ਮੁਹਾਲੀ ਵਿੱਚ ਪਾਣੀ ਦੀ ਟੈਂਕੀ ’ਤੇ ਚੜੇ ਬੇਰੁਜ਼ਗਾਰ ਪੀਟੀਆਈ ਅਧਿਆਪਕ

ਨਾਇਬ ਤਹਿਸੀਲਦਾਰ ਨੇ ਪ੍ਰਦਰਸ਼ਨਕਾਰੀਆਂ ਦੀ ਹੁਸਨ ਲਾਲ ਨਾਲ ਕਰਵਾਈ ਮੀਟਿੰਗ, ਧਰਨਾ ਜਾਰੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਅਕਤੂਬਰ:
ਪੰਜਾਬ ਸਰਕਾਰ ਦੇ ਝੂਠੇ ਲਾਰਿਆਂ ਤੋਂ ਅੱਕੇ 646 ਬੇਰੁਜ਼ਗਾਰ ਪੀਟੀਆਈ ਅਧਿਆਪਕ ਯੂਨੀਅਨ ਪੰਜਾਬ ਵੱਲੋਂ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਦੌਰਾਨ ਇੱਕ ਲਾਲ ਚੂੜੇ ਵਾਲੀ ਮੁਟਿਆਰ ਸਮੇਤ ਚਾਰ ਬੇਰੁਜ਼ਗਾਰ ਅਧਿਆਪਕ ਪੁਲੀਸ ਨੂੰ ਝਕਾਨੀ ਦੇ ਕੇ ਇਨਸਾਫ਼ ਪ੍ਰਾਪਤੀ ਲਈ ਮੁਹਾਲੀ ਕੌਮਾਂਤਰੀ ਏਅਰਪੋਰਟ ਸੜਕ ’ਤੇ ਸਥਿਤ ਇਤਿਹਾਸਕ ਨਗਰ ਸੋਹਾਣਾ ਦੀ ਪਾਣੀ ਵਾਲੀ ਟੈਂਕੀ ਉੱਤੇ ਚੜ ਗਏ ਜਦੋਂਕਿ ਉਨ੍ਹਾਂ ਦੇ ਬਾਕੀ ਸਾਥੀ ਟੈਂਕੀ ਦੇ ਹੇਠਾਂ ਧਰਨੇ ’ਤੇ ਬੈਠ ਗਏ। ਇਨ੍ਹਾਂ ਬੇਰੁਜ਼ਗਾਰ ਨੌਜਵਾਨਾਂ ਨੇ ਸੂਬਾ ਸਰਕਾਰ ਅਤੇ ਸਿੱਖਿਆ ਵਿਭਾਗ ਵਿਰੁੱਧ ਨਾਅਰੇਬਾਜ਼ੀ ਕੀਤੀ।
ਇਸ ਦੌਰਾਨ ਡੀਐਸਪੀ ਗੁਰਸ਼ੇਰ ਸਿੰਘ ਸੰਧੂ ਅਤੇ ਡੀਐਸਪੀ ਸੁਖਜੀਤ ਸਿੰਘ ਵਿਰਕ ਨੇ ਕਿਸੇ ਸਮਰੱਥ ਅਧਿਕਾਰੀ ਨਾਲ ਮੀਟਿੰਗ ਕਰਵਾਉਣ ਦੀ ਗੱਲ ਕਹਿ ਕੇ ਬੇਰੁਜ਼ਗਾਰ ਨੌਜਵਾਨਾਂ ਨੂੰ ਥੱਲੇ ਆਉਣ ਅਤੇ ਧਰਨਾ ਪ੍ਰਦਰਸ਼ਨ ਖ਼ਤਮ ਕਰਨ ਦੀ ਅਪੀਲ ਕੀਤੀ ਲੇਕਿਨ ਉਹ ਨਹੀਂ ਮੰਨੇ। ਇਨ੍ਹਾਂ ਨੌਜਵਾਨਾਂ ਦਾ ਕਹਿਦਾ ਸੀ ਕਿ ਹੁਣ ਤੱਕ ਬਹੁਤ ਮੀਟਿੰਗਾਂ ਹੋ ਚੁੱਕੀਆਂ ਹਨ, ਹੁਣ ਸਿਰਫ਼ ਮਸਲੇ ਦਾ ਪੱਕਾ ਹੱਲ ਚਾਹੀਦਾ ਹੈ। ਬਾਅਦ ਵਿੱਚ ਮੁਹਾਲੀ ਦੇ ਨਾਇਬ ਤਹਿਸੀਲਦਾਰ ਨੇ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ ਨਾਲ ਬੇਰੁਜ਼ਗਾਰ ਨੌਜਵਾਨਾਂ ਨਾਲ ਮੀਟਿੰਗ ਕਰਵਾਈ ਗਈ। ਅਧਿਕਾਰੀ ਨੇ ਸੋਮਵਾਰ ਤੱਕ ਅਮਨ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ। ਮਸਲੇ ਦਾ ਹੱਲ ਨਾ ਹੋਣ ਕਾਰਨ ਧਰਨਾ ਜਾਰੀ ਹੈ।
ਇਸ ਮੌਕੇ ਸੂਬਾ ਕਮੇਟੀ ਦੇ ਆਗੂ ਗੁਰਲਾਭ ਸਿੰਘ ਭੋਲਾ, ਮੋਨੂ ਪਟਿਆਲਾ, ਸੰਦੀਪ ਸਿੰਘ ਬੰਗਾ ਅਤੇ ਕਮਲ ਘੁਰਕਣੀ ਨੇ ਕਿਹਾ ਕਿ ਤਤਕਾਲੀ ਸੂਬਾ ਸਰਕਾਰ ਨੇ 9 ਮਈ 2011 ਵਿੱਚ 646 ਪੀਟੀਆਈ ਅਧਿਆਪਕਾਂ ਦੀਆਂ ਅਸਾਮੀਆਂ ਕੱਢੀਆਂ ਸਨ ਪ੍ਰੰਤੂ ਬਾਅਦ ਵਿੱਚ ਭਰਤੀ ਪ੍ਰਕਿਰਿਆ ਸਿਰੇ ਨਹੀਂ ਚੜ੍ਹੀ। ਉਨ੍ਹਾਂ ਮੰਗ ਕੀਤੀ ਕਿ ਇਹ ਭਰਤੀ ਬਾਰ੍ਹਵੀਂ ਅਤੇ ਸੀਪੀਈਡੀ ਦੇ ਪ੍ਰਾਪਤ ਅੰਕਾਂ ਦੇ ਆਧਾਰਿਤ ਕੀਤੀ ਜਾਵੇ ਅਤੇ ਇਨ੍ਹਾਂ ਅਸਾਮੀਆਂ ਲਈ 2011 ਤੱਕ ਅਪਲਾਈ ਕਰਨ ਵਾਲੇ ਪੀਟੀਆਈ ਉਮੀਦਵਾਰ ਹੀ ਵਿਚਾਰੇ ਜਾਣ। ਭਰਤੀ ਬਿਨਾਂ ਟੈੱਸਟ ਤੋਂ 2011 ਦੇ ਨੋਟੀਫਿਕੇਸ਼ਨ ਅਨੁਸਾਰ ਨਿਰੋਲ ਮੈਰਿਟ ‘ਤੇ ਕੀਤੀ ਜਾਵੇ।

