ਪੰਜਾਬ ਦੇ ਬੇਰੁਜ਼ਗਾਰ ਨੌਜਵਾਨਾਂ ਵੱਲੋਂ ਐਸਐਸਐਸ ਬੋਰਡ ਦੇ ਬਾਹਰ ਲੜੀਵਾਰ ਧਰਨਾ ਸ਼ੁਰੂ

ਲਿਖਤੀ ਪ੍ਰੀਖਿਆ ਵਿੱਚ ਸਫਲ ਉਮੀਦਵਾਰਾਂ ਦੀ ਕੌਂਸਲਿੰਗ ਕਰਕੇ ਤੁਰੰਤ ਨੌਕਰੀ ਦੇਵੇ ਸਰਕਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਦਸੰਬਰ:
ਪੰਜਾਬ ਦੇ ਬੇਰੁਜ਼ਗਾਰ ਨੌਜਵਾਨਾਂ ਦਾ ਸੂਬਾ ਸਰਕਾਰ ਖ਼ਿਲਾਫ਼ ਰੋਹ ਲਗਾਤਾਰ ਭਖਦਾ ਜਾ ਰਿਹਾ ਹੈ। ਜੇਲ੍ਹ ਵਾਰਡਨ ਦੀ ਨੌਕਰੀ ਲਈ ਅਪਲਾਈ ਕਰਨ ਅਤੇ ਪ੍ਰੀਖਿਆ ਵਿੱਚ ਸਫਲ ਹੋਏ ਨੌਜਵਾਨਾਂ ਨੇ ਸੋਮਵਾਰ ਨੂੰ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਦੇ ਬਾਹਰ ਲੜੀਵਾਰ ਧਰਨਾ ਸ਼ੁਰੂ ਕਰ ਦਿੱਤਾ ਹੈ। ਪੀੜਤ ਨੌਜਵਾਨਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਹੁਕਮਰਾਨਾਂ ਨੂੰ ਰੱਜ ਕੇ ਕੋਸਿਆ।
ਇਸ ਮੌਕੇ ਪੰਜਾਬ ਬੇਰੁਜ਼ਗਾਰ ਨੌਜਵਾਨ ਯੂਨੀਅਨ ਦੇ ਆਗੂਆਂ ਅਰਸ਼ਦੀਪ ਸਿੰਘ ਅਤੇ ਨਵਪ੍ਰੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਅਗਸਤ ਮਹੀਨੇ ਵਿੱਚ 815 ਜੇਲ੍ਹ ਵਾਰਡਨ ਅਤੇ 32 ਮੈਟਰਨ ਦੀਆਂ ਅਸਾਮੀਆਂ ਲਈ ਇਸ਼ਤਿਹਾਰ ਜਾਰੀ ਕੀਤਾ ਗਿਆ ਸੀ ਅਤੇ ਨੌਕਰੀ ਹਾਸਲ ਕਰਨ ਲਈ ਇਨ੍ਹਾਂ ਅਸਾਮੀਆਂ ਲਈ ਕਰੀਬ 1 ਲੱਖ 84 ਹਜ਼ਾਰ ਨੌਜਵਾਨਾਂ ਨੇ ਅਪਲਾਈ ਕੀਤਾ ਸੀ। ਉਪਰੰਤ ਸਰਕਾਰ ਵੱਲੋਂ 27, 28 ਤੇ 29 ਅਗਸਤ ਨੂੰ ਲਿਖਤੀ ਪ੍ਰੀਖਿਆ ਲਈ ਗਈ ਅਤੇ 9 ਤੋਂ 14 ਅਕਤੂਬਰ ਤੱਕ ਟਰਾਇਲ ਲਏ ਗਏ ਲੇਕਿਨ ਹੁਣ ਤੱਕ ਸਫਲ ਉਮੀਦਵਾਰਾਂ ਦੀ ਕੌਂਸਲਿੰਗ ਨਹੀਂ ਕੀਤੀ ਜਾ ਰਹੀ ਹੈ। ਇਹੀ ਨਹੀਂ ਉਹ ਫਿਜ਼ੀਕਲ ਪ੍ਰੀਖਿਆ ਦੇ ਚੁੱਕੇ ਹਨ।
