
ਮੁਹਾਲੀ ਵਿੱਚ ਪ੍ਰੈਸ ਕਲੱਬ ਦੀ ਆਪਣੀ ਥਾਂ ਨਾ ਹੋਣਾ ਮੰਦਭਾਗਾ: ਜੀਤੀ ਸਿੱਧੂ
ਮੇਅਰ ਨੇ ਮੁਹਾਲੀ ਪ੍ਰੈਸ ਕਲੱਬ ਵਿਖੇ ‘ਸਟਿੱਕਰ ਰਿਲੀਜ਼’ ਸਮਾਰੋਹ ਵਿੱਚ ਕੀਤੀ ਸ਼ਿਰਕਤ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਅਕਤੂਬਰ:
ਮੁਹਾਲੀ ਵਿੱਚ ਪ੍ਰੈਸ ਕਲੱਬ ਲਈ ਆਪਣੀ ਥਾਂ ਨਾ ਹੋਣਾ ਬਹੁਤ ਮੰਦਭਾਗੀ ਗੱਲ ਹੈ। ਇਹ ਗੱਲ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਅੱਜ ਮੁਹਾਲੀ ਪ੍ਰੈਸ ਕਲੱਬ ਵਿਖੇ ‘ਸਟਿੱਕਰ ਰਿਲੀਜ਼’ ਕਰਨ ਮੌਕੇ ਆਖੀ। ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਮੇਅਰ ਜੀਤੀ ਸਿੱਧੂ ਨੇ ਕਿਹਾ ਕਿ ਇਸ ਸਮਾਗਮ ਲਈ ਮੈਂ ਮੁਹਾਲੀ ਪ੍ਰੈਸ ਕਲੱਬ ਦੀ ਗਵਰਨਿੰਗ ਬਾਡੀ ਅਤੇ ਸਮੂਹ ਪੱਤਰਕਾਰਾਂ ਨੂੰ ਵਧਾਈ ਦਿੰਦਾ ਹਾਂ। ਇਸ ਤੋਂ ਪਹਿਲਾਂ ਉਨ੍ਹਾਂ ਦਾ ਮੁਹਾਲੀ ਪ੍ਰੈਸ ਕਲੱਬ ਵਿਖੇ ਪਹੁੰਚਣ ਉਤੇ ਕਲੱਬ ਦੀ ਗਵਰਨਿੰਗ ਬਾਡੀ ਵੱਲੋਂ ਸਵਾਗਤ ਕੀਤਾ ਗਿਆ। ਉਨ੍ਹਾਂ ਨਾਲ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵੀ ਮੌਜੂਦ ਸਨ।
ਇਸ ਮੌਕੇ ਮੇਅਰ ਜੀਤੀ ਸਿੱਧੂ ਨੇ ਆਪਣੇ ਸੰਬੋਧਨ ਕਰਦਿਆਂ ਕਿਹਾ ਕਿ ਪ੍ਰੈਸ ਆਮ ਲੋਕਾਂ ਅਤੇ ਸਰਕਾਰ ਵਿੱਚ ਪੁਲ ਦਾ ਕੰਮ ਕਰਦੀ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਕੰਮ ਕਰਦੇ ਸਾਰੇ ਪ੍ਰੈਸ ਕਲੱਬਾਂ ਨੂੰ ਇਕ ਥਾਂ ਉੱਤੇ ਇਕੱਠਾ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਜਦੋਂ ਤੱਕ ਕਿਸੇ ਪ੍ਰੈਸ ਕਲੱਬ ਨੂੰ ਕੋਈ ਪੱਕੀ ਥਾਂ ਨਹੀਂ ਮਿਲ ਜਾਂਦੀ, ਉਦੋਂ ਤੱਕ ਆਰਜ਼ੀ ਤੌਰ ’ਤੇ ਕਮਿਊਨਿਟੀ ਸੈਂਟਰ ਦੇ ਦਰਵਾਜ਼ੇ ਖੋਲ੍ਹੇ ਜਾ ਸਕਦੇ ਹਨ। ਜਿੱਥੇ ਸਾਰੇ ਪੱਤਰਕਾਰ ਇਕੱਠੇ ਬੈਠ ਕੇ ਖ਼ਬਰਾਂ ਲਿਖ ਸਕਣ ਅਤੇ ਸਮਾਜਿਕ ਗਤੀਵਿਧੀਆਂ ਚਲਾ ਸਕਣ। ਇਸ ਮੌਕੇ ਮੁਹਾਲੀ ਪ੍ਰੈਸ ਕਲੱਬ ਵੱਲੋਂ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੂੰ ਕਲੱਬ ਦੀ ਆਨਰੇਰੀ ਮੈਂਬਰਸ਼ਿਪ ਵੀ ਦਿੱਤੀ ਗਈ।
ਇਸ ਤੋਂ ਪਹਿਲਾਂ ਪ੍ਰੈਸ ਕਲੱਬ ਦੇ ਪ੍ਰਧਾਨ ਸੁਖਦੇਵ ਸਿੰਘ ਪਟਵਾਰੀ ਨੇ ਕਿਹਾ ਕਿ ਮੁਹਾਲੀ ਪ੍ਰੈਸ ਕਲੱਬ ਅਨੇਕਾਂ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨ ਦੇ ਬਾਵਜੂਦ ਲੋਕਾਂ ਦੀ ਆਵਾਜ਼ ਬੁਲੰਦ ਕਰਦਾ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਪਿਛਲੇ ਕਈ ਸਾਲਾਂ ਤੋਂ ਸਮੇਂ ਦੀਆਂ ਸਰਕਾਰਾਂ ਤੋਂ ਮੁਹਾਲੀ ਵਿੱਚ ਪ੍ਰੈਸ ਕਲੱਬ ਲਈ ਪੱਕੀ ਥਾਂ ਮੁਹੱਈਆ ਕਰਵਾਉਣ ਦੀ ਮੰਗ ਕਰਦਾ ਆ ਰਿਹਾ ਹੈ ਪਰ ਅਜੇ ਤੱਕ ਕੁੱਝ ਵੀ ਨਹੀਂ ਹੋਇਆ।
ਇਸ ਮੌਕੇ ਪ੍ਰੈਸ ਕਲੱਬ ਦੇ ਜਨਰਲ ਸਕੱਤਰ ਗੁਰਮੀਤ ਸਿੰਘ ਸ਼ਾਹੀ, ਸੀਨੀਅਰ ਮੀਤ ਪ੍ਰਧਾਨ ਕੁਲਦੀਪ ਸਿੰਘ ਕੁਰਾਲੀ, ਮੀਤ ਪ੍ਰਧਾਨ ਮਨਜੀਤ ਸਿੰਘ ਚਾਨਾ ਅਤੇ ਰਾਜੀਵ ਤਨੇਜਾ, ਜਥੇਬੰਦਕ ਸਕੱਤਰ ਨਾਹਰ ਸਿੰਘ ਧਾਲੀਵਾਲ, ਕੈਸ਼ੀਅਰ ਰਾਜ ਕੁਮਾਰ ਆਰੋੜਾ, ਸੰਯੁਕਤ ਸਕੱਤਰ ਵਿਜੈ ਕੁਮਾਰ, ਸਾਬਕਾ ਪ੍ਰਧਾਨ ਗੁਰਜੀਤ ਸਿੰਘ ਬਿੱਲਾ, ਸਾਬਕਾ ਜਨਰਲ ਸਕੱਤਰ ਹਰਬੰਸ ਸਿੰਘ ਬਾਗੜੀ, ਸਾਬਕਾ ਪ੍ਰਧਾਨ ਗੁਰਦੀਪ ਸਿੰਘ ਬੈਨੀਪਾਲ ਸਮੇਤ ਹੋਰ ਮੈਂਬਰ ਹਾਜ਼ਰ ਸਨ।