ਯੂਪੀਐੱਸ ਸਕੀਮ: ਕੇਂਦਰ ਸਰਕਾਰ ਨੇ ਮੁਲਾਜ਼ਮਾਂ ਦੇ ਖੂਨ-ਪਸੀਨੇ ਦੇ ਜਮ੍ਹਾ ਫ਼ੰਡ ਡਕਾਰਨ ਦੀ ਤਾਕ ’ਚ: ਜੀਟੀਯੂ

ਮੁਲਾਜ਼ਮਾਂ ਨੂੰ ਪੈਨਸ਼ਨ ਰੂਪੀ ਸਮਾਜਿਕ ਸੁਰੱਖਿਆ ਦੇਣ ਤੋਂ ਭੱਜ ਰਹੀਆਂ ਹਨ ਸਮੇਂ ਦੀਆਂ ਸਰਕਾਰਾਂ: ਸਿੱਧੂ

ਮੁਲਾਜ਼ਮ ਪੁਰਾਣੀ ਪੈਨਸ਼ਨ ਦੀ ਬਹਾਲੀ ਤੱਕ ਸੰਘਰਸ਼ ਜਾਰੀ ਰੱਖਾਂਗੇ: ਗੋਸਲਾਂ

ਨਬਜ਼-ਏ-ਪੰਜਾਬ, ਮੁਹਾਲੀ, 26 ਅਗਸਤ:
ਕੇਂਦਰ ਦੀ ਭਾਜਪਾ ਸਰਕਾਰ ਸਾਲ 2004 ਤੋਂ ਬਾਅਦ ਭਰਤੀ ਮੁਲਾਜ਼ਮਾਂ ਨੂੰ ਸਮਾਜਿਕ ਸੁਰੱਖਿਆ ਰੂਪੀ ਪੁਰਾਣੀ ਪੈਨਸ਼ਨ ਦੇਣ ਦੀ ਬਜਾਏ ਮੌਜੂਦਾ ਐੱਨਪੀਐੱਸ ਦਾ ਰੂਪ ਬਦਲ ਕੇ ਯੂਪੀਐੱਸ ਨਾਂ ਦੀ ਪੈਨਸ਼ਨ ਸਕੀਮ ਲਾਗੂ ਕਰਕੇ ਮੁਲਾਜ਼ਮ ਵਰਗ ਨਾਲ ਵੱਡਾ ਧੋਖਾ ਕਰਨ ਜਾ ਰਹੀ ਹੈ। ਮੁਲਾਜ਼ਮ ਵਰਗ ਨੂੰ ਪੁਰਾਣੀ ਪੈਨਸ਼ਨ ਸਕੀਮ ਤੋਂ ਇਲਾਵਾ ਹੋਰ ਕੁੱਝ ਵੀ ਮਨਜ਼ੂਰ ਨਹੀਂ ਹੈ। ਗੌਰਮਿੰਟ ਟੀਚਰਜ਼ ਯੂਨੀਅਨ (ਜੀਟੀਯੂ) ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਰਵਿੰਦਰ ਸਿੰਘ ਪੱਪੀ ਸਿੱਧੂ ਨੇ ਕਿਹਾ ਕਿ ਮੁਲਾਜ਼ਮਾਂ ਨੂੰ ਸੇਵਾਮੁਕਤੀ ਤੋਂ ਬਾਅਦ ਸਮਾਜਿਕ ਸੁਰੱਖਿਆ ਰੂਪੀ ਪੈਨਸ਼ਨ ਦੇਣਾ ਸਮੇਂ ਦੀਆਂ ਸਰਕਾਰਾਂ ਦਾ ਮੁੱਢਲਾ ਫ਼ਰਜ਼ ਹੈ ਪ੍ਰੰਤੂ ਮੌਜੂਦਾ ਸਰਕਾਰਾਂ ਆਪਣੇ ਇਸ ਫ਼ਰਜ਼ ਤੋਂ ਭੱਜਦੀਆਂ ਨਜ਼ਰ ਆ ਰਹੀਆਂ ਹਨ। ਜਿਸ ਕਾਰਨ ਮੁਲਾਜ਼ਮਾਂ ਨੂੰ ਆਪਣੇ ਬੁਢਾਪੇ ਦੀ ਚਿੰਤਾ ਸਤਾ ਰਹੀ ਹੈ।
