
ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਭੇਜੇ ਖ਼ਰਾਬ ਵੈਂਟੀਲੇਟਰਾਂ ਦੀ ਜਾਂਚ ਸ਼ੁਰੂ: ਸਿਹਤ ਮੰਤਰੀ
ਪੰਜਾਬ ਨੂੰ ਦੂਜੇ ਸੂਬਿਆਂ ਵਾਂਗ ਲੋੜ ਅਨੁਸਾਰ ਕੋਵਿਡ ਵੈਕਸੀਨ ਮੁਹੱਈਆ ਕਰਵਾਏ ਕੇਂਦਰ ਸਰਕਾਰ: ਸਿੱਧੂ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਮਈ:
ਕੇਂਦਰ ਸਰਕਾਰ ਵੱਲੋਂ ਕਰੋਨਾ ਮਹਾਮਾਰੀ ਦੇ ਮੱਦੇਨਜ਼ਰ ਪੰਜਾਬ ਨੂੰ ਭੇਜੇ ਗਏ ਖ਼ਰਾਬ ਵੈਂਟੀਲੇਟਰਾਂ ਦੀ ਜਾਂਚ ਆਰੰਭੀ ਗਈ ਹੈ। ਇਸ ਗੱਲ ਦਾ ਖੁਲਾਸਾ ਅੱਜ ਇੱਥੇ ਸੂਬੇ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕੀਤਾ। ਹਸਪਤਾਲਾਂ ਵਿੱਚ ਖ਼ਰਾਬ ਵੈਂਟੀਲੇਟਰਾਂ ਦੇ ਮਾਮਲੇ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਸਿਹਤ ਮੰਤਰੀ ਨੇ ਕਿਹਾ ਕਿ ਇਹ ਵੈਂਟੀਲੇਟਰ ਕੇਂਦਰ ਸਰਕਾਰ ਵੱਲੋਂ ਸਪਲਾਈ ਕੀਤੇ ਗਏ ਹਨ ਅਤੇ ਇਸ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਨਾਲ ਹੀ ਉਨ੍ਹਾਂ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਅਜਿਹੇ ਵੈਂਟੀਲੇਟਰ ਸਪਲਾਈ ਕਰਨ ਵਾਲੀ ਕੰਪਨੀ ਖ਼ਿਲਾਫ਼ ਪੜਤਾਲ ਕਰਵਾ ਕੇ ਢੁਕਵੀਂ ਕਾਰਵਾਈ ਕੀਤੀ ਜਾਵੇ।
ਸ੍ਰੀ ਸਿੱਧੂ ਨੇ ਕਿਹਾ ਕਿ ਕਰੋਨਾ ਮਹਾਮਾਰੀ ਦਾ ਪ੍ਰਕੋਪ ਲਗਾਤਾਰ ਵਧ ਰਿਹਾ ਹੈ। ਇਸ ਤੋਂ ਬਚਾਅ ਲਈ ਹੋਰਨਾਂ ਸੂਬਿਆਂ ਦੇ ਮੁਕਾਬਲੇ ਪੰਜਾਬ ਨੂੰ ਘੱਟ ਕੋਵਿਡ ਵੈਕਸੀਨ ਮੁਹੱਈਆ ਕਰਵਾਏ ਜਾਣ ਦਾ ਮਾਮਲਾ ਉਨ੍ਹਾਂ ਨੇ ਕੇਂਦਰ ਸਰਕਾਰ ਕੋਲ ਚੁੱਕਿਆ ਹੈ ਅਤੇ ਪੰਜਾਬ ਨੂੰ ਦੂਜੇ ਸੂਬਿਆਂ ਵਾਂਗ ਜ਼ਰੂਰਤ ਅਨੁਸਾਰ ਟੀਕੇ ਮੁਹੱਈਆ ਕਰਵਾਉਣ ਦੀ ਗੱਲ ਜ਼ੋਰ ਸ਼ੋਰ ਨਾਲ ਰੱਖੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਟੈਸਟਿੰਗ ਅਤੇ ਵੈਕਸੀਨੇਸ਼ਨ ਵੱਡੇ ਪੱਧਰ ’ਤੇ ਜਾਰੀ ਹੈ। ਉਨ੍ਹਾਂ ਨੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਲਗਾਤਾਰ ਟੈਸਟਿੰਗ ਕਰਵਾਉਣ ਅਤੇ ਜੇਕਰ ਕਿਸੇ ਨੂੰ ਸਿਹਤ ਸਬੰਧੀ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਦਿੱਕਤ ਆਉਂਦੀ ਹੈ ਤਾਂ ਉਹ ਤੁਰੰਤ ਡਾਕਟਰ ਨਾਲ ਸੰਪਰਕ ਕਰਨ।
ਮੰਤਰੀ ਨੇ ਕਿਹਾ ਕਿ ਮੁੱਢਲੇ ਪੜਾਅ ਉੱਤੇ ਕਰੋਨਾ ਬਾਰੇ ਪਤਾ ਲੱਗਣ ’ਤੇ ਇਸ ਤੋਂ ਸਹਿਜੇ ਵੀ ਬਚਿਆ ਜਾ ਸਕਦਾ ਹੈ ਪਰ ਦੇਰੀ ਕਰਨ ਨਾਲ ਇਹ ਬੀਮਾਰੀ ਗੰਭੀਰ ਰੂਪ ਧਾਰ ਲੈਂਦੀ ਹੈ ਅਤੇ ਇਸ ਮਹਾਮਾਰੀ ਤੋਂ ਪੀੜਤ ਮਰੀਜ਼ ਨੂੰ ਸੰਭਾਲਣਾ ਬੜਾ ਮੁਸ਼ਕਲ ਹੋ ਜਾਂਦਾ ਹੈ। ਲੇਕਿਨ ਇਸ ਦੇ ਬਾਵਜੂਦ ਪੰਜਾਬ ਦੇ ਹਾਲਾਤ ਕਾਬੂ ਹੇਠ ਹਨ ਅਤੇ ਬਾਕੀ ਕੰਮ ਛੱਡ ਕੇ 24 ਘੰਟੇ ਮਹਾਮਾਰੀ ਨੂੰ ਕੰਟਰੋਲ ਕਰਨ ’ਤੇ ਧਿਆਨ ਕੇਂਦਰਿਤ ਕੀਤਾ ਜਾ ਰਿਹਾ ਹੈ ਅਤੇ ਫੀਲਡ ਤੋਂ ਰਿਪੋਰਟਾਂ ਮਿਲਣ ’ਤੇ ਤੁਰੰਤ ਠੋਸ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸਰਕਾਰੀ ਹਸਪਤਾਲਾਂ ਦੇ ਨਾਲ-ਨਾਲ ਹੁਣ ਗਲੀ ਮੁਹੱਲਿਆਂ ਵਿੱਚ ਵੀ ਕੋਵਿਡ ਵੈਕਸੀਨੇਸ਼ਨ ਲਈ ਰੋਜ਼ਾਨਾ ਕੈਂਪ ਲਗਾਏ ਜਾ ਰਹੇ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਪੇਂਡੂ ਖੇਤਰ ਵੱਲ ਰੁੱਖ ਕੀਤਾ ਜਾਵੇਗਾ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਆਪਣੀ ਜਾਂਚ ਕਰਵਾਉਣ ਅਤੇ ਟੀਕਾਕਰਨ ਲਈ ਪ੍ਰੇਰਿਆ ਜਾਵੇਗਾ।