Nabaz-e-punjab.com

ਕੇਂਦਰੀ ਮੰਤਰੀ ਨਿਤਿਨ ਗਡਕਰੀ ਵੱਲੋਂ ਚੰਦੂਮਾਜਰਾ ਦੇ ਹੱਕ ਵਿੱਚ ਚੋਣ ਪ੍ਰਚਾਰ, ਬਲੌਂਗੀ ’ਚ ਚੋਣ ਰੈਲੀ ਨੂੰ ਕੀਤਾ ਸੰਬੋਧਨ

ਜੰਮੂ-ਕਸ਼ਮੀਰ ਤੋਂ ਪਾਕਿਸਤਾਨ ਵੱਲ ਜਾਂਦਾ ਪਾਣੀ ਰੋਕ ਕੇ ਹੁਣ ਪੰਜਾਬ ਨੂੰ ਦਿੱਤਾ ਜਾਵੇਗਾ: ਨਿਤਿਨ ਗਡਕਰੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਮਈ:
ਭਾਰਤ ਦੁਨੀਆ ਦੀ ਸਭ ਤੋਂ ਵੱਡੀ ਆਰਥਿਕ ਸ਼ਕਤੀ ਬਣਨ ਜਾ ਰਿਹਾ ਹੈ। ਜਿਸ ਦੀ ਸ਼ੁਰੂਆਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਐਨਡੀਏ ਸਰਕਾਰ ਨੇ ਪੰਜ ਸਾਲ ਪਹਿਲਾਂ ਕਰ ਦਿੱਤੀ ਸੀ। ਜਿਸ ਦੇ ਮੌਜੂਦਾ ਸਮੇਂ ਵਿੱਚ ਚੰਗੇ ਨਤੀਜੇ ਸਾਹਮਣੇ ਆ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾਂ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਬੁੱਧਵਾਰ ਨੂੰ ਦੇਰ ਸ਼ਾਮ ਪਿੰਡ ਬਲੌਂਗੀ ਦੇ ਚਸ਼ਮਾਸ਼ਾਹੀ ਰਿਜੋਰਟ ਵਿੱਚ ਅਕਾਲੀ ਭਾਜਪਾ ਦੇ ਸਾਂਝੇ ਉਮੀਦਵਾਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੇ ਹੱਕ ਵਿੱਚ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਕੀਤਾ।
ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਵਸੀਲਿਆਂ ਅਤੇ ਨਵੀਆਂ ਤਕਨੀਕਾਂ ਦੀ ਕੋਈ ਘਾਟ ਨਹੀਂ ਹੈ, ਸਿਰਫ਼ ਇਕ ਦ੍ਰਿਸ਼ਟੀਕੋਣ ਦੀ ਲੋੜ ਸੀ, ਜੋ ਕੇਂਦਰ ਸਰਕਾਰ ਨੇ ਅਪਣਾਉਂਦਿਆਂ ਭਾਰਤ ਨੂੰ ਆਰਥਿਕ ਵਿਕਾਸ ਦੀ ਲੀਹ ’ਤੇ ਤੋਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਉਨ੍ਹਾਂ ਕਿਹਾ ਕਿ ਚੰਦੂਮਾਜਰਾ ਵੱਲੋਂ ਵਾਰ ਵਾਰ ਪੰਜਾਬ ਦੀਆਂ ਸੜਕਾਂ ਦਾ ਮੁੱਦਾ ਉਠਾਉਣ ’ਤੇ ਉਨ੍ਹਾਂ ਦੇ ਮੰਤਰਾਲੇ ਨੇ ਪੰਜਾਬ ਵਿੱਚ 11 ਲੱਖ ਕਰੋੜ ਦੀ ਲਾਗਤ ਨਾਲ ਸੜਕਾਂ ਦੇ ਪ੍ਰਾਜੈਕਟ ਨੂੰ ਮਨਜ਼ੂਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕੰਕਰੀਟ ਟੈਕਨਾਲੋਜੀ ਨਾਲ ਸੜਕਾਂ ਬਣੀਆਂ ਹਨ ਅਤੇ ਹੋਰ ਵੀ ਬਣ ਰਹੀਆਂ ਹਨ, ਜਿਨ੍ਹਾਂ ਦੀ ਬੁਨਿਆਦ ਘੱਟੋ ਘੱਟ 200 ਸਾਲ ਹੋਵੇਗੀ।