ਨੌਕਰੀ ਲਈ ਖੱਜਲ-ਖੁਆਰ ਹੋ ਰਹੇ ਨੌਜਵਾਨਾਂ ਨੇ ਦੋਸ਼ ਲਾਇਆ ਕਿ ਪੰਜ ਸਾਲ ਪਹਿਲਾਂ ਵਿਧਾਨ ਸਭਾ ਸਭਾ ਚੋਣਾਂ ਦੌਰਾਨ ਬੇਰੁਜ਼ਗਾਰ ਨੌਜਵਾਨਾਂ ਨੂੰ ਘਰ-ਘਰ ਰੁਜ਼ਗਾਰ ਦੇਣ ਦਾ ਭਰੋਸਾ ਦਿੱਤਾ ਸੀ ਪ੍ਰੰਤੂ ਹੁਣ ਕਾਂਗਰਸ ਸਰਕਾਰ ਆਪਣੇ ਵਾਅਦੇ ਭੱਜਦੀ ਨਜ਼ਰ ਆ ਰਹੀ ਹੈ। ਜਿਸ ਕਾਰਨ ਬੇਰੁਜ਼ਗਾਰ ਨੌਜਵਾਨਾਂ ਨੂੰ ਹੱਡ ਠਾਰਵੀਂ ਠੰਢ ਵਿੱਚ ਸੜਕਾਂ ਉੱਤੇ ਧਰਨਿਆਂ ’ਤੇ ਬੈਠਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਨੌਜਵਾਨਾਂ ਨੇ ਦੱਸਿਆ ਕਿ ਬੀਤੀ 14 ਦਸੰਬਰ ਨੂੰ ਉਹ ਐਸਐਸਐਸ ਬੋਰਡ ਦੇ ਦਫ਼ਤਰ ਵਿੱਚ ਸਕੱਤਰ ਤੇ ਹੋਰਨਾਂ ਅਧਿਕਾਰੀਆਂ ਨੂੰ ਮਿਲੇ ਸੀ। ਜਿਨ੍ਹਾਂ ਨੇ ਉਨ੍ਹਾਂ ਨੂੰ ਇਹ ਭਰੋਸਾ ਦਿੱਤਾ ਸੀ ਕਿ ਪਟਵਾਰੀ ਦੀ ਕੌਂਸਲਿੰਗ ਤੋਂ ਬਾਅਦ 20 ਦਸੰਬਰ ਤੱਕ ਉਨ੍ਹਾਂ (ਜੇਲ੍ਹ ਵਾਰਡਨ) ਦੀ ਕੌਂਸਲਿੰਗ ਕੀਤੀ ਜਾਵੇਗੀ ਪ੍ਰੰਤੂ ਅੱਜ ਜਦੋਂ ਉਹ ਬੋਰਡ ਦਫ਼ਤਰ ਵਿੱਚ ਪਹੁੰਚੇ ਤਾਂ ਕਿਸੇ ਅਧਿਕਾਰੀ ਨੇ ਉਨ੍ਹਾਂ ਨੂੰ ਪੱਲਾ ਨਹੀਂ ਫੜਾਇਆ। ਜਿਸ ਕਾਰਨ ਉਹ ਮੁੱਖ ਗੇਟ ਦੇ ਬਾਹਰ ਧਰਨਾ ਲਗਾ ਕੇ ਬੈਠ ਗਏ ਹਨ ਅਤੇ ਮੰਗਾਂ ਮੰਨਣ ਤੱਕ ਧਰਨਾ ਜਾਰੀ ਰਹੇਗਾ। ਇਸ ਮੌਕੇ ਹਰਿੰਦਰ ਸਿੰਘ, ਨਵੀਨ ਕੁਮਾਰ, ਰਾਜ ਕੁਮਾਰ, ਸਰਬੱਤ ਸਿੰਘ ਅਤੇ ਮਨੀਸ਼ ਕੁਮਾਰ ਵੀ ਸੰਬੋਧਨ ਕੀਤਾ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦੀ ਸਫਲ ਉਮੀਦਵਾਰਾਂ ਦੀ ਕੌਂਸਲਿੰਗ ਕਰਕੇ ਨੌਕਰੀ ਨਾ ਦਿੱਤੀ ਤਾਂ ਆਉਣ ਵਾਲੇ ਦਿਨਾਂ ਗੁਪਤ ਐਕਸ਼ਨ ਕੀਤੇ ਜਾਣਗੇ ਅਤੇ ਚੋਣਾਂ ਦੌਰਾਨ ਸਰਕਾਰ ਖ਼ਿਲਾਫ਼ ਭੰਡੀ ਪ੍ਰਚਾਰ ਕੀਤਾ ਜਾਵੇਗਾ।

Load More Related Articles
Load More By Nabaz-e-Punjab
Load More In Awareness/Campaigns

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…