ਬੇਰੁਜ਼ਗਾਰ ਸਟੈਨੋ ਟਾਈਪਿਸਟਾਂ ਵੱਲੋਂ ਐਸਐਸ ਬੋਰਡ ਦਫ਼ਤਰ ਤੱਕ ਪੈਦਲ ਮਾਰਚ, ਪੱਕਾ ਧਰਨਾ ਲਾਇਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਅਗਸਤ:
ਇੱਥੋਂ ਦੇ ਸੈਕਟਰ-68 ਸਥਿਤ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਦੇ ਦਫ਼ਤਰ ਬਾਹਰ ਅੱਜ ਬੇਰੁਜ਼ਗਾਰ ਸਟੈਨੋ ਟਾਈਪਿਸਟ ਯੂਨੀਅਨ ਦੇ ਮੈਂਬਰਾਂ ਨੇ ਵਿਸ਼ਾਲ ਰੋਸ ਮੁਜ਼ਾਹਰਾ ਕੀਤਾ। ਇਸ ਤੋਂ ਪਹਿਲਾਂ ਸਾਰੇ ਸਨੈਟੋ ਟਾਈਪਿਸਟ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਵਿਖੇ ਇਕੱਠੇ ਹੋਏ ਅਤੇ ਉੱਥੋਂ ਇਕ ਵੱਡੇ ਕਾਫ਼ਲੇ ਦੇ ਰੂਪ ਵਿੱਚ ਐਸਐਸਐਸ ਬੋਡ ਦੇ ਦਫ਼ਤਰ ਤੱਕ ਪੈਦਲ ਰੋਸ ਮਾਰਚ ਕੀਤਾ ਅਤੇ ਮੁੱਖ ਗੇਟ ਦੇ ਬਾਹਰ ਧਰਨੇ ’ਤੇ ਬੈਠ ਗਏ। ਇਸ ਧਰਨਾ ਪ੍ਰਦਰਸ਼ਨ ਵਿੱਚ ਬੇਰੁਜ਼ਗਾਰ ਲੜਕੀਆਂ ਨੇ ਵੀ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ।
ਇਸ ਮੌਕੇ ਪ੍ਰਧਾਨ ਵਰਿੰਦਰ ਸਿੰਘ, ਜਨਰਲ ਸਕੱਤਰ ਮਨਦੀਪ ਸਿੰਘ, ਮੀਤ ਪ੍ਰਧਾਨ ਮਲਕੀਤ ਸਿੰਘ, ਕੈਸ਼ੀਅਰ ਬਲਕਰਨ ਸਿੰਘ, ਜਸਨ ਗਿੱਲ ਅਤੇ ਸੁਖਵਿੰਦਰ ਸਿੰਘ ਨੇ ਕਿਹਾ ਕਿ ਬੇਰੁਜ਼ਗਾਰ ਸਟੈਨੋ ਟਾਈਪਿਸਟ ਪਿਛਲੇ ਪੰਜ ਸਾਲ ਤੋਂ ਪੰਜਾਬੀ ਸਟੈਨੋ ਦੀ ਤਿਆਰੀ ਕਰ ਰਹੇ ਹਨ ਅਤੇ ਸਟੈਨੋ ਟਾਈਪਿਸਟ ਦੇ ਵਿਦਿਆਰਥੀ ਕਈ ਵਾਰ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਦਾ ਬੂਹਾ ਖੜਕਾ ਚੁੱਕੇ ਹਨ ਪ੍ਰੰਤੂ ਉਨ੍ਹਾਂ ਨੂੰ ਬੋਰਡ ਅੰਦਰ ਜਾਣ ਦੀ ਆਗਿਆ ਨਹੀਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਘਰ-ਘਰ ਰੁਜ਼ਗਾਰ ਦੇਣ ਦੀ ਯੋਜਨਾ ਫੇਲ੍ਹ ਸਾਬਤ ਹੋਈ ਹੈ ਅਤੇ ਹੁਕਮਰਾਨਾਂ ਦੇ ਚੋਣ ਮੈਨੀਫੈਸਟੋ ਵਿੱਚ ਕੀਤੇ ਚੋਣ ਵਾਅਦੇ ਅਤੇ ਜ਼ਮੀਨੀ ਹਕੀਕਤ ਵਿੱਚ ਜ਼ਮੀਨ ਅਸਮਾਨ ਦਾ ਅੰਤਰ ਹੈ।
