ਠੇਕੇਦਾਰਾਂ ਤੋਂ ਕਮਿਸ਼ਨ ਲੈਣ ਅਤੇ ਵਿੱਤ ਤੇ ਠੇਕਾ ਕਮੇਟੀ ਨੂੰ ਹਾਊਸ ਦੀਆਂ ਪਾਵਰਾਂ ਦੇਣ ਦੇ ਮੁੱਦੇ ’ਤੇ ਹੰਗਾਮਾ

ਵਿਧਾਇਕ ਕੁਲਵੰਤ ਸਿੰਘ ਨੇ ਕਮਿਸ਼ਨ ਲੈਣ ਦੇ ਮਾਮਲੇ ਦੀ ਵਿਜੀਲੈਂਸ ਤੋਂ ਜਾਂਚ ਕਰਵਾਉਣ ਦੀ ਗੱਲ ਕਹੀ

ਵਿੱਤ ਤੇ ਠੇਕਾ ਕਮੇਟੀ ਦੀਆਂ ਪਾਵਰਾਂ ਵਾਪਸ ਲੈਣ ਲਈ ਵਿਰੋਧੀ ਧਿਰ ਨੇ ਦਿੱਤਾ ਨੋਟਿਸ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਜੁਲਾਈ:
ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਦੀ ਪ੍ਰਧਾਨਗੀ ਹੇਠ ਅੱਜ ਹੋਈ ਨਗਰ ਨਿਗਮ ਦੀ ਮੀਟਿੰਗ ਵਿੱਚ ਠੇਕੇਦਾਰਾਂ ਤੋਂ ਕਥਿਤ ਕਮਿਸ਼ਨ ਲੈਣ ਅਤੇ ਵਿੱਤ ਤੇ ਠੇਕਾ ਕਮੇਟੀ ਨੂੰ ਲੋੜ ਤੋਂ ਵੱਧ ਹਾਊਸ ਦੀਆਂ ਪਾਵਰਾਂ ਦੇਣ ਦੇ ਮੁੱਦੇ ’ਤੇ ਜ਼ਬਰਦਸਤ ਹੰਗਾਮਾ ਹੋਇਆ। ਕੁਲਵੰਤ ਸਿੰਘ ਨੇ ਵਿਧਾਇਕ ਚੁਣੇ ਜਾਣ ਤੋਂ ਬਾਅਦ ਪਹਿਲੀ ਵਾਰ ਮੀਟਿੰਗ ਅਟੈਂਡ ਕੀਤੀ। ਮੇਅਰ ਜੀਤੀ ਸਿੱਧੂ, ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ ਅਤੇ ਡਿਪਟੀ ਮੇਅਰ ਕੁਲਜੀਤ ਬੇਦੀ ਨੇ ਉਨ੍ਹਾਂ ਨੂੰ ਬੁੱਕੇ ਭੇਟ ਕਰਕੇ ਸਵਾਗਤ ਕੀਤਾ। ਸਾਬਕਾ ਡਿਪਟੀ ਮੇਅਰ ਮਨਜੀਤ ਸਿੰਘ ਸੇਠੀ ਨੇ ਕਮਿਸ਼ਨ ਲੈਣ ਦਾ ਮੁੱਦਾ ਚੁੱਕਦਿਆਂ ਜ਼ਿੰਮੇਵਾਰ ਅਫ਼ਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ। ਸੇਠੀ ਦੀ ਇਸ ਮੰਗ ’ਤੇ ਵਿਧਾਇਕ ਕੁਲਵੰਤ ਸਿੰਘ ਨੇ ਸਮੁੱਚੇ ਮਾਮਲੇ ਦੀ ਵਿਜੀਲੈਂਸ ਤੋਂ ਜਾਂਚ ਕਰਵਾਉਣ ਦਾ ਭਰੋਸਾ ਦਿੱਤਾ।
