Share on Facebook Share on Twitter Share on Google+ Share on Pinterest Share on Linkedin ਕਿਸਾਨੀ ਸੰਘਰਸ਼ ਨੂੰ ਢਾਹ ਲਾਉਣ ਦੀ ਸਾਜ਼ਿਸ਼ ਰਚ ਰਹੀ ਹੈ ਕੇਂਦਰ ਸਰਕਾਰ: ਬੱਬੀ ਬਾਦਲ ਸਰਹੱਦੀ ਖੇਤਰਾਂ ਵਿੱਚ ਮਨੁੱਖੀ ਤਸਕਰੀ ਤੇ ਬੰਧੂਆ ਮਜ਼ਦੂਰਾਂ ਬਾਰੇ ਪੱਤਰ ਦਾ ਮੰਤਵ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਅਪਰੈਲ: ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਪੰਜਾਬ ਸਰਕਾਰ ਨੂੰ ਭੇਜੇ ਵਿਵਾਦ ਪੱਤਰ ਦਾ ਮਾਮਲਾ ਕਾਫੀ ਭਖ ਗਿਆ ਹੈ। ਪੱਤਰ ਵਿੱਚ ਪੰਜਾਬ ਦੀ ਸਰਹੱਦੀ ਪੱਟੀ ਵਿੱਚ ਵੱਡੀ ਪੱਧਰ ’ਤੇ ਮਨੁੱਖੀ ਤਸਕਰੀ, ਬੰਧੂਆ ਮਜ਼ਦੂਰ ਬਣਾਏ ਜਾਣ ਅਤੇ ਨਸ਼ਿਆਂ ਦੀ ਲੱਤ ਲਗਾਉਣ ਦੇ ਦੋਸ਼ਾਂ ਦਾ ਗੰਭੀਰ ਨੋਟਿਸ ਲੈਂਦਿਆਂ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਯੂਥ ਵਿੰਗ ਦੇ ਪ੍ਰਧਾਨ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਕੇਂਦਰ ਸਰਕਾਰ ਦੀ ਇਸ ਸਰਕਾਰੀ ਨੂੰ ਹਾਸੋਹੀਣਾ ਦੱਸਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਪੱਤਰ ਦਾ ਮੰਤਵ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਕੇ ਕਿਸਾਨੀ ਸੰਘਰਸ਼ ਨੂੰ ਢਾਹ ਲਗਾਉਣਾ ਹੈ। ਉਨ੍ਹਾਂ ਗ੍ਰਹਿ ਮੰਤਰਾਲੇ ਦੀ ਚਿੱਠੀ ਨੂੰ ਕਿਸਾਨਾਂ ਤੇ ਮਜ਼ਦੂਰਾਂ ਵਿੱਚ ਵੰਡੀਆਂ ਪਾਉਣ ਦੀ ਸਾਜ਼ਿਸ਼ ਕਰਾਰ ਦਿੰਦਿਆਂ ਚਿੰਤਾ ਪ੍ਰਗਟ ਕੀਤੀ। ਸ੍ਰੀ ਬੱਬੀ ਬਾਦਲ ਨੇ ਕਿਹਾ ਕਿ ਇਕ ਪਾਸੇ ਪੱਤਰ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਬੀਐਸਐਫ਼ ਨੇ 58 ਬੰਦੇ ਫੜੇ ਹਨ ਜੋ ਮਾਨਸਿਕ ਤੌਰ ’ਤੇ ਬਿਮਾਰ ਹਨ ਅਤੇ ਨਾਲ ਹੀ ਇਹ ਦਾਅਵਾ ਵੀ ਕੀਤਾ ਜਾ ਰਿਹਾ ਹੈ ਕਿ ਮਨੁੱਖੀ ਤਸਕਰੀ ਦੇ ਸਿੰਡੀਕੇਟ ਅਜਿਹੇ ਵਿਅਕਤੀਆਂ ਨੂੰ ਗੁਰਦਾਸਪੁਰ, ਅੰਮ੍ਰਿਤਸਰ, ਫਿਰੋਜ਼ਪੁਰ ਅਤੇ ਅਬੋਹਰ ਇਲਾਕਿਆਂ ਵਿੱਚ ਚੰਗੀ ਤਨਖ਼ਾਹ ਦਾ ਲਾਲਚ ਦੇ ਕੇ ਲਿਆ ਰਹੇ ਹਨ ਪਰ ਇਨ੍ਹਾਂ ਦੀ ਲੁੱਟ ਖਸੁੱਟ ਕੀਤੀ ਜਾਂਦੀ ਹੈ ਅਤੇ ਇਨ੍ਹਾਂ ਨੂੰ ਬੰਧੂਆ ਮਜ਼ਦੂਰ ਬਣਾ ਕੇ ਕੰਮ ਲਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰਾਲੇ ਤੋਂ ਅਜਿਹੇ ਪੱਤਰ ਲਿਖੇ ਜਾਣ ਨਾਲ ਦੇਸ਼ ਵਿੱਚ ਇਕ ਗਲਤ ਸੁਨੇਹਾ ਜਾਂਦਾ ਹੈ ਅਤੇ ਇਸ ਨਾਲ ਟਕਰਾਅ ਦਾ ਮਾਹੌਲ ਪੈਦਾ ਹੋਵੇਗਾ। ਉਨ੍ਹਾਂ ਕਿਹਾ ਕਿ ਅਸਲੀਅਤ ਇਹ ਹੈ ਕਿ ਅਜਿਹੀ ਕੋਈ ਵੀ ਐਫ਼ਆਰਆਈ ਦਰਜ ਨਹੀਂ ਹੋਈ ਕਿ ਕਿਸੇ ਵਿਅਕਤੀ ਨੂੰ ਜ਼ਬਰਦਸਤੀ ਬੰਧੂਆ ਮਜ਼ਦੂਰ ਬਣਾ ਕੇ ਕੰਮ ਕਰਵਾਇਆ ਜਾ ਰਿਹਾ ਹੋਵੇ। ਉਨ੍ਹਾਂ ਕਿਹਾ ਕਿ ਦਰਅਸਲ ਮੋਦੀ ਸਰਕਾਰ ਕਿਸਾਨ ਅੰਦੋਲਨ ਤੋਂ ਪੂਰੀ ਤਰ੍ਹਾਂ ਘਬਰਾਈ ਹੋਈ ਹੈ ਅਤੇ ਕਿਸਾਨੀ ਸੰਘਰਸ਼ ਨੂੰ ਢਾਹ ਲਗਾਉਣ ਲਈ ਨਿੱਤ ਨਵੀਆਂ ਸਾਜ਼ਿਸ਼ਾਂ ਘੜੀਆਂ ਜਾ ਰਹੀਆਂ ਹਨ। ਇਸ ਮੌਕੇ ਯੂਥ ਆਗੂ ਰਣਜੀਤ ਸਿੰਘ ਬਰਾੜ, ਜਗਤਾਰ ਸਿੰਘ ਘੜੂੰਆਂ, ਬਾਬਾ ਅਮਰ ਸਿੰਘ ਰੁੜਕਾ, ਸੁਖਵੀਰ ਸਿੰਘ, ਕੁਲਬੀਰ ਸਿੰਘ, ਇਕਬਾਲ ਸਿੰਘ, ਜਸਵੰਤ ਸਿੰਘ, ਪ੍ਰੀਤਮ ਸਿੰਘ, ਮਨਪ੍ਰੀਤ ਸਿੰਘ, ਦਰਸ਼ਨ ਸਿੰਘ ਆਦਿ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