ਬੇਰੁਜ਼ਗਾਰ ਪੰਜਾਬੀ ਸਟੈਨੋ ਟਾਈਪਿਸਟ ਯੂਨੀਅਨ ਦਾ ਧਰਨਾ 30ਵੇਂ ਦਿਨ ’ਚ ਦਾਖ਼ਲ

ਪੰਜਾਬ ਸਰਕਾਰ ਦੀ ਧੱਕੇਸ਼ਾਹੀ ਕਾਰਨ ਨੌਜਵਾਨ ਸੜਕਾਂ ’ਤੇ ਧੱਕੇ ਖਾਣ ਲਈ ਮਜਬੂਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਸਤੰਬਰ:
ਬੇਰੁਜ਼ਗਾਰ ਪੰਜਾਬੀ ਸਟੈਨੋ ਟਾਈਪਿਸਟ ਯੂਨੀਅਨ ਵੱਲੋਂ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਦੇ ਬਾਹਰ ਦਿੱਤਾ ਜਾ ਰਿਹਾ ਹੈ ਲੜੀਵਾਰ ਧਰਨਾ 30ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ। ਅੱਜ ਵਰ੍ਹਦੇ ਮੀਂਹ ਵਿੱਚ ਬੇਰੁਜ਼ਗਾਰ ਨੌਜਵਾਨ ਲੜਕੇ-ਲੜਕੀਆਂ ਨੇ ਸੂਬਾ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ ਕਰਦਿਆਂ ਨਾਅਰੇਬਾਜ਼ੀ ਕੀਤੀ। ਸੂਬਾ ਪ੍ਰਧਾਨ ਬਰਿੰਦਰ ਸਿੰਘ, ਜਨਰਲ ਸਕੱਤਰ ਮਨਦੀਪ ਸਿੰਘ, ਮੀਤ ਪ੍ਰਧਾਨ ਮਲਕੀਤ ਸਿੰਘ, ਸਲਾਹਕਾਰ ਹਰਬੰਸ ਸਿੰਘ, ਕੈਸ਼ੀਅਰ ਬਲਕਰਨ ਸਿੰਘ, ਮਨਦੀਪ ਸਿੰਘ, ਜਸ਼ਨ ਗਿੱਲ ਅਤੇ ਸੁਖਵਿੰਦਰ ਸਿੰਘ ਨੇ ਕਿਹਾ ਕਿ ਬੇਸ਼ੱਕ ਪੰਜਾਬ ਸਰਕਾਰ ਵੱਲੋਂ ਚਿਹਰੇ ਬਦਲ ਦਿੱਤੇ ਹਨ ਪਰ ਆਮ ਲੋਕਾਂ ਦੀਆਂ ਸਮੱਸਿਆਵਾਂ ਜਿਊਂ ਦੀ ਤਿਊਂ ਬਰਕਰਾਰ ਹਨ। ਬੇਰੁਜ਼ਗਾਰ ਨੌਜਵਾਨ ਆਪਣੀਆਂ ਮੰਗਾਂ ਮਨਵਾਉਣ ਲਈ ਮੀਂਹ ਅਤੇ ਤੇਜ਼ ਧੁੱਪ ਸਹਾਰਦੇ ਹੋਏ ਰਾਤਾਂ ਸੜਕਾਂ ’ਤੇ ਕੱਟਣ ਲਈ ਮਜਬੂਰ ਹਨ ਪ੍ਰੰਤੂ ਹੈਰਾਨੀ ਦੀ ਗੱਲ ਹੈ ਕਿ ਹੁਣ ਤੱਕ ਸਰਕਾਰ ਜਾਂ ਕਿਸੇ ਉੱਚ ਅਧਿਕਾਰੀ ਨੇ ਉਨ੍ਹਾਂ ਦੀ ਸਾਰ ਨਹੀਂ ਲਈ।

ਬੁਲਾਰਿਆਂ ਨੇ ਕਿਹਾ ਕਿ ਸਰਕਾਰੀ ਵਿਭਾਗਾਂ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਖਾਲੀ ਅਸਾਮੀਆਂ ਹੋਣ ਦੇ ਬਾਵਜੂਦ ਸਰਕਾਰ ਵੱਲੋਂ ਸਬੰਧਤ ਅਦਾਰਿਆਂ ਵਿੱਚ ਲੋੜੀਂਦੇ ਕਰਮਚਾਰੀ ਭਰਤੀ ਕਰਨ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ। ਉਨ੍ਹਾਂ ਸੂਬੇ ਦੇ ਨਵੇਂ ਮੁੱਖ ਮੰਤਰੀ ਤੋਂ ਮੰਗ ਕੀਤੀ ਕਿ ਪੰਜਾਬੀ ਸਟੈਨੋ ਦੀਆਂ ਅਸਾਮੀਆਂ ਦਾ ਨੋਟੀਫ਼ਿਕੇਸ਼ਨ ਜਾਰੀ ਕਰਕੇ ਤੁਰੰਤ ਪ੍ਰਭਾਵ ਨਾਲ ਭਰਤੀ ਪ੍ਰਕਿਰਿਆ ਮੁਕੰਮਲ ਕੀਤੀ ਜਾਵੇ। ਉਨ੍ਹਾਂ ਨੇ ਪੰਜਾਬ ਸਰਕਾਰ ’ਤੇ ਵਾਅਦਾਖ਼ਿਲਾਫ਼ੀ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਤੇਜ਼ ਕੀਤਾ ਜਾਵੇਗਾ ਅਤੇ ਗੁਪਤ ਐਕਸ਼ਨ ਕੀਤੇ ਜਾਣਗੇ। ਇਸ ਦੌਰਾਨ ਪੈਦਾ ਹੋਏ ਹਾਲਾਤਾਂ ਲਈ ਸਰਕਾਰ ਜ਼ਿੰਮੇਵਾਰ ਹੋਵੇਗੀ।

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਦੀਵਾਨ ਹਾਲ ਦਾ ਨੀਂਹ ਪੱਥਰ ਰੱਖਿਆ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਦੀਵਾਨ ਹਾਲ ਦਾ ਨੀਂਹ ਪੱਥਰ ਰੱਖਿਆ ਨਬਜ਼-ਏ-ਪੰਜਾਬ, ਮੁਹਾਲੀ, 19 ਮਈ: ਅਮ…