ਵਿੱਕੀ ਮਿੱਡੂਖੇੜਾ ਕਤਲਕਾਂਡ: ਤਿੰਨ ਗੈਂਗਸਟਰ ਦੋਸ਼ੀ ਕਰਾਰ, 27 ਜਨਵਰੀ ਨੂੰ ਸੁਣਵਾਈ ਜਾਵੇਗੀ ਸਜ਼ਾ

ਸਬੂਤਾਂ ਦੀ ਘਾਟ ਕਾਰਨ ਗੈਂਗਸਟਰ ਭੂਪੀ ਰਾਣਾ, ਅਮਿਤ ਡਾਗਰ ਤੇ ਕੌਸ਼ਲ ਚੌਧਰੀ ਨੂੰ ਕੀਤਾ ਬਰੀ

ਨਬਜ਼-ਏ-ਪੰਜਾਬ, ਮੁਹਾਲੀ, 25 ਜਨਵਰੀ:
ਮੁਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਚਾਰ ਸਾਲ ਪੁਰਾਣੇ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਵਿਦਿਆਰਥੀ ਜਥੇਬੰਦੀ ਐਸਓਆਈ ਦੇ ਸਾਬਕਾ ਪ੍ਰਧਾਨ ਵਿਕਰਮਜੀਤ ਸਿੰਘ ਉਰਫ਼ ਵਿੱਕੀ ਮਿੱਡੂਖੇੜਾ ਦੇ ਕਤਲ ਮਾਮਲੇ ਦਾ ਨਿਬੇੜਾ ਕਰਦਿਆਂ ਤਿੰਨ ਮੁਲਜ਼ਮਾਂ ਗੈਂਗਸਟਰ ਅਜੈ ਲੈਫ਼ਟੀ, ਸੱਜਣ ਭੋਲੂ ਅਤੇ ਅਨਿਲ ਲੱਠ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਹੈ ਜਦੋਂਕਿ ਇਸ ਮਾਮਲੇ ਵਿੱਚ ਨਾਮਜ਼ਦ ਬਾਕੀ ਗੈਂਗਸਟਰਾਂ ਭੁਪਿੰਦਰ ਸਿੰਘ ਉਰਫ਼ ਭੂਪੀ ਰਾਣਾ, ਅਨਿਲ ਡਾਗਰ ਅਤੇ ਕੋਸ਼ਲ ਚੌਧਰੀ ਨੂੰ ਸਬੂਤਾਂ ਦੀ ਘਾਟ ਦੇ ਚੱਲਦਿਆਂ ਬਰੀ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਦੋਸ਼ੀਆਂ ਨੂੰ 27 ਜਨਵਰੀ ਨੂੰ ਸਜ਼ਾ ਸੁਣਵਾਈ ਜਾਵੇਗੀ। ਇਸ ਸਮੇਂ ਸਾਰੇ ਉਕਤ ਸਾਰੇ ਗੈਂਗਸਟਰ ਪੰਜਾਬ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਹਨ। ਇਸ ਤੋਂ ਇਲਾਵਾ ਮੁਹਾਲੀ ਪੁਲੀਸ ਵੱਲੋਂ ਹੋਰ ਵੀ ਕਈ ਗੈਂਗਸਟਰਾਂ ਨੂੰ ਜੇਲ੍ਹਾਂ ’ਚੋਂ ਪ੍ਰੋਡਕਸ਼ਨ ਵਰੰਟਾਂ ’ਤੇ ਲਿਆ ਕੇ ਪੁੱਛਗਿੱਛ ਕੀਤੀ ਗਈ ਸੀ।
