ਬੇਰੁਜ਼ਗਾਰ ਅਧਿਆਪਕਾਂ ਵੱਲੋਂ ਮੁੱਖ ਮੰਤਰੀ, ਸਿੱਖਿਆ ਮੰਤਰੀ ਤੇ ਸਿੱਖਿਆ ਸਕੱਤਰ ਵਿਰੁੱਧ ਅਰਥੀ ਫੂਕ ਮੁਜ਼ਾਹਰਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੁਲਾਈ:
ਇੱਥੋਂ ਦੇ ਫੇਜ਼-8 ਸਥਿਤ ਸਿੱਖਿਆ ਭਵਨ ਪੰਜਾਬ ਦੇ ਮੁੱਖ ਗੇਟ ਦੇ ਬਾਹਰ ਬੀਤੀ 17 ਜੂਨ ਤੋਂ ਲੜੀਵਾਰ ਧਰਨੇ ’ਤੇ ਬੈਠੇ ਗਏ ਰਿਵਾਈਜ਼ ਟੈੱਟ-2011 ਪਾਸ ਬੇਰੁਜ਼ਗਾਰ ਅਧਿਆਪਕਾਂ ਨੇ ਅੱਜ ਸੂਬਾ ਕਨਵੀਨਰ ਇੰਦਰਪਾਲ ਕੌਰ ਅਤੇ ਅਮਰਪ੍ਰੀਤ ਕੌਰ ਦੀ ਅਗਵਾਈ ਵਿੱਚ ਮੁੱਖ ਮੰਤਰੀ, ਸਿੱਖਿਆ ਮੰਤਰੀ ਅਤੇ ਸਿੱਖਿਆ ਸਕੱਤਰ ਦੇ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰਾ ਕੀਤਾ ਅਤੇ ਰੋਸ ਮਾਰਚ ਕਰਦਿਆਂ ਹੁਕਮਰਾਨਾਂ ਨੂੰ ਰੱਜ ਕੇ ਕੋਸਿਆ। ਇਹ ਰੋਸ ਮਾਰਚ ਸਿੱਖਿਆ ਭਵਨ ਤੋਂ ਸ਼ੁਰੂ ਹੋ ਕੇ ਫੇਜ਼-9 ਦੀਆਂ ਟਰੈਫ਼ਿਕ ਲਾਈਟਾਂ ਤੋਂ ਹੁੰਦਾ ਹੋਇਆ ਵਾਪਸ ਧਰਨਾ ਸਥਾਨ ’ਤੇ ਪਹੁੰਚ ਕੇ ਸਮਾਪਤ ਹੋਇਆ। ਜਿੱਥੇ ਬੇਰੁਜ਼ਗਾਰ ਅਧਿਆਪਕਾਂ ਨੇ ਸੂਬਾ ਸਰਕਾਰ ਦਾ ਪਿੱਟ ਸਿਆਪਾ ਕੀਤਾ।
ਅਧਿਆਪਕ ਆਗੂ ਸ੍ਰੀਮਤੀ ਅਮਰਪ੍ਰੀਤ ਕੌਰ ਨੇ ਕਿਹਾ ਕਿ ਉਹ ਪਿਛਲੇ ਇੱਕ ਮਹੀਨੇ ਤੋਂ ਲਗਾਤਾਰ ਸਿੱਖਿਆ ਸਕੱਤਰ ਦਫ਼ਤਰ ਦੇ ਬਾਹਰ ਧਰਨੇ ’ਤੇ ਬੈਠੇ ਹਨ ਪ੍ਰੰਤੂ ਹਾਲੇ ਤੱਕ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋਈ। ਉਨ੍ਹਾਂ ਕਿਹਾ ਕਿ ਮੈਰਿਟ ਹੋਲਡਰ ਉਮੀਦਵਾਰਾਂ ਵੱਲੋਂ ਅੱਜ ਆਪਣੇ ਹੱਥਾਂ ਵਿੱਚ ਕਾਲੇ ਝੰਡੇ ਲੈ ਕੇ ਰੋਸ ਮਾਰਚ ਕੀਤਾ ਅਤੇ ਰਾਹਗੀਰਾਂ ਨੂੰ ਸਰਕਾਰ ਦੀ ਧੱਕੇਸ਼ਾਹੀ ਨੂੰ ਦਰਸਾਉਂਦੇ ਹੋਏ ਪਰਚੇ ਵੰਡ ਕੇ ਇਨਸਾਫ਼ ਦੀ ਮੰਗ ਕੀਤੀ। ਉਨ੍ਹਾਂ ਮੰਗ ਕੀਤੀ ਕਿ ਹਾਈ ਕੋਰਟ ਵੱਲੋਂ ਰਿਜ਼ਰਵ ਕੀਤੀਆਂ ਸੀਟਾਂ ’ਤੇ ਉਨ੍ਹਾਂ ਦੀ ਤੁਰੰਤ ਨਿਯੁਕਤੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਨਿਯੁਕਤੀ ਪੱਤਰ ਨਹੀਂ ਦਿੱਤੇ ਗਏ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਰੋਸ ਮਾਰਚ ਦੌਰਾਨ ਸ੍ਰੀਮਤੀ ਹਰਪ੍ਰੀਤ ਕੌਰ, ਮਨਪ੍ਰੀਤ ਸਿੰਘ, ਜਗਦੀਸ਼ ਸਿੰਘ, ਗੁਰਪਿੰਦਰ ਸਿੰਘ, ਪ੍ਰਿਤਪਾਲ ਕੌਰ, ਰਜਨੀ ਰਾਣੀ ਸਮੇਤ ਵੱਡੀ ਗਿਣਤੀ ਵਿੱਚ ਬੇਰੁਜ਼ਗਾਰ ਅਧਿਆਪਕਾਂ ਨੇ ਸ਼ਮੂਲੀਅਤ ਕੀਤੀ।

