ਬੇਮੌਸਮੀ ਬਾਰਸ਼: ਗਿਰਦਾਵਰੀ ਦਾ ਕੰਮ ਮੁਕੰਮਲ, ਮੁਆਵਜ਼ੇ ਦਾ ਸਿੱਧਾ ਭੁਗਤਾਨ 13 ਅਪਰੈਲ ਤੋਂ: ਏਡੀਸੀ ਬਰਾੜ

ਮਾਲ ਵਿਭਾਗ ਦੇ ਲੰਬਿਤ ਕੇਸਾਂ ਦੇ ਛੇਤੀ ਨਿਪਟਾਰੇ ਲਈ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਅਪਰੈਲ:
ਮੁਹਾਲੀ ਦੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀਮਤੀ ਅਮਨਿੰਦਰ ਕੌਰ ਬਰਾੜ ਨੇ ਦੱਸਿਆ ਕਿ ਬੇਮੌਸਮੀ ਬਾਰਸ਼ ਅਤੇ ਗੜੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਦਾ ਪੀੜਤ ਕਿਸਾਨਾਂ ਨੂੰ ਯੋਗ ਮੁਆਵਜ਼ਾ ਦੇਣ ਲਈ ਮੁਹਾਲੀ ਜ਼ਿਲ੍ਹੇ ਵਿੱਚ ਗਿਰਦਾਵਰੀ ਦਾ ਕੰਮ ਮੁਕੰਮਲ ਕਰ ਲਿਆ ਗਿਆ ਹੈ ਅਤੇ ਭਲਕੇ 13 ਅਪਰੈਲ ਤੋਂ ਮੁਆਵਜ਼ੇ ਦੇ ਭੁਗਤਾਨ ਦਾ ਕੰਮ ਸ਼ੁਰੂ ਕੀਤਾ ਜਾਵੇਗਾ। ਨਾਲ ਹੀ ਉਨ੍ਹਾਂ ਨੇ ਮਾਲ ਵਿਭਾਗ ਦੇ ਲੰਬਿਤ ਪਏ ਕੇਸਾਂ ਦੇ ਛੇਤੀ ਨਿਪਟਾਰੇ ਲਈ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ।
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਸ੍ਰੀਮਤੀ ਬਰਾੜ ਨੇ ਮੁਹਾਲੀ ਜ਼ਿਲ੍ਹੇ ਦੇ ਮਾਲ ਵਿਭਾਗ ਦੇ ਕੰਮਾਂ ਕਾਰਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਲੰਬਿਤ ਪਏ ਕੇਸਾਂ ਨੂੰ ਗੰਭੀਰਤਾ ਨਾਲ ਲੈਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਬਕਾਇਆ ਕੇਸਾਂ ਦਾ ਨਿਬੇੜਾ ਨਿਰਧਾਰਿਤ ਸਮੇਂ ਵਿੱਚ ਮੁਕੰਮਲ ਕਰਨ ਦੀਆਂ ਹਦਾਇਤਾਂ ਵੀ ਜਾਰੀ ਕੀਤੀਆਂ। ਏਡੀਸੀ ਨੇ ਸਖ਼ਤੀ ਨਾਲ ਕਿਹਾ ਕਿ ਮਾਲ ਵਿਭਾਗ ਸਾਰੇ ਕੰਮ ਮਿੱਥੇ ਸਮੇਂ ਵਿੱਚ ਹੋਣੇ ਚਾਹੀਦੇ ਹਨ ਅਤੇ ਇਸ ਸਬੰਧੀ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਆਉਣੀ ਚਾਹੀਦੀ। ਉਨ੍ਹਾਂ ਕਿਹਾ ਕਿ ਮਾਲ ਅਧਿਕਾਰੀਆਂ ਦੀ ਲੇਟਲਤੀਫ਼ੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਉਨ੍ਹਾਂ ਨੇ ਨਿਸ਼ਾਨਦੇਹੀਆਂ, ਤਕਸੀਮ, ਫ਼ੌਜਦਾਰੀ ਕੇਸਾਂ, ਝਗੜੇ ਰਹਿਤ ਇੰਤਕਾਲਾਂ, ਝਗੜੇ ਵਾਲੇ ਇੰਤਕਾਲਾਂ, ਆਦਿ ਕੇਸਾਂ ਦਾ ਨਿਪਟਾਰਾ ਛੇਤੀ ਕਰਨ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਇੰਤਕਾਲਾਂ ਸਬੰਧੀ ਵੈਰੀਫਿਕੇਸ਼ਨ ਤੇ ਹੋਰ ਬਕਾਇਆ ਕਾਰਜ ਜਲਦੀ ਪੂਰੇ ਕੀਤੇ ਜਾਣ। ਇਸ ਤੋਂ ਇਲਾਵਾ ਉਨ੍ਹਾਂ ਨੇ ਪਿੰਡਾਂ ਦੇ ਲਾਲ ਲਕੀਰ ਦੇ ਅੰਦਰ ਆਉਂਦੇ ਮਕਾਨਾਂ ਦੀਆਂ ਰਜਿਸਟਰੀਆਂ ਸਬੰਧੀ ਨਕਸ਼ੇ ਪੂਰੀ ਤਰ੍ਹਾਂ ਦਰੁਸਤ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ। ਸ੍ਰੀਮਤੀ ਬਰਾੜ ਨੇ ਪਟਵਾਰੀਆਂ ਦੇ ਰਿਕਾਰਡ ਦੀ ਵੀ ਸਮੇਂ-ਸਮੇਂ ’ਤੇ ਚੈਕਿੰਗ ਕਰਨ ਦੇ ਆਦੇਸ਼ ਦਿੱਤੇ। ਇਸ ਮੌਕੇ ਐਸਡੀਐਮ ਖਰੜ ਰਵਿੰਦਰ ਸਿੰਘ ਅਤੇ ਐਸਡੀਐਮ ਡੇਰਾਬੱਸੀ ਹਿਮਾਂਸ਼ੂ ਗੁਪਤਾ ਸਮੇਤ ਮਾਲ ਵਿਭਾਗ ਦੇ ਹੋਰ ਅਧਿਕਾਰੀ ਮੌਜੂਦ ਸਨ।

Load More Related Articles

Check Also

ਵਿਜੀਲੈਂਸ ਬਿਊਰੋ ਵੱਲੋਂ ਚੌਂਕੀ ਇੰਚਾਰਜ 80 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਚੌਂਕੀ ਇੰਚਾਰਜ 80 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਗ੍ਰਿਫ਼ਤਾਰ ਨਬਜ਼-ਏ-ਪੰਜਾਬ…