nabaz-e-punjab.com

ਸਿੱਖਿਆ ਸੈਸ਼ਨ 2018 ਸ਼ੁਰੂ ਹੋਣ ਤੋਂ ਪਹਿਲਾਂ 28 ਫਰਵਰੀ ਤੱਕ ਮਿਲਣਗੀਆਂ ਸਕੂਲੀ ਬੱਚਿਆਂ ਨੂੰ ਵਰਦੀ ਤੇ ਕਿਤਾਬਾਂ

ਅਮਰਜੀਤ ਸਿੰਘ ਸੋਢੀ
ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 29 ਨਵੰਬਰ:
ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਅਗਲੇ ਅਕਾਦਮਿਕ ਸੈਸ਼ਨ ਤੋਂ ਪਹਿਲਾਂ 28 ਫਰਵਰੀ 2018 ਤੱਕ ਕਿਤਾਬਾਂ ਅਤੇ ਵਰਦੀ ਮਿਲੇਗੀ। ਇਹ ਗੱਲ ਸਿੱਖਿਆ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਨੇ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਬੋਲਦਿਆਂ ਕਹੀ। ਸਿੱਖਿਆ ਮੰਤਰੀ ਸੈਸ਼ਨ ਦੌਰਾਨ ਪੰਜਾਬ ਸਕੂਲ ਸਿੱਖਿਆ ਬੋਰਡ (ਸੋਧਨਾ) 2017 ਬਿੱਲ ਉੱਤੇ ਬਹਿਸ ਮੌਕੇ ਕਈ ਵਿਧਾਇਕਾਂ ਵੱਲੋਂ ਉਠਾਏ ਗਏ ਸ਼ੰਕਿਆਂ ਦੀ ਨਵਿਰਤੀ ਕਰਦਿਆਂ ਕਹੀ। ਸਿੱਖਿਆ ਮੰਤਰੀ ਨੇ ਆਪਣੀ ਤਕਰੀਰ ਵਿੱਚ ਹਰ ਵਿਧਾਇਕ ਵੱਲੋਂ ਉਠਾਏ ਗਏ ਮੁੱਦੇ ਦਾ ਤੱਥਾਂ ਸਮੇਤ ਵਿਸਥਾਰ ਵਿੱਚ ਜਵਾਬ ਦਿੱਤਾ। ਸ੍ਰੀਮਤੀ ਚੌਧਰੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਮਿਆਰੀ ਸਿੱਖਿਆ ਲਈ ਕ੍ਰਾਂਤੀਕਾਰੀ ਕਦਮ ਚੁੱਕੇ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਇਸ ਵਾਰ ਵਿਦਿਆਰਥੀਆਂ ਨੂੰ ਸਮੇਂ ਤੋਂ ਪਹਿਲਾਂ ਪੁਸਤਕਾਂ ਅਤੇ ਵਰਦੀਆਂ ਦੇਣ ਉੱਪਰ ਧਿਆਨ ਕੇਂਦਰਿਤ ਕੀਤਾ ਜਾ ਰਿਹਾ ਹੈ ਅਤੇ ਅਗਲਾ ਵਿੱਦਿਅਕ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ 28 ਫਰਵਰੀ 2018 ਤੱਕ ਵਿਦਿਆਰਥੀਆਂ ਨੂੰ ਪੁਸਤਕਾਂ ਅਤੇ ਵਰਦੀਆਂ ਮਿਲ ਜਾਣਗੀਆਂ। ਸਿੱਖਿਆ ਮੰਤਰੀ ਨੇ ਕਿਹਾ ਕਿ ਪ੍ਰਾਇਮਰੀ ਸਿੱਖਿਆ ਦਾ ਪੱਧਰ ਉਚਾ ਚੁੱਕਣ ਲਈ ਪੰਜਾਬ ਸਰਕਾਰ ਨੇ ਪ੍ਰੀ ਪ੍ਰਾਇਮਰੀ ਕਲਾਸਾਂ ਸ਼ੁਰੂ ਕਰ ਕੇ ਕ੍ਰਾਂਤੀਕਾਰੀ ਕਦਮ ਉਠਾਇਆ ਹੈ ਅਤੇ ਇਹ ਕਦਮ ਚੁੱਕਣ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣਿਆ। ਉਨ੍ਹਾਂ ਕਿਹਾ ਕਿ ਹੁਣ 3 ਤੋਂ 6 ਸਾਲ ਤੱਕ ਦੇ ਬੱਚੇ ਵੀ ਸਰਕਾਰੀ ਸਕੂਲਾਂ ਵਿੱਚ ਪ੍ਰੀ ਪ੍ਰਾਇਮਰੀ ਕਲਾਸਾਂ ਵਿੱਚ ਦਾਖਲਾ ਲੈ ਸਕਣਗੇ। ਇਸ ਤੋਂ ਪਹਿਲਾਂ 6 ਸਾਲ ਤੋਂ ਛੋਟੇ ਬੱਚੇ ਪ੍ਰਾਈਵੇਟ ਸਕੂਲਾਂ ਵਿੱਚ ਦਾਖਲਾ ਲੈਣ ਜਾਂ ਘਰ ਬੈਠਣ ਲਈ ਮਜਬੂਰ ਸਨ।
ਵਿਧਾਇਕਾਂ ਵੱਲੋਂ ਪ੍ਰਾਈਵੇਟ ਸਕੂਲਾਂ ਦੀਆਂ ਮਨਮਾਨੀਆਂ ਸਬੰਧੀ ਉਠਾਏ ਮੁੱਦੇ ਦਾ ਜਵਾਬ ਦਿੰਦਿਆਂ ਸ੍ਰੀਮਤੀ ਚੌਧਰੀ ਨੇ ਕਿਹਾ ਕਿ ਰੈਗੂਲੇਟਰੀ ਅਥਾਰਟੀ ਆਪਣਾ ਕੰਮ ਕਰ ਰਹੀ ਹੈ ਅਤੇ ਜੇਕਰ ਕੋਈ ਵੀ ਸਕੂਲ 8 ਫੀਸਦੀ ਤੋਂ ਵੱਧ ਫੀਸਾਂ ਵਿੱਚ ਵਾਧਾ ਕਰਦਾ ਹੈ ਤਾਂ ਮਾਪੇ ਜਾਂ ਵਿਦਿਆਰਥੀ ਡਿਵੀਜ਼ਨ ਪੱਧਰ ’ਤੇ ਕਮਿਸ਼ਨਰ ਕੋਲ ਸ਼ਿਕਾਇਤ ਕਰ ਸਕਦੇ ਹਨ। ਵਿਰੋਧੀ ਧਿਰ ਦੇ ਵਿਧਾਇਕ ਵੱਲੋਂ 800 ਸਕੂਲ ਬੰਦ ਕਰਨ ਦੇ ਮੁੱਦੇ ’ਤੋ ਬੋਲਦਿਆਂ ਉਨ੍ਹਾਂ ਕਿਹਾ ਕਿ ਅਜਿਹੀ ਬਿਆਨਬਾਜ਼ੀ ਉਨ੍ਹਾਂ ਨੂੰ ਸ਼ੋਭਦੀ ਨਹੀਂ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ 20 ਤੋਂ ਘੱਟ ਵਿਦਿਆਰਥੀਆਂ ਵਾਲੇ ਸਿਰਫ ਅਜਿਹੇ ਸਕੂਲ ਨੇੜਲੇ ਸਕੂਲ ਵਿੱਚ ਮਰਜ ਕੀਤੇ ਜਾ ਰਹੇ ਹਨ ਜਿਨ੍ਹਾਂ ਦੇ ਇਕ ਕਿਲੋਮੀਟਰ ਦੇ ਘੇਰੇ ਅੰਦਰ ਕੋਈ ਹੋਰ ਪ੍ਰਾਇਮਰੀ ਸਕੂਲ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਈ ਸਕੂਲ ਅਜਿਹੇ ਹਨ ਜਿਨ੍ਹਾਂ ਵਿੱਚ 5 ਜਾਂ ਇਸ ਤੋਂ ਵੀ ਘੱਟ ਵਿਦਿਆਰਥੀ ਹਨ। ਉਨ੍ਹਾਂ ਕਿਹਾ ਕਿ ਉਸਾਰੂ ਵਿਦਿਅਕ ਮਾਹੌਲ ਲਈ ਘੱਟੋ-ਘੱਟ 20 ਵਿਦਿਆਰਥੀਆਂ ਦਾ ਹੋਣਾ ਜ਼ਰੂਰੀ ਹੈ।
