Share on Facebook Share on Twitter Share on Google+ Share on Pinterest Share on Linkedin ਬਲੌਂਗੀ ਵਿੱਚ ਨਿਯਮਾਂ ਨੂੰ ਛਿੱਕੇ ’ਤੇ ਟੰਗ ਕੇ ਹੋ ਅਣਅਧਿਕਾਰਤ ਉਸਾਰੀਆਂ ਜ਼ੋਰਾਂ ’ਤੇ ਅਣਅਧਿਕਾਰਤ ਉਸਾਰੀਆਂ ਤੇ ਨਾਜਾਇਜ਼ ਕਬਜ਼ੇ ਕਰਨ ਵਾਲਿਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ: ਡੀਸੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਜਨਵਰੀ: ਮੁਹਾਲੀ ਦੀ ਜੂਹ ਵਿੱਚ ਕਸਬਾ ਬਲੌਂਗੀ ਵਿੱਚ ਨਿਯਮਾਂ ਨੂੰ ਛਿੱਕੇ ’ਤੇ ਟੰਗ ਕੇ ਸ਼ਰ੍ਹੇਆਮ ਅਣਅਧਿਕਾਰਤ ਉਸਾਰੀਆਂ ਧੜੱਲੇ ਨਾਲ ਕੀਤੀਆਂ ਜਾ ਰਹੀਆਂ ਹਨ। ਕਈ ਥਾਵਾਂ ’ਤੇ ਬੇਸਮੈਂਟ ਸਮੇਤ ਬਹੁਮੰਜ਼ਲਾਂ ਇਮਾਰਤਾਂ ਬਣਾਈਆਂ ਜਾ ਰਹੀਆਂ ਹਨ, ਪ੍ਰੰਤੂ ਗਮਾਡਾ ਮਹਿਜ਼ ਖਾਨਾਪੂਰਤੀ ਕਰਨ ਤੱਕ ਸੀਮਤ ਹੈ। ਪਿਛਲੇ ਗਮਾਡਾ ਨੇ ਇੱਕ ਵਿਅਕਤੀ ਵੱਲੋਂ ਕੀਤੀ ਜਾ ਰਹੀ ਉਸਾਰੀ ਦਾ ਕੰਮ ਰੋਕ ਕੇ ਬਾਕੀਆਂ ਖ਼ਿਲਾਫ਼ ਕਾਰਵਾਈ ਕਰਨ ਤੋਂ ਅੱਖਾਂ ਬੰਦ ਕਰ ਲਈਆਂ ਹਨ। ਇੰਜ ਹੀ ਬੜਮਾਜਰਾ, ਜੁਝਾਰ ਨਗਰ, ਬਹਿਲੋਲਪੁਰ, ਝਾਮਪੁਰ ਵਿੱਚ ਅਣਅਧਿਕਾਰਤ ਉਸਾਰੀਆਂ ਅਤੇ ਨਾਜਾਇਜ਼ ਕਬਜ਼ੇ ਕਰਨ ਦਾ ਰੁਝਾਨ ਤੇਜ਼ੀ ਨਾਲ ਵੱਧ ਰਿਹਾ ਹੈ। ਜਿਸ ਕਾਰਨ ਸਰਕਾਰੀ ਖਜ਼ਾਨੇ ਨੂੰ ਵੀ ਚੂਨਾ ਲੱਗ ਰਿਹਾ ਹੈ। ਬਲੌਂਗੀ ਪੈਟਰੋਲ ਪੰਪ ਦੇ ਸਾਹਮਣੇ ਬਣ ਰਹੀ ਇਕ ਇਮਾਰਤ ਦੀਆਂ ਪੌੜੀਆਂ ਬਾਹਰਲੇ ਪਾਸੇ ਬਣਾਈਆਂ ਗਈਆਂ ਹਨ। ਇਸ ਇਮਾਰਤ ਵਿੱਚ ਬੇਸਮੈਂਟ ਬਣਾ ਕੇ ਉਸ ਉੱਪਰ ਪੰਜ ਮੰਜ਼ਲਾਂ ਉਸਾਰੀ ਕੀਤੀ ਜਾ ਰਹੀ ਹੈ। ਇਹੀ ਨਹੀਂ ਉਸਾਰੀ ਲਈ ਵਰਤਿਆ ਜਾਣ ਵਾਲਾ ਸਮਾਨ ਵੀ ਸੜਕ ’ਤੇ ਰੱਖਿਆ ਹੋਇਆ ਹੈ। ਜਿਸ ਕਾਰਨ ਆਵਾਜਾਈ ਵਿੱਚ ਵਿਘਨ ਪੈ ਰਿਹਾ ਹੈ। ਪ੍ਰੰਤੂ ਇਸ ਸਬੰਧੀ ਕੋਈ ਕਾਰਵਾਈ ਨਹੀਂ ਹੋ ਰਹੀ। ਇਸ ਤੋਂ ਇਲਾਵਾ ਪੈਟਰੋਲ ਪੰਪ ਨੇੜੇ ਵੱਖ-ਵੱਖ ਲੋਕਾਂ ਨੇ ਨਾਜਾਇਜ਼ ਕਬਜ਼ੇ ਕੀਤੇ ਗਏ ਹਨ, ਜਿਨ੍ਹਾਂ ਵਿੱਚ ਕਈ ਮਕੈਨਿਕ ਵੀ ਸ਼ਾਮਲ ਹਨ, ਜੋ ਸੜਕ ’ਤੇ ਵਾਹਨ ਖੜੇ ਕਰਕੇ ਉੱਥੇ ਹੀ ਮੁਰੰਮਤ ਦਾ ਕੰਮ ਕਰ ਰਹੇ ਹਨ। ਬਲੌਂਗੀ ਵਾਸੀ ਪ੍ਰਭਜੋਤ ਸਿੰਘ ਨੇ ਦੋਸ਼ ਲਾਇਆ ਕਿ ਮੌਜੂਦਾ ਸਮੇਂ ਵਿੱਚ ਬਲੌਂਗੀ ਅੰਦਰ ਦਰਜਨ ਅਣਅਧਿਕਾਰਤ ਉਸਾਰੀਆਂ ਦਾ ਕੰਮ ਧੜੱਲੇ ਨਾਲ ਚੱਲ ਰਿਹਾ ਹੈ ਪਰ ਜ਼ਿਲ੍ਹਾ ਪ੍ਰਸ਼ਾਸਨ ਸਮੇਤ ਪੁੱਡਾ,ਗਮਾਡਾ ਨੂੰ ਇਹ ਸਾਰਾ ਕੁੱਝ ਨਜ਼ਰ ਨਹੀਂ ਆ ਰਿਹਾ। ਉਂਜ ਇਹ ਵੀ ਪਤਾ ਲੱਗਾ ਹੈ ਕਿ ਗਮਾਡਾ ਨੇ ਉਨ੍ਹਾਂ ਦੀ ਆਪਣੀ ਜ਼ਮੀਨ ’ਤੇ ਕੀਤੀ ਜਾਣ ਵਾਲੀ ਉਸਾਰੀ ਦਾ ਕੰਮ ਰੋਕਣ ਲਈ ਬਲੌਂਗੀ ਪੁਲੀਸ ਨੂੰ ਸ਼ਿਕਾਇਤ ਵੀ ਦਿੱਤੀ ਗਈ ਹੈ। ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਕਿਹਾ ਕਿ ਮੁਹਾਲੀ ਵਿੱਚ ਅਣਅਧਿਕਾਰਤ ਉਸਾਰੀਆਂ ਅਤੇ ਨਾਜਾਇਜ਼ ਕਬਜ਼ੇ ਬਿਲਕੁਲ ਬਰਦਾਸ਼ਤ ਨਹੀਂ ਕੀਤੇ ਜਾਣਗੇ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਗਮਾਡਾ, ਪੁੱਡਾ, ਨਗਰ ਨਿਗਮ ਅਤੇ ਪੰਚਾਇਤ ਵਿਭਾਗ ਨੂੰ ਪੱਤਰ ਲਿਖ ਕੇ ਆਪੋ ਆਪਣੇ ਇਲਾਕਿਆਂ ਵਿੱਚ ਅਣਅਧਿਕਾਰਤ ਉਸਾਰੀਆਂ ਅਤੇ ਨਾਜਾਇਜ਼ ਕਬਜ਼ੇ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਐਕਸ਼ਨ ਲੈਣ ਲਈ ਕਿਹਾ ਜਾਵੇਗਾ। ਗਮਾਡਾ ਦੇ ਜ਼ਿਲ੍ਹਾ ਯੋਜਨਾਕਾਰ ਹਰਪ੍ਰੀਤ ਸਿੰਘ ਦਾ ਕਹਿਣਾ ਹੈ ਕਿ ਅਣਅਧਿਕਾਰਤ ਉਸਾਰੀਆਂ ਖ਼ਿਲਾਫ਼ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਅਣਅਧਿਕਾਰਤ ਉਸਾਰੀਆਂ ਬਾਰੇ ਸੂਚਨਾ ਮਿਲਣ ’ਤੇ ਤੁਰੰਤ ਮੌਕੇ ’ਤੇ ਪਹੁੰਚ ਕੇ ਰੋਕਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੋ ਅਣਅਧਿਕਾਰਤ ਉਸਾਰੀਆਂ ਹੋ ਚੁੱਕੀਆਂ ਹਨ, ਉਨ੍ਹਾਂ ਖ਼ਿਲਾਫ਼ ਵੀ ਨਿਯਮਾਂ ਤਹਿਤ ਕਾਰਵਾਈ ਕੀਤੀ ਜਾ ਰਹੀ ਹੈ। ਬਲੌਂਗੀ ਪੈਟਰੋਲ ਪੰਪ ਸਾਹਮਣੇ ਇਮਾਰਤ ਦੀ ਉਸਾਰੀ ਸਮੇਂ ਸੜਕ ’ਤੇ ਬਣਾਈਆਂ ਪੌੜੀਆਂ ਅਤੇ ਹੋਰ ਨਾਜਾਇਜ਼ ਕਬਜ਼ੇ ਹਟਾ ਦਿੱਤੇ ਜਾਣਗੇ। ਉਨ੍ਹਾਂ ਗਮਾਡਾ ’ਤੇ ਇੱਕ ਉਸਾਰੀ ਨੂੰ ਨਿਸ਼ਾਨਾ ਬਣਾਉਣ ਦੇ ਲਾਏ ਜਾ ਰਹੇ ਦੋਸ਼ਾਂ ਨੂੰ ਬੇਬੁਨਿਆਦ ਦੱਸਦਿਆਂ ਕਿਹਾ ਕਿ ਉਸਾਰੀ ਕਰਤਾ ਨੂੰ ਕਈ ਵਾਰ ਚਿਤਾਵਨੀ ਦਿੱਤੀ ਗਈ ਸੀ ਪਰ ਉਹ ਨਿਯਮਾਂ ਦੀ ਪਾਲਣਾ ਕਰਨ ਨੂੰ ਤਿਆਰ ਨਹੀਂ ਹੈ। ਜਿਸ ਕਾਰਨ ਉਸ ਵਿਰੁੱਧ ਕਾਰਵਾਈ ਕੀਤੀ ਗਈ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