
ਬਾਲ ਮਜ਼ਦੂਰੀ ਦੇ ਖ਼ਾਤਮੇ ਲਈ ਮੁਹਾਲੀ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ ’ਤੇ ਅਚਨਚੇਤ ਚੈਕਿੰਗ
ਬਾਲ ਮਜ਼ਦੂਰੀ ਕਰਵਾਉਣ ਵਾਲਿਆਂ ’ਤੇ ਹੋਵੇਗੀ ਚਾਈਲਡ ਲੇਬਰ ਐਕਟ ਅਧੀਨ ਸਖ਼ਤ ਕਾਰਵਾਈ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਮਈ:
ਬਾਲ ਮਜ਼ਦੂਰੀ ਦੇ ਖ਼ਾਤਮੇ ਲਈ ਮੁਹਾਲੀ ਦੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਦੀ ਅਗਵਾਈ ਅਧੀਨ ਗਠਿਤ ਟਾਸਕ ਫੋਰਸ ਕਮੇਟੀ ਵੱਲੋਂ ਮੁਹਾਲੀ ਜ਼ਿਲ੍ਹੇ ਵਿੱਚ ਬਾਲ ਮਜ਼ਦੂਰੀ ਦਾ ਪਤਾ ਲਗਾਉਣ ਸਬੰਧੀ ਵੱਖ-ਵੱਖ ਥਾਵਾਂ ’ਤੇ ਅਚਨਚੇਤ ਚੈਕਿੰਗ ਕੀਤੀ ਗਈ। ਟਾਸਕ ਫੋਰਸ ਕਮੇਟੀ ਦਾ ਮੁੱਖ ਮੰਤਵ ਬਾਲ ਮਜ਼ਦੂਰੀ ਦੇ ਖ਼ਾਤਮੇ ਅਤੇ ਇਸ ਸਬੰਧੀ ਲੋਕਾਂ ਵਿੱਚ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕਰਨਾ ਸੀ। ਲੇਬਰ ਇਨਫੋਰਸਮੈਂਟ ਅਫ਼ਸਰ ਚੰਚਲ ਦੀਪ ਨੇ ਦੱਸਿਆ ਕਿ ਜ਼ਿਲ੍ਹਾ ਬਾਲ ਮਜ਼ਦੂਰੀ ਖ਼ਾਤਮਾ ਸਬੰਧੀ ਗਠਿਤ ਟਾਸਕ ਫੋਰਸ ਕਮੇਟੀ ਵੱਲੋਂ ਅੱਜ ਇੱਥੋਂ ਦੇ ਫੇਜ਼-3, ਫੇਜ਼-5 ਅਤੇ ਫੇਜ਼-7 ਦੇ ਢਾਬਿਆਂ ਅਤੇ ਰੈਸਟੋਰੈਂਟਾਂ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨਵਪ੍ਰੀਤ ਕੌਰ, ਏਐਸਆਈ ਰਿਸ਼ੀਪਾਲ ਸਿੰਘ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀ ਹਾਜ਼ਰ ਸਨ।
ਸ੍ਰੀ ਚੰਚਲ ਦੀਪ ਨੇ ਕਿਹਾ ਕਿ 14 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਤੋਂ ਮਜ਼ਦੂਰੀ ਦਾ ਕੰਮ ਕਰਾਉਣ ’ਤੇ ਪੂਰਨ ਤੌਰ ’ਤੇ ਪਾਬੰਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਬਾਲ ਮਜ਼ਦੂਰੀ ਕਰਾਉਂਦਾ ਪਾਇਆ ਜਾਂਦਾ ਹੈ ਤਾਂ ਚਾਈਲ ਲੇਬਰ ਐਕਟ ਦੀ ਧਾਰਾ 3 ਅਨੁਸਾਰ ਪਰਚਾ ਦਰਜ ਕੀਤਾ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਕਿਸੇ ਬੱਚੇ ਤੋਂ ਬਾਲ ਮਜ਼ਦੂਰੀ ਕਰਵਾਉਂਦਾ ਹੈ ਤਾਂ ਇਸ ਦੀ ਤੁਰੰਤ ਸ਼ਿਕਾਇਤ ਕਿਰਤ ਵਿਭਾਗ ਜਾਂ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨੂੰ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕੋਈ ਬਾਲ ਮਜ਼ਦੂਰੀ ਕਰਵਾਉਂਦਾ ਹੈ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।