ਉਨ੍ਹਾਂ ਇਹ ਵੀ ਦੱਸਿਆ ਕਿ ਇਨ੍ਹਾਂ ਅਸਾਮੀਆਂ ’ਤੇ 27 ਜੁਲਾਈ 2016 ਨੂੰ ਹਾਈ ਕੋਰਟ ਤੋਂ ਸਟੇਅ ਆਰਡਰ ਜਾਰੀ ਕੀਤੇ ਗਏ ਸੀ ਕਿਉਂਕਿ 2011 ਤੱਕ ਸਰੀਰਕ ਸਿੱਖਿਆ ਦੀਆਂ ਕਿਸੇ ਵੀ ਭਰਤੀ ਲਈ ਪੇਪਰ ਲੈਣ ਦੀ ਸ਼ਰਤ ਨਹੀਂ ਸੀ। ਉਦੋਂ ਤੱਕ ਜਿੰਨੀਆਂ ਵੀ ਪੀਟੀਆਈ ਅਧਿਆਪਕਾਂ ਦੀਆਂ ਭਰਤੀਆਂ ਹੋਈਆਂ ਹਨ, ਉਹ ਬਾਰ੍ਹਵੀਂ ਸ਼੍ਰੇਣੀ ਪਾਸ ਅਤੇ ਸੀਪੀਈਡੀ ਦੇ ਪ੍ਰਾਪਤ ਅੰਕਾਂ ਦੇ ਆਧਾਰਿਤ ਹੀ ਹੋਈਆਂ ਹਨ। ਪ੍ਰਦਰਸ਼ਨਕਾਰੀ ਨੌਜਵਾਨਾਂ ਨੇ ਦੱਸਿਆ ਕਿ ਹਾਈ ਕੋਰਟ ਵੱਲੋਂ ਸਿਰਫ਼ ਪੇਪਰ ਉੱਤੇ ਸਟੇਅ ਕੀਤੀ ਸੀ ਨਾ ਕਿ ਅਸਾਮੀਆਂ ਉੱਤੇ? ਉਨ੍ਹਾਂ ਇਹ ਵੀ ਦੱਸਿਆ ਕਿ ਭਰਤੀ ਪ੍ਰਕਿਰਿਆ ਉੱਤੇ ਕਿਸੇ ਪ੍ਰਕਾਰ ਦੀ ਸਟੇਅ ਨਹੀਂ ਹੈ। ਇਸ ਦੇ ਬਾਵਜੂਦ ਸਰਕਾਰ ਪੀਟੀਆਈ ਅਧਿਆਪਕਾਂ ਦੀ ਭਰਤੀ ਨਹੀਂ ਕਰਨ ਤੋਂ ਆਨਾਕਾਨੀ ਕਰ ਰਹੀ ਹੈ। ਜਿਸ ਕਾਰਨ ਬੇਰੁਜ਼ਗਾਰ ਨੌਜਵਾਨਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

Load More Related Articles

Check Also

ਮੋਗਾ ਗੈਂਗਰੇਪ: ਸਾਬਕਾ ਐੱਐੱਸਪੀ ਸਣੇ ਚਾਰ ਦੋਸ਼ੀ ਪੁਲੀਸ ਅਫ਼ਸਰਾਂ ਨੂੰ 5-5 ਸਾਲ ਦੀ ਕੈਦ ਤੇ ਜੁਰਮਾਨਾ

ਮੋਗਾ ਗੈਂਗਰੇਪ: ਸਾਬਕਾ ਐੱਐੱਸਪੀ ਸਣੇ ਚਾਰ ਦੋਸ਼ੀ ਪੁਲੀਸ ਅਫ਼ਸਰਾਂ ਨੂੰ 5-5 ਸਾਲ ਦੀ ਕੈਦ ਤੇ ਜੁਰਮਾਨਾ ਨਬਜ਼-ਏ-…