ਪੱਤਰਕਾਰ ਦੀ ਕੁੱਟਮਾਰ: ਪੰਜਾਬ ਵਿੱਚ ਅਣਐਲਾਨੀ ਐਮਰਜੈਂਸੀ ਵਰਗੇ ਹਾਲਾਤ ਬਣੇ: ਬੈਂਸ

ਵਿਧਾਇਕ ਸਿਮਰਨਜੀਤ ਸਿੰਘ ਬੈਂਸ ਨੇ ਹਸਪਤਾਲ ਵਿੱਚ ਪੀੜਤ ਪੱਤਰਕਾਰ ਨਾਲ ਕੀਤੀ ਮੁਲਾਕਾਤ

ਐਸਐਸਪੀ ਨਾਲ ਫੋਨ ’ਤੇ ਕੀਤੀ ਗੱਲ, ਜ਼ਿੰਮੇਵਾਰ ਪੁਲੀਸ ਮੁਲਾਜ਼ਮਾਂ ਖ਼ਿਲਾਫ਼ ਕੇਸ ਦਰਜ ਕਰਨ ਨੂੰ ਕਿਹਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਮਈ:
ਇੱਥੋਂ ਦੇ ਗੁਰਦੁਆਰਾ ਕਲਗੀਧਰ ਸਭਾ ਫੇਜ਼-4 ਵਿੱਚ ਦੋ ਧਿਰਾਂ ਵਿੱਚ ਹੋਏ ਆਪਸੀ ਵਿਵਾਦ ਦੌਰਾਨ ਫੇਜ਼-1 ਥਾਣੇ ਵਿੱਚ ਅੰਮ੍ਰਿਤਧਾਰੀ ਪੱਤਰਕਾਰ ਮੇਜਰ ਸਿੰਘ ਦੀ ਪੁਲੀਸ ਮੁਲਾਜ਼ਮਾਂ ਵੱਲੋਂ ਕੀਤੀ ਗਈ ਕੁੱਟਮਾਰ ਦਾ ਮਾਮਲਾ ਕਾਫੀ ਭਖ ਗਿਆ ਹੈ। ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸਿਮਰਨਜੀਤ ਸਿੰਘ ਬੈਂਸ ਨੇ ਅੱਜ ਸਰਕਾਰੀ ਹਸਪਤਾਲ ਦਾ ਦੌਰਾ ਕਰਕੇ ਪੀੜਤ ਪੱਤਰਕਾਰ ਨਾਲ ਮੁਲਾਕਾਤ ਕਰ ਕੇ ਖ਼ਬਰ-ਸਾਰ ਪੁੱਛੀ ਅਤੇ ਹੌਸਲਾ ਦਿੱਤਾ। ਬੈਂਸ ਨੇ ਸਮੁੱਚੇ ਘਟਨਾਕ੍ਰਮ ਬਾਰੇ ਮੁੱਢਲੀ ਜਾਣਕਾਰੀ ਹਾਸਲ ਕਰਨ ਉਪਰੰਤ ਐਸਐਸਪੀ ਕੁਲਦੀਪ ਸਿੰਘ ਚਾਹਲ ਨਾਲ ਫੋਨ ’ਤੇ ਗੱਲ ਕੀਤੀ ਅਤੇ ਉਨ੍ਹਾਂ ਨੂੰ ਜ਼ਿੰਮੇਵਾਰ ਪੁਲੀਸ ਮੁਲਾਜ਼ਮਾਂ ਦੇ ਖ਼ਿਲਾਫ਼ ਐਫ਼ਆਈਆਰ ਦਰਜ ਕਰਨ ਲਈ ਕਿਹਾ।
ਇਸ ਮੌਕੇ ਵਿਧਾਇਕ ਸਿਮਰਨਜੀਤ ਬੈਂਸ ਨੇ ਕਿਹਾ ਕਿ ਪ੍ਰੈੱਸ\ਮੀਡੀਆ ਲੋਕਤੰਤਰ ਦਾ ਚੌਥਾ ਥੰਮ ਹੈ ਪ੍ਰੰਤੂ ਪਿਛਲੇ ਕੁੱਝ ਸਮੇਂ ਤੋਂ ਪੱਤਰਕਾਰਾਂ ਨੂੰ ਮਿੱਥ ਕੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਤਾਂ ਜੋ ਉਹ ਸਰਕਾਰ ਅਤੇ ਪੁਲੀਸ ਦੀਆਂ ਵਧੀਕੀਆਂ ਨੂੰ ਉਜਾਗਰ ਨਾ ਕਰ ਸਕਣ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਲੋਕਤੰਤਰ ਨੂੰ ਵੱਡਾ ਖ਼ਤਰਾ ਪੈਦਾ ਹੋ ਗਿਆ ਅਤੇ ਅਣਐਲਾਨੀ ਐਮਰਜੈਂਸੀ ਵਰਗੇ ਹਾਲਾਤ ਬਣਦੇ ਜਾ ਰਹੇ ਹਨ। ਸੂਬੇ ਵਿੱਚ ਕਾਨੂੰਨ ਨਾਂ ਦੀ ਕੋਈ ਚੀਜ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਪ੍ਰਤੀ ਗੰਭੀਰ ਨਹੀਂ ਹਨ ਸਗੋਂ ਆਪਣੇ ਵਿਦੇਸ਼ੀ ਮਹਿਮਾਨਾਂ ਨਾਲ ਪਹਾੜਾਂ ਵਿੱਚ ਮੌਜ ਮਸਤੀ ਕਰਨ ਤੱਕ ਸੀਮਤ ਹਨ। ਵਿਧਾਇਕ ਬੈਂਸ ਨੇ ਕਿਹਾ ਕਿ ਜੇਕਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਹੀ ਤਰੀਕੇ ਨਾਲ ਆਪਣੀ ਜ਼ਿੰਮੇਵਾਰੀ ਨਹੀਂ ਨਿਭਾ ਸਕਦੇ ਹਨ ਤਾਂ ਉਨ੍ਹਾਂ ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੁਲੀਸ ਇਹ ਮੰਨਦੀ ਹੈ ਕਿ ਪੱਤਰਕਾਰ ਨਾਲ ਵਧੀਕੀ ਹੋਈ ਹੈ ਪਰ ਜ਼ਿੰਮੇਵਾਰ ਪੁਲੀਸ ਮੁਲਾਜ਼ਮਾਂ ਦੇ ਖ਼ਿਲਾਫ਼ ਅਜੇ ਤਾਈ ਕੇਸ ਦਰਜ ਨਹੀਂ ਕੀਤਾ ਗਿਆ। ਉਨ੍ਹਾਂ ਪੀੜਤ ਪੱਤਰਕਾਰ ਨੂੰ ਪਰਿਵਾਰ ਸਮੇਤ ਮੁੱਖ ਮੰਤਰੀ ਦੀ ਸਰਕਾਰੀ ਕੋਠੀ ਦੇ ਬਾਹਰ ਧਰਨਾ ਦੇਣ ਵੀ ਪ੍ਰੇਰਦਿਆਂ ਸੰਘਰਸ਼ ਵਿੱਚ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਪੰਜਾਬ ਅਗੇਂਸਟ ਭ੍ਰਿਸ਼ਟਾਚਾਰ ਦੇ ਪ੍ਰਧਾਨ ਸਤਨਾਮ ਸਿੰਘ ਦਾਊਂ, ਲੋਕ ਇਨਸਾਫ਼ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸੰਨੀ ਬਰਾੜ, ਯੂਥ ਵਿੰਗ ਦੇ ਪ੍ਰਧਾਨ ਜਰਨੈਲ ਸਿੰਘ ਬੈਂਸ ਵੀ ਹਾਜ਼ਰ ਸਨ।
ਉਧਰ, ਯੂਨਾਈਟਿਡ ਸਿੱਖ ਜਥੇਬੰਦੀ ਦੇ ਡਾਇਰੈਕਟਰ ਗੁਰਪ੍ਰੀਤ ਸਿੰਘ ਦੀ ਅਗਵਾਈ ਵਿੱਚ ਵਫ਼ਦ ਨੇ ਜਾਂਚ ਅਧਿਕਾਰੀ ਨਾਲ ਮੁਲਾਕਾਤ ਕਰ ਕੇ ਪੁਲੀਸ ਮੁਲਾਜ਼ਮਾਂ ਦੇ ਖ਼ਿਲਾਫ਼ ਧਾਰਾ 295ਏ ਤਹਿਤ ਕੇਸ ਦਰਜ ਕੀਤੀ। ਪੀੜਤ ਪੱਤਰਕਾਰ ਮੇਜਰ ਸਿੰਘ ਨੂੰ ਅੱਜ ਸਰਕਾਰੀ ਹਸਪਤਾਲ ’ਚੋਂ ਛੁੱਟੀ ਦੇ ਕੇ ਡਾਕਟਰਾਂ ਨੇ ਘਰ ਭੇਜ ਦਿੱਤਾ ਹੈ। ਡਾਕਟਰਾਂ ਨੇ ਉਸ ਨੂੰ 15 ਦਿਨਾਂ ਲਈ ਆਰਾਮ ਕਰਨ ਦੀ ਸਲਾਹ ਦਿੰਦਿਆਂ ਦੋ ਜਾਂ 3-3 ਦਿਨਾਂ ਬਾਅਦ ਆਪਣਾ ਚੈੱਕਅਪ ਕਰਵਾਉਣ ਲਈ ਕਿਹਾ ਹੈ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…