ਕਰੋਨਾ ਮਹਾਮਾਰੀ ਤੋਂ ਬਚਾਅ ਲਈ ਵੈਕਸੀਨੇਸ਼ਨ ਜ਼ਰੂਰੀ: ਸਿਹਤ ਮੰਤਰੀ

ਸਿਹਤ ਮੰਤਰੀ ਸਿੱਧੂ ਨੇ ਹੈਰੀਟੇਜ ਪਬਲਿਕ ਸਕੂਲ ਜਗਤਪੁਰਾ ਵਿਖੇ ਕੋਵਿਡ ਵੈਕਸੀਨ ਕੈਂਪ ਦਾ ਕੀਤਾ ਨਿਰੀਖਣ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਜੂਨ:
ਮਿਸ਼ਨ ਫਤਹਿ-2 ਤਹਿਤ ਕਰੋਨਾ ਨੂੰ ਮਾਤ ਦੇਣ ਲਈ ਪਿੰਡ ਪੱਧਰ ’ਤੇ ਟੀਕਾਕਰਨ ਮੁਹਿੰਮ ਜ਼ੋਰਾਂ ਸ਼ੋਰਾਂ ਨਾਲ ਚਲਾਈ ਜਾ ਰਹੀ ਹੈ ਅਤੇ ਸਰਕਾਰ ਦੇ ਨਾਲ-ਨਾਲ ਸਮਾਜ ਸੇਵੀ ਸੰਸਥਾ ਵੱਲੋਂ ਪਿੰਡਾਂ ਤੇ ਸ਼ਹਿਰਾਂ ਵਿੱਚ ਲਗਾਤਾਰ ਕੈਂਪ ਲਗਾ ਕੇ ਵੈਕਸੀਨੇਸ਼ਨ ਕੀਤੀ ਜਾ ਰਹੀ ਹੈ। ਜਿਸ ਦੇ ਆਉਣ ਵਾਲੇ ਸਮੇਂ ਵਿੱਚ ਚੰਗੇ ਨਤੀਜੇ ਸਾਹਮਣੇ ਆਉਣਗੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭਾਰਤੀ ਫੌਜ (ਵੈਸਟਰਨ ਕਮਾਂਡ) ਅਤੇ ਅਵਤਾਰ ਐਜੂਕੇਸ਼ਨ ਟਰੱਸਟ ਨਾਲ ਮਿਲ ਕੇ ਇੱਥੋਂ ਦੇ ਹੈਰੀਟੇਜ ਪਬਲਿਕ ਸਕੂਲ ਜਗਤਪੁਰਾ ਵਿਖੇ ਲਗਾਏ ਗਏ ਕੋਵਿਡ ਵੈਕਸੀਨੇਸ਼ਨ ਕੈਂਪ ਦਾ ਨਿਰੀਖਣ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
ਸ੍ਰੀ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿੱਥੇ ਕੇਂਦਰ ਸਰਕਾਰ ਵੱਲੋਂ ਭੇਜੀ ਵੈਕਸੀਨ ਲੋਕਾਂ ਤੱਕ ਪੁੱਜਦੀ ਕੀਤੀ ਜਾ ਰਹੀ ਹੈ, ਉੱਥੇ ਸੂਬਾ ਸਰਕਾਰ ਵੱਲੋਂ ਅਣਥੱਕ ਕੋਸ਼ਿਸ਼ਾਂ ਨਾਲ ਆਪਣੇ ਪੱਧਰ ’ਤੇ ਵੀ ਵੈਕਸੀਨੇਸ਼ਨ ਦੀ ਵਿਵਸਥਾ ਕੀਤੀ ਜਾ ਰਹੀ ਹੈ। ਜਿਸ ਦਾ ਲੋਕਾਂ ਨੂੰ ਵੱਧ ਤੋਂ ਵੱਧ ਲਾਹਾ ਲੈਣਾ ਚਾਹੀਦਾ ਹੈ। ਉਨ੍ਹਾਂ ਸਪੱਸ਼ਟ ਕੀਤਾ ਵੈਕਸੀਨ ਪੂਰੀ ਤਰ੍ਹਾਂ ਸੁਰੱਖਿਅਤ ਹੈ ਅਤੇ ਇਸ ਦਾ ਮਨੁੱਖੀ ਸਰੀਰ ’ਤੇ ਕੋਈ ਮਾੜਾ ਪ੍ਰਭਾਵ ਨਹੀਂ ਹੈ। ਇਸ ਲਈ ਲੋਕਾਂ ਨੂੰ ਝੂਠੀਆ ਅਫਵਾਹ ’ਤੇ ਯਕੀਨ ਕੀਤੇ ਬਿਨਾਂ ਕੋਵਿਡ ਵੈਕਸੀਨ ਲਗਵਾਉਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਹਸਪਤਾਲਾਂ ਵਿੱਚ ਆਕਸੀਜ਼ਨ ਦੀ ਕੋਈ ਘਾਟ ਨਹੀਂ ਹੈ ਅਤੇ ਜੇਕਰ ਕਿਤੇ ਕਿਸੇ ਕਿਸਮ ਦੀ ਕੋਈ ਦਿੱਕਤ ਆਉਂਦੀ ਵੀ ਹੈ ਤਾਂ ਉਹ ਫੌਰੀ ਦੂਰ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਵੱਡੀ ਗਿਣਤੀ ਸਾਬਕਾ ਫੌਜੀ ਟੀਕਾਕਰਨ ਮੁਹਿੰਮ ਵਿੱਚ ਸਾਥ ਦੇ ਰਹੇ ਹਨ ਅਤੇ ਭਾਰਤੀ ਫੌਜ ਵੱਲੋਂ ਇਸ ਕੈਂਪ ਲਈ ਡਾਕਟਰ, ਪੈਰਾ ਮੈਡੀਕਲ, ਸਪੋਰਟਿੰਗ ਸਟਾਫ਼, ਐਂਬੂਲੈਂਸ ਤੇ ਹੋਰ ਲੋੜੀਂਦੀ ਸਮੱਗਰੀ ਮੁਹੱਈਆ ਕਰਵਾਈ ਗਈ ਹੈ। ਜਗਤਪੁਰਾ ਸੰਘਣੀ ਅਬਾਦੀ ਵਾਲਾ ਖੇਤਰ ਹੈ ਅਤੇ ਇੱਥੇ ਵੱਧ ਤੋਂ ਵੱਧ ਵੈਕਸੀਨੇਸ਼ਨ ਲਈ ਉਪਰਾਲੇ ਜਾਰੀ ਹਨ।
ਇਸ ਮੌਕੇ ਸਿਵਲ ਮਿਲਟਰੀ ਅਫੇਅਰਜ਼ ਐਂਡ ਜੁਆਇੰਟ ਅਪਰੇਸ਼ਨ (ਵੈਸਟਰਨ ਕਮਾਂਡ) ਦੇ ਡਾਇਰੈਕਟਰ ਕਰਨਲ ਜਸਦੀਪ ਸਿੰਘ ਸੰਧੂ ਨੇ ਦੱਸਿਆ ਕਿ ਵੈਸਟਰਨ ਆਰਮੀ ਕਮਾਂਡਰ ਲੈਫ਼ ਜਨਰਲ ਆਰਪੀ ਸਿੰਘ ਨੇ ਫੈਸਲਾ ਲਿਆ ਹੈ ਕਿ ਵੈਸਟਰਨ ਕਮਾਂਡ ਦੇ ਖੇਤਰ ਅਧੀਨ ਵੈਕਸੀਨੇਸ਼ਨ ਮੁਹਿੰਮ ਦੇ ਘੇਰੇ ਨੂੰ ਵਧਾਉਣ ਅਤੇ ਮੁਹਿੰਮ ਨੂੰ ਤੇਜ਼ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਹਰ ਸੰਭਵ ਸਹਿਯੋਗ ਦਿੱਤਾ ਜਾਵੇ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ, ਸਕੂਲ ਦੀ ਡਾਇਰੈਕਟਰ ਕਿਨਸ਼ੁਕਾ ਸੇਠੀ, ਸਾਬਕਾ ਆਰਮੀ ਕਮਾਂਡਰ ਲੈਫ. ਜਨਰਲ ਏਕਰੂਪ ਘੁੰਮਣ, ਕੈਪਟਨ ਡਾ. ਨਿਤੇਸ਼ ਠਾਕੁਰ, ਕਰਨਲ ਬਲਵਿੰਦਰ ਸਿੰਘ, ਕਰਨਲ ਜਤਿੰਦਰ ਸਿੰਘ, ਮਨਜੀਤ ਚੀਮਾ, ਬੀਡੀਪੀਓ ਹਿਤੇਨ ਕਪਿਲਾ, ਸਕੂਲ ਦੀ ਪ੍ਰਿੰਸੀਪਲ ਨਿਸ਼ਾ ਹਾਂਡਾ, ਨੇਹਾ ਸ਼ਰਮਾ ਸਮੇਤ ਹੋਰ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…