ਅਧਿਆਪਕਾਂ ਦੀ ਭਰਤੀ ਬਾਰੇ ਬੋਲਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਪਿਛੇ ਜਿਹੇ 1600 ਅਧਿਆਪਕਾਂ ਦੀ ਭਰਤੀ ਕੀਤੀ ਗਈ ਹੈ ਅਤੇ ਹੋਰ 3582 ਅਧਿਆਪਕਾਂ ਦੀ ਭਰਤੀ ਪ੍ਰਕਿਰਿਆ ਅਧੀਨ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਆਉਂਦੇ ਦਿਨਾਂ ਵਿੱਚ ਅਧਿਆਪਕਾਂ ਦੀ ਰੈਸ਼ਨੇਲਾਈਜੇਸ਼ਨ ਕੀਤੀ ਜਾ ਰਹੀ ਹੈ ਜਿਸ ਨਾਲ ਇਹ ਪਤਾ ਲੱਗੇਗਾ ਕਿ ਕਿੱਥੇ ਅਧਿਆਪਕਾਂ ਦੀ ਕਮੀ ਹੈ ਅਤੇ ਕਿੱਥੇ ਅਧਿਆਪਕਾਂ ਦੀ ਪੋਸਟਿੰਗ ਲੋੜ ਤੋਂ ਵੱਧ ਹੋਈ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਰਹੱਦੀ ਖੇਤਰ ਦੇ ਸਕੂਲਾਂ ਵਿੱਚ ਅਧਿਆਪਕਾਂ ਦੀ ਕਮੀ ਦੂਰ ਕਰਨ ਲਈ ਵੱਖਰਾ ਸਰਹੱਦੀ ਖੇਤਰ ਕਾਡਰ ਬਣਾਉਣ ਦੀ ਤਜਵੀਜ਼ ਹੈ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਆਰਜ਼ੀ ਡਿਊਟੀਆਂ ਵੀ ਰੱਦ ਕੀਤੀਆਂ ਗਈਆਂ ਹਨ ਤਾਂ ਜੋ ਅਧਿਆਪਕਾਂ ਦੀ ਘਾਟ ਪੂਰੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਤਰੱਕੀਆਂ ਵਿੱਚ ਆਈ ਖੜੋਤ ਨੂੰ ਖਤਮ ਕਰਦਿਆਂ ਅਧਿਆਪਕਾਂ ਦੀਆਂ ਤਰੱਕੀਆਂ ਕੀਤੀਆਂ ਜਾ ਰਹੀਆਂ ਹਨ।
ਪੰਜਾਬ ਸਕੂਲ ਸਿੱਖਿਆ ਬੋਰਡ (ਸੋਧਨਾ) 2017 ਬਿੱਲ ਬਾਰੇ ਬੋਲਦਿਆਂ ਕਿਹਾ ਸਿੱਖਿਆ ਮੰਤਰੀ ਨੇ ਕਿਹਾ ਕਿ ਪਿਛਲੀ ਸਰਕਾਰ ਵੱਲੋਂ ਵਿਅਕਤੀ ਵਿਸ਼ੇਸ਼ ਨੂੰ ਫਾਇਦਾ ਦੇਣ ਲਈ ਸੀਨੀਅਰ ਵਾਈਸ ਚੇਅਰਮੈਨ ਦਾ ਨਵਾਂ ਅਹੁਦਾ ਸਿਰਜਿਆ ਗਿਆ ਸੀ ਜਿਸ ਦੀ ਕੋਈ ਲੋੜ ਨਹੀਂ ਸੀ। ਸੋਧ ਨਾਲ ਹੁਣ ਇਸ ਅਹੁਦੇ ਨੂੰ ਖਤਮ ਕਰ ਦਿੱਤਾ ਗਿਆ ਹੈ ਕਿਉਂਕਿ ਬੋਰਡ ਵਿੱਚ ਪਹਿਲਾਂ ਹੀ ਚੇਅਰਮੈਨ, ਵਾਈਸ ਚੇਅਰਮੈਨ ਤੇ ਸਕੱਤਰ ਦਾ ਅਹੁਦਾ ਕੰਮ ਕਰ ਰਿਹਾ ਹੈ। ਇਸੇ ਤਰ੍ਹਾਂ ਦੂਜੀ ਸੋਧ ਨਾਲ ਬੋਰਡ ਦੇ ਚੇਅਰਮੈਨ ਲਈ 15 ਸਾਲ ਦੇ ਤਜ਼ਰਬੇ ਦੀ ਯੋਗਤਾ ਨੂੰ ਮੁੜ ਬਹਾਲ ਕਰ ਦਿੱਤਾ ਗਿਆ ਹੈ।

Load More Related Articles
Load More By Nabaz-e-Punjab
Load More In School & College

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…