ਸਿਹਤ ਮੰਤਰੀ ਵੱਲੋਂ ‘ਏਮਜ਼’ ਵਿੱਚ ਪੇਚਸ਼ ਵਾਰਡ ਦਾ ਅਚਨਚੇਤ ਨਿਰੀਖਣ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਸਰਕਾਰ ਪੇਚਸ਼ ਪੀੜਤ ਲੋਕਾਂ ਨੂੰ ਮੁਫ਼ਤ ਮਿਆਰੀ ਇਲਾਜ ਦੇਣ ਲਈ ਵਚਨਬੱਧ: ਸਿਹਤ ਮੰਤਰੀ

ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਕੀਤੀ ਜਾ ਰਹੀ ਹੈ ਪੀਣ ਵਾਲੇ ਪਾਣੀ ਦੀ ਨਿਰੰਤਰ ਜਾਂਚ:

ਨਬਜ਼-ਏ-ਪੰਜਾਬ, ਮੁਹਾਲੀ, 24 ਜੁਲਾਈ:
ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਡਾ. ਬੀਆਰ ਅੰਬੇਦਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏਮਜ਼) ਮੁਹਾਲੀ ਦਾ ਦੌਰਾ ਕਰਕੇ ਪੇਚਸ਼ ਦੇ ਮਰੀਜ਼ਾਂ ਦੇ ਇਲਾਜ ਲਈ ਬਣਾਏ ਗਏ ਵਿਸ਼ੇਸ਼ ਵਾਰਡ ਦਾ ਅਚਨਚੇਤ ਨਿਰੀਖਣ ਕੀਤਾ ਅਤੇ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਜਾਇਜ਼ਾ ਲਿਆ। ਮੰਤਰੀ ਨੇ ਜੇਰੇ ਇਲਾਜ ਮਰੀਜ਼ਾਂ ਨਾਲ ਸਿੱਧੀ ਗੱਲ ਕਰਕੇ ਉਨ੍ਹਾਂ ਦਾ ਹਾਲ-ਚਾਲ ਜਾਣਿਆ ਅਤੇ ਫੀਡਬੈਕ ਵੀ ਲਈ। ਇੱਥੇ ਇਹ ਦੱਸਣਯੋਗ ਹੈ ਕਿ ਹੜ੍ਹਾਂ ਦੀ ਤਬਾਹੀ ਤੋਂ ਬਾਅਦ ਮੁਹਾਲੀ ਨੇੜਲੇ ਕਈ ਪਿੰਡਾਂ ਵਿੱਚ ਪੇਚਸ਼ ਦੀ ਬਿਮਾਰੀ ਫੈਲ ਗਈ ਹੈ। ਇਸ ਮੌਕੇ ਸਿਹਤ ਵਿਭਾਗ ਦੀ ਡਾਇਰੈਕਟਰ ਡਾ. ਆਦਰਸ਼ਪਾਲ ਕੌਰ, ਪਰਿਵਾਰ ਭਲਾਈ ਵਿਭਾਗ ਦੀ ਡਾਇਰੈਕਟਰ ਡਾ. ਰਵਿੰਦਰਪਾਲ ਕੌਰ ਅਤੇ ਏਮਜ਼ ਦੀ ਪ੍ਰਿੰਸੀਪਲ ਡਾ. ਭਵਨੀਤ ਭਾਰਤੀ ਵੀ ਮੌਜੂਦ ਸਨ।
ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਪੇਚਸ਼ ਦੇ ਮਰੀਜ਼ਾਂ ਦੀ ਦੇਖਭਾਲ ਯਕੀਨੀ ਬਣਾਉਣ ਲਈ ਇੱਕ ਸਮਰਪਿਤ ਵਾਰਡ ਸਥਾਪਿਤ ਕੀਤਾ ਗਿਆ ਹੈ ਅਤੇ ਪੰਜਾਬ ਸਰਕਾਰ ਵੱਲੋਂ ਦਸਤ ਤੋਂ ਪੀੜਤ ਲੋਕਾਂ ਦਾ ਮੁਫ਼ਤ ਇਲਾਜ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਕੁਝ ਹੜ੍ਹ ਪ੍ਰਭਾਵਿਤ ਖੇਤਰਾਂ ਦੀ ਵੀ ਸ਼ਨਾਖ਼ਤ ਕੀਤੀ ਗਈ ਹੈ, ਜਿੱਥੇ ਪੇਚਸ਼ ਫੈਲਣ ਦਾ ਖ਼ਦਸ਼ਾ ਹੈ, ਉੱਥੇ ਟੀਮਾਂ ਘਰ-ਘਰ ਜਾ ਕੇ ਲੋਕਾਂ ਨੂੰ ਕਲੋਰੀਨ ਦੀਆਂ ਗੋਲੀਆਂ ਵੰਡ ਰਹੀਆਂ ਹਨ। ਕਈ ਅਜਿਹੇ ਖੇਤਰਾਂ ਵਿੱਚ ਟੈਂਕਰਾਂ ਰਾਹੀਂ ਪੀਣ ਯੋਗ ਪਾਣੀ ਵੀ ਸਪਲਾਈ ਕੀਤਾ ਜਾ ਰਿਹਾ ਹੈ।
ਸਿਹਤ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਬੁਖ਼ਾਰ ਜਾਂ ਵਾਰ-ਵਾਰ ਦਸਤ ਹੋਣ ਵਰਗੇ ਲੱਛਣ ਹੋਣ ਤਾਂ ਤੁਰੰਤ ਸਿਵਲ ਸਰਜਨ ਜਾਂ ਸਿਹਤ ਅਧਿਕਾਰੀ ਨੂੰ ਸੂਚਿਤ ਕੀਤਾ ਜਾਵੇ ਤਾਂ ਜੋ ਸਿਹਤ ਟੀਮਾਂ ਵੱਲੋਂ ਫੌਰੀ ਕਲੋਰੀਨ ਦੀਆਂ ਗੋਲੀਆਂ ਅਤੇ ਪਾਣੀ ਦੇ ਟੈਂਕਰ ਤੋਂ ਇਲਾਵਾ ਸਰਕਾਰੀ ਹਸਪਤਾਲ ਵਿੱਚ ਪੀੜਤਾਂ ਦਾ ਮੁਫ਼ਤ ਇਲਾਜ ਕੀਤਾ ਜਾ ਸਕੇ।

Load More Related Articles

Check Also

ਸਫ਼ਾਈ ਕਾਮਿਆਂ ਵੱਲੋਂ ਅਫ਼ਸਰਾਂ ਦੇ ਘਰਾਂ ਮੂਹਰੇ ਕੂੜਾ ਸੁੱਟ ਕੇ ਰੋਸ ਮੁਜ਼ਾਹਰਾ ਕਰਨ ਦਾ ਐਲਾਨ

ਸਫ਼ਾਈ ਕਾਮਿਆਂ ਵੱਲੋਂ ਅਫ਼ਸਰਾਂ ਦੇ ਘਰਾਂ ਮੂਹਰੇ ਕੂੜਾ ਸੁੱਟ ਕੇ ਰੋਸ ਮੁਜ਼ਾਹਰਾ ਕਰਨ ਦਾ ਐਲਾਨ ਨਬਜ਼-ਏ-ਪੰਜਾਬ, ਮ…