ਪਾਣੀ ਦੀ ਟੈਂਕੀ ’ਤੇ ਚੜ੍ਹੇ ਪੀਟੀਆਈ ਬੇਰੁਜ਼ਗਾਰ ਅਧਿਆਪਕਾਂ ਦਾ ਧਰਨਾ ਜਾਰੀ, ਸਿਆਸਤ ਭਖੀ

ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਦੀ ਧੜੇਬੰਦੀ ਜੱਗ ਜਾਹਰ ਹੋਈ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਅਕਤੂਬਰ:
ਪੰਜਾਬ ਸਰਕਾਰ ਦੇ ਝੂਠੇ ਲਾਰਿਆਂ ਤੋਂ ਅੱਕੇ 646 ਬੇਰੁਜ਼ਗਾਰ ਪੀਟੀਆਈ ਅਧਿਆਪਕ ਯੂਨੀਅਨ ਦਾ ਮੁਹਾਲੀ ਵਿੱਚ ਲੜੀਵਾਰ ਧਰਨਾ ਅੱਜ ਤੀਜੇ ਦਿਨ ਵਿੱਚ ਦਾਖ਼ਲ ਹੋ ਗਿਆ ਜਦੋਂਕਿ ਇੱਕ ਲਾਲ ਚੂੜੇ ਵਾਲੀ ਮੁਟਿਆਰ ਸਮੇਤ ਚਾਰ ਬੇਰੁਜ਼ਗਾਰ ਅਧਿਆਪਕ ਇਨਸਾਫ਼ ਪ੍ਰਾਪਤੀ ਲਈ ਮੁਹਾਲੀ ਕੌਮਾਂਤਰੀ ਏਅਰਪੋਰਟ ਸੜਕ ’ਤੇ ਸਥਿਤ ਸੋਹਾਣਾ ਦੀ ਪਾਣੀ ਦੀ ਟੈਂਕੀ ਉੱਤੇ ਡਟੇ ਹੋਏ ਹਨ ਜਦੋਂਕਿ ਉਨ੍ਹਾਂ ਦੇ ਬਾਕੀ ਸਾਥੀ ਟੈਂਕੀ ਦੇ ਥੱਲੇ ਧਰਨੇ ’ਤੇ ਬੈਠੇ ਹਨ। ਇਨ੍ਹਾਂ ਬੇਰੁਜ਼ਗਾਰ ਨੌਜਵਾਨਾਂ ਦੇ ਧਰਨੇ ਨੂੰ ਲੈ ਕੇ ਸਿਆਸਤ ਭਖ ਗਈ ਹੈ ਅਤੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਦੀ ਧੜੇਬੰਦੀ ਵੀ ਜੱਗ ਜਾਹਰ ਹੋ ਗਈ ਹੈ।
ਡੇਰਾਬੱਸੀ ਤੋਂ ਅਕਾਲੀ ਵਿਧਾਇਕ ਐਨਕੇ ਸ਼ਰਮਾ ਅਤੇ ਸਾਬਕਾ ਕੌਂਸਲਰ ਪਰਵਿੰਦਰ ਸਿੰਘ ਬੈਦਵਾਨ ਨੇ ਅੱਜ ਧਰਨੇ ਵਿੱਚ ਪਹੁੰਚ ਕੇ ਬੇਰੁਜ਼ਗਾਰ ਅਧਿਆਪਕਾਂ ਦੇ ਸੰਘਰਸ਼ ਨੂੰ ਹਮਾਇਤ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਰਕਾਰ ਨਾਂਅ ਦੀ ਕੋਈ ਚੀਜ਼ ਨਹੀਂ ਹੈ। ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਮੁਲਾਜ਼ਮ ਵਰਗ ਦੀਆਂ ਮੰਗਾਂ ਪ੍ਰਤੀ ਗੰਭੀਰ ਨਹੀਂ ਹਨ, ਮੁਹਾਲੀ ਵਿੱਚ ਪੰਜ ਧਰਨੇ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ ਵਿੱਚ ਸਰਕਾਰ ਨੇ ਬੇਰੁਜ਼ਗਾਰ ਅਧਿਆਪਕਾਂ ਅਤੇ ਕੱਚੇ ਅਧਿਆਪਕਾਂ ਸਮੇਤ ਹੋਰ ਬੇਰੁਜ਼ਗਾਰ ਨੌਜਵਾਨਾਂ ਦੀ ਬਾਂਹ ਨਹੀਂ ਫੜੀ ਅਤੇ ਮੌਜੂਦਾ ਸਮੇਂ ਵਿੱਚ ਮੁਲਾਜ਼ਮ ਵਰਗ ਇਨਸਾਫ਼ ਪ੍ਰਾਪਤੀ ਲਈ ਧਰਨੇ ਲਗਾਉਣ ਲਈ ਮਜਬੂਰ ਹੈ। ਇਸ ਮੌਕੇ ਐਸਜੀਪੀਸੀ ਮੈਂਬਰ ਪਰਮਜੀਤ ਕੌਰ ਲਾਂਡਰਾਂ, ਨੰਬਰਦਾਰ ਕਰਮਜੀਤ ਸਿੰਘ ਮੌਲੀ, ਸੁਭਾਸ਼ ਸ਼ਰਮਾ ਵੀ ਮੌਜੂਦ ਸਨ।

ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਵਿਨੀਤ ਵਰਮਾ ਸਮੇਤ ਹੋਰ ਵਲੰਟੀਅਰਾਂ ਨੇ ਧਰਨੇ ਵਿੱਚ ਪਹੁੰਚ ਕੇ ਬੇਰੁਜ਼ਗਾਰ ਅਧਿਆਪਕਾਂ ਨਾਲ ਗੱਲ ਕਰਕੇ ਸਮੱਸਿਆਵਾਂ ਸੁਣੀਆਂ। ਉਨ੍ਹਾਂ ਕਿਹਾ ਕਿ ਆਪ ਪਾਰਟੀ ਦੀ ਸਰਕਾਰ ਬਣਨ ’ਤੇ ਬੇਰੁਜ਼ਗਾਰ ਨੌਜਵਾਨਾਂ ਦੀਆਂ ਮੰਗਾਂ ਪਹਿਲ ਦੇ ਅਧਾਰ ’ਤੇ ਹੱਲ ਕੀਤੀਆਂ ਜਾਣਗੀਆਂ। ਇਸ ਮੌਕੇ ਆਪ ਦੇ ਜਨਰਲ ਸਕੱਤਰ ਸਤੀਸ਼ ਸੈਣੀ, ਮੁਲਾਜ਼ਮ ਵਿੰਗ ਦੇ ਸੂਬਾ ਮੀਤ ਪ੍ਰਧਾਨ ਗੁਰਮੇਲ ਸਿੰਘ, ਬਲਾਕ ਪ੍ਰਧਾਨ ਗੱਜਣ ਸਿੰਘ ਮੌਜੂਦ ਸਨ।

ਇੰਜ ਹੀ ਅਕਾਲੀ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਦੇ ਸਪੁੱਤਰ ਸਿਮਰਨਜੀਤ ਸਿੰਘ ਚੰਦੂਮਾਜਰਾ ਨੇ ਸਥਾਨਕ ਆਗੂਆਂ ਸਮੇਤ ਧਰਨੇ ਵਿੱਚ ਵੱਖਰੇ ਤੌਰ ’ਤੇ ਸ਼ਮੂਲੀਅਤ ਕੀਤੀ। ਇਸ ਮੌਕੇ ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਕਮਲਜੀਤ ਸਿੰਘ ਰੂਬੀ, ਜ਼ਿਲ੍ਹਾ ਯੂਥ ਵਿੰਗ ਦੇ ਪ੍ਰਧਾਨ ਹਰਮਨਪ੍ਰੀਤ ਸਿੰਘ ਪ੍ਰਿੰਸ, ਸੀਨੀਅਰ ਆਗੂ ਗੁਰਮੀਤ ਸਿੰਘ ਸ਼ਾਮਪੁਰ, ਸਰਕਲ ਪ੍ਰਧਾਨ ਬਹਾਦਰ ਸਿੰਘ, ਗੁਰਪ੍ਰਤਾਪ ਬੜੀ, ਸਿਮਰਨਜੋਤ, ਕਮਲਜੀਤ ਕੰਮਾ, ਹੈਰੀ ਮਾਨ, ਪ੍ਰੀਤ ਸਿੰਘ ਜਗਤਪੁਰਾ, ਰਿਸ਼ਵ ਗਿਰੀ ਵੀ ਹਾਜ਼ਰ ਸਨ। ਜੂਨੀਅਰ ਚੰਦੂਮਾਜਰਾ ਨੇ ਭਰੋਸਾ ਦਿੱਤਾ ਕਿ ਅਕਾਲੀ-ਬਸਪਾ ਗੱਠਜੋੜ ਦੀ ਸਰਕਾਰ ਬਣਨ ’ਤੇ ਬੇਰੁਜ਼ਗਾਰ ਪੀਟੀਆਈ ਅਧਿਆਪਕਾਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਇਆ ਜਾਵੇਗਾ। ਉਨ੍ਹਾਂ ਨੇ ਜਲਦ ਹੀ ਧਰਨਾਕਾਰੀ ਨੌਜਵਾਨਾਂ ਦੇ ਵਫ਼ਦ ਦੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕਰਵਾਉਣ ਦਾ ਭਰੋਸਾ ਦਿੱਤਾ।

