ਕਿਸਾਨਾਂ ਨੂੰ ਮਿਆਰੀ ਬੀਜ ਤੇ ਖੇਤੀ ਸਮੱਗਰੀ ਮੁਹੱਈਆ ਕਰਵਾਉਣ ਲਈ ਡੀਲਰਾਂ ਦੀ ਅਚਨਚੇਤ ਚੈਕਿੰਗ
ਕਿਸਾਨਾਂ ਨੂੰ ਉੱਚ ਗੁਣਵੱਤਾ ਦੀ ਖੇਤੀ ਸਮੱਗਰੀ ਹੀ ਵੇਚੀ ਜਾਵੇ: ਮੁੱਖ ਖੇਤੀਬਾੜੀ ਅਫ਼ਸਰ
ਨਬਜ਼-ਏ-ਪੰਜਾਬ, ਮੁਹਾਲੀ, 4 ਫਰਵਰੀ:
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਮੁਹਾਲੀ ਦੀ ਜ਼ਿਲ੍ਹਾ ਪੱਧਰੀ ਟੀਮ ਨੇ ਕਿਸਾਨਾਂ ਨੂੰ ਉੱਚ ਗੁਣਵੱਤਾ ਦੇ ਬੀਜ ਅਤੇ ਖੇਤੀ ਸਮੱਗਰੀ ਉਪਲਬਧ ਕਰਵਾਉਣ ਲਈ ਮਾਜਰੀ ਬਲਾਕ ਅਤੇ ਡੇਰਾਬੱਸੀ ਖੇਤਰ ਵਿੱਚ ਖਾਦ, ਬੀਜ ਅਤੇ ਕੀਟਨਾਸ਼ਕ ਦਵਾਈਆਂ ਦੇ ਡੀਲਰਾਂ ਦੀ ਅਚਨਚੇਤ ਚੈਕਿੰਗ ਕੀਤੀ। ਚੈਕਿੰਗ ਦੌਰਾਨ ਮੱਕੀ ਦੀ ਫ਼ਸਲ ਲਈ ਬੀਜ ਮੁਹੱਈਆ ਕਰਵਾਉਣ ਵਾਲੀਆ ਕੰਪਨੀਆਂ ਪਾਇਓਨਰ, ਬਾਇਰ, ਸੀਡਜ਼, ਨਿਜੂਵਿਡੂ, ਕਾਵੇਰੀ ਅਤੇ ਹੋਰ ਬੀਜ ਕੰਪਨੀਆਂ ਦੇ ਡੀਲਰਾਂ ਕੋਲ ਪਏ ਸਟਾਕ ਦਾ ਨਿਰੀਖਣ ਕੀਤਾ।
ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਮੇਲ ਸਿੰਘ ਨੇ ਦੱਸਿਆ ਕਿ ਬਹਾਰ ਰੁੱਤ ਦੀ ਮੱਕੀ ਲਈ ਬੀਜ ਦੇ ਡੀਲਰਾਂ ਕੋਲ ਲੋੜੀਂਦਾ ਸਟਾਕ ਮੌਜੂਦ ਹੈ। ਕਿਸਾਨਾਂ ਵੱਲੋਂ ਜ਼ਿਆਦਾਤਰ ਬਹਾਰ ਰੁੱਤ ਦੀ ਮੱਕੀ ਦੀ ਬਾਜ਼ਾਰ ਵਿੱਚ ਇੱਕ ਵਿਸ਼ੇਸ਼ ਕਿਸਮ ਦੀ ਮੰਗ ਕੀਤੀ ਜਾ ਰਹੀ ਹੈ, ਜਿਸ ਕਾਰਨ ਕਿਸਾਨਾਂ ਵੱਲੋਂ ਬੀਜ ਨਾ ਮਿਲਣ ਦਾ ਖ਼ਦਸ਼ਾ ਜਾਹਰ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਦੋਂ ਕੰਪਨੀ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਮੰਗੇ ਜਾ ਰਹੇ ਬੀਜ ਦੀ ਸਪਲਾਈ ਦੱਖਣੀ ਰਾਜਾਂ ਤੋਂ ਹੁੰਦੀ ਹੈ ਅਤੇ 10 ਫਰਵਰੀ ਮਗਰੋਂ ਇਸ ਕਿਸਮ ਦਾ ਲੋੜੀਂਦਾ ਸਟਾਕ ਡੀਲਰਾਂ ਕੋਲ ਉਪਲਬਧ ਹੋ ਜਾਵੇਗਾ।
