Nabaz-e-punjab.com

ਅਣਅਧਿਕਾਰਤ ਪੀਜੀ: ਡੀਸੀ ਨੇ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਗਮਾਡਾ ਤੇ ਨਗਰ ਨਿਗਮ ਨੂੰ ਆਪੋ ਆਪਣੇ ਖੇਤਰ ਵਿੱਚ ਪੀਜੀ ਦੀ ਚੈਕਿੰਗ ਦੇ ਹੁਕਮ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਫਰਵਰੀ:
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਨਿਯਮਾਂ ਦੀ ਉਲੰਘਣਾ ਕਰਕੇ ਪੇਇੰਗ ਗੈਸਟ (ਪੀਜੀ) ਚਲਾਉਣ ਵਾਲੇ ਵਿਅਕਤੀਆਂ ਦੇ ਖ਼ਿਲਾਫ਼ ਮੁਹਾਲੀ ਪ੍ਰਸ਼ਾਸਨ ਨੇ ਸ਼ਿਕੰਜਾ ਕੱਸ ਦਿੱਤਾ ਹੈ। ਪੀਜੀ ਮਾਲਕਾਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕਰੇਗਾ ਤਾਂ ਜੋ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਮੁਹਾਲੀ ਦੀ ਕਾਰਜਕਾਰੀ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਸਾਂਝੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰੀ ਨੇਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਬਖ਼ਸ਼ਿਆਂ ਨਹੀਂ ਜਾਵੇਗਾ।
ਇਸ ਸਬੰਧੀ ਡੀਸੀ ਨੇ ਮੁਹਾਲੀ ਨਗਰ ਨਿਗਮ, ਗਮਾਡਾ ਅਤੇ ਸਮੂਹ ਨਗਰ ਕੌਂਸਲਾਂ ਨੂੰ ਆਪੋ ਆਪਣੇ ਇਲਾਕਿਆਂ ਵਿੱਚ ਪੀਜੀਜ਼ ਦੀ ਅਚਨਚੇਤ ਚੈਕਿੰਗ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਅਧਿਕਾਰੀਆਂ ਨੂੰ ਨੀਤੀ ਅਨੁਸਾਰ ਪੀਜੀ ਮਾਲਕਾਂ ਨੂੰ ਰਜਿਸਟਰ ਕਰਵਾਉਣ ਲਈ 15 ਦਿਨਾਂ ਦਾ ਸਮਾਂ ਦੇ ਦੇ ਬਰੀਕੀ ਨਾਲ ਪੜਤਾਲ ਕੀਤੀ ਜਾਵੇ। ਇਸ ਮਗਰੋਂ ਆਪਣੇ ਪੀਜੀ ਰਜਿਸਟਰ ਕਰਵਾਉਣ ਵਿੱਚ ਅਸਫਲ ਰਹਿਣ ਵਾਲੇ ਪੀਜੀ ਮਾਲਕਾਂ ਵਿਰੁੱਧ ਸਖ਼ਤ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾਵੇ। ਉਨ੍ਹਾਂ ਕਿਹਾ ਕਿ ਗੈਰ-ਕਾਨੂੰਨੀ ਢੰਗ ਨਾਲ ਚੱਲ ਰਹੇ ਪੀਜੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਸ੍ਰੀਮਤੀ ਜੈਨ ਨੇ ਇਸ ਸਬੰਧੀ ਗਮਾਡਾ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਐਕਸ਼ਨ ਟੇਕਨ ਰਿਪੋਰਟ (ਏਟੀਆਰ) ਡੀਸੀ ਦਫ਼ਤਰ ਵਿੱਚ ਜਮ੍ਹਾਂ ਕਰਵਾਉਣ ਦੇ ਨਿਰਦੇਸ਼ ਵੀ ਦਿੱਤੇ ਹਨ। ਉਨ੍ਹਾਂ ਨਗਰ ਨਿਗਮ ਅਤੇ ਨਗਰ ਕੌਂਸਲਾਂ ਨੂੰ ਵੀ ਹਦਾਇਤਾਂ ਦਿੱਤੀਆਂ ਕਿ ਉਹ ਸ਼ਹਿਰੀ ਖੇਤਰ ਵਿੱਚ ਚਲ ਰਹੇ ਪੀਜੀਜ਼ ‘ਰੈਂਟਲ ਹਾਊਂਸਿੰਗ ਅਕੋਮੋਡੇਸ਼ਨ ਪਾਲਿਸੀ’ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ। ਇਸ ਕੰਮ ਵਿੱਚ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਦੀ ਲਾਪਰਵਾਹੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਡੀਸੀ ਨੇ ਕਿਹਾ ਕਿ ਸਾਰੇ ਪੇਇੰਗ ਗੈਸਟਾਂ ਵਿੱਚ ਅੱਗ ਬੁਝਾਊ ਉਪਕਰਨਾਂ ਦੀ ਉਪਲਬਧਤਾ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਕਾਰਜਸਾਧਕ ਅਫ਼ਸਰ ਇਹ ਲਾਜ਼ਮੀ ਤੌਰ ’ਤੇ ਯਕੀਨੀ ਬਣਾਉਣ ਕਿ ਰੈਂਟਲ ਹਾਊਂਸਿੰਗ ਅਕੋਮੋਡੇਸ਼ਨ ਪਾਲਿਸੀ ਦੇ ਅਨੁਸਾਰ ਮਾਲਕ ਮਕਾਨਾਂ ਵਿੱਚ ਰਹਿਣ। ਐਸਡੀਐਮਜ਼ ਦਿਹਾਤੀ ਖੇਤਰਾਂ ਵਿੱਚ ਪੀਜੀਜ਼ ਦੀ ਚੈਕਿੰਗ ਦੀ ਨਿਗਰਾਨੀ ਕਰਨ ਲਈ ਡੀਡੀਪੀਓਜ਼ ਅਤੇ ਬੀਡੀਪੀਓਜ਼ ਨੂੰ ਵੀ ਨਿਰਦੇਸ਼ ਦੇਣਗੇ। ਇਸ ਤੋਂ ਇਲਾਵਾ ਪੁਲੀਸ ਨੂੰ ਲੋੜੀਂਦੀ ਮਦਦ ਮੁਹੱਈਆ ਕਰਵਾਉਣ ਦੇ ਨਿਰਦੇਸ਼ ਵੀ ਦਿੱਤੇ ਗਏ। ਉਨ੍ਹਾਂ ਕਿਹਾ ਕਿ ਪੀਜੀ ਦੀ ਸਮੱਸਿਆ ਸਬੰਧੀ ਆਮ ਲੋਕ ਜ਼ਿਲ੍ਹਾ ਪ੍ਰਸ਼ਾਸਨ ਦੇ ਕੰਟਰੋਲ ਰੂਮ ਨੰਬਰ 0172-2219505 ’ਤੇ ਗੈਰ ਕਾਨੂੰਨੀ ਢੰਗ ਨਾਲ ਚੱਲ ਰਹੇ ਪੀਜੀ ਬਾਰੇ ਸ਼ਿਕਾਇਤ ਕਰ ਸਕਦੇ ਹਨ।
ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਨਗਰ ਨਿਗਮ ਦੇ ਡਿਪਟੀ ਮੇਅਰ ਮਨਜੀਤ ਸਿੰਘ ਸੇਠੀ ਦੀ ਅਗਵਾਈ ਹੇਠ ਅਕਾਲੀ ਕੌਂਸਲਰਾਂ ਵੱਲੋਂ ਅਣਅਧਿਕਾਰਤ ਪੀਜੀ ਬੰਦ ਕਰਨ ਲਈ ਡੀਸੀ ਮੁਹਾਲੀ, ਐਸਐਸਪੀ ਅਤੇ ਗਮਾਡਾ ਦੇ ਮੁੱਖ ਪ੍ਰਸ਼ਾਸਕ ਨੂੰ ਸ਼ਿਕਾਇਤਾਂ ਦਿੱਤੀਆਂ ਸਨ। ਇਸ ਤੋਂ ਇਲਾਵਾ ਉਨ੍ਹਾਂ ਨੇ ਮੁੱਖ ਮੰਤਰੀ, ਪੁੱਡਾ ਮੰਤਰੀ ਅਤੇ ਡੀਜੀਪੀ ਨੂੰ ਵੀ ਸ਼ਿਕਾਇਤਾਂ ਭੇਜੀਆਂ ਗਈਆਂ ਹਨ।

Load More Related Articles
Load More By Nabaz-e-Punjab
Load More In General News

Check Also

ਮਨੁੱਖਤਾ ਅਤੇ ਦਿਆਲਤਾ ਦੀ ਮੂਰਤੀ ਸਨ: ਬੀਬੀ ਜਰਨੈਲ ਕੌਰ ਰਾਮੂਵਾਲੀਆ

ਮਨੁੱਖਤਾ ਅਤੇ ਦਿਆਲਤਾ ਦੀ ਮੂਰਤੀ ਸਨ: ਬੀਬੀ ਜਰਨੈਲ ਕੌਰ ਰਾਮੂਵਾਲੀਆ ਬੀਬੀ ਜਰਨੈਲ ਕੌਰ ਰਾਮੂਵਾਲੀਆ ਨਮਿੱਤ ਅੰ…