nabaz-e-punjab.com

ਵੱਖ-ਵੱਖ ਸਰਕਾਰੀ ਦਫ਼ਤਰਾਂ ਦੀ ਅਚਨਚੇਤ ਚੈਕਿੰਗ, 38 ਅਧਿਕਾਰੀ ਤੇ ਕਰਮਚਾਰੀ ਮਿਲੇ ਗੈਰ ਹਾਜ਼ਰ

ਗੈਰ ਹਾਜ਼ਰ ਮਿਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕਾਰਨ ਦੱਸੋ ਨੋਟਿਸ, 3 ਦਿਨਾਂ ’ਚ ਜਵਾਬ ਮੰਗਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਸਤੰਬਰ:
ਪੰਜਾਬ ਸਰਕਾਰ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਅਤੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੋਮਵਾਰ ਨੂੰ ਸਹਾਇਕ ਕਮਿਸ਼ਨਰ (ਜਨਰਲ) ਯਸ਼ਪਾਲ ਸ਼ਰਮਾ ਅਤੇ ਉਪ ਮੰਡਲ ਮੈਜਿਸਟਰੇਟ (ਐਸਡੀਐਮ) ਜਗਦੀਪ ਸਹਿਗਲ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਸਥਿਤ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਦਫ਼ਤਰਾਂ ਅਤੇ ਹੋਰ ਵੱਖ ਵੱਖ ਸਰਕਾਰੀ ਦਫ਼ਤਰਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਦੌਰਾਨ ਲਗਭਗ 38 ਅਧਿਕਾਰੀ ਅਤੇ ਕਰਮਚਾਰੀ ਗੈਰ ਹਾਜ਼ਰ ਪਾਏ ਗਏ। ਇਸ ਤੋਂ ਪਹਿਲਾਂ ਬੀਤੇ ਸ਼ੁੱਕਰਵਾਰ ਨੂੰ ਵੀ ਉਕਤ ਅਧਿਕਾਰੀਆਂ ਵੱਲੋਂ ਵੱਖ ਵੱਖ ਦਫ਼ਤਰਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ ਸੀ ਅਤੇ 40 ਤੋਂ 50 ਅਧਿਕਾਰੀ ਅਤੇ ਦਫ਼ਤਰੀ ਕਰਮਚਾਰੀ ਆਪਣੀ ਸੀਟਾਂ ਤੋਂ ਗੈਰ ਹਾਜ਼ਰ ਮਿਲੇ ਸੀ।
ਅੱਜ ਦੇਰ ਸ਼ਾਮ ਸ੍ਰੀ ਯਸ਼ਪਾਲ ਸ਼ਰਮਾ ਅਤੇ ਜਗਦੀਪ ਸਹਿਗਲ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਪ੍ਰਸ਼ਾਸਕੀ ਸੁਧਾਰਾਂ ਦੇ ਮੱਦੇਨਜ਼ਰ ਅੱਜ ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ’ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੰਦਰ ਸਥਿਤ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਹੋਰ ਵੱਖ ਵੱਖ ਸਰਕਾਰੀ ਦਫ਼ਤਰਾਂ ਵਿੱਚ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਹਾਜ਼ਰੀ ਨੂੰ ਯਕੀਨੀ ਬਣਾਉਣ ਲਈ ਅਚਨਚੇਤ ਚੈਕਿੰਗ ਕੀਤੀ ਗਈ। ਇਸ ਦੌਰਾਨ 38 ਅਧਿਕਾਰੀ ਅਤੇ ਕਰਮਚਾਰੀ ਗੈਰ ਹਾਜ਼ਰ ਪਾਏ ਗਏ ਹਨ। ਉਨ੍ਹਾਂ ਨੇ ਇਨ੍ਹਾਂ ਸਾਰੇ ਦਫ਼ਤਰਾਂ ਦੇ ਹਾਜ਼ਰੀ ਰਜਿਸਟਰ ਆਪਣੇ ਕਬਜ਼ੇ ਵਿੱਚ ਲੈ ਲਏ ਗਏ ਹਨ ਤਾਂ ਜੋ ਬਾਅਦ ਵਿੱਚ ਦਫ਼ਤਰ ਪਹੁੰਚੇ ਅਧਿਕਾਰੀ ਅਤੇ ਕਰਮਚਾਰੀ ਆਪਣੀ ਹਾਜ਼ਰੀ ਨਾ ਲਗਾ ਸਕਣ। ਸਬੰਧਤ ਗੈਰ ਹਾਜ਼ਰ ਸਟਾਫ਼ ਦੇ ਦਫ਼ਤਰਾਂ ਵਿੱਚ ਨਾ ਕੋਈ ਛੁੱਟੀ ਦੀ ਅਰਜ਼ੀ ਅਤੇ ਨਾ ਹੀ ਅਗਾਊਂ ਛੁੱਟੀ ਬਾਰੇ ਕਿਸੇ ਸਮਰੱਥ ਅਧਿਕਾਰੀ ਵੱਲੋਂ ਪ੍ਰਵਾਨਗੀ ਪੱਤਰ ਮੌਜੂਦ ਸੀ।
ਉਨ੍ਹਾਂ ਦੱਸਿਆ ਕਿ ਗੈਰ ਹਾਜ਼ਰ ਮਿਲੇ ਅਧਿਕਾਰੀਆਂ ਅਤੇ ਦਫ਼ਤਰੀ ਕਰਮਚਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਅਤੇ ਸਬੰਧਤ ਅਮਲੇ ਤੋਂ ਤਿੰਨ ਦਿਨ ਦੇ ਅੰਦਰ ਅੰਦਰ ਲਿਖਤੀ ਜਵਾਬ ਮੰਗਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਗੈਰ ਹਾਜ਼ਰ ਅਧਿਕਾਰੀਆਂ ਅਤੇ ਮੁਲਾਜ਼ਮਾਂ ਸਬੰਧੀ ਡਿਪਟੀ ਕਮਿਸ਼ਨਰ ਨੂੰ ਅਗਲੀ ਕਾਰਵਾਈ ਲਈ ਰਿਪੋਰਟ ਭੇਜੀ ਗਈ ਹੈ। ਉਨ੍ਹਾਂ ਦੱਸਿਆ ਕਿ ਜੇਕਰ ਗੈਰ ਹਾਜ਼ਰ ਮਿਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਜਵਾਬ ਤਸੱਲੀਬਖ਼ਸ਼ ਨਾ ਹੋਇਆ ਅਤੇ ਤੀਜੀ ਵਾਰ ਚੈਕਿੰਗ ਦੌਰਾਨ ਉਕਤ ਸਟਾਫ਼ ’ਚੋਂ ਕੋਈ ਦੁਬਾਰਾ ਆਪਣੀ ਸੀਟ ਤੋਂ ਗੈਰ ਹਾਜ਼ਰ ਪਾਇਆ ਗਿਆ ਤਾਂ ਉਸ ਦੇ ਖ਼ਿਲਾਫ਼ ਸਖ਼ਤ ਵਿਭਾਗੀ ਅਤੇ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ। ਅਧਿਕਾਰੀਆਂ ਨੇ ਗੈਰ ਹਾਜ਼ਰ ਸਟਾਫ਼ ਨੂੰ ਸਖ਼ਤ ਤਾੜਨਾ ਕਰਦਿਆਂ ਕਿਹਾ ਕਿ ਉਹ ਭਵਿੱਖ ਵਿੱਚ ਸਮੇਂ ਸਿਰ ਦਫ਼ਤਰ ਆਉਣਾ ਯਕੀਨੀ ਬਣਾਉਣ।
ਉਧਰ, ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਕਿਹਾ ਕਿ ਸਰਕਾਰੀ ਦਫ਼ਤਰਾਂ ਵਿੱਚ ਲੇਟ ਲਤੀਫ਼ੀ ਅਤੇ ਡਿਊਟੀ ਵਿੱਚ ਕੋਤਾਹੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਦੁਬਾਰਾ ਅਚਨਚੇਤ ਚੈਕਿੰਗ ਦੌਰਾਨ ਕੋਈ ਅਧਿਕਾਰੀ ਜਾਂ ਦਫ਼ਤਰੀ ਮੁਲਾਜ਼ਮ ਗੈਰ ਹਾਜ਼ਰ ਪਾਇਆ ਗਿਆ ਤਾਂ ਸਬੰਧਤ ਵਿਭਾਗਾਂ ਨੂੰ ਉਨ੍ਹਾਂ ਦੇ ਖ਼ਿਲਾਫ਼ ਸਖ਼ਤ ਐਕਸ਼ਨ ਲੈਣ ਦੀ ਸਿਫ਼ਾਰਸ਼ ਕੀਤੀ ਜਾਵੇਗੀ।
ਸੂਤਰਾਂ ਦੀ ਜਾਣਕਾਰੀ ਅਨੁਸਾਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਆਪਣੇ ਕੰਮਾਂ ਕਾਰਾਂ ਦੁਰ ਦੂਰਾਡੇ ਤੋਂ ਆਉਣ ਵਾਲੇ ਲੋਕਾਂ ਦੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਲਗਾਤਾਰ ਸ਼ਿਕਾਇਤਾਂ ਮਿਲ ਰਹੀਆਂ ਸਨ ਕਿ ਕਈ ਦਫ਼ਤਰਾਂ ਵਿੱਚ ਅਧਿਕਾਰੀ ਅਤੇ ਦਫ਼ਤਰੀ ਕਰਮਚਾਰੀ ਆਪਣੀ ਸੀਟਾਂ ’ਤੇ ਮੌਜੂਦ ਨਹੀਂ ਮਿਲਦੇ ਹਨ ਅਤੇ ਕਈ ਅਫ਼ਸਰ ਅਤੇ ਮੁਲਾਜ਼ਮ ਲੇਟ ਆਉਂਦੇ ਹਨ। ਜਿਸ ਕਾਰਨ ਲੋਕਾਂ ਨੂੰ ਕਾਫੀ ਖੱਜਲ ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…