ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਭਾਸ਼ਾ ਕੌਸ਼ਲ ਸਿਖਾਉਣ ਲਈ ਨਿਵੇਕਲੀ ਸ਼ੁਰੂਆਤ

ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਸਥਾਪਿਤ ਹੋਣਗੇ ਬੂਸਟਰ ਕਲੱਬ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਅਕਤੂਬਰ:
ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਛੇਵੀਂ ਤੋਂ ਬਾਰ੍ਹਵੀਂ ਜਮਾਤਾਂ ਦੇ ਵਿਦਿਆਰਥੀਆਂ ਦੇ ਗੁਣਾਤਮਿਕ ਵਿਕਾਸ ਲਈ ਨਿਵੇਕਲੀ ਪਹਿਲਕਦਮੀ ਕਰਦਿਆਂ ਅੰਗਰੇਜ਼ੀ ਬੂਸਟਰ ਕਲੱਬ ਬਣਾਉਣ ਦਾ ਫੈਸਲਾ ਕੀਤਾ ਹੈ। ਜਿਨ੍ਹਾਂ ਦਾ ਉਦੇਸ਼ ਵਿਦਿਆਰਥੀਆਂ ਵਿੱਚ ਅੰਗਰੇਜ਼ੀ ਭਾਸ਼ਾ ਦੇ ਉਚਾਰਣ ਸਮੇਂ ਝਿਜਕ ਅਤੇ ਡਰ ਖਤਮ ਕਰਨ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਭਾਸ਼ਾ ਕੌਸ਼ਲਾਂ ਵਿੱਚ ਪਰਵੀਨ ਬਣਾਉਣਾ ਹੈ। ਇਹ ਕਲੱਬ ਬਣਾਉਣ ਦੀ ਸ਼ੁਰੂਆਤ 12 ਅਕਤੂਬਰ ਤੋਂ ਕੀਤੀ ਜਾ ਰਹੀ ਹੈ। ਸਟੇਟ ਰਿਸੋਰਸ ਪਰਸਨ ਚੰਦਰ ਸ਼ੇਖਰ ਨੇ ਦੱਸਿਆ ਕਿ ਪਿਛਲੇ ਕੁਝ ਸਮੇਂ ਦੌਰਾਨ ਨਿੱਜੀ ਸਕੂਲਾਂ ’ਚੋਂ ਬਹੁਤ ਸਾਰੇ ਵਿਦਿਆਰਥੀ ਹਟ ਕੇ ਸਰਕਾਰੀ ਸਕੂਲਾਂ ਵਿੱਚ ਦਾਖਲ ਹੋਏ ਹਨ ਅਤੇ ਉਹਨਾਂ ਵਿਦਿਆਰਥੀਆਂ ਦੇ ਮਾਪਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਭਾਸ਼ਾ ਦੇ ਤਜ਼ਰਬੇਕਾਰ ਅਧਿਆਪਕਾਂ ਅਤੇ ਉਨ੍ਹਾਂ ਦੀ ਪੜ੍ਹਾਉਣ ਦੀਆਂ ਵਿਧੀਆਂ ਵਿੱਚ ਵਿਸ਼ਵਾਸ਼ ਪ੍ਰਗਟਾਇਆ ਹੈ। ਇਸੇ ਵਿਸ਼ਵਾਸ਼ ਨੂੰ ਕਾਇਮ ਰੱਖਣ ਲਈ ਸਰਕਾਰੀ ਸਕੂਲਾਂ ਦੇ ਅੰਗਰੇਜ਼ੀ ਅਧਿਆਪਕਾਂ ਨੇ ਬੂਸਟਰ ਕਲੱਬ ਬਣਾਉਣ ਦੀ ਨਿਵੇਕਲੀ ਪਹਿਲਕਦਮੀ ਕੀਤੀ ਹੈ।
