
ਬੇਰੁਜ਼ਗਾਰ ਸਟੈਨੋ ਟਾਈਪਿਸਟਾਂ ਵੱਲੋਂ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਦੀ ਘੇਰਾਬੰਦੀ ਜਾਰੀ
ਬੇਰੁਜ਼ਗਾਰ ਸਟੈਨੋ ਟਾਈਪਿਸਟ ਵੱਲੋਂ ਇਨਸਾਫ਼ ਪ੍ਰਾਪਤੀ ਲਈ ਪੱਕਾ ਮੋਰਚਾ ਲਾਉਣ ਦਾ ਐਲਾਨ
ਬੇਰੁਜ਼ਗਾਰ ਨੌਜਵਾਨ ਆਪਣੇ ਭਵਿੱਖ ਨੂੰ ਲੈ ਕੇ ਚਿੰਤਤ, ਬਾਂਹ ਫੜਨ ਨੂੰ ਤਿਆਰ ਨਹੀਂ ਹੈ ਸਰਕਾਰ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਅਗਸਤ:
ਇੱਥੋਂ ਦੇ ਸੈਕਟਰ-68 ਸਥਿਤ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਦੇ ਦਫ਼ਤਰ ਬਾਹਰ ਬੇਰੁਜ਼ਗਾਰ ਸਟੈਨੋ ਟਾਈਪਿਸਟ ਯੂਨੀਅਨ ਦੇ ਮੈਂਬਰਾਂ ਦਾ ਲੜੀਵਾਰ ਧਰਨਾ ਬੁੱਧਵਾਰ ਨੂੰ ਤੀਜੇ ਦਿਨ ਵਿੱਚ ਦਾਖ਼ਲ ਹੋ ਗਿਆ। ਐਸਐਸਐਸ ਬੋਰਡ ਦੇ ਦਫ਼ਤਰ ਦੇ ਬਾਹਰ ਡਟੇ ਬੇਰੁਜ਼ਗਾਰ ਨੌਜਵਾਨ ਲੜਕੇ-ਲੜਕੀਆਂ ਨੇ ਪੰਜਾਬ ਸਰਕਾਰ ’ਤੇ ਵਾਅਦਾਖ਼ਿਲਾਫ਼ੀ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਹੁਣ ਉਹ ਝੂਠੇ ਲਾਰਿਆਂ ਵਿੱਚ ਨਹੀਂ ਆਉਣਗੇ ਬਲਕਿ ਆਪਣੇ ਹੱਕ ਲੈਣ ਲਈ ਇੱਥੇ ਪੱਕਾ ਮੋਰਚਾ ਲਾਇਆ ਜਾਵੇਗਾ।
ਇਸ ਮੌਕੇ ਪ੍ਰਧਾਨ ਬਰਿੰਦਰ ਸਿੰਘ, ਜਨਰਲ ਸਕੱਤਰ ਮਨਦੀਪ ਸਿੰਘ, ਮੀਤ ਪ੍ਰਧਾਨ ਮਲਕੀਤ ਸਿੰਘ, ਸਲਾਹਕਾਰ ਹਰਬੰਸ ਸਿੰਘ, ਕੈਸ਼ੀਅਰ ਬਲਕਰਨ ਸਿੰਘ, ਜਸ਼ਨ ਗਿੱਲ ਅਤੇ ਸੁਖਵਿੰਦਰ ਸਿੰਘ ਨੇ ਕਿਹਾ ਕਿ ਬੇਰੁਜ਼ਗਾਰ ਸਟੈਨੋ ਟਾਈਪਿਸਟ ਪਿਛਲੇ ਪੰਜ ਸਾਲ ਤੋਂ ਪੰਜਾਬੀ ਸਟੈਨੋ ਦੀ ਤਿਆਰੀ ਕਰ ਰਹੇ ਹਨ ਅਤੇ ਸਟੈਨੋ ਟਾਈਪਿਸਟ ਦੇ ਵਿਦਿਆਰਥੀ ਕਈ ਵਾਰ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਦਾ ਬੂਹਾ ਖੜਕਾ ਕੇ ਚੁੱਕੇ ਹਨ ਪ੍ਰੰਤੂ ਉਨ੍ਹਾਂ ਦੀ ਕੋਈ ਗੱਲ ਸੁਣਨ ਨੂੰ ਤਿਆਰ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਘਰ-ਘਰ ਰੁਜ਼ਗਾਰ ਯੋਜਨਾ ਫੇਲ੍ਹ ਸਾਬਤ ਹੋ ਕੇ ਰਹਿ ਗਈ ਹੈ। ਹੁਕਮਰਾਨਾਂ ਦੇ ਚੋਣ ਮੈਨੀਫੈਸਟੋ ਵਿੱਚ ਕੀਤੇ ਚੋਣ ਵਾਅਦੇ ਅਤੇ ਜ਼ਮੀਨੀ ਹਕੀਕਤ ਵਿੱਚ ਜ਼ਮੀਨ ਅਸਮਾਨ ਦਾ ਅੰਤਰ ਹੈ।
ਅਮਨਦੀਪ ਕੌਰ, ਕਿਰਨ ਕੌਰ ਤੇ ਹਰਪ੍ਰੀਤ ਕੌਰ ਨੇ ਕਿਹਾ ਕਿ ਸਰਕਾਰ ਦੀ ਅਣਦੇਖੀ ਕਾਰਨ ਪੜ੍ਹੇ ਲਿਖੇ ਨੌਜਵਾਨ ਬੇਰੁਜ਼ਗਾਰੀ ਦੀ ਭੱਠੀ ਵਿੱਚ ਸੜ ਰਹੇ ਹਨ ਅਤੇ ਹੁਣ ਤੱਕ ਸਰਕਾਰ ਨੇ ਉਨ੍ਹਾਂ ਨੂੰ ਬੇਰੁਜ਼ਗਾਰੀ ਭੱਤੇ ਦੇ ਰੂਪ ਵਿੱਚ ਇਕ ਧੇਲਾ ਵੀ ਨਹੀਂ ਦਿੱਤਾ ਹੈ। ਜਿਸ ਕਾਰਨ ਉਨ੍ਹਾਂ ਨੂੰ ਅਧੀਨ ਸੇਵਾਵਾਂ ਚੋਣ ਬੋਰਡ ਦੇ ਦਫ਼ਤਰ ਅੱਗੇ ਅਣਮਿਥੇ ਸਮੇਂ ਲਈ ਧਰਨਾ ਲਗਾਉਣ ਲਈ ਮਜਬੂਰ ਹੋਣਾ ਪਿਆ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਰਕਾਰ ਆਪਣੇ ਚੋਣ ਵਾਅਦੇ ਮੁਤਾਬਕ ਬੇਰੁਜ਼ਗਾਰ ਨੌਜਵਾਨਾਂ ਨੂੰ ਵਿੱਦਿਅਕ ਯੋਗਤਾ ਮੁਤਾਬਕ ਰੁਜ਼ਗਾਰ ਨਹੀਂ ਦਿੰਦੀ, ਉਦੋਂ ਤੱਕ ਧਰਨਾ ਜਾਰੀ ਰਹੇਗਾ। ਉਨ੍ਹਾਂ ਦੱਸਿਆ ਕਿ ਬੀਤੀ 23 ਅਗਸਤ ਨੂੰ ਬੋਰਡ ਦੇ ਸਕੱਤਰ ਨਾਲ ਵੀ ਮੀਟਿੰਗ ਹੋਈ ਸੀ ਪ੍ਰੰਤੂ ਹਾਂ-ਪੱਖੀ ਹੁੰਗਾਰਾ ਨਾ ਮਿਲਣ ਕਾਰਨ ਨੌਜਵਾਨਾਂ ਵਿੱਚ ਭਾਰੀ ਰੋਸ ਹੈ। ਉਨ੍ਹਾਂ ਨੇ ਅੱਜ ਐਸਐਸਐਸ ਬੋਰਡ ਦੇ ਚੇਅਰਮੈਨ ਰਮਨ ਬਹਿਲ ਨਾਲ ਮੀਟਿੰਗ ਹੋਣ ਦੀ ਉਮੀਦ ਵੀ ਜਤਾਈ, ਪ੍ਰੰਤੂ ਖ਼ਬਰ ਲਿਖੇ ਜਾਣ ਤੱਕ ਚੇਅਰਮੈਨ ਦਫ਼ਤਰੋਂ ਮੀਟਿੰਗ ਦਾ ਕੋਈ ਸੁਨੇਹਾ ਨਹੀਂ ਸੀ ਲੱਗਿਆ।