
ਭਾਜਪਾ ਦੀ ਮੀਟਿੰਗ ਵਿੱਚ ਵੱਖ-ਵੱਖ ਮੁੱਦਿਆਂ ’ਤੇ ਕੀਤੀ ਚਰਚਾ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਫਰਵਰੀ:
ਭਾਜਪਾ ਜ਼ਿਲ੍ਹਾ ਮੁਹਾਲੀ ਦੀ ਕਾਰਜਕਾਰਨੀ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਪਾਰਟੀ ਵੱਲੋਂ ਦਿੱਤੇ ਗਏ ਵੱਖ-ਵੱਖ ਪ੍ਰੋਗਰਾਮਾਂ ਸਮੇਤ ਵੱਖ-ਵੱਖ ਭਖਦੇ ਮੁੱਦਿਆਂ ’ਤੇ ਚਰਚਾ ਕੀਤੀ ਗਈ। ਮੀਟਿੰਗ ਵਿੱਚ ਸੂਬਾ ਆਗੂਆਂ ਕੇਵਲ ਸਿੰਘ ਢਿੱਲੋਂ, ਸੁਭਾਸ਼ ਸ਼ਰਮਾ, ਲਖਵਿੰਦਰ ਕੌਰ ਗਰਚਾ, ਅਮਨਜੋਤ ਕੌਰ ਰਾਮੂਵਾਲੀਆ, ਸੁਖਵਿੰਦਰ ਸਿੰਘ ਗੋਲਡੀ, ਖੁਸ਼ਵੰਤ ਰਾਏ ਗੀਗਾ ਵੀ ਸ਼ਾਮਲ ਹੋਏ।
ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ ਨੇ ਵਰਕਰਾਂ ਨੂੰ ਪਾਰਟੀ ਦੀ ਮਜ਼ਬੂਤੀ ਲਈ ਪ੍ਰੇਰਦਿਆਂ ਸ਼ਹਿਰ ਦੇ ਕਈ ਭਖਦੇ ਮੁੱਦਿਆਂ ’ਤੇ ਚਰਚਾ ਕੀਤੀ। ਕੇਵਲ ਸਿੰਘ ਢਿੱਲੋਂ ਨੇ ਬਜਟ ਬਾਰੇ ਚਰਚਾ ਕਰਦਿਆਂ ਜਾਣਕਾਰੀ ਦਿੱਤੀ ਅਤੇ ਸੁਭਾਸ਼ ਸ਼ਰਮਾ ਨੇ ਪਾਰਲੀਮੈਂਟ ਪ੍ਰਵਾਸ ਯੋਜਨਾ ਅਤੇ ਨਸ਼ਾ ਮੁਕਤ ਪੰਜਾਬ ਦੀ ਯਾਤਰਾ ਬਾਰੇ ਵਿਚਾਰ ਸਾਂਝੇ ਕੀਤੇ। ਬੀਬੀ ਲਖਵਿੰਦਰ ਕੌਰ ਗਰਚਾ ਨੇ ਸੂਬਾ ਕਾਰਜਕਾਰਨੀ ਦੀ ਮੀਟਿੰਗ ਵਿੱਚ ਹੋਏ ਫ਼ੈਸਲਿਆਂ ਬਾਰੇ ਦੱਸਿਆ ਅਤੇ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਨੇ ਸਿੱਖ ਸਮਾਜ ਅਤੇ ਕਿਸਾਨਾਂ ਲਈ ਕੰਮ ਬਾਰੇ ਚਰਚਾ ਕੀਤੀ।
ਸੁਖਵਿੰਦਰ ਸਿੰਘ ਗੋਲਡੀ ਨੇ ਜ਼ਿਲ੍ਹਾ ਪੱਧਰ ਦੇ ਮੁੱਦਿਆਂ ਬਾਰੇ ਗੱਲ ਕਰਦਿਆਂ ਮੁਹੱਲਾ ਕਲੀਨਿਕਾਂ ਨੂੰ ਸਿਆਸੀ ਸਟੰਟ ਕਰਾਰ ਦਿੱਤਾ। ਖੁਸ਼ਵੰਤ ਰਾਏ ਗੀਗਾ ਨੇ ਮੰਡਲ ਕਾਰਜਕਾਰਨੀ ਦੀ ਕਾਰਵਾਈ ਬਾਰੇ ਜਾਣਕਾਰੀ ਦਿੱਤੀ ਜਦੋਂਕਿ ਕਮਲਦੀਪ ਸਿੰਘ ਸੈਣੀ, ਜਗਦੀਪ ਸਿੰਘ ਅੌਜਲਾ ਨੇ ਵੀ ਆਪਣੇ ਵਿਚਾਰ ਰੱਖੇ। ਅਖੀਰ ਵਿੱਚ ਸਾਬਕਾ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਰਾਣਾ ਨੇ ਸਾਰਿਆਂ ਦਾ ਧੰਨਵਾਦ ਕੀਤਾ।