nabaz-e-punjab.com

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਾਈਸ ਚੇਅਰਮੈਨ ਡਾ. ਸੁਰੇਸ਼ ਕੁਮਾਰ ਟੰਡਨ ਵੱਲੋਂ ਅਸਤੀਫ਼ਾ

ਨਿੱਜੀ ਕਾਰਨਾਂ ਕਰਕੇ ਆਪਣੀ ਮਰਜ਼ੀ ਨਾਲ ਅਸਤੀਫ਼ਾ ਦਿੱਤਾ: ਡਾ. ਟੰਡਨ

ਸਕੂਲ ਬੋਰਡ ਦੇ ਨਵੇਂ ਚੇਅਰਮੈਨ ਦੀ ਖੋਜ ਲਈ ਅਜੇ ਤਾਈਂ ਮੁੱਢਲੀ ਪ੍ਰਕਿਰਿਆ ਵੀ ਨਹੀਂ ਹੋਈ ਸ਼ੁਰੂ, ਦਫ਼ਤਰੀ ਕੰਮ ਰੱਬ ਆਸਰੇ

ਮੁੱਖ ਮੰਤਰੀ ਨੇ 25 ਮਈ ਨੂੰ 30 ਦਿਨਾਂ ਵਿੱਚ ਨਵੇਂ ਚੇਅਰਮੈਨ ਦੀ ਤਲਾਸ਼ ਕਰਨ ਲਈ ਮੁੱਖ ਸਕੱਤਰ ਦੀ ਅਗਵਾਈ ਹੇਠ ਬਣਾਈ ਸੀ ਇੱਕ ਖੋਜ ਕਮੇਟੀ