ਆਮ ਆਦਮੀ ਪਾਰਟੀ (ਆਪ) ਹਲਕਾ ਖਰੜ ਦੀ ਇੰਚਾਰਜ ਅਨਮੋਲ ਗਗਨ ਮਾਨ ਵੀ ਆਪਣੇ ਸਾਥੀਆਂ ਸਮੇਤ ਧਰਨੇ ਵਿੱਚ ਪਹੁੰਚ ਗਏ ਅਤੇ ਬੇਰੁਜ਼ਗਾਰ ਅਧਿਆਪਕਾਂ ਨੂੰ ਸਮਰਥਨ ਦੇਣ ਦਾ ਐਲਾਨ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਆਪ ਪਾਰਟੀ ਦੀ ਸਰਕਾਰ ਬਣਨ ’ਤੇ ਬੇਰੁਜ਼ਗਾਰ ਅਧਿਆਪਕਾਂ ਦੇ ਮਸਲੇ ਹੱਲ ਕੀਤੇ ਜਾਣਗੇ।
ਇਸ ਮੌਕੇ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ ਆਗੂਆਂ ਗੁਰਲਾਭ ਸਿੰਘ ਭੋਲਾ, ਕ੍ਰਿਸ਼ਨ ਸਿੰਘ ਨਾਭਾ, ਮੋਨੂ ਪਟਿਆਲਾ, ਸੰਦੀਪ ਸਿੰਘ ਬੰਗਾ ਅਤੇ ਕਮਲ ਘੁਰਕਣੀ ਨੇ ਕਿਹਾ ਕਿ ਉਹ ਸਾਲ 2011 ਤੋਂ ਸਮੇਂ ਸਮੇਂ ਸਿਰ ਧਰਨੇ ਦਿੰਦੇ ਆ ਰਹੇ ਹਨ ਅਤੇ ਪਿਛਲੇ ਤਿੰਨ ਦਿਨ ਤੋਂ ਸੋਹਾਣਾ ਵਿੱਚ ਪਾਣੀ ਦੀ ਟੈਂਕੀ ’ਤੇ ਡਟੇ ਹੋਏ ਹਨ ਪ੍ਰੰਤੂ ਹੁਕਮਰਾਨ ਜਾਂ ਉੱਚ ਅਧਿਕਾਰੀ ਉਨ੍ਹਾਂ ਦੀ ਸਾਰ ਲੈਣ ਨਹੀਂ ਆਇਆ। ਉਨ੍ਹਾਂ ਕਿਹਾ ਕਿ ਇਸ ਟੈਂਕੀ ਦੀ ਹਾਲਤ ਤਰਸਯੋਗ ਹੈ, ਜਿਸ ਕਾਰਨ ਕਦੇ ਵੀ ਹਾਦਸਾ ਵਾਪਰ ਸਕਦਾ ਹੈ। ਉਨ੍ਹਾਂ ਕਿਹਾ ਕਿ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਆਪਣੇ ਗਹਿਣੇ ਵੇਚ ਕੇ ਵਕੀਲਾਂ ਨੂੰ ਫੀਸਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਕਰਜ਼ਾ ਚੁੱਕ ਕੇ ਆਪਣੇ ਪਰਿਵਾਰਾਂ ਦਾ ਗੁਜ਼ਾਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਰਕਾਰ ਉਨ੍ਹਾਂ ਨੂੰ ਨੌਕਰੀ ਨਹੀਂ ਦਿੰਦੀ ਉਦੋਂ ਤੱਕ ਧਰਨਾ ਜਾਰੀ ਰਹੇਗਾ।

Load More Related Articles
Load More By Nabaz-e-Punjab
Load More In Awareness/Campaigns

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…