ਬਾਲ ਮਜ਼ਦੂਰੀ ਦੇ ਖ਼ਾਤਮੇ ਲਈ ਮੁਹਾਲੀ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ ’ਤੇ ਕੀਤੀ ਅਚਨਚੇਤ ਚੈਕਿੰਗ

ਅਚਨਚੇਤ ਚੈਕਿੰਗ ਦੌਰਾਨ ਦੋ ਬਾਲ ਕਿਰਤੀ ਕੰਮ ਤੋਂ ਛੁਡਵਾਏ, ਸਰਕਾਰੀ ਹਸਪਤਾਲ ’ਚ ਕਰਵਾਇਆ ਮੈਡੀਕਲ

ਬਾਲ ਮਜ਼ਦੂਰੀ ਕਰਵਾਉਣ ਵਾਲੇ ਤੇ ਚਾਈਲਡ ਲੇਬਰ ਐਕਟ ਅਧੀਨ ਕੀਤੀ ਜਾਵੇਗੀ ਕਾਰਵਾਈ: ਚੰਚਲ ਦੀਪ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਮਈ:
ਬਾਲ ਮਜ਼ਦੂਰੀ ਦੇ ਖ਼ਾਤਮੇ ਲਈ ਮੁਹਾਲੀ ਦੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਦੀ ਅਗਵਾਈ ਹੇਠ ਗਠਿਤ ਟਾਸਕ ਫੋਰਸ ਕਮੇਟੀ ਵੱਲੋਂ ਅੱਜ ਮੁਹਾਲੀ ਸਮੇਤ ਸਮੁੱਚੇ ਜ਼ਿਲ੍ਹੇ ਅੰਦਰ ਵੱਖ-ਵੱਖ ਥਾਵਾਂ ’ਤੇ ਬਾਲ ਮਜ਼ਦੂਰੀ ਸਬੰਧੀ ਚੈਕਿੰਗ ਕੀਤੀ ਗਈ। ਲੇਬਰ ਇਨਫੋਰਸਮੈਂਟ ਅਫ਼ਸਰ ਚੰਚਲ ਦੀਪ ਨੇ ਦੱਸਿਆ ਕਿ ਟਾਸਕ ਫੋਰਸ ਕਮੇਟੀ ਦਾ ਮੁੱਖ ਮੰਤਵ ਬਾਲ ਮਜ਼ਦੂਰੀ ਦਾ ਖ਼ਾਤਮਾ ਅਤੇ ਲੋਕਾਂ ਵਿੱਚ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕਰਨ ਲਈ ਕਾਰਵਾਈ ਨੂੰ ਦਿੱਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਟਾਸਕ ਫੋਰਸ ਕਮੇਟੀ ਵੱਲੋਂ ਅੱਜ ਇੱਥੋਂ ਸੈਕਟਰ-70, ਪਿੰਡ ਮਟੌਰ ਸਮੇਤ ਹੋਰ ਵੱਖ-ਵੱਖ ਥਾਵਾਂ ’ਤੇ ਸਥਿਤ ਢਾਬਿਆਂ ਅਤੇ ਰੈਸਟੋਰੈਂਟਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਜਾਂਚ ਟੀਮ ਨੇ ਬਾਲ ਮਜ਼ਦੂਰੀ ਸਬੰਧੀ ਨਿਰੀਖਣ ਕੀਤਾ। ਇਸ ਦੌਰਾਨ ਦੋ ਬਾਲ ਕਿਰਤੀਆਂ ਨੂੰ ਰੈਸਕਿਊ ਕੀਤਾ ਗਿਆ ਅਤੇ ਉਨ੍ਹਾਂ ਦਾ ਜ਼ਿਲ੍ਹਾ ਪੱਧਰੀ ਸਰਕਾਰੀ ਹਸਪਤਾਲ ਫੇਜ਼-6 ਵਿੱਚ ਮੈਡੀਕਲ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਜਿੱਥੋਂ ਬਾਲ ਕਿਰਤੀ ਕੰਮ ਤੋਂ ਛੁਡਵਾਏ ਗਏ ਹਨ, ਉਨ੍ਹਾਂ ਦੇ ਮਾਲਕਾਂ ਵਿਰੁੱਧ ਚਾਈਲਡ ਲੇਬਰ ਐਕਟ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।
ਚੰਚਲ ਦੀਪ ਨੇ ਕਿਹਾ ਕਿ 14 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਤੋਂ ਲੇਬਰ ਦਾ ਕੰਮ ਕਰਵਾਉਣ ’ਤੇ ਪੂਰਨ ਪਾਬੰਦੀ ਹੈ। ਜੇਕਰ ਕੋਈ ਵਿਅਕਤੀ ਬਾਲ ਮਜ਼ਦੂਰੀ ਕਰਵਾਉਂਦਾ ਪਾਇਆ ਜਾਂਦਾ ਹੈ ਤਾਂ ਉਸ ਦੇ ਖ਼ਿਲਾਫ਼ ਚਾਈਲਡ ਲੇਬਰ ਐਕਟ ਦੀ ਧਾਰਾ 3 ਤਹਿਤ ਪਰਚਾ ਦਰਜ ਕੀਤਾ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਵਿਅਕਤੀ ਕਿਸੇ ਬੱਚੇ ਤੋਂ ਬਾਲ ਮਜ਼ਦੂਰੀ ਕਰਵਾਉਂਦਾ ਹੈ ਤਾਂ ਇਸ ਦੀ ਸ਼ਿਕਾਇਤ ਤੁਰੰਤ ਕਿਰਤ ਵਿਭਾਗ ਜਾਂ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨੂੰ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਜਾਂਚ ਦੌਰਾਨ ਕੋਈ ਬਾਲ ਮਜ਼ਦੂਰੀ ਕਰਵਾਉਂਦਾ ਪਾਇਆ ਗਿਆ ਤਾਂ ਉਸ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਸਬ ਇੰਸਪੈਕਟਰ ਵਲੈਤੀ ਰਾਮ, ਡਾ. ਰਾਜਬੀਰ ਸਿੰਘ, ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਦੇ ਨੁਮਾਇੰਦੇ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…