ਮੀਟਿੰਗ ਵਿੱਚ ਮੇਅਰ ਨੂੰ ਲੋੜ ਤੋਂ ਵੱਧ ਹਾਊਸ ਦੀਆਂ ਪਾਵਰਾਂ ਦੇਣ ਦਾ ਮੁੱਦਾ ਬੜੇ ਜ਼ੋਰਾਂ ਸ਼ੋਰਾਂ ਨਾਲ ਚੁੱਕਿਆ ਗਿਆ। ਵਿਰੋਧੀ ਧਿਰ ਦੇ ਮੈਂਬਰ ਸੁਖਦੇਵ ਸਿੰਘ ਪਟਵਾਰੀ ਨੇ ਕਿਹਾ ਕਿ ਕਮੇਟੀ ਨੂੰ 1 ਕਰੋੜ ਰੁਪਏ ਖ਼ਰਚ ਕਰਨ ਦੀ ਤਾਕਤ ਦੇਣਾ ਗਲਤ ਹੈ, ਸਾਰੇ ਵਿਕਾਸ ਕੰਮ ਹਾਊਸ ਵਿੱਚ ਹੀ ਪਾਸ ਕੀਤੇ ਜਾਣ ਕਿਉਂਕਿ ਅਜਿਹਾ ਕਰਕੇ ਲੋਕਾਂ ਦੇ ਚੁਣੇ ਹੋਏ ਨੁਮਾਇੰਦਿਆਂ ਦੇ ਹੱਕਾਂ ’ਤੇ ਡਾਕਾ ਮਾਰਿਆ ਜਾ ਰਿਹਾ ਹੈ। ਵਿਰੋਧੀ ਧਿਰ ਨੇ ਇਸ ਮੁੱਦੇ ’ਤੇ ਆਪਣੇ ਨਾਲ 26 ਮੈਂਬਰ ਹੋਣ ਦਾ ਦਾਅਵਾ ਕੀਤਾ, ਪ੍ਰੰਤੂ ਨਾਲ ਹੀ ਜੀਤੀ ਸਿੱਧੂ ਨੇ ਵੀ 27 ਮੈਂਬਰ ਉਨ੍ਹਾਂ ਦੇ (ਮੇਅਰ) ਹੱਕ ਵਿੱਚ ਹੋਣ ਦਾ ਦਾਅਵਾ ਕਰਦਿਆਂ ਸੂਚੀ ਸੋਸ਼ਲ ਮੀਡੀਆ ’ਤੇ ਅਪਲੋਡ ਕਰ ਦਿੱਤੀ। ਕਹਿਣ ਤੋਂ ਭਾਵ ਵਿਧਾਇਕ ਦੇ ਦਖ਼ਲ ਨਾਲ ਹੁਣ ਨਗਰ ਨਿਗਮ ਵਿੱਚ ਸਿਆਸਤ ਪੂਰੀ ਤਰ੍ਹਾਂ ਭਖ ਗਈ ਹੈ ਅਤੇ ਅੰਦਰਖਾਤੇ ਮੇਅਰ ਨੂੰ ਲਾਂਭੇ ਕਰਨ ਦੀਆਂ ਚਾਲਾਂ ਉਨ੍ਹਾਂ ਦੇ ਆਪਣੇ ਹੀ ਕਰ ਰਹੇ ਹਨ। ਮੁਹਾਲੀ ਵਿੱਚ ਕੁੱਲ 50 ਕੌਂਸਲਰ ਹਨ। ਜਿਨ੍ਹਾਂ ’ਚੋਂ ਵੀ 3 ਮੈਂਬਰ ਗੈਰਹਾਜ਼ਰ ਸਨ। ਵਿਰੋਧੀ ਧਿਰ ਨੇ ਮੇਅਰ ’ਤੇ ਆਪਣੀ ਤਾਕਤ ਦੀ ਦੁਰਵਰਤੋਂ ਅਤੇ ਵਿਕਾਸ ਕੰਮਾਂ ਵਿੱਚ ਵਿਰੋਧੀਆਂ ਦੇ ਵਾਰਡਾਂ ਨਾਲ ਅਣਦੇਖੀ ਕਰਨ ਦਾ ਦੋਸ਼ ਲਾਇਆ।
ਵਿਰੋਧੀ ਧਿਰ ਨੇ ਦੋਸ਼ ਲਾਇਆ ਕਿ ਵਿੱਤ ਤੇ ਠੇਕਾ ਕਮੇਟੀ ਨੂੰ ਵੱਧ ਪਾਵਰਾਂ ਦੇਣ ਨਾਲ ਮੇਅਰ ਮਨਮਰਜ਼ੀ ਨਾਲ ਵਿਕਾਸ ਕੰਮ ਪਾਸ ਕਰਦੇ ਹਨ ਅਤੇ ਇਸ ਕਮੇਟੀ ਨੂੰ ਪਾਸ ਕੀਤੇ ਕੰਮਾਂ ਲਈ ਸਥਾਨਕ ਸਰਕਾਰ ਵਿਭਾਗ ਕੋਲ ਵੀ ਨਹੀਂ ਜਾਣਾ ਪੈਂਦਾ ਬਲਕਿ ਕਮੇਟੀ ਦੀਆਂ ਮੀਟਿੰਗਾਂ ਦੀ ਕਾਰਵਾਈ ਬਹੁਸੰਮਤੀ ਨਾਲ ਹਾਊਸ ਵਿੱਚ ਪੁਸ਼ਟੀ ਕਰਵਾ ਲਈ ਜਾਂਦੀ ਹੈ। ਅੇਡਵੋਕੇਟ ਨਰਪਿੰਦਰ ਸਿੰਘ ਰੰਗੀ ਨੇ ਵੀ ਆਪਣੇ ਵਾਰਡ ਵਿੱਚ ਹੋਣ ਵਾਲੇ ਕੰਮਾਂ ਸਮੇਤ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਦਾ ਪਿਟਾਰਾ ਖੋਲ੍ਹ ਕੇ ਰੱਖ ਦਿੱਤਾ। ਬੀਬੀ ਗੁਰਮੀਤ ਕੌਰ ਨੇ ਵੀ ਉਸ ਦੇ ਵਾਰਡ ਵਿੱਚ ਵਿਕਾਸ ਕੰਮਾਂ ਵਿੱਚ ਪੱਖਪਾਤ ਕਰਨ ਦਾ ਦੋਸ਼ ਲਾਇਆ।
ਸਾਬਕਾ ਸੀਨੀਅਰ ਡਿਪਟੀ ਮੇਅਰ ਰਿਸ਼ਵ ਜੈਨ ਨੇ ਕਿਹਾ ਕਿ ਬਰਸਾਤ ਦੌਰਾਨ ਉਨ੍ਹਾਂ ਦੇ ਇਲਾਕੇ ਵਿੱਚ ਪਾਣੀ ਜਮ੍ਹਾ ਹੋਣ ਨਾਲ ਲੋਕਾਂ ਦਾ ਕਾਫ਼ੀ ਨੁਕਸਾਨ ਹੋਇਆ ਹੈ। ਉਨ੍ਹਾਂ ਨੇ ਜਲ ਨਿਕਾਸੀ ਲਈ 1.17 ਕਰੋੜ ਦਾ ਮਤਾ ਪਾਸ ਕਰਵਾਇਆ ਸੀ ਪ੍ਰੰਤੂ ਇਹ ਕੰਮ ਵਿਚਾਲੇ ਹੀ ਰੋਕ ਦਿੱਤਾ ਹੈ। ਵਿੱਤ ਤੇ ਠੇਕਾ ਕਮੇਟੀ ਦੀਆਂ ਤਿੰਨ ਮੀਟਿੰਗਾਂ ਦੌਰਾਨ ਉਨ੍ਹਾਂ ਦੇ ਵਾਰਡ ਦਾ ਇੱਕ ਵੀ ਕੰਮ ਨਹੀਂ ਪਾਇਆ ਗਿਆ। ਲਿਹਾਜ਼ਾ ਇਹ ਕਮੇਟੀ ਭੰਗ ਕਰਕੇ ਸਾਰੇ ਮਤੇ ਹਾਊਸ ਵਿੱਚ ਮੈਂਬਰਾਂ ਦੀ ਰਾਇ ਨਾਲ ਪਾਸ ਕੀਤੇ ਜਾਣ। ਬੀਬੀ ਹਰਜਿੰਦਰ ਕੌਰ ਬੈਦਵਾਨ ਨੇ ਇਤਿਹਾਸਕ ਨਗਰ ਸੋਹਾਣਾ ਵਿੱਚ ਬਰਸਾਤੀ ਪਾਣੀ ਨਾਲ ਹੋਏ ਨੁਕਸਾਨ ਦਾ ਮੁੱਦਾ ਚੁੱਕਿਆ। ਉਨ੍ਹਾਂ ਕਿਹਾ ਕਿ ਸੈਕਟਰ-70 ਅਤੇ ਸੈਕਟਰ-71 ਦਾ ਬਰਸਾਤੀ ਪਾਣੀ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਸਾਹਮਣੇ ਸੜਕ ਤੋਂ ਹੁੰਦਾ ਹੋਇਆ ਪਿੰਡ ਵਿੱਚ ਦਾਖ਼ਲ ਹੋ ਜਾਂਦਾ ਹੈ। ਜਿਸ ਕਾਰਨ ਪਿੰਡ ਵਾਸੀਆਂ ਨੂੰ ਬਹੁਤ ਸਾਰੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਮੀਟਿੰਗਾਂ ਵਿੱਚ ਵਾਰ ਵਾਰ ਮੁੱਦੇ ਚੁੱਕੇ ਜਾਣ ’ਤੇ ਵੀ ਮੇਅਰ ਅਤੇ ਅਧਿਕਾਰੀ ਧਿਆਨ ਨਹੀਂ ਦਿੰਦੇ। ਇਸ ਤੋਂ ਪਹਿਲਾਂ ਉਸ ਦੇ ਪਤੀ ਪਰਵਿੰਦਰ ਸਿੰਘ ਸੋਹਾਣਾ ਵੀ ਲਗਾਤਾਰ ਮੀਟਿੰਗਾਂ ਵਿੱਚ ਵਿਕਾਸ ਕੰਮਾਂ ਦੇ ਮੁੱਦੇ ਚੁੱਕਦੇ ਰਹੇ ਹਨ ਅਤੇ ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਕਰਦੇ ਰਹੇ ਹਨ ਪ੍ਰੰਤੂ ਹੁਣ ਤੱਕ ਕੋਈ ਕਾਰਵਾਈ ਨਹੀਂ ਹੋਈ। ਇਸੇ ਦੌਰਾਨ ਫੇਜ਼-1 ਦੀ ਕੌਂਸਲਰ ਗੁਰਮੀਤ ਕੌਰ ਨੇ ਵੀ ਉਸ ਦੇ ਵਾਰਡ ਵਿੱਚ ਵਿਕਾਸ ਕੰਮਾਂ ਵਿੱਚ ਪੱਖਪਾਤ ਕਰਨ ਦਾ ਦੋਸ਼ ਲਾਇਆ। ਇਸ ਤਰ੍ਹਾਂ ਰੌਲੇ ਰੱਪੇ ਦੌਰਾਨ ਕਾਬਜ਼ ਧਿਰ ਨੇ ਬਹੁਸੰਮਤੀ ਨਾਲ ਮਤੇ ਪਾਸ ਕਰ ਦਿੱਤੇ ਗਏ। ਕਾਂਗਰਸ ਦੇ ਕਈ ਕੌਂਸਲਰਾਂ ਨੇ ਮੇਅਰ ਖ਼ਿਲਾਫ਼ ਵਿਰੋਧੀ ਧਿਰ ਦਾ ਸਾਥ ਦਿੱਤਾ।

ਇਸ ਮੀਟਿੰਗ ਦੌਰਾਨ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਉਹ 5 ਸਾਲ ਮੇਅਰ ਵਜੋਂ ਕੰਮ ਕਰ ਚੁੱਕੇ ਹਨ। ਉਨ੍ਹਾਂ ਨੇ ਹਮੇਸ਼ਾ ਸ਼ਹਿਰ ਦੇ ਵਿਕਾਸ ਨੂੰ ਤਰਜੀਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਨਗਰ ਨਿਗਮ ਦਾ ਕੰਮ ਸਿਆਸਤ ਤੋਂ ਉੱਤੇ ਉੱਠ ਕੇ ਸ਼ਹਿਰ ਦਾ ਵਿਕਾਸ ਕਰਨਾ ਹੈ। ਉਨ੍ਹਾਂ ਕਿਹਾ ਕਿ ਉਹ ਖ਼ੁਦ ਹਮੇਸ਼ਾ ਵਿਕਾਸ ਨੂੰ ਤਰਜੀਹ ਦਿੰਦੇ ਹਨ। ਮੁਹਾਲੀ ਨਗਰ ਨਿਗਮ ਦੀ ਹੰਗਾਮਾ ਭਰਪੂਰ ਮੀਟਿੰਗ ਤੋਂ ਬਾਅਦ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਕਾਰਜਕਾਲ ਦੌਰਾਨ ਸਾਰੇ ਕੌਂਸਲਰਾਂ ਦੇ ਕੰਮ ਬਿਨਾ ਕਿਸੇ ਪੱਖਪਾਤ ਤੋਂ ਕੀਤੇ ਜਾਂਦੇ ਸਨ ਪ੍ਰੰਤੂ ਮੌਜੂਦਾ ਸਮੇਂ ਵਿੱਚ ਵਿਰੋਧੀ ਧਿਰ ਦੇ ਕੌਂਸਲਰਾਂ ਨਾਲ ਸਿਰੇ ਦਾ ਪੱਖਪਾਤ ਹੋ ਰਿਹਾ ਹੈ। ਜਿਸ ਕਾਰਨ ਸ਼ਹਿਰ ਵਾਸੀ ਬਦਲਾਅ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਬਹੁਤ ਛੇਤੀ ਬਦਲਾਅ ਹੋਵੇਗਾ ਅਤੇ ਸ਼ਹਿਰ ਦੇ ਹੱਕ ਵਿੱਚ ਫੈਸਲਾ ਆਵੇਗਾ।

ਉਧਰ, ਮੇਅਰ ਜੀਤੀ ਸਿੱਧੂ ਨੇ ਕਿਹਾ ਕਿ ਸਾਡਾ ਟੀਚਾ ਸ਼ਹਿਰ ਦਾ ਵਿਕਾਸ ਕਰਨਾ ਹੈ। ਉਨ੍ਹਾਂ ਵਿਧਾਇਕ ਕੁਲਵੰਤ ਸਿੰਘ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਨਾਲ ਸਬੰਧਤ ਕੰਮਾਂ ਨੂੰ ਨਿੱਜੀ ਦਿਲਚਸਪੀ ਲੈ ਕੇ ਪਾਸ ਕਰਵਾਉਣ ਤਾਂ ਜੋ ਸ਼ਹਿਰ ਦਾ ਸਰਵਪੱਖੀ ਵਿਕਾਸ ਹੋ ਸਕੇ। ਮੀਟਿੰਗ ਤੋਂ ਬਾਅਦ ਨਗਰ ਮੇਅਰ ਨੇ ਕਿਹਾ ਕਿ ਉਨ੍ਹਾਂ ਕੋਲ ਮੈਂਬਰਾਂ ਦਾ ਬਹੁਮਤ ਹੈ। ਲਿਹਾਜ਼ਾ ਉਨ੍ਹਾਂ ਨੂੰ ਕੋਈ ਹਟਾ ਨਹੀਂ ਸਕਦਾ। ਉਨ੍ਹਾਂ ਦਾਅਵਾ ਕੀਤਾ ਕਿ ਅੱਜ ਹਾਜ਼ਰ 47 ਮੈਂਬਰਾਂ ’ਚੋਂ 27 ਕੌਂਸਲਰਾਂ ਨੇ ਉਨ੍ਹਾਂ ਦੇ ਹੱਕ ਵਿੱਚ ਲਿਖ ਕੇ ਦਿੱਤਾ ਹੈ। ਉਨ੍ਹਾਂ ਨੇ ਵਿਰੋਧੀ ਧਿਰ ਦੇ ਦੋਸ਼ਾਂ ਨੂੰ ਬੇਬੁਨਿਆਦ ਅਤੇ ਮਨਘੜਤ ਦੱਸਿਆ ਹੈ।

Load More Related Articles
Load More By Nabaz-e-Punjab
Load More In General News

Check Also

ਵਿਜੀਲੈਂਸ ਨੇ 2024 ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ ਵਿੱਚ 173 ਮੁਲਜ਼ਮ ਗ੍ਰਿਫ਼ਤਾਰ ਕੀਤੇ: ਵਰਿੰਦਰ ਕੁਮਾਰ

ਵਿਜੀਲੈਂਸ ਨੇ 2024 ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ ਵਿੱਚ 173 ਮੁਲਜ਼ਮ ਗ੍ਰਿਫ਼ਤਾਰ ਕੀਤੇ: ਵਰਿੰਦਰ ਕੁਮਾਰ 10 ਗਜ਼ਟਿ…