nabaz-e-punjab.com

ਪੰਜਾਬ ਸਰਕਾਰ ਟੈਂਕੀ ’ਤੇ ਚੜ੍ਹੇ ਬੇਰੁਜ਼ਗਾਰ ਅਧਿਆਪਕਾਂ ਨਾਲ ਗੱਲਬਾਤ ਕਰਨ ਲਈ ਤਿਆਰ: ਏਡੀਸੀ ਮਾਨ

ਏਡੀਸੀ ਚਰਨਦੇਵ ਸਿੰਘ ਮਾਨ ਨੇ ਧਰਨੇ ਵਾਲੀ ਥਾਂ ’ਤੇ ਬੇਰੁਜ਼ਗਾਰ ਅਧਿਆਪਕਾਂ ਨਾਲ ਕੀਤੀ ਗੱਲਬਾਤ

ਬੇਰੁਜ਼ਗਾਰ ਅਧਿਆਪਕਾਂ ਨੂੰ ਆਪਣੀ ਅੜ੍ਹੀ ਛੱਡ ਕੇ ਸਰਕਾਰ ਨਾਲ ਗੱਲਬਾਤ ਰਾਹੀਂ ਆਪਣੀਆਂ ਮੰਗਾਂ ਮਨਾਉਣ ਦੀ ਅਪੀਲ