ਉਧਰ, ਦੂਜੇ ਬੰਨ੍ਹੇ ਕੱਚੇ ਅਧਿਆਪਕ ਯੂਨੀਅਨ ਪੰਜਾਬ ਅਤੇ ਸਿੱਖਿਆ ਪ੍ਰੋਵਾਈਡਰ ਸਮੇਤ ਹੋਰਨਾਂ ਅਧਿਆਪਕ ਯੂਨੀਅਨਾਂ ਵੱਲੋਂ ਕੱਚੇ ਅਧਿਆਪਕ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਸਿੱਖਿਆ ਭਵਨ ਦੇ ਬਾਹਰ ਦਿੱਤਾ ਜਾ ਰਿਹਾ ਲੜੀਵਾਰ ਧਰਨਾ ਵੀਰਵਾਰ ਨੂੰ 30ਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਉਧਰ, ਕੱਚੇ ਅਧਿਆਪਕ ਸਤਿੰਦਰ ਸਿੰਘ ਕੰਗ ਤਰਨਤਾਰਨ, ਕੁਲਬੀਰ ਸਿੰਘ ਅਬੋਹਰ, ਕੁਲਵਿੰਦਰ ਸਿੰਘ ਨਾੜੂ, ਬੇਅੰਤ ਸਿੰਘ ਪਟਿਆਲਾ, ਸਮਰ ਸਿੰਘ ਮਾਨਸਾ, ਰਾਜਾ ਅੌਲਖ ਅਤੇ ਰੋਹਿਤ ਕੁਮਾਰ ਅੰਮ੍ਰਿਤਸਰ ਸਿੱਖਿਆ ਭਵਨ ਦੀ ਛੱਤ ’ਤੇ ਡਟੇ ਹੋਏ ਹਨ।
ਸੂਬਾ ਕਨਵੀਨਰ ਅਜਮੇਰ ਸਿੰਘ ਅੌਲਖ, ਗਗਨਦੀਪ ਕੌਰ ਅਬੋਹਰ, ਦਵਿੰਦਰ ਸਿੰਘ ਸੰਧੂ, ਹਰਪ੍ਰੀਤ ਕੌਰ, ਵੀਰਪਾਲ ਕੌਰ ਸਿਧਾਣਾ, ਜਸਵੰਤ ਸਿੰਘ ਪੰਨੂ ਅਤੇ ਮੀਡੀਆ ਕੋਆਰਡੀਨੇਟਰ ਜੁਝਾਰ ਸਿੰਘ ਨੇ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੇ ਮਸਲੇ ਦਾ ਪੱਕਾ ਹੱਲ ਨਹੀਂ ਹੋ ਜਾਂਦਾ, ਉਦੋਂ ਤੱਕ ਧਰਨਾ ਜਾਰੀ ਰਹੇਗਾ। ਉਨ੍ਹਾਂ ਸਖ਼ਤ ਲਹਿਜ਼ੇ ਵਿੱਚ ਕਿਹਾ ਕਿ ਜੇਕਰ ਅਗਲੇ ਹਫ਼ਤੇ ਹੋਣ ਵਾਲੀ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਉਨ੍ਹਾਂ ਦਾ ਮਸਲਾ ਹੱਲ ਨਹੀਂ ਕੀਤਾ ਗਿਆ ਤਾਂ ਵੱਡੇ ਪੱਧਰ ’ਤੇ ਸੰਘਰਸ਼ ਵਿੱਢਿਆ ਜਾਵੇਗਾ ਅਤੇ ਗੁਪਤ ਐਕਸ਼ਨ ਕੀਤੇ ਜਾਣਗੇ।

Load More Related Articles
Load More By Nabaz-e-Punjab
Load More In Campaign

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…