ਉਨ੍ਹਾਂ ਭਰੋਸੇਯੋਗ ਸੂਤਰਾਂ ਦੇ ਹਵਾਲੇ ਨਾਲ ਕਿਹਾ ਕਿ ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ ਵੱਖ-ਵੱਖ ਵਿਭਾਗਾਂ ਕੋਲੋਂ ਸਟੈਨੋ ਟਾਈਪਿਸਟ ਦੀਆਂ ਖਾਲੀ ਅਸਾਮੀਆਂ ਬਾਰੇ ਜਾਣਕਾਰੀ ਮੰਗੀ ਗਈ ਸੀ ਤਾਂ ਕਿ ਸਟੈਨੋ ਟਾਈਪਿਸਟ ਦੀਆਂ ਖਾਲੀ ਪਈਆਂ ਅਸਾਮੀਆਂ ਭਰਨ ਲਈ ਇਸ਼ਤਿਹਾਰ ਜਾਰੀ ਕੀਤਾ ਜਾ ਸਕੇ। ਪ੍ਰੰਤੂ ਜਦੋਂ ਉਨ੍ਹਾਂ ਨੇ ਬੋਰਡ ਚੇਅਰਮੈਨ ਰਮਨ ਬਹਿਲ ਨੂੰ ਮੰਗ ਪੱਤਰ ਭੇਜ ਕੇ ਨੌਕਰੀ ਦੇਣ ਦੀ ਮੰਗ ਕੀਤੀ ਤਾਂ ਉਨ੍ਹਾਂ ਨੇ ਬੇਰੁਜ਼ਗਾਰ ਨੌਜਵਾਨਾਂ ਦੀ ਇਕ ਨਹੀਂ ਸੁਣੀ। ਉਨ੍ਹਾਂ ਕਿਹਾ ਕਿ ਸਟੈਨੋ ਟਾਈਪਿਸਟ ਦੀ ਤਿਆਰੀ ਕਰ ਰਹੇ ਨੌਜਵਾਨਾਂ ਵੱਲੋਂ ਪਿਛਲੇ ਕਾਫ਼ੀ ਸਮੇਂ ਤੋਂ ਵੱਖ-ਵੱਖ ਕਾਂਗਰਸੀ ਵਿਧਾਇਕਾਂ ਨੂੰ ਵੀ ਮੰਗ ਪੱਤਰ ਦਿੱਤੇ ਜਾ ਚੁੱਕੇ ਹਨ ਲੇਕਿਨ ਕਿਸੇ ਨੇ ਉਨ੍ਹਾਂ ਦੀ ਬਾਂਹ ਨਹੀਂ ਫੜੀ। ਜਿਸ ਕਾਰਨ ਪਿਛਲੇ ਪੰਜ ਸਾਲਾਂ ਤੋਂ ਤਿਆਰੀ ਕਰ ਰਹੇ ਵਿਦਿਆਰਥੀਆਂ ਵਿੱਚ ਭਾਰੀ ਨਿਰਾਸ਼ਾ ਪਾਈ ਜਾ ਰਹੀ ਹੈ।
ਬੁਲਾਰਿਆਂ ਨੇ ਕਿਹਾ ਕਿ ਸਰਕਾਰ ਦੀ ਅਣਦੇਖੀ ਕਾਰਨ ਪੜ੍ਹੇ ਲਿਖੇ ਨੌਜਵਾਨ ਬੇਰੁਜ਼ਗਾਰੀ ਦੀ ਭੱਠੀ ਵਿੱਚ ਸੜ ਰਹੇ ਹਨ ਅਤੇ ਹੁਣ ਤੱਕ ਸਰਕਾਰ ਨੇ ਉਨ੍ਹਾਂ ਨੂੰ ਬੇਰੁਜ਼ਗਾਰੀ ਭੱਤੇ ਦੇ ਰੂਪ ਵਿੱਚ ਇਕ ਧੇਲਾ ਵੀ ਨਹੀਂ ਦਿੱਤਾ ਹੈ। ਜਿਸ ਕਾਰਨ ਉਨ੍ਹਾਂ ਨੂੰ ਐਸਐਸ ਬੋਰਡ ਦੇ ਦਫ਼ਤਰ ਅੱਗੇ ਅਣਮਿਥੇ ਸਮੇਂ ਲਈ ਲੜੀਵਾਰ ਧਰਨਾ ਲਗਾਉਣ ਲਈ ਮਜਬੂਰ ਹੋਣਾ ਪਿਆ ਹੈ। ਉਨ੍ਹਾਂ ਕਿਹਾ ਕਿ ਜਦੋਂ ਸਰਕਾਰ ਆਪਣੇ ਚੋਣ ਵਾਅਦੇ ਮੁਤਾਬਕ ਬੇਰੁਜ਼ਗਾਰ ਨੌਜਵਾਨਾਂ ਨੂੰ ਵਿੱਦਿਅਕ ਯੋਗਤਾ ਮੁਤਾਬਕ ਰੁਜ਼ਗਾਰ ਪ੍ਰਦਾਨ ਨਹੀਂ ਕਰਦੀ ਉਦੋਂ ਤੱਕ ਧਰਨਾ ਜਾਰੀ ਰਹੇਗਾ। ਹਾਲਾਂਕਿ ਅੱਜ ਪ੍ਰਦਰਸ਼ਨਕਾਰੀਆਂ ਦੀ ਬੋਰਡ ਦੇ ਸਕੱਤਰ ਨਾਲ ਮੀਟਿੰਗ ਵੀ ਹੋਈ ਪ੍ਰੰਤੂ ਇਹ ਮੀਟਿੰਗ ਬੇਸਿੱਟਾ ਰਹਿਣ ਕਾਰਨ ਸਨੈਟਾ ਟਾਈਪਿਸਟ ਪੱਕਾ ਮੋਰਚਾ ਲਗਾ ਕੇ ਬੈਠ ਗਏ ਹਨ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…