Share on Facebook Share on Twitter Share on Google+ Share on Pinterest Share on Linkedin ਬੇਰੁਜ਼ਗਾਰ ਪੀਟੀਆਈ ਅਧਿਆਪਕਾਂ ਵੱਲੋਂ ਮੁਹਾਲੀ ਏਅਰਪੋਰਟ ਸੜਕ ’ਤੇ ਚੱਕਾ ਜਾਮ ਮੁਹਾਲੀ ਵਿੱਚ ਪਾਣੀ ਦੀ ਟੈਂਕੀ ’ਤੇ ਲਗਾਤਾਰ 12 ਦਿਨਾਂ ਤੋਂ ਡਟੇ ਹੋਏ ਨੇ ਬੇਰੁਜ਼ਗਾਰ ਅਧਿਆਪਕ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਅਕਤੂਬਰ: ਪੰਜਾਬ ਸਰਕਾਰ ਦੇ ਝੂਠੇ ਲਾਰਿਆਂ ਤੋਂ ਅੱਕੇ 646 ਬੇਰੁਜ਼ਗਾਰ ਪੀਟੀਆਈ ਅਧਿਆਪਕ ਯੂਨੀਅਨ ਦਾ ਮੁਹਾਲੀ ਵਿੱਚ ਲੜੀਵਾਰ ਧਰਨਾ ਅੱਜ 12ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਜਦੋਂਕਿ ਇਕ ਮੁਟਿਆਰ ਸਮੇਤ ਚਾਰ ਬੇਰੁਜ਼ਗਾਰ ਅਧਿਆਪਕ ਇਨਸਾਫ਼ ਪ੍ਰਾਪਤੀ ਲਈ ਸੋਹਾਣਾ ਵਿੱਚ ਪਾਣੀ ਦੀ ਟੈਂਕੀ ਉੱਤੇ ਡਟੇ ਹੋਏ ਹਨ ਅਤੇ ਉਨ੍ਹਾਂ ਦੇ ਬਾਕੀ ਸਾਥੀ ਟੈਂਕੀ ਦੇ ਥੱਲੇ ਧਰਨੇ ’ਤੇ ਬੈਠੇ ਹਨ। ਅੱਜ ਇਨ੍ਹਾਂ ਬੇਰੁਜ਼ਗਾਰ ਨੌਜਵਾਨਾਂ ਨੇ ਮੁਹਾਲੀ ਕੌਮਾਂਤਰੀ ਏਅਰਪੋਰਟ ਸੜਕ ’ਤੇ ਚੱਕਾ ਜਾਮ ਕਰਕੇ ਹੁਕਮਰਾਨਾਂ ਨੂੰ ਰੱਜ ਕੇ ਕੋਸਿਆ ਅਤੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਜਿਸ ਕਾਰਨ ਰਾਹਗੀਰਾਂ ਨੂੰ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਉਧਰ, ਕਿਸਾਨ ਯੂਨੀਅਨ (ਚੜੂਨੀ) ਦੇ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਨੇ ਧਰਨੇ ਵਿੱਚ ਸ਼ਮੂਲੀਅਤ ਕਰਕੇ ਬੇਰੁਜ਼ਗਾਰ ਅਧਿਆਪਕਾਂ ਦੇ ਸੰਘਰਸ਼ ਦੀ ਹਮਾਇਤ ਦਾ ਐਲਾਨ ਕੀਤਾ। ਕਿਸਾਨ ਯੂਨੀਅਨ (ਚੜੂਨੀ) ਦੇ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਨੇ ਬੇਰੁਜ਼ਗਾਰ ਪੀਟੀਆਈ ਅਧਿਆਪਕਾਂ ਦੀਆਂ ਮੰਗਾਂ ਨੂੰ ਜਾਇਜ਼ ਦੱਸਦਿਆਂ ਪੰਜਾਬ ਸਰਕਾਰ ਨੂੰ ਜ਼ੋਰ ਦੇ ਕੇ ਆਖਿਆ ਕਿ ਸੜਕਾਂ ’ਤੇ ਰੁਲ ਰਹੀ ਪੰਜਾਬ ਦੀ ਜਵਾਨੀ ਨੂੰ ਬਚਾਉਣ ਅਤੇ ਉਨ੍ਹਾਂ ਦੇ ਉਜਵਲ ਭਵਿੱਖ ਲਈ ਠੋਸ ਕਦਮ ਚੁੱਕੇ ਜਾਣ। ਇਹ ਨੌਜਵਾਨ ਕੋਈ ਭੀਖ ਮੰਨ ਨਹੀਂ ਮੰਗ ਰਹੇ ਬਲਕਿ ਜਿਹੜੀ ਨੌਕਰੀਆਂ ਸਰਕਾਰ ਨੇ ਖ਼ੁਦ ਕੱਢੀਆਂ ਸਨ, ਉਹ ਨੌਕਰੀ ਮੰਗ ਰਹੇ ਹਨ। ਉਨ੍ਹਾਂ ਕਿਹਾ ਕਿ ਧਰਨੇ ’ਤੇ ਬੈਠੇ ਇਨ੍ਹਾਂ ਸਾਰੇ ਬੇਰੁਜ਼ਗਾਰ ਨੌਜਵਾਨਾਂ ਨੂੰ ਯੋਗਤਾ ਅਨੁਸਾਰ ਨੌਕਰੀ ਦਿੱਤੀ ਜਾਵੇ। ਇਸ ਮੌਕੇ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ ਆਗੂਆਂ ਗੁਰਲਾਭ ਸਿੰਘ ਭੋਲਾ, ਕ੍ਰਿਸ਼ਨ ਸਿੰਘ ਨਾਭਾ, ਮੋਨੂ ਪਟਿਆਲਾ, ਸੰਦੀਪ ਸਿੰਘ ਬੰਗਾ ਅਤੇ ਕਮਲ ਘੁਰਕਣੀ ਨੇ ਕਿਹਾ ਕਿ ਉਹ ਸਾਲ 2011 ਤੋਂ ਲਗਾਤਾਰ ਧਰਨੇ ਪ੍ਰਦਰਸ਼ਨ ਕਰਦੇ ਆ ਰਹੇ ਹਨ ਅਤੇ ਪਿਛਲੇ 12 ਦਿਨ ਤੋਂ ਪਾਣੀ ਦੀ ਟੈਂਕੀ ਉੱਤੇ ਅਤੇ ਥੱਲੇ ਧਰਨੇ ’ਤੇ ਡਟੇ ਹੋਏ ਹਨ ਪ੍ਰੰਤੂ ਹੁਕਮਰਾਨ ਜਾਂ ਕਿਸੇ ਅਧਿਕਾਰੀ ਨੇ ਉਨ੍ਹਾਂ ਦੀ ਸਾਰ ਨਹੀਂ ਲਈ। ਉਨ੍ਹਾਂ ਕਿਹਾ ਕਿ ਇਸ ਟੈਂਕੀ ਦੀ ਹਾਲਤ ਤਰਸਯੋਗ ਹੈ, ਜਿਸ ਕਾਰਨ ਕਦੇ ਵੀ ਹਾਦਸਾ ਵਾਪਰ ਸਕਦਾ ਹੈ। ਉਨ੍ਹਾਂ ਕਿਹਾ ਕਿ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਆਪਣੇ ਗਹਿਣੇ ਵੇਚ ਕੇ ਵਕੀਲਾਂ ਨੂੰ ਫੀਸਾਂ ਦਿੱਤੀਆਂ ਜਾ ਰਹੀਆਂ ਹਨ। ਕਰਜ਼ਾ ਅਤੇ ਉਧਾਰ ਪੈਸੇ ਲੈ ਕੇ ਆਪਣੇ ਪਰਿਵਾਰਾਂ ਦਾ ਗੁਜ਼ਾਰਾ ਚਲਾਉਣ ਲਈ ਮਜਬੂਰ ਹਨ। ਉਨ੍ਹਾਂ ਦੱਸਿਆ ਕਿ ਪਾਣੀ ਦੀ ਟੈਂਕੀ ਉੱਤੇ ਮਰਨ ਵਰਤ ’ਤੇ ਬੈਠੀ ਮਾਨਸਾ ਦੀ ਬੇਰੁਜ਼ਗਾਰ ਅਧਿਆਪਕਾ ਸਿੱਪੀ ਸ਼ਰਮਾ ਦੀ ਹਾਲਤ ਵਿਗੜਨੀ ਸ਼ੁਰੂ ਹੋ ਗਈ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸੰਘਰਸ਼ਸ਼ੀਲ ਮਹਿਲਾ ਨਾਲ ਕੁੱਝ ਵੀ ਵਾਪਰਿਆਂ ਤਾਂ ਸਰਕਾਰ ਸਿੱਧੇ ਤੌਰ ’ਤੇ ਜ਼ਿੰਮੇਵਾਰ ਹੋਵੇਗੀ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਰਕਾਰ ਉਨ੍ਹਾਂ ਨੂੰ ਨੌਕਰੀ ਨਹੀਂ ਦਿੰਦੀ ਉਦੋਂ ਤੱਕ ਧਰਨਾ ਜਾਰੀ ਰਹੇਗਾ ਅਤੇ ਆਉਣ ਵਾਲੇ ਦਿਨਾਂ ਵਿੱਚ ਗੁਪਤ ਐਕਸ਼ਨ ਕੀਤੇ ਜਾਣਗੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