Share on Facebook Share on Twitter Share on Google+ Share on Pinterest Share on Linkedin ਬੇਰੁਜ਼ਗਾਰ ਸਟੈਨੋ ਟਾਈਪਿਸਟਾਂ ਵੱਲੋਂ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਦਫ਼ਤਰ ਦੇ ਬਾਹਰ ਲੜੀਵਾਰ ਧਰਨਾ ਸ਼ੁਰੂ ਪੰਜਾਬ ਸਰਕਾਰ ’ਤੇ ਨੌਜਵਾਨਾਂ ਦਾ ਸ਼ੋਸ਼ਣ ਕਰਨ ਦਾ ਦੋਸ਼, ਹੁਕਮਰਾਨਾਂ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਅਕਤੂਬਰ: ਪੰਜਾਬ ਦੀ ਕੈਪਟਨ ਸਰਕਾਰ ਵੱਲੋਂ ਘਰ-ਘਰ ਰੁਜ਼ਗਾਰ ਯੋਜਨਾ ਦੇ ਤਹਿਤ ਨੌਜਵਾਨਾਂ ਨੂੰ ਰੁਜ਼ਗਾਰ ਅਤੇ ਸਵੈ ਰੁਜ਼ਗਾਰ ਦੇ ਅਵਸਰ ਪ੍ਰਦਾਨ ਕਰਨ ਦੇ ਵਾਅਦੇ ਕੀਤੇ ਜਾ ਰਹੇ ਹਨ, ਦੂਜੇ ਪਾਸੇ ਸਰਕਾਰੀ ਨੌਕਰੀ ਲਈ ਟੈੱਸਟ ਪਾਸ ਕਰਨ ਉਪਰੰਤ ਵੀ ਵੱਡੀ ਗਿਣਤੀ ਵਿੱਚ ਨੌਜਵਾਨ ਰੁਜ਼ਗਾਰ ਲਈ ਖੱਜਲ-ਖੁਆਰ ਹੋ ਰਹੇ ਹਨ। ਸਰਕਾਰ ਦੀ ਅਣਦੇਖੀ ਦੇ ਖ਼ਿਲਾਫ਼ ਅੱਜ ਬੇਰੁਜ਼ਗਾਰ ਸਟੈਨੋ ਟਾਈਪਿਸਟਾਂ ਵੱਲੋਂ ਨਿਯੁਕਤੀ ਪੱਤਰ ਦੇਣ ਦੀ ਮੰਗ ਨੂੰ ਲੈ ਕੇ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਦੇ ਮੁਹਾਲੀ ਸਥਿਤ ਦਫ਼ਤਰ ਦੇ ਬਾਹਰ ਦੁਬਾਰਾ ਲੜੀਵਾਰ ਰੋਸ ਧਰਨਾ ਸ਼ੁਰੂ ਕਰ ਦਿੱਤਾ ਹੈ। ਪ੍ਰਦਰਸ਼ਨਕਾਰੀ ਨੌਜਵਾਨਾਂ ਨੇ ਸਰਕਾਰ ’ਤੇ ਵਾਅਦਾਖ਼ਿਲਾਫ਼ੀ ਦਾ ਵੀ ਦੋਸ਼ ਲਾਇਆ। ਇਸ ਮੌਕੇ ਬੋਲਦਿਆਂ ਗੁਰਪ੍ਰੀਤ ਸਿੰਘ, ਸੰਦੀਪ ਕੁਮਾਰ, ਮਨਪ੍ਰੀਤ ਸਿੰਘ, ਸੁਰਜੀਤ ਸਿੰਘ ਅਤੇ ਮੋਹਿਤ ਸ਼ਰਮਾ ਨੇ ਕਿਹਾ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਵੱਲੋਂ ਸਤੰਬਰ 2016 ਵਿੱਚ ਸਟੈਨੋ ਟਾਈਪਿਸਟਾਂ ਦੀਆਂ 451 ਅਸਾਮੀਆਂ ਲਈ ਲਿਖਤੀ ਟੈੱਸਟ ਪਾਸ ਕੀਤਾ ਸੀ ਪਰ ਤਿੰਨ ਸਾਲ ਬੀਤ ਜਾਣ ਦੇ ਬਾਵਜੂਦ ਸੂਬਾ ਸਰਕਾਰ ਵੱਲੋਂ ਉਨ੍ਹਾਂ ਨੂੰ ਨੌਕਰੀ ਕਰਨ ਲਈ ਨਿਯੁਕਤੀ ਪੱਤਰ ਜਾਰੀ ਨਹੀਂ ਕੀਤੇ ਜਾ ਰਹੇ ਹਨ। ਜਿਸ ਕਾਰਨ ਟੈੱਸਟ ਪਾਸ ਉਮੀਦਵਾਰਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਪੰਜਾਬ ਸਰਕਾਰ ਅਤੇ ਅਧੀਨ ਸੇਵਾਵਾਂ ਚੋਣ ਬੋਰਡ ਖ਼ਿਲਾਫ਼ ਰੋਸ ਪ੍ਰਗਟ ਕਰਦਿਆਂ ਬੇਰੁਜ਼ਗਾਰ ਨੌਜਵਾਨਾਂ ਨੇ ਦੱਸਿਆ ਕਿ ਪਹਿਲਾਂ ਇਸ ਭਰਤੀ ਬਾਰੇ ਹਾਈ ਕੋਰਟ ਨੇ ਸਟੇਅ ਆਰਡਰ ਜਾਰੀ ਕੀਤੇ ਸੀ ਪ੍ਰੰਤੂ ਉੱਚ ਅਦਾਲਤ ਵਿੱਚ ਉਸਾਰੂ ਦਲੀਲਾਂ ਦੇ ਕੇ ਉਨ੍ਹਾਂ ਨੇ ਬੀਤੀ 20 ਸਤੰਬਰ ਨੂੰ ਸਟੇਅ ਖ਼ਤਮ ਕਰਵਾ ਲਈ ਗਈ ਸੀ ਪਰ ਇਸ ਦੇ ਬਾਵਜੂਦ ਉਨ੍ਹਾਂ ਨੂੰ ਨਿਯੁਕਤੀ ਪੱਤਰ ਨਹੀਂ ਦਿੱਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਉਹ ਕਈ ਵਾਰ ਅਧੀਨ ਸੇਵਾਵਾਂ ਚੋਣ ਬੋਰਡ ਦੇ ਅਧਿਕਾਰੀਆਂ ਨੂੰ ਮਿਲ ਚੁੱਕੇ ਹਨ ਅਤੇ ਹੁਕਮਰਾਨਾਂ ਦੇ ਵੀ ਹਾੜੇ ਕੱਢੇ ਜਾ ਰਹੇ ਹਨ ਪਰ ਉਨ੍ਹਾਂ ਨੂੰ ਝੂਠੇ ਲਾਰੇ ਲਗਾ ਕੇ ਡੰਗ ਟਪਾਇਆ ਜਾ ਰਿਹਾ ਹੈ। ਜਿਸ ਕਾਰਨ ਬੇਰੁਜ਼ਗਾਰ ਨੌਜਵਾਨਾਂ, ਜਿਨ੍ਹਾਂ ਵਿੱਚ ਲੜਕੀਆਂ ਵੀ ਸ਼ਾਮਲ ਹਨ, ਨੂੰ ਇਨਸਾਫ਼ ਪ੍ਰਾਪਤੀ ਲਈ ਦੁਬਾਰਾ ਸੜਕਾਂ ’ਤੇ ਆਉਣ ਲਈ ਮਜਬੂਰ ਹੋਣਾ ਪਿਆ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਹੁਣ ਉਹ ਝੂਠੇ ਲਾਰਿਆਂ ਵਿੱਚ ਨਹੀਂ ਆਉਣਗੇ ਅਤੇ ਨਿਯੁਕਤੀ ਪੱਤਰ ਮਿਲਣ ਤੋਂ ਬਾਅਦ ਧਰਨਾ ਚੁੱਕਿਆ ਜਾਵੇਗਾ। ਇਸ ਮੌਕੇ ਜਸਪ੍ਰੀਤ ਕੌਰ, ਮੋਨਿਕਾ, ਮਨਜੀਤ ਕੌਰ, ਮਨਜੀਤ ਸਿੰਘ, ਰਾਹੁਲ ਗੁਪਤਾ, ਤੇਜਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਵੱਖ-ਵੱਖ ਜ਼ਿਲ੍ਹਿਆਂ ਤੋਂ ਟੈੱਸਟ ਪਾਸ ਨੌਜਵਾਨ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