Share on Facebook Share on Twitter Share on Google+ Share on Pinterest Share on Linkedin ਕੋਵਿਡ ਤੋਂ ਮੁਕਤੀ ਲਈ ਟੀਕਾਕਰਨ ਬੇਹੱਦ ਜ਼ਰੂਰੀ: ਸਿਵਲ ਸਰਜਨ ਜ਼ਿਲ੍ਹੇ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਮਨਾਇਆ ਗਿਆ ਵਿਸ਼ਵ ਸਿਹਤ ਦਿਵਸ ਵੱਧ ਤੋਂ ਵੱਧ ਲਾਭਪਾਤਰੀ ਟੀਕੇ ਲਗਵਾਉਣ: ਡਾ. ਆਦਰਸ਼ਪਾਲ ਕੌਰ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਅਪਰੈਲ: ਜ਼ਿਲ੍ਹੇ ਦੀਆਂ ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਅੱਜ ਵਿਸ਼ਵ ਸਿਹਤ ਦਿਵਸ ਮਨਾਇਆ ਗਿਆ। ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਨੇ ਦਸਿਆ ਕਿ ਹਰ ਸਾਲ 7 ਅਪਰੈਲ ਨੂੰ ਦੁਨੀਆਂ ਭਰ ਵਿਚ ਮਨਾਏ ਜਾਣ ਵਾਲੇ ਇਸ ਦਿਵਸ ਦਾ ਇਸ ਵਾਰ ਦਾ ਵਿਸ਼ਾ ‘ਇਕ ਚੰਗੇ ਤੇ ਸਿਹਤਮੰਦ ਵਿਸ਼ਵ ਦਾ ਨਿਰਮਾਣ’ ਹੈ। ਉਨ੍ਹਾਂ ਕਿਹਾ, ‘ਅਸੀਂ ਅਜਿਹੇ ਸਮੇਂ ਇਹ ਦਿਨ ਮਨਾ ਰਹੇ ਹਾਂ ਜਦ ਦੇਸ਼-ਦੁਨੀਆਂ ਵਿਚ ਕੋਰੋਨਾ ਵਾਇਰਸ ਮਹਾਂਮਾਰੀ ਦੀ ਦੂਜੀ ਲਹਿਰ ਜ਼ੋਰ ਫੜ ਰਹੀ ਹੈ। ਇਸ ਮਹਾਂਮਾਰੀ ਤੋਂ ਬਚਾਅ ਲਈ ਜਿੱਥੇ ਮਾਸਕ ਪਾਉਣਾ, ਵਾਰ-ਵਾਰ ਹੱਥ ਧੋਣੇ, ਇਕ ਦੂਜੇ ਤੋਂ ਫ਼ਾਸਲਾ ਰੱਖਣਾ ਅਤਿ ਜ਼ਰੂਰੀ ਹੈ, ਉੱਥੇ ਵੱਧ ਤੋਂ ਵੱਧ ਕੋਵਿਡ ਟੈਸਟਿੰਗ ਅਤੇ ਟੀਕਾਕਰਨ ’ਤੇ ਵੀ ਜ਼ੋਰ ਦਿੱਤਾ ਜਾ ਰਿਹਾ ਹੈ। ਕੋਵਿਡ-ਮੁਕਤ ਤੇ ਸਿਹਤਮੰਦ ਸੰਸਾਰ ਦੀ ਸਿਰਜਣਾ ਲਈ ਕੋਵਿਡ ਟੀਕਾਕਰਨ ਬਹੁਤ ਜ਼ਰੂਰੀ ਹੈ।‘ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਵਿਸ਼ਵ ਸਿਹਤ ਦਿਵਸ ਨੂੰ ਕੋਵਿਡ ਟੀਕਾਕਰਨ ਨੂੰ ਸਮਰਪਿਤ ਕੀਤਾ ਗਿਆ ਅਤੇ ਲੋਕਾਂ ਨੂੰ ਟੀਕਾਕਰਨ ਲਈ ਉਤਸ਼ਾਹਿਤ ਕਰਨ ਲਈ ਜਾਗਰੂਕਤਾ ਸਰਗਰਮੀਆਂ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ ਕੋਵਿਡ ਟੀਕਾਕਰਨ ਨੂੰ ਉਤਸ਼ਾਹਿਤ ਕਰਨ ਦੀ ਅਤਿਅੰਤ ਲੋੜ ਹੈ। ਹਰ ਲਾਭਪਾਤਰੀ ਨੂੰ ਇਹ ਟੀਕਾ ਲਗਵਾਉਣਾ ਚਾਹੀਦਾ ਹੈ ਕਿਉਂਕਿ ਇਹ ਬੇਹੱਦ ਸੁਰੱਖਿਅਤ ਹੈ ਅਤੇ ਇਸ ਦਾ ਕੋਈ ਮਾੜਾ ਅਸਰ ਨਹੀਂ। ਜ਼ਿਲ੍ਹਾ ਹਸਪਤਾਲ ਵਿਖੇ ਟੀਕਾਕਰਨ ਕਵਾਇਦ ਦਾ ਜਾਇਜ਼ਾ ਲੈਣ ਸਮੇਂ ਸਿਵਲ ਸਰਜਨ ਨੇ ਕਿਹਾ ਕਿ ਅਫ਼ਵਾਹਾਂ ਵਲ ਧਿਆਨ ਦੇਣ ਦੀ ਬਜਾਏ ਅਪਣੀ ਸਿਹਤ ਦਾ ਖ਼ਿਆਲ ਰੱਖਣ ਦੀ ਬਹੁਤ ਜ਼ਰੂਰਤ ਹੈ ਅਤੇ ਕੋਵਿਡ ਟੀਕਾਕਰਨ ਰਾਹੀਂ ਇਸ ਬੀਮਾਰੀ ਤੋਂ ਕਾਫ਼ੀ ਹੱਦ ਤਕ ਬਚਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਵਿਸ਼ਵ ਸਿਹਤ ਦਿਵਸ ਦਾ ਮਕਸਦ ਸਿਹਤ ਸੰਭਾਲ ਅਤੇ ਸਿਹਤ ਸਹੂਲਤਾਂ ਬਾਰੇ ਲੋਕਾਂ ਨੂੰ ਹੋਰ ਜਾਗਰੂਕ ਕਰਨਾ ਹੈ ਅਤੇ ਇਸ ਵਾਰ ਇਹੋ ਵੱਡੀ ਜਾਗਰੂਕਤਾ ਹੋ ਸਕਦੀ ਹੈ ਕਿ ਵੱਧ ਤੋਂ ਵੱਧ ਗਿਣਤੀ ਵਿਚ ਲਾਭਪਾਤਰੀ ਟੀਕਾਕਰਨ ਕਰਵਾਉਣ। ਡਾ. ਆਦਰਸ਼ਪਾਲ ਕੌਰ ਨੇ ਕਿਹਾ ਕਿ ਟੀਕਾਕਰਨ ਤੋਂ ਬਾਅਦ ਵੀ ਸਾਰੀਆਂ ਜ਼ਰੂਰੀ ਹਦਾਇਤਾਂ ਦੀ ਪਾਲਣਾ ਜ਼ਰੂਰੀ ਹੈ। ਜੇ ਖੰਘ, ਬੁਖ਼ਾਰ, ਸਾਹ ਲੈਣ ਵਿਚ ਤਕਲੀਫ਼ ਜਿਹੇ ਲੱਛਣ ਦਿਸਦੇ ਹਨ ਤਾਂ ਤੁਰੰਤ ਕੋਵਿਡ ਟੈਸਟ ਕਰਵਾਇਆ ਜਾਵੇ ਅਤੇ ਖ਼ੁਦ ਨੂੰ ਇਕਾਂਤਵਾਸ ਕਰ ਲਿਆ ਜਾਵੇ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜ਼ਰੂਰੀ ਕੰਮ ਪੈਣ ’ਤੇ ਹੀ ਘਰੋਂ ਬਾਹਰ ਨਿਕਲਿਆ ਜਾਵੇ ਅਤੇ ਬਾਹਰ ਨਿਕਲਣ ਸਮੇਂ ਮਾਸਕ, ਰੁਮਾਲ, ਕਪੜੇ, ਚੁੰਨੀ, ਪਰਨੇ ਆਦਿ ਨਾਲ ਮੂੰਹ ਢੱਕ ਕੇ ਰੱਖਿਆ ਜਾਵੇ ਅਤੇ ਇਕ ਦੂਜੇ ਤੋਂ ਜ਼ਰੂਰੀ ਫ਼ਾਸਲਾ ਰਖਿਆ ਜਾਵੇ। ਸਾਬਣ ਆਦਿ ਨਾਲ ਵਾਰ-ਵਾਰ ਹੱਥ ਧੋਣੇ ਵੀ ਬਹੁਤ ਜ਼ਰੂਰੀ ਹਨ। ਕਿਸੇ ਵੀ ਜਾਣਕਾਰੀ ਲਈ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸੰਦੀਪ ਸਿੰਘ, ਡਾ. ਐਚਐਸ ਚੀਮਾ, ਡਾ. ਪਰਮਿੰਦਰ ਸਿੰਘ, ਡਾ. ਬਬਨਪ੍ਰੀਤ ਕੌਰ, ਸਿਹਤ ਇੰਸਪੈਕਟਰ ਭੁਪਿੰਦਰ ਸਿੰਘ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