ਜੀਟੀਯੂ ਦੇ ਜ਼ਿਲ੍ਹਾ ਜਨਰਲ ਸਕੱਤਰ ਤੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਮੁਹਾਲੀ ਦੇ ਕਨਵੀਨਰ ਮਨਪ੍ਰੀਤ ਸਿੰਘ ਗੋਸਲਾਂ ਨੇ ਕਿਹਾ ਕਿ ਕੇਂਦਰ ਸਰਕਾਰ ਯੂਪੀਐੱਸ ਸਕੀਮ ਦੀ ਆੜ ਵਿੱਚ ਮੁਲਾਜ਼ਮਾਂ ਦੇ ਖੂਨ-ਪਸੀਨੇ ਨਾਲ ਜਮ੍ਹਾ ਫ਼ੰਡ ਨੂੰ ਡਕਾਰਨ ਦੀ ਕੋਝੀ ਚਾਲ ਚੱਲ ਰਹੀ ਹੈ, ਜਿਸ ਨੂੰ ਪੰਜਾਬ ਹੀ ਨਹੀਂ ਸਗੋਂ ਸਮੁੱਚੇ ਦੇਸ਼ ਦੇ ਸਮੂਹ ਮੁਲਾਜ਼ਮ ਕਿਸੇ ਵੀ ਕੀਮਤ ’ਤੇ ਸਫਲ ਨਹੀਂ ਹੋਣ ਦੇਣਗੇ। ਉਨ੍ਹਾਂ ਕਿਹਾ ਕਿ ਪੁਰਾਣੀ ਪੈਨਸ਼ਨ ਦੀ ਬਹਾਲੀ ਤੱਕ ਮੁਲਾਜ਼ਮ ਆਪਣਾ ਸੰਘਰਸ਼ ਜਾਰੀ ਰੱਖਣਗੇ। ਉਨ੍ਹਾਂ ਪੰਜਾਬ ਦੀ ‘ਆਪ’ ਸਰਕਾਰ ਨੂੰ ਵੀ ਗੁਹਾਰ ਲਗਾਈ ਹੈ ਕਿ ਉਹ ਕੇਂਦਰ ਸਰਕਾਰ ਦੇ ਯੂਪੀਐੱਸ ਮਾਡਲ ਨੂੰ ਮੁੱਢੋਂ ਰੱਦ ਕਰਕੇ ਪੰਜਾਬ ਦੇ ਮੁਲਾਜ਼ਮਾਂ ਨਾਲ ਕੀਤੇ ਚੋਣ ਵਾਅਦੇ ਅਨੁਸਾਰ ਪੁਰਾਣੀ ਪੈਨਸ਼ਨ ਸਕੀਮ ਫੌਰੀ ਲਾਗੂ ਕੀਤੀ ਜਾਵੇ।
ਇਸ ਮੌਕੇ ਗੁਰਪ੍ਰੀਤ ਸਿੰਘ, ਚਰਨਜੀਤ ਸਿੰਘ, ਬਲਜੀਤ ਸਿੰਘ, ਪ੍ਰਭਜੋਤ ਸਿੰਘ, ਪਵਨ ਕੁਮਾਰ, ਵੇਦ ਪ੍ਰਕਾਸ਼, ਅਮਨਦੀਪ ਕੰਬੋਜ, ਸੁਖਜਿੰਦਰ ਸਿੰਘ, ਜਗਦੀਪ ਸਿੰਘ, ਜਗਵੀਰ ਸਿੰਘ, ਸ਼ਮਸ਼ੇਰ ਸਿੰਘ, ਹਰਪ੍ਰੀਤ ਸਿੰਘ ਧਰਮਗੜ੍ਹ ਅਤੇ ਹਰਪ੍ਰੀਤ ਸਿੰਘ ਕੁਰਾਲੀ ਨੇ ਵੀ ਕੇਂਦਰ ਦੀ ਯੂਪੀਐੱਸ ਸਕੀਮ ਨੂੰ ਮੁਲਾਜ਼ਮ ਵਿਰੋਧੀ ਦੱਸਿਆ ਹੈ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…