ਅਧਿਆਪਕਾਂ ਦੀ ਭਰਤੀ ਲਈ ਅਪਲਾਈ ਕਰਨ ਵਾਲੇ ਬੇਰੁਜ਼ਗਾਰ ਨੌਜਵਾਨਾਂ ਵੱਲੋਂ ਰੋਸ ਮੁਜ਼ਾਹਰਾ

8393 ਪ੍ਰੀ-ਪ੍ਰਾਇਮਰੀ ਅਧਿਆਪਕਾਂ ਦੀ ਭਰਤੀ ਵਾਲਾ ਇਸ਼ਤਿਹਾਰ ਰੱਦ ਕਰਨ ਦਾ ਮਾਮਲਾ

ਸਿੱਖਿਆ ਭਵਨ ਦੇ ਬਾਹਰ ਡਟੇ ਐਨਟੀਟੀ ਫਰੈੱਸ਼ਰ ਯੂਨੀਅਨ ਪੰਜਾਬ ਦੇ ਮੈਂਬਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਅਗਸਤ:
ਸਿੱਖਿਆ ਵਿਭਾਗ ਪੰਜਾਬ ਵੱਲੋਂ 8393 ਪ੍ਰੀ-ਪ੍ਰਾਇਮਰੀ ਅਧਿਆਪਕਾਂ ਦੀ ਭਰਤੀ ਵਾਲਾ ਇਸ਼ਤਿਹਾਰ ਰੱਦ ਕਰਨ ਤੋਂ ਭੜਕੇ ਨੌਜਵਾਨ ਸੜਕਾਂ ’ਤੇ ਉੱਤਰ ਆਏ ਹਨ। ਅਧਿਆਪਕਾਂ ਦੀ ਭਰਤੀ ਲਈ ਅਪਲਾਈ ਕਰਨ ਵਾਲੇ ਨੌਜਵਾਨ ਲੜਕੇ ਲੜਕੀਆਂ ਨੇ ਅੱਜ ਸਿੱਖਿਆ ਭਵਨ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ। ਇਸ ਤੋਂ ਪਹਿਲਾਂ ਉਕਤ ਸਾਰੇ ਪ੍ਰਦਰਸ਼ਨਕਾਰੀ ਇੱਥੋਂ ਦੇ ਫੇਜ਼-8 ਸਥਿਤ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਵਿਖੇ ਇਕੱਤਰ ਹੋਏ ਅਤੇ ਉੱਥੋਂ ਪੈਦਲ ਰੋਸ ਮਾਰਚ ਕਰਦੇ ਹੋਏ ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਦੇ ਦਫ਼ਤਰ ਪਹੁੰਚੇ ਲੇਕਿਨ ਉੱਥੇ ਪਹਿਲਾਂ ਤੋਂ ਹੀ ਤਾਇਨਾਤ ਪੁਲੀਸ ਕਰਮਚਾਰੀਆਂ ਨੇ ਉਨ੍ਹਾਂ ਨੂੰ ਸਿੱਖਿਆ ਭਵਨ ਦੇ ਮੁੱਖ ਗੇਟ ਤੋਂ ਅੰਦਰ ਨਹੀਂ ਜਾਣ ਦਿੱਤਾ। ਜਿਸ ਕਾਰਨ ਉਹ ਗੇਟ ਦੇ ਬਾਹਰ ਧਰਨਾ ਲਗਾ ਕੇ ਬੈਠ ਗਏ।
ਇਸ ਮੌਕੇ ਐਨਟੀਟੀ ਫਰੈੱਸ਼ਰ ਯੂਨੀਅਨ ਪੰਜਾਬ (ਨਰਸਰੀ ਟੀਚਰ ਟਰੇਨਿੰਗ) ਦੇ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ, ਮੀਤ ਪ੍ਰਧਾਨ ਨਾਜ਼ਰ ਸਿੰਘ ਪਟਿਆਲਾ, ਜਨਰਲ ਸਕੱਤਰ ਕੁਲਵਿੰਦਰ ਸਿੰਘ ਫਾਜ਼ਿਲਕਾ ਅਤੇ ਸੀਮਾ ਰਾਣੀ ਜਲੰਧਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਕੂਲ ਸਿੱਖਿਆ ਵਿਭਾਗ ਰਾਹੀਂ 23 ਨਵੰਬਰ 2020 ਨੂੰ 8393 ਪ੍ਰੀ-ਪ੍ਰਾਇਮਰੀ ਅਧਿਆਪਕਾਂ ਦੀਆਂ ਅਸਾਮੀਆਂ ਭਰਨ ਲਈ ਅਧਿਆਪਕਾਂ ਦੀ ਭਰਤੀ ਸਬੰਧੀ ਇਸ਼ਤਿਹਾਰ ਜਾਰੀ ਕੀਤਾ ਸੀ ਅਤੇ ਇਸ ਸਬੰਧੀ ਕਰੀਬ 80 ਹਜ਼ਾਰ ਤੋਂ ਵੱਧ ਨੌਜਵਾਨ ਲੜਕੇ ਲੜਕੀਆਂ ਨੇ ਅਪਲਾਈ ਕੀਤਾ ਸੀ। ਉਨ੍ਹਾਂ ਕਿਹਾ ਕਿ ਬੇਰੁਜ਼ਗਾਰੀ ਦੀ ਭੱਠੀ ਵਿੱਚ ਸੜ ਰਹੇ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਮਿਲਣ ਦੀ ਆਸ ਬੱਝੀ ਸੀ ਲੇਕਿਨ ਬੀਤੇ ਕੱਲ੍ਹ ਡਾਇਰੈਕਟਰ ਸਿੱਖਿਆ ਵਿਭਾਗ (ਐਲੀਮੈਂਟਰੀ) ਵੱਲੋਂ ਅਚਾਨਕ ਪ੍ਰੀ-ਪ੍ਰਾਇਮਰੀ ਅਧਿਆਪਕਾਂ ਦੀ ਭਰਤੀ ਪ੍ਰਕਿਰਿਆ ਰੋਕ ਲਗਾਉਂਦਿਆਂ 8393 ਅਸਾਮੀਆਂ ਭਰਨ ਲਈ ਜਾਰੀ ਇਸ਼ਤਿਹਾਰ ਰੱਦ ਕਰ ਦਿੱਤਾ ਹੈ। ਜਿਸ ਕਾਰਨ ਨੌਜਵਾਨਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਬੇਰੁਜ਼ਗਾਰ ਨੌਜਵਾਨਾਂ ਨੇ ਕਿਹਾ ਕਿ ਉਨ੍ਹਾਂ ਨੂੰ ਫੀਸਾਂ ਵਾਪਸ ਨਹੀਂ ਚਾਹੀਦੀਆਂ ਹਨ, ਬਲਕਿ ਉਕਤ ਭਰਤੀ ਪ੍ਰਕਿਰਿਆ ਨੂੰ ਜਾਰੀ ਰੱਖਦੇ ਹੋਏ ਬੀਤੀ 27 ਜੂਨ ਨੂੰ ਮੁਲਤਵੀ ਕੀਤਾ ਪੇਪਰ ਲਿਆ ਜਾਵੇ ਤਾਂ ਜੋ ਉਹ ਨੌਕਰੀ ਹਾਸਲ ਕਰਕੇ ਆਪਣੇ ਪਰਿਵਾਰਾਂ ਦਾ ਗੁਜ਼ਾਰਾ ਚਲਾਉਣ ਦੇ ਸਮਰਥ ਹੋ ਸਕਣ।

ਉਨ੍ਹਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਉਹ ਅੱਜ ਇੱਥੇ ਸਿੱਖਿਆ ਸਕੱਤਰ ਅਤੇ ਹੋਰ ਜ਼ਿੰਮੇਵਾਰ ਅਧਿਕਾਰੀਆਂ ਨੂੰ ਮਿਲ ਕੇ ਮੰਗ ਪੱਤਰ ਦੇਣ ਆਏ ਸੀ ਪ੍ਰੰਤੂ ਪੁਲੀਸ ਨੇ ਉਨ੍ਹਾਂ ਦਾ ਰਾਹ ਰੋਕ ਕੇ ਅੰਦਰ ਨਹੀਂ ਜਾਣ ਦਿੱਤਾ। ਹਾਲਾਂਕਿ ਪੁਲੀਸ ਨੇ ਉਨ੍ਹਾਂ ਦੀ ਵਫ਼ਦ ਦੀ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਵਾਉਣ ਦਾ ਵੀ ਭਰੋਸਾ ਦਿੱਤਾ ਲੇਕਿਨ ਖ਼ਬਰ ਲਿਖੇ ਜਾਣ ਤੱਕ ਉਨ੍ਹਾਂ ਨੂੰ ਮੀਟਿੰਗ ਬਾਰੇ ਕੋਈ ਸੁਨੇਹਾ ਨਹੀਂ ਲਗਾਇਆ ਗਿਆ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਭਰਤੀ ਪ੍ਰਕਿਰਿਆ ਸ਼ੁਰੂ ਨਹੀਂ ਕੀਤੀ ਤਾਂ ਉਹ ਵੀ ਇੱਥੇ ਪੱਕਾ ਧਰਨਾ ਲਗਾਉਣ ਲਈ ਮਜਬੂਰ ਹੋਣਗੇ।

Load More Related Articles
Load More By Nabaz-e-Punjab
Load More In Campaign

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…