ਬੇਮੌਸਮੀ ਬਾਰਸ਼ ਤੇ ਗੜੇਮਾਰੀ ਨੇ ਕਿਸਾਨਾਂ ਦੇ ਸਾਹ ਸੂਤੇ, ਝਾੜ ਘਟਨ ਦਾ ਖ਼ਦਸ਼ਾ

ਨਬਜ਼-ਏ-ਪੰਜਾਬ, ਮੁਹਾਲੀ, 12 ਅਪਰੈਲ:
ਪੰਜਾਬ ਵਿੱਚ ਹਾੜ੍ਹੀ ਦਾ ਸੀਜ਼ਨ ਸ਼ੁਰੂ ਹੋ ਚੁੱਕਾ ਹੈ ਅਤੇ ਕਿਸਾਨ ਕਣਕ ਦੀ ਵਾਢੀ ਕਰਨ ਵਿੱਚ ਜੁੱਟ ਗਏ ਹਨ ਅਤੇ ਮੰਡੀਆਂ ਵਿੱਚ ਅਨਾਜ ਆਉਣਾ ਸ਼ੁਰੂ ਹੋ ਗਿਆ ਹੈ। ਕਿਸਾਨਾਂ ਨੂੰ ਐਤਕੀਂ ਪਹਿਲਾਂ ਨਾਲੋਂ ਵੱਧ ਝਾੜ ਨਿਕਲਣ ਦੀ ਆਸ ਹੈ ਪ੍ਰੰਤੂ ਅੱਜ ਅਚਾਨਕ ਕਾਫ਼ੀ ਥਾਵਾਂ ’ਤੇ ਮੀਂਹ ਪੈਣ, ਤੇਜ਼ ਹਵਾਵਾਂ ਚੱਲਣ ਕਾਰਨ ਕਿਸਾਨਾਂ ਦੇ ਸਾਹ ਸੂਤੇ ਗਏ ਹਨ। ਕਈ ਥਾਵਾਂ ’ਤੇ ਗੜੇ ਪੈਣ ਦੀ ਵੀ ਸੂਚਨਾ ਹੈ। ਬਾਰਸ਼ ਅਤੇ ਖ਼ਰਾਬ ਮੌਸਮ ਕਾਰਨ ਹੁਣ ਵਾਢੀ ਦਾ ਕੰਮ ਪਛੜ ਸਕਦਾ ਹੈ। ਮੰਡੀਆਂ ਵਿੱਚ ਵਿਕਣ ਆਈ ਫ਼ਸਲ ਅਤੇ ਖੇਤਾਂ ਵਿੱਚ ਖੜੀ ਪੱਕੀ ਫ਼ਸਲ ਨੂੰ ਵੀ ਨੁਕਸਾਨ ਪਹੁੰਚ ਸਕਦਾ ਹੈ।
ਕਿਸਾਨ ਯੂਨੀਅਨ (ਰਾਜੇਵਾਲ) ਦੇ ਜ਼ਿਲ੍ਹਾ ਪ੍ਰਧਾਨ ਕਿਰਪਾਲ ਸਿਆਊ, ਕਿਸਾਨ ਯੂਨੀਅਨ (ਲੱਖੋਵਾਲ) ਦੇ ਜ਼ਿਲ੍ਹਾ ਜਨਰਲ ਸਕੱਤਰ ਜਸਪਾਲ ਸਿੰਘ ਨਿਆਮੀਆਂ, ਕਿਸਾਨ ਤੇ ਜਵਾਨ ਭਲਾਈ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਪੂਨੀਆ ਅਤੇ ਬਲਜਿੰਦਰ ਸਿੰਘ ਭਾਗੋਮਾਜਰਾ ਅਤੇ ਕੁਲਵੰਤ ਸਿੰਘ ਤ੍ਰਿਪੜੀ ਨੇ ਕਿਹਾ ਕਿ ਅੱਜ ਅਚਾਨਕ ਹੋਈ ਤੇਜ਼ ਬਾਰਸ਼ ਅਤੇ ਗੜੇਮਾਰੀ ਨਾਲ ਪੱਕੀ ਫ਼ਸਲ ਨੂੰ ਕਾਫ਼ੀ ਨੁਕਸਾਨ ਹੋਇਆ ਹੈ। ਉਨ੍ਹਾਂ ਮੰਡੀਆਂ ਵਿੱਚ ਪੁਖ਼ਤਾ ਪ੍ਰਬੰਧਾਂ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਜ਼ਿਆਦਾਤਰ ਮੰਡੀਆਂ ਵਿੱਚ ਫਟੀਆਂ ਪੁਰਾਣੀਆਂ ਤਰਪਾਲਾਂ ਹਨ। ਜਿਸ ਕਾਰਨ ਮੀਂਹ ਦੇ ਪਾਣੀ ਨਾਲ ਕਣਕ ਦੀਆਂ ਬੋਰੀਆਂ ਅਤੇ ਮੰਡੀ ਵਿੱਚ ਖੁੱਲ੍ਹੇ ਵਿੱਚ ਪਈ ਫ਼ਸਲ ਨੁਕਸਾਨੀ ਗਈ ਹੈ। ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਹੀ ਮੌਸਮ ਖ਼ਰਾਬ ਹੋਣ ਦੇ ਆਸਾਰ ਬਾਰੇ ਅਗਾਊਂ ਸੂਚਨਾ ਦਿੱਤੀ ਸੀ ਪ੍ਰੰਤੂ ਅਧਿਕਾਰੀਆਂ ਨੇ ਇਸ ਗੱਲ ਨੂੰ ਬਹੁਤੀ ਤਵੱਜੋ ਨਹੀਂ ਦਿੱਤੀ। ਕਿਸਾਨਾਂ ਨੇ ਬਾਰਸ਼ ਕਾਰਨ ਕਣਕ ਦੇ ਝਾੜ ’ਤੇ ਮਾੜਾ ਅਸਰ ਪੈ ਸਕਦਾ ਹੈ। ਉਨ੍ਹਾਂ ਮੰਗ ਕੀਤੀ ਕਿ ਬਾਰਸ਼ ਨਾਲ ਨੁਕਸਾਨੀਆਂ ਫ਼ਸਲਾਂ ਦਾ ਪਤਾ ਲਗਾਉਣ ਲਈ ਸਰਵੇ ਕਰਵਾਇਆ ਜਾਵੇ ਅਤੇ ਮੰਡੀਆਂ ਵਿੱਚ ਕਣਕ ਦੀ ਖ਼ਰੀਦ, ਬਾਰਦਾਨਾ ਅਤੇ ਵਧੀਆਂ ਕਿਸਮ ਦੀਆਂ ਤਰਪਾਲਾਂ ਦਾ ਪ੍ਰਬੰਧ ਕੀਤਾ ਜਾਵੇ। ਕਿਸਾਨਾਂ ਨੇ ਮੰਗ ਕੀਤੀ ਕਿ ਨੁਕਸਾਨੀਆਂ ਫ਼ਸਲਾਂ ਦਾ ਯੋਗ ਮੁਆਵਜ਼ਾ ਦਿੱਤਾ ਜਾਵੇ ਅਤੇ ਖ਼ਰੀਦੀ ਜਾ ਰਹੀ ਫ਼ਸਲ ਦਾ ਨਾਲੋ-ਨਾਲ ਭੁਗਤਾਨ ਯਕੀਨੀ ਬਣਾਇਆ ਜਾਵੇ।

Load More Related Articles

Check Also

ਵਿਜੀਲੈਂਸ ਬਿਊਰੋ ਵੱਲੋਂ ਚੌਂਕੀ ਇੰਚਾਰਜ 80 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਚੌਂਕੀ ਇੰਚਾਰਜ 80 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਗ੍ਰਿਫ਼ਤਾਰ ਨਬਜ਼-ਏ-ਪੰਜਾਬ…