ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਨੇ ਮਜ਼ਦੂਰ ਦਿਵਸ ਮੌਕੇ ਮੰਗਾਂ ਨੂੰ ਲੈ ਕੇ ਰੋਸ ਮੁਜ਼ਾਹਰਾ

ਕਰੋਨਾ ਦੇ ਮੱਦੇਨਜ਼ਰ ਕਰਫਿਊ ਦੌਰਾਨ ਘਰਾਂ ’ਚ ਰਹਿ ਕੇ ਜਾਰੀ ਰਹੇਗਾ ਵਿਰੋਧ ਪ੍ਰਦਰਸ਼ਨ: ਬੇਰੁਜ਼ਗਾਰ ਯੂਨੀਅਨ ਦਾ ਐਲਾਨ

ਮੁੱਖ ਮੰਤਰੀ ਨੇ ਸਾਥੀ ਮੰਤਰੀਆਂ, ਵਿਧਾਇਕਾਂ ਅਤੇ ਆਪਣੇ ਸਲਾਹਕਾਰਾਂ ਲਈ ਖਜ਼ਾਨੇ ਦਾ ਮੂੰਹ ਖੋਲ੍ਹਿਆ, ਮੁਲਾਜ਼ਮਾਂ ਲਈ ਹੱਥ ਘੁੱਟਿਆਂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਮਈ:
ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਨੇ ਸ਼ੁੱਕਰਵਾਰ ਨੂੰ ਮਜ਼ਦੂਰ ਦਿਵਸ ਦੇ ਮੌਕੇ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਰੋਸ ਮੁਜ਼ਾਹਰਾ ਕੀਤਾ। ਕਰੋਨਾਵਾਇਸ ਦੀ ਮਹਾਮਾਰੀ ਦੇ ਚੱਲਦਿਆਂ ਕਰਫਿਊ ਕਾਰਨ ਬੇਰੁਜ਼ਗਾਰ ਅਧਿਆਪਕਾਂ ਨੇ ਨਿਯਮਾਂ ਦੀ ਪਾਲਣਾ ਕਰਦਿਆਂ ਸਮਾਜਿਕ ਦੂਰੀ ਬਣਾ ਕੇ ਰੱਖੀ ਅਤੇ ਆਪਣੇ ਘਰਾਂ ਦੀਆਂ ਛੱਤਾਂ ’ਤੇ ਖੜੇ ਹੋ ਕੇ ਰੋਸ ਵਿਖਾਵੇ ਕੀਤੇ ਗਏ। ਅੱਜ ਇੱਥੇ ਯੂਨੀਅਨ ਦੇ ਸੂਬਾ ਪ੍ਰਧਾਨ ਦੀਪਕ ਕੰਬੋਜ, ਸੀਨੀਅਰ ਮੀਤ ਪ੍ਰਧਾਨ ਸੰਦੀਪ ਸ਼ਾਮਾ ਅਤੇ ਪ੍ਰੈੱਸ ਸਕੱਤਰ ਦੀਪ ਬਨਾਰਸੀ ਨੇ ਕਿਹਾ ਕਿ ਵਿਦੇਸ਼ੀ ਮੁਲਕਾਂ ਤੋਂ ਬਾਅਦ ਪੰਜਾਬ ਵਿੱਚ ਕਰੋਨਾਵਾਇਰਸ ਦੇ ਪ੍ਰਕੋਪ ਨੂੰ ਦੇਖਦੇ ਹੋਏ ਕਰਫਿਊ ਲੱਗਣ ਕਾਰਨ ਭਾਵੇਂ ਬੇਰੁਜ਼ਗਾਰ ਅਧਿਆਪਕਾਂ ਨੇ ਪਿਛਲੇ 200 ਦਿਨਾਂ ਤੋਂ ਚੱਲਦਾ ਆ ਰਿਹਾ ਹੈ ਲੜੀਵਾਰ ਧਰਨਾ ਮੁਲਤਵੀ ਕਰ ਦਿੱਤਾ ਸੀ ਪ੍ਰੰਤੂ ਹੁਣ ਉਨ੍ਹਾਂ ਨੇ ਫਿਰ ਤੋਂ ਆਪਣੀ ਲੜਾਈ ਸ਼ੁਰੂ ਕਰ ਦਿੱਤੀ ਹੈ। ਕਰਫਿਊ ਦੌਰਾਨ ਭਾਵੇਂ ਉਹ ਸਿੱਖਿਆ ਵਿਭਾਗ ਦੇ ਦਫ਼ਤਰਾਂ ਜਾਂ ਸੜਕਾਂ ’ਤੇ ਆ ਕੇ ਸੰਘਰਸ਼ ਨਹੀਂ ਕਰ ਸਕਦੇ ਹਨ ਲੇਕਿਨ ਉਹ ਆਪਣੇ ਘਰਾਂ ਵਿੱਚ ਰਹਿ ਕੇ ਆਪਣਾ ਸੰਘਰਸ਼ ਜਾਰੀ ਰੱਖਣਗੇ। ਅੱਜ ਮਜ਼ਦੂਰ ਦਿਵਸ ਦੇ ਮੌਕੇ ’ਤੇ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਨੇ ਆਪਣੇ ਘਰਾਂ ਦੀਆਂ ਛੱਤਾਂ ’ਤੇ ਲਾਲ ਰੰਗ ਦੇ ਇਨਕਲਾਬੀ ਝੰਡੇ ਲਹਿਰਾਏ ਅਤੇ ਆਪਣੇ ਹੱਕਾਂ ਵਿੱਚ ਪੋਸਟਰ ਤੇ ਮੰਗਾਂ ਲਿਖ ਕੇ ਪੰਜਾਬ ਭਰ ਵਿੱਚ ਰੋਸ ਪ੍ਰਦਰਸ਼ਨ ਕੀਤੇ ਗਏ।
