Share on Facebook Share on Twitter Share on Google+ Share on Pinterest Share on Linkedin ਕੇਂਦਰ ਸਰਕਾਰ ਨੂੰ ਜ਼ਿੱਦ ਛੱਡ ਕੇ ਕਿਸਾਨਾਂ ਦੀ ਗੱਲ ਮੰਨਣੀ ਚਾਹੀਦੀ ਹੈ: ਜਗਦੇਵ ਮਲੋਆ ਆਮ ਆਦਮੀ ਪਾਰਟੀ ਨੇ ਜਗਦੇਵ ਸਿੰਘ ਮਲੋਆ ਨੂੰ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਅਪਰੈਲ: ਆਮ ਆਦਮੀ ਪਾਰਟੀ (ਆਪ) ਨੇ ਪਾਰਟੀ ਦੀ ਮਜ਼ਬੂਤੀ ਲਈ ਹੇਠਲੇ ਪੱਧਰ ’ਤੇ ਵਿਊਂਤਬੰਦੀ ਸ਼ੁਰੂ ਕਰ ਦਿੱਤੀ ਹੈ ਅਤੇ ਵੱਖਵੱਖ ਵਿੰਗਾਂ ਦੇ ਅਹੁਦੇਦਾਰ ਨਿਯੁਕਤ ਕਰਕੇ ਉਨ੍ਹਾਂ ਨੂੰ ਵੱਧ ਤੋਂ ਵੱਧ ਲੋਕਾਂ ਨੂੰ ਪਾਰਟੀ ਨਾਲ ਜੋੜਨ ਲਈ ਕਿਹਾ ਜਾ ਰਿਹਾ ਹੈ। ਇਸ ਸਬੰਧੀ ਆਪ ਨੇ ਮੁਹਾਲੀ ਜ਼ਿਲ੍ਹੇ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਰਗਰਮ ਵਲੰਟੀਅਰ ਜਗਦੇਵ ਸਿੰਘ ਮਲੋਆ ਦੀਆਂ ਸੇਵਾਵਾਂ ਨੂੰ ਦੇਖਦੇ ਹੋਏ ਉਨ੍ਹਾਂ ਨੂੰ ‘ਆਪ’ ਦੇ ਕਿਸਾਨ ਵਿੰਗ ਜ਼ਿਲ੍ਹਾ ਮੁਹਾਲੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਸ੍ਰੀ ਮਲੋਆ ਪਿਛਲੇ ਕਾਫੀ ਸਮੇਂ ਕਿਸਾਨ ਅੰਦੋਲਨ ਨਾਲ ਜੁੜੇ ਹੋਏ ਹਨ ਅਤੇ ਹੁਣ ਤੱਕ ਕਈ ਵਾਰ ਦਿੱਲੀ ਬਾਰਡਰ ’ਤੇ ਇਲਾਕੇ ਦੇ ਲੋਕਾਂ ਨਾਲ ਕਿਸਾਨ ਅੰਦੋਲਨ ਵਿੱਚ ਯੋਗਦਾਨ ਪਾਉਂਦੇ ਆ ਰਹੇ ਹਨ। ਵੈਸੇ ਵੀ ਉਹ ਨਾਜਾਇਜ਼ ਮਾਈਨਿੰਗ, ਨਾਜਾਇਜ਼ ਕਲੋਨੀਆਂ ਦੀ ਉਸਾਰੀਆਂ, ਰੇਤ ਮਾਫ਼ੀਆ ਅਤੇ ਪੁਲੀਸ ਵਧੀਕੀਆਂ ਖ਼ਿਲਾਫ਼ ਲੋਕ ਹਿੱਤ ਵਿੱਚ ਧਰਨੇ ਮੁਜ਼ਾਹਰੇ ਕਰ ਚੁੱਕੇ ਹਨ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਜਗਦੇਵ ਸਿੰਘ ਮਲੋਆ ਨੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਨੇ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਦਿੱਤੀ ਹੈ, ਉਹ ਇਸ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਕਿਸਾਨੀ ਮੁੱਦਿਆਂ ਅਤੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਪਾਰਟੀ ਹਾਈ ਕਮਾਂਡ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਲੋਕਾਂ ਨੂੰ ਲਾਮਬੰਦ ਕਰਨ ਲਈ ਪਿੰਡਾਂ ਦੀਆਂ ਸੱਥਾਂ ਵਿੱਚ ਜਾ ਕੇ ਨੁੱਕੜ ਮੀਟਿੰਗਾਂ ਕਰਨਗੇ ਅਤੇ ਜੇਕਰ ਲੋੜ ਪਈ ਤਾਂ ਜ਼ਿਲ੍ਹਾ ਪੱਧਰ ’ਤੇ ਧਰਨਾ ਪ੍ਰਦਰਸ਼ਨ ਕਰਨ ਤੋਂ ਵੀ ਪਿੱਛੇ ਨਹੀਂ ਹਟਣਗੇ। ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਨੂੰ ਆਪਣੀ ਜ਼ਿੱਦ ਛੱਡ ਕੇ ਕਿਸਾਨਾਂ ਦੀ ਗੱਲ ਮੰਨ ਕੇ ਤਿੰਨੇ ਕਾਲੇ ਖੇਤੀ ਕਾਨੂੰਨ ਫੌਰੀ ਤੌਰ ’ਤੇ ਰੱਦ ਕਰਨੇ ਚਾਹੀਦੇ ਹਨ ਅਤੇ ਕਿਸਾਨਾਂ ਨੂੰ ਜਿਣਸਾਂ ਦਾ ਉਚਿੱਤ ਭਾਅ ਦੇਣਾ ਚਾਹੀਦਾ ਹੈ ਤਾਂ ਜੋ ਪੰਜਾਬ ਵਿੱਚ ਖ਼ੁਦਕੁਸ਼ੀਆਂ ਨੂੰ ਠੱਲ੍ਹ ਪਾਈ ਜਾ ਸਕੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