Nabaz-e-punjab.com

ਕਥਾ-ਵਾਚਕ ਦੀ ਕੁੱਟਮਾਰ ਦਾ ਮਾਮਲਾ: ਯੂਨਾਈਟਿਡ ਸਿੱਖ ਪਾਰਟੀ ਦਾ ਵਫ਼ਦ ਐਸਪੀ ਨੂੰ ਮਿਲਿਆ

ਹਮਲਾਵਰਾਂ ਦੇ ਖ਼ਿਲਾਫ਼ ਇਰਾਦਾ-ਏ-ਕਤਲ ਦਾ ਪਰਚਾ ਦਰਜ ਕਰਨ ਦੀ ਮੰਗ, ਡੀਐਸਪੀ ਨੂੰ ਸੌਂਪੀ ਜਾਂਚ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਸਤੰਬਰ:
ਲਾਂਡਰਾਂ ਤੋਂ ਸਰਹਿੰਦ ਮੁੱਖ ਸੜਕ ’ਤੇ ਸਥਿਤ ਪਿੰਡ ਝੰਜੇੜੀ ਦੇ ਗੁਰਦੁਆਰਾ ਸਾਹਿਬ ਨੇੜੇ ਬਣੀ ਧਰਮਸ਼ਾਲਾ ਵਿੱਚ ਵੱਜ ਕੇ ਲੱਚਰ ਗਾਣਿਆਂ ਦੀ ਵੀਡੀਓ ਬਣਾਉਣ ਵਾਲੇ ਕਥਾ ਵਾਚਕ ਦੀ ਕੁੱਟਮਾਰ ਕਰਨ ਦਾ ਮਾਮਲਾ ਭਖ ਗਿਆ ਹੈ। ਯੂਨਾਈਟਿਡ ਸਿੱਖ ਪਾਰਟੀ ਦੇ ਮੁੱਖ ਸੇਵਾਦਾਰ ਭਾਈ ਜਸਵਿੰਦਰ ਸਿੰਘ ਦੀ ਅਗਵਾਈ ਹੇਠ ਸਿੱਖਾਂ ਦੇ ਉੱਚ ਪੱਧਰੀ ਵਫ਼ਦ ਨੇ ਅੱਜ ਮੁਹਾਲੀ ਵਿੱਚ ਐਸਐਸਪੀ ਦੀ ਗੈਰਮੌਜੂਦਗੀ ਵਿੱਚ ਐਸਪੀ (ਟਰੈਫ਼ਿਕ) ਕੇਸਰ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਲਿਖਤੀ ਸ਼ਿਕਾਇਤ ਦੇ ਕੇ ਕਥਾ ਵਾਚਕ ’ਤੇ ਜਾਨਲੇਵਾ ਹਮਲਾ ਕਰਨ ਵਾਲੇ ਵਿਅਕਤੀਆਂ ਦੇ ਖ਼ਿਲਾਫ਼ ਇਰਾਦਾ-ਏ- ਕਤਲ ਦਾ ਪਰਚਾ ਦਰਜ ਕਰਕੇ ਹਮਲਾਵਰਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ।
ਭਾਈ ਜਸਵਿੰਦਰ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ਗੁਰਦੁਆਰਾ ਜਯੋਤੀ ਸਰੂਪ ਫਤਹਿਗੜ੍ਹ ਸਾਹਿਬ ਦੇ ਕਥਾ ਵਾਚਕ ਭਾਈ ਅਤਰ ਸਿੰਘ ਮੁਹਾਲੀ ਤੋਂ ਆਪਣੇ ਘਰ ਜਾ ਰਿਹਾ ਸੀ ਕਿ ਰਸਤੇ ਵਿੱਚ ਪਿੰਡ ਝੰਜੇੜੀ ਵਿੱਚ ਗੁਰਦੁਆਰਾ ਸਾਹਿਬ ਨੇੜੇ ਧਰਮਸ਼ਾਲਾ ਵਿੱਚ ਸ਼ਰ੍ਹੇਆਮ ਚੱਲ ਰਹੇ ਲੱਚਰ ਗੀਤਾਂ ਬਾਰੇ ਧਰਮ ਪ੍ਰਚਾਰਕ ਕਮੇਟੀ ਨੂੰ ਸੂਚਨਾ ਦੇਣ ਲਈ ਵੀਡੀਓ ਬਣਾਉਣੀ ਸ਼ੁਰੂ ਕਰ ਦਿੱਤੀ ਤਾਂ ਸ਼ਰਾਬ ਦੇ ਨਸ਼ੇ ਵਿੱਚ ਟੱਲੀ ਦੋ ਦਰਜਨ ਤੋਂ ਵੱਧ ਵਿਅਕਤੀਆਂ ਨੇ ਕਥਾ ਵਾਚਕ ਨੂੰ ਫੜ ਲਿਆ ਅਤੇ ਉਸ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਅਤੇ ਕੇਸਾਂ ਅਤੇ ਕਕਾਰਾਂ ਦੀ ਬੇਅਦਬੀ ਕੀਤੀ ਗਈ। ਜਿਸ ਕਾਰਨ ਉਹ ਜ਼ਖ਼ਮੀ ਹੋ ਗਿਆ। ਬਾਅਦ ਵਿੱਚ ਕਥਾ ਵਾਚਕ ਨੂੰ ਸਰਕਾਰੀ ਹਸਪਤਾਲ ਫੇਜ਼-6 ਵਿੱਚ ਦਾਖ਼ਲ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਭਾਵੇਂ ਪੁਲੀਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ ਪ੍ਰੰਤੂ ਜਿਸ ਤਰੀਕੇ ਨਾਲ ਕਥਾ ਵਾਚਕ ਨੂੰ ਘੇਰਾ ਪਾ ਕੇ ਉਸ ਦੀ ਕੁੱਟਮਾਰ ਕੀਤੀ ਗਈ ਹੈ। ਇਸ ਸਬੰਧੀ ਹਮਲਾਵਰਾਂ ਦੇ ਖ਼ਿਲਾਫ਼ ਇਰਾਦਾ-ਏ-ਕਤਲ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਕੇਸ ਦਰਜ ਕਰਨਾ ਬਣਦਾ ਹੈ। ਉਨ੍ਹਾਂ ਦੱਸਿਆ ਕਿ ਕਥਾ ਵਾਚਕ ਦੀ ਗਰਦਨ, ਮੋਢਿਆਂ ਅਤੇ ਹੋਰ ਕਈ ਥਾਵਾਂ ਦੇ ਗੰਭੀਰ ਸੱਟਾਂ ਲੱਗੀਆਂ ਹੋਈਆਂ ਹਨ।
ਇਸ ਮੌਕੇ ਜ਼ਿਲ੍ਹਾ ਆਗੂ ਭਾਈ ਦਵਿੰਦਰ ਸਿੰਘ, ਭਾਈ ਅਤਰ ਸਿੰਘ, ਭਾਈ ਮਨਜੀਤ ਸਿੰਘ, ਭਾਈ ਸ਼ਮਸ਼ੇਰ ਸਿੰਘ, ਭਾਈ ਮਨਮੋਹਨ ਸਿੰਘ, ਭਾਈ ਪਰਵਿੰਦਰ ਸਿੰਘ ਲਾਡੀ, ਭਾਈ ਪਰਵਿੰਦਰ ਸਿੰਘ, ਭਾਈ ਜਗਤਾਰ ਸਿੰਘ ਅਤੇ ਵੱਡੀ ਗਿਣਤੀ ਵਿੱਚ ਸਿੱਖ ਨੌਜਵਾਨ ਹਾਜ਼ਰ ਸਨ।
(ਬਾਕਸ ਆਈਟਮ)
ਮੁਹਾਲੀ ਦੇ ਐਸਪੀ (ਟਰੈਫ਼ਿਕ) ਕੇਸਰ ਸਿੰਘ ਨੇ ਸਿੱਖਾਂ ਦੇ ਵਫ਼ਦ ਵੱਲੋਂ ਦਿੱਤੀ ਸ਼ਿਕਾਇਤ ਬਾਰੇ ਤੁਰੰਤ ਐਸਐਸਪੀ ਨਾਲ ਫੋਨ ’ਤੇ ਗੱਲ ਕੀਤੀ ਅਤੇ ਕਾਰਵਾਈ ਦਾ ਭਰੋਸਾ ਦਿੰਦਿਆਂ ਮਾਮਲੇ ਦੀ ਜਾਂਚ ਡੀਐਸਪੀ ਖਰੜ ਦੀਪ ਕੰਵਲ ਨੂੰ ਸੌਂਪੀ ਗਈ। ਇਸ ਮਗਰੋਂ ਵਫ਼ਦ ਨੇ ਡੀਐਸਪੀ ਨਾਲ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਮੈਡੀਕਲ ਰਿਪੋਰਟ ਮਿਲਣ ਤੋਂ ਬਾਅਦ ਜੇਕਰ ਗੰਭੀਰ ਸੱਟਾਂ ਲੱਗਣ ਦੀ ਗੱਲ ਸਾਹਮਣੇ ਆਈ ਤਾਂ ਹਮਲਾਵਰਾਂ ਦੇ ਖ਼ਿਲਾਫ਼ ਦਰਜ ਕੇਸ ਵਿੱਚ ਜੁਰਮ ’ਚ ਵਾਧਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪੁਲੀਸ ਨੇ ਦੋ ਹਮਲਾਵਰ ਗ੍ਰਿਫ਼ਤਾਰ ਕੀਤੇ ਗਏ ਹਨ ਅਤੇ ਬਾਕੀ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ।

Load More Related Articles
Load More By Nabaz-e-Punjab
Load More In General News

Check Also

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ ਗੋਲੇ ਸੁੱਟੇ

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ…