ਪੰਜਾਬ ਪੁਲੀਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਵਿੱਚ ਵੱਖ-ਵੱਖ ਮੁੱਦਿਆਂ ’ਤੇ ਚਰਚਾ
ਨਬਜ਼-ਏ-ਪੰਜਾਬ, ਮੁਹਾਲੀ, 6 ਮਾਰਚ:
ਪੰਜਾਬ ਪੁਲੀਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ, ਜ਼ਿਲ੍ਹਾ ਮੁਹਾਲੀ ਦੀ ਮੀਟਿੰਗ ਫੇਜ਼-11 ਥਾਣਾ ਕੰਪਲੈਕਸ ਸਥਿਤ ਜਥੇਬੰਦੀ ਦੇ ਮੁੱਖ ਦਫ਼ਤਰ ਵਿਖੇ ਸੂਬਾ ਜਨਰਲ ਸਕੱਤਰ ਤੇ ਜ਼ਿਲ੍ਹਾ ਪ੍ਰਧਾਨ ਇੰਸਪੈਕਟਰ (ਸੇਵਾਮੁਕਤ) ਮਹਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਸੇਵਾਮੁਕਤ ਪੁਲੀਸ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਖੁੱਲ੍ਹ ਕੇ ਵਿਚਾਰ-ਚਰਚਾ ਕੀਤੀ ਗਈ। ਜ਼ਿਲ੍ਹਾ ਜਨਰਲ ਸਕੱਤਰ ਡਾ. ਦਲਜੀਤ ਸਿੰਘ ਕੈਲੋਂ ਅਤੇ ਸੇਵਾਮੁਕਤ ਇੰਸਪੈਕਟਰ ਪਰਮਜੀਤ ਸਿੰਘ ਨੇ ਦੱਸਿਆ ਕਿ ਮੀਟਿੰਗ ਵਿੱਚ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਸੇਵਾਮੁਕਤ ਪੁਲੀਸ ਮੁਲਾਜ਼ਮ ਦੇ ਵਧੇ ਹੋਏ ਸਕੇਲਾਂ ਦੇ ਬਕਾਏ ਤੁਰੰਤ ਰਿਲੀਜ਼ ਕੀਤੇ ਜਾਣ ਅਤੇ ਮੁਲਾਜ਼ਮਾਂ ਲਈ ਕੈਸਲੈਸ ਮੈਡੀਕਲ ਸਿਹਤ ਬੀਮਾ ਯੋਜਨਾ ਲਾਗੂ ਕੀਤੀ ਜਾਵੇ।
ਮੀਟਿੰਗ ਵਿੱਚ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਅਤੇ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਦਾ ਸਵਾਗਤ ਕਰਦਿਆਂ ਇਨ੍ਹਾਂ ਦੋਵੇਂ ਸਮਾਜਿਕ ਬੁਰਾਈਆਂ ਖ਼ਿਲਾਫ਼ ਸੂਬਾ ਸਰਕਾਰ ਅਤੇ ਪੁਲੀਸ ਦੇ ਸਰਚ ਅਪਰੇਸ਼ਨ ਲਈ ਹਰ ਸੰਭਵ ਸਹਿਯੋਗ ਦੇਣ ਦਾ ਮਤਾ ਪਾਸ ਕੀਤਾ ਗਿਆ। ਮੀਟਿੰਗ ਵਿੱਚ ਸ਼ਾਮਲ ਮੈਂਬਰਾਂ ਨੇ ਮਤਾ ਪਾਸ ਕਰਕੇ ਸਰਕਾਰ ਨੂੰ ਅਪੀਲ ਕੀਤੀ ਕਿ ਰਾਜਸੀ ਆਗੂਆਂ ਰਾਹੀਂ ਜੋ ਭ੍ਰਿਸ਼ਟਾਚਾਰ ਫੈਲਾਇਆ ਜਾ ਰਿਹਾ ਹੈ। ਉਸ ਨੂੰ ਵੀ ਪਹਿਲ ਦੇ ਅਧਾਰ ’ਤੇ ਕੰਟਰੋਲ ਕੀਤਾ ਜਾਵੇ ਤਾਂ ਜੋ ਆਮ ਲੋਕਾਂ ਦੇ ਨਾਲ-ਨਾਲ ਸਰਕਾਰੀ ਮੁਲਾਜ਼ਮਾਂ ਤੇ ਅਧਿਕਾਰੀਆਂ ਨੂੰ ਰਾਹਤ ਮਿਲ ਸਕੇ। ਮੈਂਬਰਾਂ ਨੇ ਭ੍ਰਿਸ਼ਟਾਚਾਰ ਅਤੇ ਨਸ਼ਿਆਂ ਦੇ ਕਾਰੋਬਾਰ ਲਈ ਵਿਧਾਇਕਾਂ, ਹਲਕਾ ਇੰਚਾਰਜਾਂ ਅਤੇ ਹੋਰ ਸਿਆਸੀ ਆਗੂਆਂ ਨੂੰ ਜ਼ਿੰਮੇਵਾਰ ਦੱਸਦਿਆਂ ਕਿਹਾ ਕਿ ਕਾਫ਼ੀ ਥਾਵਾਂ ’ਤੇ ਸਿਆਸੀ ਆਗੂਆਂ ਦੀ ਗਲਤ ਦਖ਼ਲਅੰਦਾਜ਼ੀ ਕਾਰਨ ਸਮਾਜਿਕ ਬੁਰਾਈਆਂ ਵਧ ਰਹੀਆਂ ਹਨ।
ਮੀਟਿੰਗ ਵਿੱਚ ਡੀਐਸਪੀ (ਸੇਵਾਮੁਕਤ) ਸਤਿਨਾਮ ਸਿੰਘ ਬਾਜਵਾ, ਡੀਐਸਪੀ (ਸੇਵਾਮੁਕਤ) ਅਜੀਤ ਸਿੰਘ ਗੋਰਾਇਆ, ਇੰਸਪੈਕਟਰ (ਸੇਵਾਮੁਕਤ) ਮਨਮੋਹਨ ਸਿੰਘ, ਇੰਸਪੈਕਟਰ (ਸੇਵਾਮੁਕਤ) ਰਘਬੀਰ ਸਿੰਘ, ਇੰਸਪੈਕਟਰ (ਸੇਵਾਮੁਕਤ) ਮਨਜਿੰਦਰ ਸਿੰਘ ਢਿੱਲੋਂ, ਇੰਸਪੈਕਟਰ (ਸੇਵਾਮੁਕਤ) ਕੁਲਬੀਰ ਸਿੰਘ ਕੰਗ, ਇੰਸਪੈਕਟਰ (ਸੇਵਾਮੁਕਤ) ਜਗੀਰ ਸਿੰਘ ਅਤੇ ਗੁਰਮੇਲ ਸਿੰਘ, ਮਹਿੰਦਰ ਸਿੰਘ ਭਾਂਖਰਪੁਰ, ਸ਼ਿੰਗਾਰਾ ਸਿੰਘ, ਰਘਬੀਰ ਸਿੰਘ ਸਾਰੇ ਸਾਬਕਾ ਏਐਸਆਈ ਅਤੇ ਹੋਰ ਹਾਜ਼ਰ ਸਨ।