ਆਗੂਆਂ ਨੇ ਕਿਹਾ ਕਿ ਕਾਂਗਰਸ ਸਰਕਾਰ ਜਦੋਂ ਦੀ ਸੱਤਾ ਵਿੱਚ ਆਈ ਹੈ ਉਸ ਸਮੇਂ ਤੋਂ ਹੀ ਖ਼ਜ਼ਾਨਾ ਖਾਲੀ ਹੋਣ ਦਾ ਰੋਣਾ ਰੋਇਆ ਜਾ ਰਿਹਾ ਹੈ ਅਤੇ ਹੁਣ ਕਰੋਨਾਵਾਇਰਸ ਦੀ ਮਹਾਮਾਰੀ ਦੀ ਆੜ ਵਿੱਚ ਡੰਗ ਟਪਾਇਆ ਜਾ ਰਿਹਾ ਹੈ ਜਦੋਂਕਿ ਸੂਬਾ ਸਰਕਾਰ ਨੇ ਖਜ਼ਾਨੇ ਦਾ ਸਾਰਾ ਪੈਸਾ ਆਪਣੇ ਮੰਤਰੀਆਂ ਅਤੇ ਚਹੇਤਿਆਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ’ਤੇ ਲੁਟਾਇਆ ਗਿਆ ਹੈ। ਮੁੱਖ ਮੰਤਰੀ ਨੇ ਮੰਤਰੀਆਂ, ਵਿਧਾਇਕਾਂ ਸਮੇਤ ਆਪਣੇ ਸਲਾਹਕਾਰਾਂ ਦੀ ਫੌਜ ਨੂੰ ਖ਼ੁਸ਼ ਰੱਖਣ ਲਈ ਖਜ਼ਾਨੇ ਦਾ ਮੂੰਹ ਖੋਲ੍ਹ ਰੱਖਿਆ ਹੈ ਜਦੋਂਕਿ ਮੁਲਾਜ਼ਮਾਂ ਨੂੰ ਤਨਖ਼ਾਹਾਂ ਅਤੇ ਪੈਨਸ਼ਨਰਾਂ ਦੇਣ ਲਈ ਹੱਥ ਘੁੱਟਿਆਂ ਜਾ ਰਿਹਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਜੇਕਰ ਸਰਕਾਰ ਨੇ ਬੇਰੁਜ਼ਗਾਰ ਅਧਿਆਪਕਾਂ ਦੀਆਂ ਜਾਇਜ਼ ਮੰਗਾਂ ਜਲਦੀ ਨਹੀਂ ਮੰਨੀਆਂ ਤਾਂ ਉਹ ਕਰੋਨਾ ਦੀ ਮਹਾਮਾਰੀ ਦੌਰਾਨ ਸੰਘਰਸ਼ ਵਿੱਢਣ ਲਈ ਮਜਬੂਰ ਹੋਣਗੇ ਅਤੇ ਇਸ ਦੌਰਾਨ ਪੈਦਾ ਹੋਏ ਹਾਲਾਤਾਂ ਲਈ ਸੂਬਾ ਸਰਕਾਰ ਜ਼ਿੰਮੇਵਾਰ ਹੋਵੇਗੀ।
ਉਨ੍ਹਾਂ ਮੰਗ ਕੀਤੀ ਕਿ 1664 ਈਟੀਟੀ ਅਧਿਆਪਕਾਂ ਦੀਆਂ ਅਸਾਮੀਆਂ ਵਿੱਚ ਵਾਧਾ ਕਰਕੇ 12 ਹਜ਼ਾਰ ਅਸਾਮੀਆਂ ਕੀਤੀਆਂ ਜਾਣ, ਕਰੋਨਾ ਦੀ ਆੜ ਹੇਠ ਅਧਿਆਪਕਾਂ ਦੀ ਭਰਤੀ ਪ੍ਰਕਿਰਿਆ ਨਾ ਰੋਕੀ ਜਾਵੇ, ਜ਼ਰੂਰੀ ਸੇਵਾਵਾਂ ਤਹਿਤ ਆਉਂਦੇ ਸਿਹਤ ਅਤੇ ਸਿੱਖਿਆ ਖੇਤਰਾਂ ਵਿੱਚ ਨਿੱਜੀ ਕਰਨ ’ਤੇ ਮੁਕੰਮਲ ਰੋਕ ਲਗਾਈ ਜਾਵੇ। ਸਾਰੇ ਨਿੱਜੀ ਹਸਪਤਾਲਾਂ ਅਤੇ ਪ੍ਰਾਈਵੇਟ ਸਕੂਲਾਂ ਨੂੰ ਸਰਕਾਰ ਅਧੀਨ ਲੈ ਕੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ ਜਾਵੇ। ਬੇਰੁਜ਼ਗਾਰ ਨੌਜਵਾਨਾਂ ਨੂੰ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇ, ਭਰਤੀ ਲਈ ਵਾਧੂ ਸ਼ਰਤਾਂ ਹਟਾਈਆਂ ਜਾਣ, ਸਰਕਾਰੀ ਨੌਕਰੀਆਂ ਵਿੱਚ ਪੰਜਾਬ ਦੇ ਨੌਜਵਾਨਾਂ ਨੂੰ ਪਹਿਲ ਦਿੱਤੀ ਜਾਵੇ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…