ਅਮਨਦੀਪ ਸਿੰਘ ਸੋਢੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਜੁਲਾਈ:
ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਾਬਕਾ ਚੇਅਰਮੈਨ ਬਲਬੀਰ ਸਿੰਘ ਢੋਲ ਵੱਲੋਂ ਚੇਅਰਮੈਨੀ ਤੋਂ ਲਾਂਭੇ ਹੋਣ ਤੋਂ ਬਾਅਦ ਹੁਣ ਡਾ. ਸੁਰੇਸ਼ ਕੁਮਾਰ ਟੰਡਨ ਨੇ ਵੀ ਸਿੱਖਿਆ ਬੋਰਡ ਦੇ ਵਾਈਸ ਚੇਅਰਮੈਨ ਦੇ ਅਹੁਦੇ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਸ਼ੁੱਕਰਵਾਰ ਨੂੰ ਸ਼ਾਮ ਚੁੱਪ ਚੁਪੀਤੇ ਆਪਣਾ ਅਸਤੀਫ਼ਾ ਸਿੱਖਿਆ ਮੰਤਰੀ ਅਰੁਣਾ ਚੌਧਰੀ ਨੂੰ ਸੌਂਪਿਆ। ਸਿੱਖਿਆ ਮੰਤਰੀ ਅਰੁਣਾ ਚੌਧਰੀ ਨੇ ਮੀਡੀਆ ਕੋਲ ਵਾਈਸ ਚੇਅਰਮੈਨ ਡਾ. ਸੁਰੇਸ਼ ਕੁਮਾਰ ਟੰਡਨ ਵੱਲੋਂ ਅਸਤੀਫ਼ਾ ਦੇਣ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਡਾਕਟਰ ਟੰਡਨ ਨੇ ਆਪਣੇ ਪੱਤਰ ਵਿੱਚ ਲਿਖਿਆ ਹੈ ਕਿ ਉਹ ਨਿੱਜੀ ਕਾਰਨਾਂ ਕਰਕੇ ਅਸਤੀਫ਼ਾ ਦੇ ਰਹੇ ਹਨ। ਸਰਕਾਰ ਨੇ ਉਨ੍ਹਾਂ ਦਾ ਅਸਤੀਫ਼ਾ ਪ੍ਰਵਾਨ ਕਰ ਲਿਆ ਹੈ। ਡਾਕਟਰ ਟੰਡਨ ਨੂੰ ਭਾਰਤੀ ਜਨਤਾ ਪਾਰਟੀ ਦੇ ਕੋਟੇ ’ਚੋਂ ਲਗਾਤਾਰ ਤਿੰਨ ਵਾਰ ਸਕੂਲ ਬੋਰਡ ਦਾ ਵਾਈਸ ਚੇਅਰਮੈਨ ਲਗਾਇਆ ਗਿਆ ਹੈ। ਉਹ ਸਾਲ 2010 ਤੋਂ ਸਕੂਲ ਬੋਰਡ ਦੇ ਵਾਈਸ ਚੇਅਰਮੈਨ ਚਲੇ ਆ ਰਹੇ ਸਨ।
ਉਧਰ, ਅਕਾਲੀ ਦਲ ਤੇ ਭਾਜਪਾ ਸਰਕਾਰ ਵੱਲੋਂ ਆਪਣੀ ਭਾਈਵਾਲ ਪਾਰਟੀ ਨੂੰ ਖ਼ੁਸ਼ ਕਰਨ ਲਈ ਡਾ. ਸ਼ਸ਼ੀ ਕਾਂਤਾ ਲਈ ਸਪੈਸ਼ਲ ਸੀਨੀਅਰ ਵਾਈਸ ਚੇਅਰਪਰਸਨ ਦੀ ਪੋਸਟ ਬਣਾਈ ਗਈ, ਮਹਿਲਾ ਅਧਿਕਾਰੀ ਅਜੇ ਤਾਈਂ ਅਹੁਦੇ ’ਤੇ ਬਰਕਰਾਰ ਹਨ। ਹਾਲਾਂਕਿ ਇਸ ਵਾਧੂ ਪੋਸਟ ਨੂੰ ਖ਼ਤਮ ਕਰਨ ਲਈ ਮੁਲਾਜ਼ਮ ਜਥੇਬੰਦੀ ਵੱਲੋਂ ਸੰਘਰਸ਼ ਵੀ ਵਿੱਢਿਆ ਗਿਆ ਸੀ ਅਤੇ ਗੇਟ ਰੈਲੀਆਂ ਕਰਕੇ ਪਿਛਲੀ ਸਰਕਾਰ ਦੇ ਇਸ ਫੈਸਲੇ ਨੂੰ ਬੋਰਡ ’ਤੇ ਵਾਧੂ ਵਿੱਤੀ ਬੋਝ ਪਾਉਣ ਦਾ ਦੋਸ਼ ਲਾਉਂਦਿਆਂ ਸੀਨੀਅਰ ਵਾਈਸ ਚੇਅਰਪਰਸਨ ਦੀ ਪੋਸਟ ਰੱਦ ਕਰਨ ਦੀ ਮੰਗ ਕੀਤੀ ਜਾਂਦੀ ਰਹੀ ਹੈ ਲੇਕਿਨ ਹਾਲੇ ਤੱਕ ਕੈਪਟਨ ਸਰਕਾਰ ਜਾਂ ਸਿੱਖਿਆ ਵਿਭਾਗ ਨੇ ਇਸ ਸਬੰਧੀ ਕੋਈ ਫੈਸਲਾ ਨਹੀਂ ਲਿਆ।
