਆਈ ਦੇਸ਼ਾਂ ਵਿੱਚ ਚੰਗੀਆਂ ਨੌਕਰੀਆਂ ਦੇ ਮੌਕੇ ਪ੍ਰਦਾਨ ਕਰਨ ਵਾਲੇ ਟਰੈਵਲ ਏਜੰਟਾਂ ਦੇ ਝੂਠੇ ਵਾਅਦਿਆਂ ਦਾ ਸ਼ਿਕਾਰ ਨਾ ਹੋਣ। ਉਨ੍ਹਾਂ ਇਹ ਵੀ ਸਲਾਹ ਦਿੱਤੀ ਕਿ ਸੰਭਾਵੀ ਰੁਜ਼ਗਾਰਦਾਤਾ ਦੇ ਪਿਛੋਕੜ ਦੀ ਚੰਗੀ ਤਰ੍ਹਾਂ ਜਾਂਚ ਕੀਤੀ ਜਾਵੇ, ਖਾਸ ਕਰਕੇ ਜਦੋਂ ‘ਡਾਟਾ ਐਂਟਰੀ ਅਪਰੇਟਰ’ ਨੌਕਰੀ ਦੇ ਨਾਮ ’ਤੇ ਕੰਮ ਦੀ ਪੇਸ਼ਕਸ਼ ਕੀਤੀ ਜਾਂਦੀ ਹੈ।
ਜ਼ਿਕਰਯੋਗ ਹੈ ਕਿ ਵਿਦੇਸ਼ ਮੰਤਰਾਲੇ ਨੇ ਰੁਜ਼ਗਾਰ ਦੇ ਉਦੇਸ਼ਾਂ ਲਈ ਵਿਦੇਸ਼ ਜਾਣ ਦੇ ਚਾਹਵਾਨ ਵਿਅਕਤੀਆਂ ਨੂੰ ਲੋੜੀਂਦੀਆਂ ਸਹਾਇਤਾ ਸੇਵਾਵਾਂ ਪ੍ਰਦਾਨ ਕਰਨ ਲਈ ਇੱਕ ਸਿੰਗਲ-ਵਿੰਡੋ ਸੁਵਿਧਾ ਕੇਂਦਰ ਵਜੋਂ ਓਵਰਸੀਜ਼ ਵਰਕਰਜ਼ ਰਿਸੋਰਸ ਸੈਂਟਰ ਦੀ ਸਥਾਪਨਾ ਕੀਤੀ ਹੈ। ਅੱਜ ਕੱਲ੍ਹ 24*7 ਹੈਲਪਲਾਈਨ (1800113090) ਉਪਲਬਧ ਹੈ ਤਾਂ ਜੋ ਪ੍ਰਵਾਸੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਇੱਕ ਟੋਲ ਫਰੀ ਨੰਬਰ ਰਾਹੀਂ ਲੋੜ ਆਧਾਰਿਤ ਜਾਣਕਾਰੀ ਪ੍ਰਦਾਨ ਕੀਤੀ ਜਾ ਸਕੇ। ਜੇਕਰ ਪੰਜਾਬ ਦਾ ਕੋਈ ਹੋਰ ਵਿਅਕਤੀ ਇਸ ਘੁਟਾਲੇ ਦਾ ਸ਼ਿਕਾਰ ਹੋਇਆ ਹੈ ਤਾਂ ਉਹ ਵਿਅਕਤੀ ਸਟੇਟ ਸਾਈਬਰ ਕ੍ਰਾਈਮ ਡਵੀਜ਼ਨ ਪੰਜਾਬ ਹੈਲਪਲਾਈਨ ਨੰਬਰ 0172-2226258 ਉੱਤੇ ਸੰਪਰਕ ਕਰਕੇ ਵਿਦੇਸ਼ ਮੰਤਰਾਲੇ ਨਵੀਂ ਦਿੱਲੀ ਰਾਹੀਂ ਹੋਰ ਜਾਣਕਾਰੀ ਪ੍ਰਾਪਤ ਕਰ ਸਕਦਾ ਹੈ।

Load More Related Articles
Load More By Nabaz-e-Punjab
Load More In General News

Check Also

ਵਫ਼ਾਦਾਰ ਵਰਕਰਾਂ ਦੇ ਮਾਣ-ਸਨਮਾਨ ’ਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ: ਸੁਖਬੀਰ ਬਾਦਲ

ਵਫ਼ਾਦਾਰ ਵਰਕਰਾਂ ਦੇ ਮਾਣ-ਸਨਮਾਨ ’ਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ: ਸੁਖਬੀਰ ਬਾਦਲ ਮੁਹਾਲੀ ਦੇ ਅਕਾਲੀ ਆ…