Nabaz-e-punjab.com

ਬੇਰੁਜ਼ਗਾਰ ਸਟੈਨੋ ਟਾਈਪਿਸਟਾਂ ਦਾ ਦੂਜੇ ਦਿਨ ਵੀ ਜਾਰੀ ਰਿਹਾ ਧਰਨਾ, ਨਾਅਰੇਬਾਜ਼ੀ ਕੀਤੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਅਕਤੂਬਰ:
ਬੇਰੁਜ਼ਗਾਰ ਸਟੈਨੋ ਟਾਈਪਿਸਟਾਂ ਵੱਲੋਂ ਇੱਥੋਂ ਦੇ ਸੈਕਟਰ-68 ਸਥਿਤ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਦਫ਼ਤਰ ਦੇ ਬਾਹਰ ਸ਼ੁਰੂ ਕੀਤਾ ਲੜੀਵਾਰ ਰੋਸ ਧਰਨਾ ਬੁੱਧਵਾਰ ਨੂੰ ਦੂਜੇ ਦਿਨ ਵਿੱਚ ਦਾਖ਼ਲ ਹੋ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀ ਨੌਜਵਾਨਾਂ ਨੇ ਕੈਪਟਨ ਸਰਕਾਰ ’ਤੇ ਵਾਅਦਾਖ਼ਿਲਾਫ਼ੀ ਦਾ ਦੋਸ਼ ਲਗਾਉਂਦਿਆਂ ਹੁਕਮਰਾਨਾਂ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਬੇਰੁਜ਼ਗਾਰਾਂ ਦੇ ਧਰਨੇ ਕਾਰਨ ਵਣ ਭਵਨ ਵਿੱਚ ਸਥਿਤ ਹੋਰਨਾਂ ਵਿਭਾਗਾਂ ਦਾ ਕੰਮ ਕਾਜ ਵੀ ਪ੍ਰਭਾਵਿਤ ਹੋਇਆ।
ਇਸ ਮੌਕੇ ਬੇਰੁਜ਼ਗਾਰ ਨੌਜਵਾਨਾਂ ਗਮਦੂਰ ਸਿੰਘ, ਬਿਕਰਮ ਸਿੰਘ, ਪਰਵਿੰਦਰ ਕੌਰ, ਰਣਜੀਤ ਸਿੰਘ, ਅਕਵਿੰਦਰ ਕੌਰ, ਬਲਵਿੰਦਰ ਕੌਰ, ਮਨਦੀਪ ਕੌਰ ਅਤੇ ਅੰਜੂ ਬਾਲਾ ਨੇ ਕਿਹਾ ਕਿ ਇਕ ਪਾਸੇ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਘਰ-ਘਰ ਰੁਜ਼ਗਾਰ ਦੇਣ ਦੇ ਵੱਡੇ ਵੱਡੇ ਵਾਅਦੇ ਕੀਤੇ ਜਾ ਰਹੇ ਹਨ ਪ੍ਰੰਤੂ ਦੂਜੇ ਪਾਸੇ ਨੌਕਰੀ ਲਈ ਟੈੱਸਟ ਪਾਸ ਕਰਨ ਦੇ ਬਾਵਜੂਦ ਸਫਲ ਨੌਜਵਾਨ ਲੜਕੇ ਲੜਕੀਆਂ ਨੂੰ ਇਨਸਾਫ਼ ਪ੍ਰਾਪਤੀ ਲਈ ਖੱਜਲ ਖੁਆਰ ਹੋਣਾ ਪੈ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਿਛਲੀ ਅਕਾਲੀ ਸਰਕਾਰ ਵੱਲੋਂ ਸਤੰਬਰ 2016 ਵਿੱਚ ਸਟੈਨੋ ਟਾਈਪਿਸਟਾਂ ਦੀਆਂ 451 ਅਸਾਮੀਆਂ ਕੱਢ ਕੇ ਲਿਖਤੀ ਟੈੱਸਟ ਲਾਗੂ ਕੀਤਾ ਗਿਆ ਸੀ ਜੋ ਕਿ ਉਨ੍ਹਾਂ ਵੱਲੋਂ ਪਾਸ ਕਰਨ ਦੇ ਬਾਵਜੂਦ ਸਰਕਾਰ ਉਨ੍ਹਾਂ ਨੂੰ ਨਿਯੁਕਤੀ ਪੱਤਰ ਦੇਣ ਤੋਂ ਟਾਲਾ ਵੱਟ ਰਹੀ ਹੈ। ਜਿਸ ਕਾਰਨ ਬੇਰੁਜ਼ਗਾਰ ਨੌਜਵਾਨਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਟਾਈਪ ਟੈੱਸਟ ਪਾਸ ਨੌਜਵਾਨਾਂ ਨੂੰ ਤੁਰੰਤ ਨਿਯੁਕਤੀ ਪੱਤਰ ਜਾਰੀ ਕੀਤੇ ਜਾਣ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀ ਸਾਰ ਨਹੀਂ ਲਈ ਤਾਂ ਹੋਰਨਾਂ ਜਥੇਬੰਦੀਆਂ ਦੇ ਸਹਿਯੋਗ ਨਾਲ ਆਪਣੇ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਸਮੇਂ ਸਮੇਂ ਸਿਰ ਗੁਪਤ ਐਕਸ਼ਨ ਕੀਤੇ ਜਾਣਗੇ ਅਤੇ ਇਸ ਦੌਰਾਨ ਪੈਦਾ ਹੋਏ ਹਾਲਾਤਾਂ ਲਈ ਸੂਬਾ ਸਰਕਾਰ ਅਤੇ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਸਿੱਧੇ ਤੌਰ ’ਤੇ ਜ਼ਿੰਮੇਵਾਰ ਹੋਣਗੇ।

Load More Related Articles
Load More By Nabaz-e-Punjab
Load More In General News

Check Also

Excise and Taxation Department, Punjab Initiates Comprehensive GST Registration Drive for Dealers

Excise and Taxation Department, Punjab Initiates Comprehensive GST Registration Drive for …