ਸੂਤਰਾਂ ਦਾ ਕਹਿਣਾ ਹੈ ਕਿ ਪਿਛਲੀ ਅਕਾਲੀ ਭਾਜਪਾ ਸਰਕਾਰ ਵੱਲੋਂ ਆਪਣੇ ਚਹੇਤਿਆਂ ਨੂੰ ਰਿਉੜੀਆਂ ਵਾਂਗ ਵੰਡੇ ਸਰਕਾਰੀ ਅਹੁਦੇ ਨਵੀਂ ਕੈਪਟਨ ਸਰਕਾਰ ਦੀਆਂ ਅੱਖਾਂ ਵਿੱਚ ਰੜਕ ਰਹੇ ਸੀ। ਸੀਨੀਅਰ ਪੀਸੀਐਸ ਅਧਿਕਾਰੀ ਬਲਬੀਰ ਸਿੰਘ ਢੋਲ ਵੱਲੋਂ ਵੀ ਬੀਤੀ 25 ਮਈ ਨੂੰ ਚੇਅਰਮੈਨੀ ਤੋਂ ਅਸਤੀਫ਼ਾ ਦਿੱਤਾ ਗਿਆ ਸੀ। ਕਿਹਾ ਜਾ ਰਿਹਾ ਹੈ ਕਿ ਜਿਵੇਂ ਸਰਕਾਰ ਨੇ ਸ੍ਰੀ ਢੋਲ ਨੂੰ ਅਸਤੀਫ਼ਾ ਦੇਣ ਲਈ ਮਜਬੂਰ ਕੀਤਾ ਗਿਆ ਸੀ। ਓਵੇਂ ਹੀ ਡਾਕਟਰ ਟੰਡਨ ਨੂੰ ਵੀ ਅਹੁਦੇ ਤੋਂ ਲਾਂਭੇ ਕੀਤਾ ਗਿਆ ਹੈ। ਉਂਜ ਡਾਕਟਰ ਸੁਰੇਸ਼ ਕੁਮਾਰ ਟੰਡਨ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਨਿੱਜੀ ਕਾਰਨਾਂ ਕਰਕੇ ਆਪਣੀ ਮਰਜ਼ੀ ਨਾਲ ਅਸਤੀਫ਼ਾ ਦਿੱਤਾ ਹੈ।
ਇੱਥੇ ਇਹ ਦੱਸਣਯੋਗ ਹੈ ਕਿ ਬੀਤੀ 25 ਮਈ ਨੂੰ ਸ੍ਰੀ ਢੋਲ ਦੇ ਮਾਮਲੇ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਾਰੀ ਬਿਆਨ ਵਿੱਚ ਕਿਹਾ ਸੀ ਕਿ ਸਿੱਖਿਆ ਬੋਰਡ ਦੇ ਤਤਕਾਲੀ ਚੇਅਰਮੈਨ ਬਲਬੀਰ ਸਿੰਘ ਢੋਲ ਦੀ ਨਿਯੁਕਤੀ ਨਿਰਧਾਰਿਤ ਮਾਪਦੰਡਾਂ ਨਾਲ ਨਾ ਹੋਣ ਕਰਕੇ ਉਨ੍ਹਾਂ ਨੂੰ ਅਸਤੀਫ਼ਾ ਦੇਣ ਦੇ ਹੁਕਮ ਜਾਰੀ ਕਰ ਦਿੱਤੇ ਸਨ। ਸਕੂਲ ਬੋਰਡ ਦਾ ਦਫ਼ਤਰੀ ਕੰਮ ਚਲਾਉਣ ਲਈ ਅਗਲੇ ਹੁਕਮਾਂ ਤੱਕ ਸਕੂਲ ਸਿੱਖਿਆ ਵਿਭਾਗ ਦੇ ਵਧੀਕ ਮੁੱਖ ਸਕੱਤਰ ਨੂੰ ਵਾਧੂ ਚਾਰਜ ਦਿੰਦਿਆਂ ਨਵੇਂ ਚੇਅਰਮੈਨ ਦੀ ਅਗਲੇ 30 ਦਿਨਾਂ ਵਿੱਚ ਤਲਾਸ਼ ਕਰਨ ਲਈ ਮੁੱਖ ਸਕੱਤਰ ਦੀ ਅਗਵਾਈ ਹੇਠ ਇੱਕ ਖੋਜ ਕਮੇਟੀ ਗਠਨ ਕੀਤਾ ਗਿਆ ਸੀ। ਇਸ ਕਮੇਟੀ ਵਿੱਚ ਵਧੀਕ ਮੁੱਖ ਸਕੱਤਰ (ਸਕੂਲ ਸਿੱਖਿਆ) ਅਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਵਾਈਸ ਚਾਂਸਲਰ ਨੂੰ ਮੈਂਬਰ ਨਾਮਜ਼ਦ ਕੀਤਾ ਗਿਆ ਹੈ। ਲੇਕਿਨ ਅਜੇ ਤਾਈਂ ਨਵੇਂ ਚੇਅਰਮੈਨ ਲਈ ਮੁੱਢਲੀ ਪ੍ਰਕਿਰਿਆ ਵੀ ਸ਼ੁਰੂ ਨਹੀਂ ਹੋਈ ਹੈ। ਜਿਸ ਕਾਰਨ ਪੰਜਾਬ ਬੋਰਡ ਦਾ ਕੰਮ ਰੱਬ ਆਸਰੇ ਚਲ ਰਿਹਾ ਹੈ। ਸ੍ਰੀ ਢੋਲ ਨੂੰ ਵਿਧਾਨ ਸਭਾ ਚੋਣਾਂ ਤੋਂ ਸਿਰਫ਼ ਦੋ ਮਹੀਨੇ ਪਹਿਲਾਂ ਦਸੰਬਰ 2016 ਵਿੱਚ ਬੋਰਡ ਦਾ ਚੇਅਰਮੈਨ ’ਤੇ ਨਿਯੁਕਤ ਕੀਤਾ ਗਿਆ ਸੀ।

Load More Related Articles
Load More By Nabaz-e-Punjab
Load More In Education and Board

Check Also

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ ਸਰਕਾਰੀ ਮੈਰੀਟੋ…