ਇਸ ਸਬੰਧੀ ਅੰਗਰੇਜ਼ੀ ਦੇ ਸਟੇਟ ਰਿਸੋਰਸ ਪਰਸਨ ਚੰਦਰ ਸ਼ੇਖਰ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਦਾਖ਼ਲੇ ਵਧਾਉਣ ਸਮੇਂ ਜਦੋਂ ਉਹ ਨਿੱਜੀ ਸਕੂਲਾਂ ਦੇ ਮਾਪਿਆਂ ਨਾਲ ਗੱਲਬਾਤ ਕਰਦੇ ਸਨ ਤਾਂ ਉਨ੍ਹਾਂ ਨੂੰ ਆਮ ਸੁਣਨ ਵਿੱਚ ਮਿਲਦਾ ਸੀ ਕਿ ਸਰਕਾਰੀ ਸਕੂਲਾਂ ਦੇ ਅਧਿਆਪਕ ਅੰਗਰੇਜ਼ੀ ਵਿੱਚ ਬੱਚਿਆਂ ਦੀ ਪਕੜ ਮਜਬੂਤ ਨਹੀਂ ਕਰਵਾ ਸਕਦੇ। ਜਦੋਂ ਉਨ੍ਹਾਂ ਨੇ ਹੋਰ ਅੰਗਰੇਜ਼ੀ ਦੇ ਅਧਿਆਪਕਾਂ ਨਾਲ ਗੱਲਬਾਤ ਕੀਤੀ ਤਾਂ ਇਸ ਮੁੱਦੇ ਨੂੰ ਚੁਣੌਤੀ ਵਜੋਂ ਲੈਂਦਿਆਂ ਸਕੂਲਾਂ ਵਿੱਚ ਬੱਚਿਆਂ ਨੂੰ ਆਨਲਾਈਨ ਅੰਗਰੇਜ਼ੀ ਦਾ ਪਾਠਕ੍ਰਮ ਕਰਵਾਉਂਦੇ ਹੋਏ ਬੋਲਚਾਲ ਸਮੇਂ ਪਰਿਪੱਕਤਾ ਨਾਲ ਅੰਗਰੇਜ਼ੀ ਬੋਲਣ ਲਈ ਉਤਸ਼ਾਹਿਤ ਕੀਤਾ ਜਿਸਦੇ ਚੰਗੇ ਨਤੀਜੇ ਸਾਹਮਣੇ ਆਏ ਅਤੇ ਇਹਨਾਂ ਹੀ ਪ੍ਰਸਥਿਤੀਆਂ ਵਿੱਚੋਂ ਬੂਸਟਰ ਕਲੱਬ ਬਣਾਉਣ ਦੀ ਸੋਚ ਬਣੀ। ਜਿਸ ਸਬੰਧੀ ਅੰਗਰੇਜ਼ੀ ਅਧਿਆਪਕਾਂ ਵੱਲੋਂ 12 ਅਕਤੂਬਰ ਤੋਂ ਬੂਸਟਰ ਕਲੱਬ ਸ਼ੁਰੂ ਕੀਤੇ ਜਾ ਰਹੇ ਹਨ। ਜ਼ਿਲ੍ਹਾ ਮੈਂਟਰਜ਼ ਅਤੇ ਬਲਾਕ ਮੈਂਟਰਜ਼ ਵੱਲੋਂ ਅੰਗਰੇਜ਼ੀ ਬੂਸਟਰ ਕਲੱਬ ਤਹਿਤ ਕਰਵਾਈਆਂ ਜਾਣ ਵਾਲੀਆਂ ਗਤੀਵਿਧੀਆਂ ਦੀ ਰੂਪਰੇਖਾ ਵੀ ਤਿਆਰ ਕਰ ਲਈ ਗਈ ਹੈ।