ਸ੍ਰੀ ਗਡਕਰੀ ਨੇ ਕਿਹਾ ਕਿ ਹੁਣ ਜੰਮੂ-ਕਸ਼ਮੀਰ ਤੋਂ ਪਾਕਿਸਤਾਨ ਵੱਲ ਜਾ ਰਿਹਾ ਪਾਣੀ ਰੋਕ ਕੇ ਪੰਜਾਬ ਨੂੰ ਦਿੱਤਾ ਜਾਵੇਗਾ ਅਤੇ ਇਸ ਨਾਲ ਕੰਢੀ ਇਲਾਕੇ ਦੀ ਕੰਢੀ ਕੈਨਾਲ ਅਤੇ ਦਸਮੇਸ਼ ਕੈਨਾਲ ਦਾ ਪ੍ਰਾਜੈਕਟ ਸ਼ੁਰੂ ਕਰਕੇ ਸੂਬੇ ਦੇ ਕਿਸਾਨਾਂ ਨੂੰ ਪੂਰਾ ਪਾਣੀ ਮਿਲੇਗਾ। ਉਨ੍ਹਾਂ ਕਿਹਾ ਕਿ ਦੇਸ਼ ਭਰ ਵਿੱਚ ਮੋਦੀ ਲਹਿਰ ਚੱਲ ਰਹੀ ਹੈ, ਇਸ ਲਈ ਜ਼ਰੂਰੀ ਹੈ ਕਿ ਸ੍ਰੀ ਆਨੰਦਪੁਰ ਸਾਹਿਬ ਤੋਂ ਚੰਦੂਮਾਜਰਾ ਨੂੰ ਜਿਤਾ ਕੇ ਪਾਰਲੀਮੈਂਟ ਵਿੱਚ ਭੇਜਿਆ ਜਾਵੇ।
ਇਸ ਤੋਂ ਪਹਿਲਾਂ ਪ੍ਰੇਮ ਸਿੰਘ ਚੰਦੂਮਾਜਰਾ ਨੇ ਸ੍ਰੀ ਗਡਕਰੀ ਦਾ ਸਵਾਗਤ ਕਰਦਿਆਂ ਕਿਹਾ ਕਿ ਗਡਕਰੀ ਨੂੰ ਦੇਸ਼ ਵਿੱਚ ਸੜਕਾਂ ਦੇ ਬਾਦਸ਼ਾਹ ਵਜੋਂ ਜਾਣਿਆ ਜਾਂਦਾ ਹੈ ਕਿਉਂਕਿ ਉਨ੍ਹਾਂ ਦੀ ਦੂਰਅੰਦੇਸ਼ੀ ਨਾਲ ਦੇਸ਼ ਵਿੱਚ ਕੌਮੀ ਸ਼ਾਹ ਮਾਰਗਾਂ ਦੇ ਨਾਲ ਨਾਲ ਐਕਸਪ੍ਰੈਸ ਸੜਕਾਂ ਦਾ ਨਿਰਮਾਣ ਹੋਇਆ ਹੈ, ਬੰਗਾ-ਆਨੰਦਪੁਰ ਸਾਹਿਬ-ਨੈਣਾਂ ਦੇਵੀ ਰਾਸ਼ਟਰੀ ਰਾਜ ਮਾਰਗ ਦਾ ਜ਼ਿਕਰ ਕਰਦਿਆਂ ਚੰਦੂਮਾਜਰਾ ਨੇ ਕਿਹਾ ਕਿ ਇਹ ਸੜਕ ਰਾਜ ਸਰਕਾਰ ਨੇ ਰੱਦ ਕਰ ਦਿੱਤੀ ਸੀ ਪ੍ਰੰਤੂ ਉਨ੍ਹਾਂ ਦੇ ਜ਼ੋਰ ਪਾਉਣ ’ਤੇ ਸ੍ਰੀ ਗਡਕਰੀ ਨੇ ਇਸ ਪ੍ਰਾਜੈਕਟ ਨੂੰ ਨਵਂ ਸਿਰਿਓਂ ਮਨਜ਼ੂਰੀ ਦਿੱਤੀ ਹੈ, ਜਿਸ ਦਾ ਨਿਰਮਾਣ ਸ਼ੁਰੂ ਹੋ ਗਿਆ ਹੈ। ਇਸ ਮੌਕੇ ਮੁਹਾਲੀ ਦੇ ਹਲਕਾ ਇੰਚਾਰਜ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ, ਖਰੜ ਦੇ ਇੰਚਾਰਜ ਰਣਜੀਤ ਸਿੰਘ ਗਿੱਲ, ਐਸਜੀਪੀਸੀ ਦੀ ਮੈਂਬਰ ਪਰਮਜੀਤ ਕੌਰ ਲਾਂਡਰਾਂ, ਪਰਮਿੰਦਰ ਸਿੰਘ ਬੈਦਵਾਨ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਰਾਣਾ, ਖੁਸ਼ਵੰਤ ਰਾਏ ਗੀਗਾ, ਸੁਖਵਿੰਦਰ ਗੋਲਡੀ ਨੇ ਵੀ ਸੰਬੋਧਨ ਕੀਤਾ। ਜਦੋਂਕਿ ਰੈਲੀ ਵਿੱਚ ਅਕਾਲੀ ਭਾਜਪਾ ਦੇ ਕੌਂਸਲਰ ਅਤੇ ਖਰੜ ਮੁਹਾਲੀ ਹਲਕੇ ਦੇ ਪਾਰਟੀ ਵਰਕਰ ਵੱਡੀ ਗਿਣਤੀ ਵਿੱਚ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

Excise and Taxation Department, Punjab Initiates Comprehensive GST Registration Drive for Dealers

Excise and Taxation Department, Punjab Initiates Comprehensive GST Registration Drive for …