ਅਮਰਜੀਤ ਸਿੰਘ ਸੋਢੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਜੂਨ:
ਪੰਜਾਬ ਸਰਕਾਰ, ਮੁਹਾਲੀ ਸਥਿਤ ਸੋਹਾਣਾ ਟੈਂਕੀ ’ਤੇ ਚੜ੍ਹ ਕੇ ਧਰਨੇ ਤੇ ਬੈਠੇ ਟੈਟ ਪਾਸ, ਸਬਜੈਕਟ ਪਾਸ, ਬੀ.ਐਡ ਬੇਰੁਜ਼ਗਾਰ ਅਧਿਆਪਕਾਂ ਨਾਲ ਗੱਲਬਾਤ ਕਰਨ ਲਈ ਤਿਆਰ ਹੈ ਅਤੇ ਬੇਰੁਜ਼ਗਾਰ ਅਧਿਆਪਕਾਂ ਨੂੰ ਆਪਣੀ ਅੜ੍ਹੀ ਛੱਡ ਕੇ ਸਰਕਾਰ ਨਾਲ ਗੱਲਬਾਤ ਕਰਨੀ ਚਾਹੀਦੀ ਹੈ ਤਾਂ ਜੋ ਉਨ੍ਹਾਂ ਦੇ ਮਸਲੇ ਦਾ ਹੱਲ ਹੋ ਸਕੇ। ਇਸ ਗੱਲ ਦੀ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਚਰਨਦੇਵ ਸਿੰਘ ਮਾਨ ਨੇ ਜਿੱਥੇ ਕਿ ਬੇਰੁਜ਼ਗਾਰ ਅਧਿਆਪਕ ਧਰਨੇ ਤੇ ਬੈਠੇ ਹਨ, ਉੱਥੇ ਜਾ ਕੇ ਬੇਰੁਜਗਾਰ ਅਧਿਆਪਕਾਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੀ। ਇਸ ਮੌਕੇ ਸ੍ਰੀ ਮਾਨ ਨਾਲ ਐਸ.ਪੀ(ਸਿਟੀ)ਜਗਜੀਤ ਸਿੰਘ ਜੱਲਾ ਅਤੇ ਐਸਡੀਐਮ ਆਰ.ਪੀ. ਸਿੰਘ ਅਤੇ ਪ੍ਰਸਾਸ਼ਨ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।
ਵਧੀਕ ਡਿਪਟੀ ਕਮਿਸ਼ਨਰ ਨੇ ਬੇਰੁਜਗਾਰ ਅਧਿਆਪਕ ਯੁਨੀਅਨ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਅੜੀ ਛੱਡ ਕੇ ਸਰਕਾਰ ਨਾਲ ਗੱਲਬਾਤ ਕਰਨ ਕਿਉਂਕਿ ਉਹ ਉਨ੍ਹਾਂ ਕੋਲ ਸਰਕਾਰ ਦੇ ਭੇਜੇ ਹੋਏ ਨੁਮਾਇੰਦੇ ਦੇ ਤੌਰ ਤੇ ਆਏ ਹਨ ਅਤੇ ਟੈਂਕੀ ਤੇ ਚੜ੍ਹੇ ਬੇਰੁਜਗਾਰ ਅਧਿਆਪਕਾਂ ਨੂੰ ਹੇਠਾਂ ਉਤਾਰਿਆ ਜਾਵੇ ਤਾਂ ਜੋ ਉਨ੍ਹਾਂ ਨੂੰ ਵੀ ਨਾਲ ਲੈ ਕਿ ਮੁੱਖ ਮੰਤਰੀ ਪੰਜਾਬ ਦੇ ਮੁੱਖ ਪ੍ਰਮੁੱਖ ਸਕੱਤਰ ਸ੍ਰੀ ਸੁਰੇਸ ਕੁਮਾਰ ਨਾਲ ਮੀਟਿੰਗ ਕਰਵਾਈ ਜਾ ਸਕੇ ਕਿਉਂਕਿ ਪੰਜਾਬ ਸਰਕਾਰ ਬੇਰੁਜਗਾਰ ਅਧਿਆਪਕਾਂ ਦੇ ਮਸਲੇ ਦੇ ਹੱਲ ਲਈ ਪੂਰੀ ਤਰ੍ਹਾਂ ਗੰਭੀਰ ਹੈ ਅਤੇ ਬੇਰੁਜਗਾਰ ਅਧਿਆਪਕਾਂ ਦੇ ਨੁਮਾਇੰਦਿਆਂ ਨਾਲ ਬੈਠ ਕਿ ਇਸ ਮਸਲੇ ਦਾ ਹੱਲ ਕੱਢਿਆ ਜਾ ਸਕੇ। ਸ੍ਰੀ ਮਾਨ ਨੇ ਬੇਰੁਜਗਾਰ ਅਧਿਆਪਕਾਂ ਨੂੰ ਕਿਹਾ ਕਿ ਪਾਣੀ ਦੀ ਟੈਂਕੀ ਤੇ ਚੜ੍ਹ ਕੇ ਪੈਟਰੋਲ ਜਾਂ ਹੋਰ ਜਲਨਸ਼ੀਲ ਪਦਾਰਥ ਦਿਖਾਉਣੇ ਜਾਂ ਆਤਮ ਹੱਤਿਆ ਵਰਗੀਆਂ ਗੱਲਾਂ ਕਰਨੀਆਂ ਪੜ੍ਹੇ ਲਿਖੇ ਵਰਗ ਨੂੰ ਸੋਭਾ ਨਹੀ ਦਿੰਦੀਆਂ ਕਿਉਂਕਿ ਪੜ੍ਹੇ ਲਿਖੇ ਇਨਸਾਨ ਸਮਾਜ ਨੂੰ ਨਵੀਂ ਸੇਧ ਦਿੰਦੇ ਹਨ। ਜਿਸ ਨਾਲ ਚੰਗੇ ਅਤੇ ਨਰੋਏ ਸਮਾਜ ਦੀ ਸਿਰਜਣਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਗੱਲਾਂ ਕਰਨੀਆਂ ਕਿਸੇ ਵੀ ਮਸਲੇ ਦਾ ਹੱਲ ਨਹੀਂ ਹੁੰਦਾ। ਕੋਈ ਵੀ ਮਸਲਾ ਮਿਲ ਬੈਠ ਕੇ ਹੀ ਹੱਲ ਹੋ ਸਕਦਾ ਹੈ।
ਇਸ ਮੌਕੇ ਬੇਰੁਜਗਾਰ ਅਧਿਆਪਕਾਂ ਨੇ ਪੰਜਾਬ ਸਰਕਾਰ ਨਾਲ ਗੱਲਬਾਤ ਕਰਨ ਦੀ ਬਜਾਏ ਪਹਿਲਾਂ ਨਿਯੁਕਤੀ ਪੱਤਰ ਦੇਣ ਦੀ ਮੰਗ ਕੀਤੀ। ਇਸ ਤੋਂ ਘੱਟ ਉਨ੍ਹਾਂ ਨੂੰ ਕੁੱਝ ਵੀ ਮਨਜ਼ੂਰ ਨਹੀਂ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਅੱਜ ਬੇਰੁਜ਼ਗਾਰ ਅਧਿਆਪਕਾਂ ਦਾ ਧਰਨਾ 14ਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਇਸ ਦੌਰਾਨ ਪੁਲੀਸ ਨੇ ਜਬਰ ਦਸਤੀ ਇੱਕ ਧਰਨਾਕਾਰੀ ਅਧਿਆਪਕ ਦਲਜੀਤ ਸਿੰਘ ਨੂੰ ਚੁੱਕ ਕੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ। ਇਸ ਵਿਅਕਤੀ ਦੀ ਅਚਾਨਕ ਤਬੀਅਤ ਖ਼ਰਾਬ ਹੋ ਗਈ ਸੀ।

Load More Related Articles
Load More By Nabaz-e-Punjab
Load More In General News

Check Also

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ, 15 ਨਵੰਬਰ…