
ਬੇਰੁਜ਼ਗਾਰ ਸਟੈਨੋ ਟਾਈਪਿਸਟ ਯੂਨੀਅਨ ਦਾ ਲੜੀਵਾਰ ਧਰਨਾ 23ਵੇਂ ਦਿਨ ’ਚ ਦਾਖ਼ਲ
ਅਗਲੇ ਵਰ੍ਹੇ ਹੋਣ ਵਾਲੀਆਂ ਚੋਣਾਂ ਵਿੱਚ ਨਤੀਜੇ ਭੁਗਤਣ ਲਈ ਤਿਆਰ ਰਹੇ ਸੂਬਾ ਸਰਕਾਰ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਸਤੰਬਰ:
ਇੱਥੋਂ ਦੇ ਸੈਕਟਰ-68 ਸਥਿਤ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਦੇ ਦਫ਼ਤਰ ਬਾਹਰ ਬੇਰੁਜ਼ਗਾਰ ਸਟੈਨੋ ਟਾਈਪਿਸਟ ਯੂਨੀਅਨ ਦਾ ਲੜੀਵਾਰ ਧਰਨਾ ਅੱਜ 23ਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਐਸਐਸਐਸ ਬੋਰਡ ਦੇ ਦਫ਼ਤਰ ਦੇ ਬਾਹਰ ਡਟੇ ਬੇਰੁਜ਼ਗਾਰ ਨੌਜਵਾਨ ਲੜਕੇ-ਲੜਕੀਆਂ ਨੇ ਪੰਜਾਬ ਸਰਕਾਰ ’ਤੇ ਵਾਅਦਾਖ਼ਿਲਾਫ਼ੀ ਦਾ ਦੋਸ਼ ਲਗਾਉਂਦਿਆਂ ਨਾਅਰੇਬਾਜ਼ੀ ਕੀਤੀ। ਉਨ੍ਹਾਂ ਨੇ ਆਉਣ ਵਾਲੇ ਦਿਨਾਂ ਵਿੱਚ ਆਪਣਾ ਸੰਘਰਸ਼ ਤੇਜ਼ ਕਰਨ ਅਤੇ ਗੁਪਤ ਐਕਸ਼ਨ ਕਰਨ ਦੀ ਚਿਤਾਵਨੀ ਦਿੱਤੀ।
ਇਸ ਮੌਕੇ ਪ੍ਰਧਾਨ ਬਰਿੰਦਰ ਸਿੰਘ, ਜਨਰਲ ਸਕੱਤਰ ਮਨਦੀਪ ਸਿੰਘ, ਮੀਤ ਪ੍ਰਧਾਨ ਮਲਕੀਤ ਸਿੰਘ, ਸਲਾਹਕਾਰ ਹਰਬੰਸ ਸਿੰਘ, ਕੈਸ਼ੀਅਰ ਬਲਕਰਨ ਸਿੰਘ, ਮਨਦੀਪ ਸਿੰਘ, ਜਸ਼ਨ ਗਿੱਲ ਅਤੇ ਸੁਖਵਿੰਦਰ ਸਿੰਘ ਨੇ ਕਿਹਾ ਕਿ ਬੜੀ ਹੈਰਾਨੀ ਦੀ ਗੱਲ ਹੈ ਕਿ ਹੁਣ ਤੱਕ ਪੰਜਾਬ ਸਰਕਾਰ ਜਾਂ ਕਿਸੇ ਉੱਚ ਅਧਿਕਾਰੀ ਨੇ ਉਨ੍ਹਾਂ ਨਾਲ ਤਾਲਮੇਲ ਨਹੀਂ ਕੀਤਾ ਗਿਆ। ਉਹ ਆਪਣੀ ਮੰਗਾਂ ਸਬੰਧੀ ਐਸਐਸਐਸ ਬੋਰਡ ਦੇ ਚੇਅਰਮੈਨ, ਸਕੱਤਰ ਸਮੇਤ ਵੱਖ-ਵੱਖ ਕੈਬਨਿਟ ਮੰਤਰੀਆਂ, ਸੰਸਦ ਮੈਂਬਰਾਂ ਅਤੇ ਵਿਧਾਇਕਾਂ ਨੂੰ ਮੰਗ ਪੱਤਰ ਦਿੱਤੇ ਜਾ ਚੁੱਕੇ ਹਨ ਪ੍ਰੰਤੂ ਕਿਸੇ ਨੇ ਉਨ੍ਹਾਂ ਦੇ ਹੱਕ ਵਿੱਚ ਹਾਅ ਦਾ ਨਾਅਰਾ ਨਹੀਂ ਮਾਰਿਆ। ਜਿਸ ਕਾਰਨ ਉਨ੍ਹਾਂ ਨੂੰ ਆਪਣੇ ਹੱਕ ਲੈਣ ਲਈ ਸੜਕਾਂ ’ਤੇ ਆਉਣਾ ਪਿਆ ਹੈ। ਬੇਰੁਜ਼ਗਾਰ ਨੌਜਵਾਨਾਂ ਨੇ ਹੁਕਮਰਾਨਾਂ ਨੂੰ ਚਿਤਾਵਨੀ ਦਿੱਤੀ ਕਿ ਪਿਛਲੀ ਵਿਧਾਨ ਸਭਾ ਚੋਣਾਂ ਵਿੱਚ ਝੂਠੇ ਵਾਅਦੇ ਕਰਕੇ ਸੱਤਾ ਹਾਸਲ ਕੀਤੀ ਗਈ ਪ੍ਰੰਤੂ ਅਗਲੇ ਵਰ੍ਹੇ ਹੋਣ ਵਾਲੀਆਂ ਚੋਣਾਂ ਵਿੱਚ ਸਰਕਾਰ ਨੂੰ ਝੂਠੇ ਵਾਅਦਿਆਂ ਦੇ ਨਤੀਜੇ ਭੁਗਤਣੇ ਪੈਣਗੇ।
ਬੇਰੁਜ਼ਗਾਰ ਨੌਜਵਾਨਾਂ ਨੇ ਕਿਹਾ ਕਿ ਐਤਕੀਂ ਉਹ ਝੂਠੇ ਲਾਰਿਆਂ ਵਿੱਚ ਨਹੀਂ ਆਉਣਗੇ ਬਲਕਿ ਆਪਣੇ ਹੱਕਾਂ ਲਈ ਡਟੇ ਰਹਿਣਗੇ। ਉਨ੍ਹਾਂ ਕਿਹਾ ਕਿ ਬੇਰੁਜ਼ਗਾਰ ਸਟੈਨੋ ਟਾਈਪਿਸਟ ਪਿਛਲੇ ਪੰਜ ਸਾਲ ਤੋਂ ਪੰਜਾਬੀ ਸਟੈਨੋ ਦੀ ਤਿਆਰੀ ਕਰ ਰਹੇ ਹਨ ਅਤੇ ਸਟੈਨੋ ਟਾਈਪਿਸਟ ਦੇ ਵਿਦਿਆਰਥੀ ਕਈ ਵਾਰ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਦਾ ਬੂਹਾ ਖੜਕਾ ਕੇ ਚੁੱਕੇ ਹਨ ਪ੍ਰੰਤੂ ਉਨ੍ਹਾਂ ਦੀ ਕੋਈ ਗੱਲ ਸੁਣਨ ਨੂੰ ਤਿਆਰ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਘਰ-ਘਰ ਰੁਜ਼ਗਾਰ ਯੋਜਨਾ ਫੇਲ੍ਹ ਸਾਬਤ ਹੋ ਕੇ ਰਹਿ ਗਈ ਹੈ। ਹੁਕਮਰਾਨਾਂ ਦੇ ਚੋਣ ਮੈਨੀਫੈਸਟੋ ਵਿੱਚ ਕੀਤੇ ਚੋਣ ਵਾਅਦੇ ਅਤੇ ਜ਼ਮੀਨੀ ਹਕੀਕਤ ਵਿੱਚ ਜ਼ਮੀਨ ਅਸਮਾਨ ਦਾ ਅੰਤਰ ਹੈ।