ਭਾਗੋਮਾਜਰਾ ਮੰਡੀ ਵਿੱਚ ਹੰਗਾਮਾ: ਕਿਸਾਨਾਂ ਨੇ ਆੜ੍ਹਤੀ ਨੂੰ ਵੱਧ ਤੋਲਦੇ ਹੋਏ ਫੜਿਆ

ਨਬਜ਼-ਏ-ਪੰਜਾਬ, ਮੁਹਾਲੀ, 14 ਅਕਤੂਬਰ:
ਇੱਥੋਂ ਦੇ ਨਜ਼ਦੀਕੀ ਪਿੰਡ ਭਾਗੋਮਾਜਰਾ ਮੰਡੀ ਵਿੱਚ ਅੱਜ ਸ਼ਾਮ ਨੂੰ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਜ਼ਿਲ੍ਹਾ ਪ੍ਰਧਾਨ ਕਿਰਪਾਲ ਸਿੰਘ ਸਿਆਊ ਅਤੇ ਜਨਰਲ ਸਕੱਤਰ ਲਖਵਿੰਦਰ ਸਿੰਘ ਕਰਾਲਾ ਤੇ ਹੋਰਨਾਂ ਕਿਸਾਨਾਂ ਨੇ ਇੱਕ ਆੜ੍ਹਤੀ ਨੂੰ ਝੋਨੇ ਦੀ ਖ਼ਰੀਦ ਦੌਰਾਨ ਵੱਧ ਤੋਲਦੇ ਹੋਏ ਰੰਗੇ ਹੱਥੀਂ ਫੜ ਲਿਆ। ਇਸ ਸਬੰਧੀ ਕਿਸਾਨਾਂ ਨੇ ਮਾਰਕੀਟ ਕਮੇਟੀ ਮੁਹਾਲੀ ਨੂੰ ਲਿਖਤੀ ਸ਼ਿਕਾਇਤ ਦੇ ਕੇ ਸਬੰਧਤ ਆੜ੍ਹਤੀ ਖ਼ਿਲਾਫ਼ ਸਖ਼ਤ ਕਾਰਵਾਈ ਅਤੇ ਉਸ ਦਾ ਫੌਰੀ ਲਾਇਸੈਂਸ ਰੱਦ ਕਰਨ ਦੀ ਮੰਗ ਕੀਤੀ ਹੈ।
ਕਿਸਾਨ ਆਗੂ ਕਿਰਪਾਲ ਸਿੰਘ ਸਿਆਊ ਅਤੇ ਲਖਵਿੰਦਰ ਸਿੰਘ ਕਰਾਲਾ ਨੇ ਦੱਸਿਆ ਕਿ ਅੱਜ ਸ਼ਾਮ ਨੂੰ ਉਹ ਆਪਣੀ ਟੀਮ ਭਾਗੋਮਾਜਰਾ ਮੰਡੀ ਵਿੱਚ ਪਹੁੰਚੇ ਅਤੇ ਝੋਨੇ ਦੀ ਖ਼ਰੀਦ ਦਾ ਜਾਇਜ਼ਾ ਲਿਆ। ਇਸ ਦੌਰਾਨ ਇੱਕ ਆੜ੍ਹਤੀ ਨੂੰ ਝੋਨੇ ਦੇ ਥੈਲਿਆਂ ਦੀ ਤੁਲਾਈ ਸਮੇਂ ਵੱਧ ਤੋਲਦੇ ਹੋਏ ਫੜਿਆ ਗਿਆ। ਕਿਸਾਨਾਂ ਨੇ ਦੱਸਿਆ ਕਿ ਜਾਂਚ ਦੌਰਾਨ ਇੱਕ ਥੈਲੇ ਪਿੱਛੇ ਡੇਢ ਤੋਂ ਪੌਣੇ ਦੋ ਕਿੱਲੋ ਵਜ਼ਨ ਵੱਧ ਪਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਆੜ੍ਹਤੀ ਦੇ ਤਿੰਨੇ ਕੰਡਿਆਂ ਦੀ ਜਾਂਚ ਕੀਤੀ ਗਈ ਅਤੇ ਦੋ ਕੰਡੇ ਖ਼ਰਾਬ ਪਾਏ ਗਏ। ਉਨ੍ਹਾਂ ਕਿਹਾ ਕਿ ਅਨਾਜ ਮੰਡੀਆਂ ਵਿੱਚ ਕਿਸਾਨਾਂ ਦੀ ਸ਼ਰ੍ਹੇਆਮ ਲੁੱਟ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਬਾਕੀ ਮੰਡੀਆਂ ਵਿੱਚ ਕੰਡਿਆਂ ਦੀ ਜਾਂਚ ਕਰਨ ਦੀ ਸਖ਼ਤ ਲੋੜ ਹੈ।
ਉਧਰ, ਇਸ ਸਬੰਧੀ ਮਾਰਕੀਟ ਕਮੇਟੀ ਦੇ ਸਕੱਤਰ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ। ਲਗਾਤਾਰ ਕਈ ਫੋਨ ਕੀਤੇ ਗਏ। ਟੈਕਸ ਮੈਸੇਜ ਅਤੇ ਵਸਟਅੱਪ ’ਤੇ ਮੈਸੇਜ ਵੀ ਭੇਜੇ ਗਏ। ਇਸ ਦੇ ਬਾਵਜੂਦ ਸਕੱਤਰ ਨੇ ਫੋਨ ਨਹੀਂ ਚੁੱਕਿਆ। ਉਪਰੰਤ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਪ੍ਰੰਤੂ ਉਨ੍ਹਾਂ ਨੇ ਵੀ ਫੋਨ ਨਹੀਂ ਚੁੱਕਿਆ।
ਉਧਰ, ਕਿਸਾਨਾਂ ਦੇ ਦੱਸਣ ਅਨੁਸਾਰ ਸਬੰਧਤ ਆੜ੍ਹਤੀ ਨੂੰ ਮੌਕੇ ’ਤੇ ਹੀ ਤਿੰਨ ਹਜ਼ਾਰ ਰੁਪਏ ਅਤੇ ਕੰਡੇ ਵਾਲੇ ਨੂੰ ਇੱਕ ਹਜ਼ਾਰ ਰੁਪਏ ਜੁਰਮਾਨਾ ਕੀਤਾ ਗਿਆ ਹੈ। ਇਸ ਮੌਕੇ ਮਨਜੀਤ ਸਿੰਘ ਤੰਗੋਰੀ, ਅਮਰੀਕ ਸਿੰਘ, ਗੁਰਵਿੰਦਰ ਸਿੰਘ ਤੇ ਨਰਿੰਦਰ ਸਿੰਘ ਸਿਆਊ, ਯਾਦਵਿੰਦਰ ਸਿੰਘ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਵੈਟਰਨਰੀ ਡਾਕਟਰਾਂ ਨੇ ਪ੍ਰਮੁੱਖ ਸਕੱਤਰ ਦੇ ਭਰੋਸੇ ਮਗਰੋਂ ਜ਼ਿਲ੍ਹਾ ਪੱਧਰੀ ਧਰਨੇ ਦੇਣ ਦਾ ਪ੍ਰੋਗਰਾਮ ਮੁਲਤਵੀ

ਵੈਟਰਨਰੀ ਡਾਕਟਰਾਂ ਨੇ ਪ੍ਰਮੁੱਖ ਸਕੱਤਰ ਦੇ ਭਰੋਸੇ ਮਗਰੋਂ ਜ਼ਿਲ੍ਹਾ ਪੱਧਰੀ ਧਰਨੇ ਦੇਣ ਦਾ ਪ੍ਰੋਗਰਾਮ ਮੁਲਤਵੀ ਪ…