ਡਾ. ਗੁਰਮੇਲ ਸਿੰਘ ਨੇ ਦੱਸਿਆ ਕਿ ਵਿਭਾਗ ਵੱਲੋਂ ਸਾਉਣੀ ਦੌਰਾਨ ਮੱਕੀ ਦੀ ਫ਼ਸਲ ਨੂੰ ਖੇਤੀ ਵਿਭਿੰਨਤਾ ਅਧੀਨ ਕਾਸ਼ਤ ਕਰਨ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫ਼ਾਰਸ਼ਾਂ ਅਨੁਸਾਰ ਸਾਉਣੀ ਦੀ ਫ਼ਸਲ ਤੇ ਮੱਕੀ ਦੇ ਗੜੂੰਏ (ਫਾਲ ਆਰਮੀ ਵਾਰਮ) ਦੀ ਰੋਕਥਾਮ ਯਕੀਨੀ ਬਣਾਉਣ ਲਈ ਬਹਾਰ ਰੁੱਤ ਦੀ ਮੱਕੀ ਦੀ ਕਾਸ਼ਤ ਦੀ ਥਾਂ ਸਾਉਣੀ ਰੁੱਤ ਦੀ ਮੱਕੀ ਨੂੰ ਪਹਿਲ ਦੇ ਅਧਾਰ ’ਤੇ ਬੀਜਣ ਲਈ ਕਿਸਾਨਾਂ ਨੂੰ ਤਰਜੀਹ ਦੇਣੀ ਚਾਹੀਦੀ ਹੈ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਲਗਪਗ 5000 ਹੈਕਟੇਅਰ ਰਕਬੇ ਵਿੱਚ ਸਾਉਣੀ ਦੀ ਮੱਕੀ ਦੀ ਫ਼ਸਲ ਦੀ ਕਾਸ਼ਤ ਹੋਣ ਦਾ ਅਨੁਮਾਨ ਹੈ ਅਤੇ ਲੋੜੀਂਦੇ ਬੀਜ ਲਈ ਯੋਗ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਡੀਲਰਾਂ ਨੂੰ ਸਖ਼ਤ ਹਦਾਇਤ ਕੀਤੀ ਕਿ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਸਖ਼ਤ ਆਦੇਸ਼ ਜਾਰੀ ਕੀਤੇ ਹੋਏ ਹਨ ਕਿ ਜੇਕਰ ਕੋਈ ਦੁਕਾਨਦਾਰ ਡੁਪਲੀਕੇਟ/ਘਟੀਆਂ ਖੇਤੀ ਸਮੱਗਰੀ ਵੇਚਦਾ ਹੈ ਤਾਂ ਉਸ ਵਿਰੁੱਧ ਕਾਰਵਾਈ ਕੀਤੀ ਜਾਵੇ।
ਡਾ. ਸ਼ੁੱਭਕਰਨ ਸਿੰਘ ਨੇ ਪੀਏਯੂ ਲੁਧਿਆਣਾ ਵੱਲੋਂ ਸਿਫ਼ਾਰਸ਼ ਕੀਤੇ ਬੀਜ, ਖਾਦ ਅਤੇ ਕੀਟਨਾਸ਼ਕ ਦਵਾਈਆਂ ਵੇਚਣ ’ਤੇ ਜ਼ੋਰ ਦਿੰਦਿਆਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਖ਼ਰੀਦੀ ਗਈ ਖੇਤੀ ਸਮੱਗਰੀ ਦਾ ਬਿੱਲ ਲਿਆ ਜਾਵੇ, ਜੇ ਕੋਈ ਦੁਕਾਨਦਾਰ ਬਿੱਲ ਨਹੀਂ ਦਿੰਦਾ ਤਾਂ ਖੇਤੀਬਾੜੀ ਵਿਭਾਗ ਨਾਲ ਸੰਪਰਕ ਕੀਤਾ ਜਾਵੇ। ਇਸ ਮੌਕੇ ਡਾ. ਗੁਰਦਿਆਲ ਕੁਮਾਰ, ਡਾ. ਜਸਵਿੰਦਰ ਸਿੰਘ ਅਤੇ ਡਾ. ਜਸਪ੍ਰੀਤ ਸਿੰਘ ਹਾਜ਼ਰ ਸਨ।