ਐਸਐਸਐਸ ਬੋਰਡ ਦੇ ਬਾਹਰ ਬੇਰੁਜ਼ਗਾਰ ਸਟੈਨੋ ਟਾਈਪਿਸਟਾਂ ਦਾ ਧਰਨਾ 12ਵੇਂ ਦਿਨ ’ਚ ਦਾਖ਼ਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਸਤੰਬਰ:
ਇੱਥੋਂ ਦੇ ਸੈਕਟਰ-68 ਸਥਿਤ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਦੇ ਦਫ਼ਤਰ ਬਾਹਰ ਬੇਰੁਜ਼ਗਾਰ ਸਟੈਨੋ ਟਾਈਪਿਸਟ ਯੂਨੀਅਨ ਦਾ ਲੜੀਵਾਰ ਧਰਨਾ ਸ਼ੁੱਕਰਵਾਰ ਨੂੰ 12ਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਐਸਐਸਐਸ ਬੋਰਡ ਦੇ ਦਫ਼ਤਰ ਦੇ ਬਾਹਰ ਡਟੇ ਬੇਰੁਜ਼ਗਾਰ ਨੌਜਵਾਨ ਲੜਕੇ-ਲੜਕੀਆਂ ਨੇ ਪੰਜਾਬ ਸਰਕਾਰ ’ਤੇ ਵਾਅਦਾਖ਼ਿਲਾਫ਼ੀ ਦਾ ਦੋਸ਼ ਲਗਾਉਂਦਿਆਂ ਨਾਅਰੇਬਾਜ਼ੀ ਕੀਤੀ। ਉਨ੍ਹਾਂ ਨੇ ਆਪਣਾ ਸੰਘਰਸ਼ ਤੇਜ਼ ਕਰਨ ਅਤੇ ਗੁਪਤ ਐਕਸ਼ਨ ਕਰਨ ਦੀ ਚਿਤਾਵਨੀ ਦਿੱਤੀ।
ਇਸ ਮੌਕੇ ਪ੍ਰਧਾਨ ਬਰਿੰਦਰ ਸਿੰਘ, ਜਨਰਲ ਸਕੱਤਰ ਮਨਦੀਪ ਸਿੰਘ, ਮੀਤ ਪ੍ਰਧਾਨ ਮਲਕੀਤ ਸਿੰਘ, ਸਲਾਹਕਾਰ ਹਰਬੰਸ ਸਿੰਘ, ਕੈਸ਼ੀਅਰ ਬਲਕਰਨ ਸਿੰਘ, ਮਨਦੀਪ ਸਿੰਘ, ਜਸ਼ਨ ਗਿੱਲ ਅਤੇ ਸੁਖਵਿੰਦਰ ਸਿੰਘ ਨੇ ਕਿਹਾ ਕਿ ਹੁਣ ਉਹ ਝੂਠੇ ਲਾਰਿਆਂ ਵਿੱਚ ਨਹੀਂ ਆਉਣਗੇ ਬਲਕਿ ਆਪਣੇ ਹੱਕ ਲਈ ਡਟੇ ਰਹਿਣਗੇ। ਉਨ੍ਹਾਂ ਕਿਹਾ ਕਿ ਬੇਰੁਜ਼ਗਾਰ ਸਟੈਨੋ ਟਾਈਪਿਸਟ ਪਿਛਲੇ ਪੰਜ ਸਾਲ ਤੋਂ ਪੰਜਾਬੀ ਸਟੈਨੋ ਦੀ ਤਿਆਰੀ ਕਰ ਰਹੇ ਹਨ ਅਤੇ ਸਟੈਨੋ ਟਾਈਪਿਸਟ ਦੇ ਵਿਦਿਆਰਥੀ ਕਈ ਵਾਰ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਦਾ ਬੂਹਾ ਖੜਕਾ ਕੇ ਚੁੱਕੇ ਹਨ ਪ੍ਰੰਤੂ ਉਨ੍ਹਾਂ ਦੀ ਕੋਈ ਗੱਲ ਸੁਣਨ ਨੂੰ ਤਿਆਰ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਘਰ-ਘਰ ਰੁਜ਼ਗਾਰ ਯੋਜਨਾ ਫੇਲ੍ਹ ਸਾਬਤ ਹੋ ਕੇ ਰਹਿ ਗਈ ਹੈ। ਹੁਕਮਰਾਨਾਂ ਦੇ ਚੋਣ ਮੈਨੀਫੈਸਟੋ ਵਿੱਚ ਕੀਤੇ ਚੋਣ ਵਾਅਦੇ ਅਤੇ ਜ਼ਮੀਨੀ ਹਕੀਕਤ ਵਿੱਚ ਜ਼ਮੀਨ ਅਸਮਾਨ ਦਾ ਅੰਤਰ ਹੈ।
ਬੁਲਾਰਿਆਂ ਨੇ ਕਿਹਾ ਕਿ ਸਰਕਾਰ ਦੀ ਅਣਦੇਖੀ ਕਾਰਨ ਪੜ੍ਹੇ ਲਿਖੇ ਨੌਜਵਾਨ ਬੇਰੁਜ਼ਗਾਰੀ ਦੀ ਭੱਠੀ ਵਿੱਚ ਸੜ ਰਹੇ ਹਨ ਅਤੇ ਹੁਣ ਤੱਕ ਸਰਕਾਰ ਨੇ ਉਨ੍ਹਾਂ ਨੂੰ ਬੇਰੁਜ਼ਗਾਰੀ ਭੱਤੇ ਦੇ ਰੂਪ ਵਿੱਚ ਇਕ ਧੇਲਾ ਵੀ ਨਹੀਂ ਦਿੱਤਾ ਹੈ। ਜਿਸ ਕਾਰਨ ਉਨ੍ਹਾਂ ਨੂੰ ਅਧੀਨ ਸੇਵਾਵਾਂ ਚੋਣ ਬੋਰਡ ਦੇ ਦਫ਼ਤਰ ਅੱਗੇ ਅਣਮਿਥੇ ਸਮੇਂ ਲਈ ਧਰਨਾ ਲਗਾਉਣ ਲਈ ਮਜਬੂਰ ਹੋਣਾ ਪਿਆ ਹੈ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …