
ਬੇਮੌਸਮੀ ਬਾਰਸ਼: ਕਿਸਾਨਾਂ ਦੀਆਂ ਨੁਕਸਾਨੀਆਂ ਫ਼ਸਲਾਂ ਦਾ ਜਲਦੀ ਮਿਲੇਗਾ ਮੁਆਵਜ਼ਾ: ਕੁਲਵੰਤ ਸਿੰਘ
ਵਿਧਾਇਕ ਕੁਲਵੰਤ ਸਿੰਘ ਨੇ ਵੱਖ-ਵੱਖ ਪਿੰਡਾਂ ਦਾ ਤੂਫ਼ਾਨੀ ਦੌਰਾ ਕਰਕੇ ਲਿਆ ਜਾਇਜ਼ਾ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਅਪਰੈਲ:
ਮੁਹਾਲੀ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਬੇਮੌਸਮੀ ਮਬਾਰਸ਼ ਨਾਲ ਇਲਾਕੇ ਦੇ ਕਿਸਾਨਾਂ ਦੀ ਚਾਵਾਂ ਨਾਲ ਪਾਲੀ ਹੋਈ ਕਣਕ ਫਸਲ ਸਮੇਤ ਹਰਾ ਚਾਰਾ ਅਤੇ ਸਬਜ਼ੀਆਂ ਦਾ ਭਾਰੀ ਨੁਕਸਾਨ ਹੋਇਆ ਹੈ। ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਹੋਏ ਇਸ ਨੁਕਸਾਨ ਦੀ ਭਰਪਾਈ ਲਈ ਜਲਦੀ ਹੀ ਯੋਗ ਮੁਆਵਜ਼ਾ ਦਿੱਤਾ ਜਾਵੇਗਾ। ਵਿਧਾਇਕ ਕੁਲਵੰਤ ਸਿੰਘ ਨੇ ਅੱਜ ਫਸ਼ਲਾਂ ਦੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਨਜ਼ਦੀਕੀ ਪਿੰਡਾਂ ਗਾਡਾਣਾ, ਸਨੇਟਾ, ਢੇਲਪੁਰ ਅਤੇ ਹੋਰਨਾਂ ਪਿੰਡਾਂ ਦਾ ਤੂਫ਼ਾਨੀ ਦੌਰਾ ਕੀਤਾ ਅਤੇ ਕਿਸਾਨਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਕਿਸਾਨਾਂ ਦੇ ਨਾਲ ਖੜੀ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਐਸਡੀਐਮ ਸ੍ਰੀਮਤੀ ਸਰਬਜੀਤ ਕੌਰ ਅਤੇ ਰੈਵਨਿਊ ਵਿਭਾਗ ਦੇ ਅਧਿਕਾਰੀ ਵੀ ਹਾਜ਼ਰ ਸਨ।
ਵਿਧਾਇਕ ਕੁਲਵੰਤ ਸਿੰਘ ਨੇ ਕਿਸਾਨਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਇਹ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੇ ਗਿਰਦਾਵਰੀ ਦਾ ਕੰਮ ਸ਼ੁਰੂ ਕਰ ਦਿੱਤਾ ਹੈ ਅਤੇ ਕਿਸਾਨਾਂ ਦੇ ਨੁਕਸਾਨ ਦਾ ਜਲਦੀ ਹੀ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਿਸਾਨਾਂ ਨੂੰ ਮੁਆਵਜ਼ੇ ਦੀ ਰਕਮ ਅਦਾ ਕਰਨ ਲਈ ਪੂਰੇ ਪੰਜਾਬ ਵਿੱਚ ਗਿਰਦਾਵਰੀ ਦਾ ਕੰਮ ਸਮਾਂਬੱਧ ਤਰੀਕੇ ਨਾਲ ਮੁਕੰਮਲ ਕਰਨ ਅਤੇ ਕਿਸਾਨਾਂ ਨਾਲ ਮੁਲਾਕਾਤ ਕਰਕੇ ਇਸ ਕੰਮ ਨੂੰ ਪੂਰਾ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ।
ਇਸ ਮੌਕੇ ਕੁਲਦੀਪ ਸਿੰਘ, ਬਲਾਕ ਸਮਿਤੀ ਮੈਂਬਰ ਅਵਤਾਰ ਸਿੰਘ ਮੌਲੀ ਬੈਦਵਾਨ, ਸਾਬਕਾ ਕੌਂੋਲਰ ਰਾਜਿੰਦਰ ਪ੍ਰਸ਼ਾਦ ਸ਼ਰਮਾ, ਜਸਪਾਲ ਸਿੰਘ ਮਟੌਰ, ਗੁਰਚਰਨ ਸਿੰਘ, ਛੱਜਾ ਸਿੰਘ ਕੁਰੜੀ, ਮੁਖ਼ਤਿਆਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਪੰਚ-ਸਰਪੰਚ, ਨੰਬਰਦਾਰ ਅਤੇ ਕਿਸਾਨ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਹਾਜ਼ਰ ਸਨ।