
ਕੇਂਦਰੀ ਮੰਤਰੀ ਨੇ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਵਿੱਚ ਨਾ ਆ ਕੇ ਪੰਜਾਬੀਆਂ ਦਾ ਅਪਮਾਨ: ਬੱਬੀ ਬਾਦਲ
ਕਾਲੇ ਖੇਤੀ ਕਾਨੂੰਨਾਂ ਦੀ ਵਾਪਸੀ ਤੱਕ ਕਿਸਾਨ ਸੰਘਰਸ਼ ਦੀ ਹਮਾਇਤ ਜਾਰੀ ਰੱਖਾਂਗੇ:
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਅਕਤੂਬਰ:
ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਲਈ ਕੇਂਦਰ ਸਰਕਾਰ ਵੱਲੋਂ ਬੀਤੇ ਦਿਨੀਂ ਬੁਲਾਈ ਮੀਟਿੰਗ ਵਿੱਚ ਕਿਸੇ ਵੀ ਕੇਂਦਰੀ ਮੰਤਰੀ ਦਾ ਨਾ ਪੁੱਜਣਾ ਸਮੁੱਚੇ ਪੰਜਾਬ ਅਤੇ ਕਿਸਾਨਾਂ ਦਾ ਅਪਮਾਨ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਯੂਥ ਵਿੰਗ ਦੇ ਕੌਮੀ ਪ੍ਰਧਾਨ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਕੀਤਾ। ਪਿੰਡ ਮਜਾਤ ਵਿੱਚ ਵਰਕਰ ਮਿਲਣੀ ਦੌਰਾਨ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਿਸਾਨ ਵਿਰੋਧੀ ਲਏ ਜਾ ਰਹੇ ਫੈਸਲਿਆਂ ਅਤੇ ਮੀਟਿੰਗ ਦੌਰਾਨ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਕਰਨ ਲਈ ਸਰਕਾਰੀ ਅਧਿਕਾਰੀਆਂ ਨੂੰ ਅੱਗੇ ਕਰਨ ਨਾਲ ਕੇਂਦਰ ਦਾ ਕਿਸਾਨ ਤੇ ਪੰਜਾਬ ਵਿਰੋਧੀ ਰਵੱਈਆ ਜੱਗ ਜ਼ਾਹਰ ਹੋ ਗਿਆ।
ਸ੍ਰੀ ਬੱਬੀ ਬਾਦਲ ਨੇ ਕਿਹਾ ਕਿ ਜਦੋਂ ਕਿਸਾਨ ਵਿਰੋਧੀ ਕਾਨੂੰਨਾਂ ਦਾ ਫੈਸਲਾ ਕੇਂਦਰੀ ਕੈਬਨਿਟ ਵੱਲੋਂ ਕਰਨ ਉਪਰੰਤ ਸੰਸਦ ਤੋਂ ਪਾਸ ਕਰਵਾਇਆ ਗਿਆ ਤਾਂ ਕਾਨੂੰਨਾਂ ਤੋਂ ਅਸੰਤੁਸ਼ਟ ਕਿਸਾਨ ਜਥੇਬੰਦੀਆਂ ਨਾਲ ਗੱਲ ਕਰਨ ਲਈ ਪ੍ਰਧਾਨ ਮੰਤਰੀ ਜਾਂ ਕੇਂਦਰੀ ਮੰਤਰੀ ਕਿਉਂ ਨਹੀਂ ਅੱਗੇ ਆ ਰਹੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਅਧਿਕਾਰੀਆਂ ਨੂੰ ਅੱਗੇ ਕਰਕੇ ਕਿਸਾਨਾਂ ਦਾ ਸਾਹਮਣਾ ਕਰਨ ਤੋਂ ਭੱਜ ਰਹੀ ਹੈ। ਇਸ ਗੱਲ ਦਾ ਦੂਜਾ ਸਬੂਤ ਇਹ ਹੈ ਕਿ ਕੇਂਦਰੀ ਮੰਤਰੀ ਵੀਡੀਓ ਕਾਨਫਰੰਸ (ਵਰਚੂਅਲ) ਰਾਹੀਂ ਸੂਬੇ ਦੇ ਕਿਸਾਨਾਂ ਨੂੰ ਸੰਬੋਧਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਵੱਲੋਂ ਇਨ੍ਹਾਂ ਕਾਨੂੰਨਾਂ ਨੂੰ ਕਿਸਾਨ ਦੇ ਹਿਤੈਸ਼ੀ ਹੋਣ ਦਾ ਦਾਅਵਾ ਸੱਚ ਹੈ ਤਾਂ ਫੇਰ ਉਹ ਕਿਸਾਨਾਂ ਨਾਲ ਸਿੱਧੀ ਗੱਲਬਾਤ ਕਰਕੇ ਆਪਣੀ ਵਾਹ-ਵਾਹ ਖੱਟਣ ਤੋਂ ਕਿਉਂ ਭੱਜ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਇਕ ਪਾਸੇ ਕਿਸਾਨ ਜਥੇਬੰਦੀਆਂ ਨੂੰ ਨਵੀਂ ਦਿੱਲੀ ਵਿਖੇ ਮੀਟਿੰਗ ਲਈ ਸੱਦ ਲਿਆ ਅਤੇ ਦੂਜੇ ਪਾਸੇ ਉਨ੍ਹਾਂ ਦੇ ਕੇਂਦਰੀ ਮੰਤਰੀ ਮੀਟਿੰਗ ਤੋਂ ਗੈਰ ਹਾਜ਼ਰ ਰਹਿੰਦੇ ਹੋਏ ਵਰਚੁਅਲ ਮੀਟਿੰਗਾਂ ਕਰ ਰਹੇ ਹਨ। ਇਹ ਪੰਜਾਬ ਦਾ ਅਪਮਾਨ ਹੈ ਜਿਸ ਨੂੰ ਕੋਈ ਵੀ ਪੰਜਾਬੀ ਸਹਿਣ ਨਹੀਂ ਕਰੇਗਾ।
ਸ੍ਰੀ ਬੱਬੀ ਬਾਦਲ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਵੀ ਇਸ ਮੁੱਦੇ ਨੂੰ ਲੈ ਕੇ ਗੰਭੀਰ ਨਜਰ ਨਹੀਂ ਆ ਰਹੀ ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੂੰ ਖ਼ੁਦ ਸਮੂਹ ਕਿਸਾਨ ਜਥੇਬੰਦੀਆਂ ਦੀ ਅਗਵਾਈ ਵਿੱਚ ਦਿੱਲੀ ਜਾ ਕੇ ਪ੍ਰਧਾਨ ਮੰਤਰੀ ਕੋਲੋਂ ਇਨ੍ਹਾਂ ਕਿਸਾਨ ਵਿਰੋਧੀ ਬਿੱਲਾਂ ਨੂੰ ਰੱਦ ਕਰਵਾਉਣ ਦੀ ਕੋਸ਼ਿਸ਼ ਕਰਨੀ ਚਾਹੀਦੀ ਸੀ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਤਿੰਨੇ ਕਾਲੇ ਕਾਨੂੰਨ ਅਤੇ ਬਿਜਲੀ ਸੋਧ ਬਿੱਲ 2020 ਵਾਪਸ ਨਹੀਂ ਲੈਦੀ ਉਨ੍ਹਾਂ ਚਿਰ ਕਿਸਾਨਾਂ ਦੇ ਸੰਘਰਸ਼ ਵਿੱਚ ਪੰਜਾਬ ਦੇ ਨੌਜਵਾਨ ਡੱਟ ਕੇ ਸਾਥ ਦਿੰਦੇ ਰਹਿਣਗੇ। ਇਸ ਮੌਕੇ ਯੂਥ ਵਿੰਗ ਦੇ ਮੀਤ ਪ੍ਰਧਾਨ ਰਣਜੀਤ ਸਿੰਘ ਬਰਾੜ, ਦਫ਼ਤਰ ਸਕੱਤਰ ਜਗਤਾਰ ਸਿੰਘ ਘੜੂੰਆਂ, ਮਹਿੰਦਰ ਸਿੰਘ, ਨਗਿੰਦਰ ਸਿੰਘ, ਜਗਸੀਰ ਸਿੰਘ, ਲਾਭ ਸਿੰਘ, ਕੰਵਲਜੀਤ ਸਿੰਘ, ਰਮਨਦੀਪ ਸਿੰਘ, ਤਰਲੋਕ ਸਿੰਘ, ਜਸਵੀਰ ਸਿੰਘ, ਹਰਪਾਲ ਸਿੰਘ, ਗੁਰਵਿੰਦਰਪਾਲ ਸਿੰਘ ਹਾਜ਼ਰ ਸਨ।