ਇਸ ਸਬੰਧੀ ਚੰਦਰ ਸ਼ੇਖਰ ਨੇ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਬੂਸਟਰ ਕਲੱਬ ਸਥਾਪਿਤ ਕਰਨ ਦਾ ਕੰਮ ਦੋ ਪੜਾਵਾਂ ਵਿੱਚ ਹੋਵੇਗਾ। ਜਿਸਦਾ ਪਹਿਲਾ ਪੜਾਅ ਇੱਕ ਮਹੀਨੇ ਦਾ ਹੋਵੇਗਾ। ਜਿਸ ਤਹਿਤ ਸਕੂਲ, ਬਲਾਕ, ਜ਼ਿਲ੍ਹਾ ਅਤੇ ਰਾਜ ਪੱਧਰ ’ਤੇ ਬੂਸਟਰ ਕਲੱਬ ਸਥਾਪਤ ਕਰਨਾ ਅਤੇ ਇਸ ਕਲੱਬ ਵਿੱਚ ਸ਼ਾਮਲ ਬੱਚਿਆਂ ਨੂੰ ਆਡੀਓ ਅਤੇ ਹੋਰ ਸਿੱਖਣ ਸਹਾਇਕ ਸਮੱਗਰੀ ਦੀ ਵਰਤੋਂ ਕਰਕੇ ਸਥਿਤੀ ਅਨੁਸਾਰ ਸਾਧਾਰਨ ਵਾਕ ਬੋਲਣ ਲਈ ਉਤਸ਼ਾਹਿਤ ਕਰਨਾ ਹੋਵੇਗਾ। ਇਸ ਵਿੱਚ ਸਕੂਲ ਦੀ ਛੇਵੀਂ ਤੋਂ ਬਾਰ੍ਹਵੀਂ ਜਮਾਤ ਦੇ ਹਰੇਕ ਸੈਕਸ਼ਨ ਵਿੱਚੋਂ ਤਿੰਨ-ਤਿੰਨ ਵਿਦਿਆਰਥੀਆਂ ਨੂੰ ਸ਼ਾਮਲ ਕੀਤਾ ਜਾਵੇਗਾ ਅਤੇ ਬਾਅਦ ਵਿੱਚ ਇਸ ਗਿਣਤੀ ਵਿੱਚ ਵਾਧਾ ਕੀਤਾ ਜਾਵੇਗਾ। ਇਹ ਵਿਦਿਆਰਥੀ ਆਪਣੀ ਇੱਛਾ ਅਨੁਸਾਰ ਬੂਸਟਰ ਕਲੱਬ ਵਿੱਚ ਸ਼ਾਮਲ ਹੋ ਸਕਣਗੇ। ਇਨ੍ਹਾਂ ਸਕੂਲ, ਬਲਾਕ ਅਤੇ ਜ਼ਿਲ੍ਹਾ ਪੱਧਰੀ ਬੂਸਟਰ ਕਲੱਬਾਂ ਨਾਲ ਭਵਿੱਖ ਵਿੱਚ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਵਿੱਚ ਵਾਧਾ ਹੋਣ ਦੇ ਆਸਾਰ ਹਨ ਕਿਉਂਕਿ ਹਜ਼ਾਰਾਂ ਸਕੂਲਾਂ ਵਿੱਚ ਜਦੋਂ ਲੱਖਾਂ ਵਿਦਿਆਰਥੀ ਸੋਸ਼ਲ ਮੀਡੀਆ ਰਾਹੀਂ ਆਪਣੀ ਯੋਗਤਾ ਦਾ ਪ੍ਰਦਰਸ਼ਨ ਕਰਦੇ ਨਜ਼ਰ ਆਉਣਗੇ ਤਾਂ ਸਰਕਾਰੀ ਸਕੂਲਾਂ ਵਿੱਚ ਚੱਲ ਰਹੀ ਗੁਣਾਤਮਿਕ ਸਿੱਖਿਆ ਮੁਹਿੰਮ ਦਾ ਨਤੀਜਾ ਸਭਨਾਂ ਦੇ ਸਨਮੁੱਖ ਹੋਵੇਗਾ। ਇਸ ਪ੍ਰੋਜੈਕਟ ਲਈ ਸਮੂਹ ਅੰਗਰੇਜ਼ੀ ਅਧਿਆਪਕ ਬਹੁਤ ਹੀ ਜਿਆਦਾ ਉਤਸ਼ਾਹਿਤ ਹਨ ਅਤੇ ਉਨ੍ਹਾਂ ਨੂੰ ਪੂਰਨ ਭਰੋਸਾ ਹੈ ਕਿ ਇਸਦੇ ਜਲਦ ਹੀ ਚੰਗੇ ਨਤੀਜੇ ਵੀ ਸਾਹਮਣੇ ਆਉਣਗੇ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…