ਕਾਬਿਲੇਗੌਰ ਹੈ ਕਿ 7 ਅਗਸਤ 2021 ਨੂੰ ਮੁਹਾਲੀ ਵਿੱਚ ਦਿਨ-ਦਿਹਾੜੇ ਨਕਾਬਪੋਸ਼ਾਂ ਨੇ ਵਿੱਕੀ ਮਿੱਡੂਖੇੜਾ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਸੀ। ਘਟਨਾ ਵਾਲੇ ਦਿਨ ਉਹ ਸੈਕਟਰ-71 ਦੀ ਮਾਰਕੀਟ ਵਿੱਚ ਆਪਣੇ ਦੋਸਤ ਪ੍ਰਾਪਰਟੀ ਡੀਲਰ ਨੂੰ ਮਿਲ ਕੇ ਵਾਪਸ ਜਾਣ ਲੱਗਾ ਸੀ ਕਿ ਜਿਵੇਂ ਹੀ ਉਹ ਆਪਣੀ ਕਾਰ ਵਿੱਚ ਬੈਠਣ ਲੱਗਾ ਤਾਂ ਭਾੜੇ ਦੇ ਸ਼ੂਟਰਾਂ ਨੇ ਉਸ ’ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ ਅਤੇ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ ਸੀ। ਵਿੱਕੀ ਮਿੱਡੂਖੇੜਾ ਨੂੰ ਮਾਰਨ ਦੀ ਜ਼ਿੰਮੇਵਾਰੀ ਗੈਂਗਸਟਰ ਦਵਿੰਦਰ ਬੰਬੀਹਾ ਗਰੁੱਪ ਨੇ ਸੋਸ਼ਲ ਮੀਡੀਆ ’ਤੇ ਇੱਕ ਪੋਸਟ ਅਪਲੋਡ ਕਰਕੇ ਲਈ ਸੀ। ਵਿੱਕੀ ਮਿੱਡੂਖੇੜਾ ਨੂੰ 12 ਗੋਲੀਆਂ ਲੱਗਣ ਦੀ ਗੱਲ ਕਹੀ ਜਾ ਰਹੀ ਸੀ ਪ੍ਰੰਤੂ ਪੋਸਟ ਮਾਰਟਮ ਦੌਰਾਨ ਮੈਡੀਕਲ ਬੋਰਡ ਨੂੰ ਸਿਰਫ਼ ਦੋ ਗੋਲੀਆਂ ਮਿਲੀਆਂ ਸਨ ਜਦੋਂਕਿ 10 ਗੋਲੀਆਂ ਸਰੀਰ ’ਚੋਂ ਆਰ-ਪਾਰ ਹੋ ਗਈਆਂ ਸਨ।
ਵਿੱਕੀ ਮਿੱਡੂਖੇੜਾ ਨੂੰ ਮੌਤ ਦੇ ਘਾਟ ਉਤਾਰਨ ਤੋਂ ਪਹਿਲਾਂ ਦੋ ਸ਼ੱਕੀ ਨੌਜਵਾਨਾਂ ਨੂੰ ਵਿੱਕੀ ਦੇ ਘਰ ਨੇੜਲੇ ਰਿਹਾਇਸ਼ੀ ਪਾਰਕ ਵਿੱਚ ਸੈਰ ਕਰਦੇ ਦੇਖਿਆ ਗਿਆ ਹੈ। ਸੀਸੀਟੀਵੀ ਕੈਮਰੇ ਦੀ ਫੋਟੇਜ ਤੋਂ ਇਹ ਵੀ ਪਤਾ ਲੱਗਾ ਹੈ ਕਿ ਹਮਲਾਵਰ ਪਿਛਲੇ ਦੋ ਤਿੰਨ ਦਿਨਾਂ ਤੋਂ ਰੈਕੀ ਕਰ ਰਹੇ ਸੀ ਅਤੇ ਉਨ੍ਹਾਂ ਕੋਲ ਪੱਕੀ ਜਾਣਕਾਰੀ ਸੀ ਵਿੱਕੀ ਪ੍ਰਾਪਰਟੀ ਡੀਲਰ ਦੇ ਦਫ਼ਤਰ ਆਏਗਾ। ਜਿਸ ਕਾਰਨ ਉਹ ਮਾਰਕੀਟ ਦੀ ਪਾਰਕਿੰਗ ਵਿੱਚ ਪਹਿਲਾਂ ਹੀ ਆਈ-20 ਕਾਰ ਖੜੀ ਕਰਕੇ ਘਾਤ ਲਗਾ ਕੇ ਬੈਠ ਗਏ ਸੀ। ਜਿਵੇਂ ਹੀ ਵਿੱਕੀ ਪ੍ਰਾਪਰਟੀ ਡੀਲਰ ਦੇ ਦਫ਼ਤਰ ਤੋਂ ਵਾਪਸ ਜਾਣ ਲੱਗਾ ਤਾਂ ਉਨ੍ਹਾਂ ਨੇ ਉਸ ’ਤੇ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ।
ਵਿੱਕੀ ਮਿੱਡੂਖੇੜਾ ਦੀ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਸਮੇਤ ਕਾਲਜਾਂ ਦੀਆਂ ਵਿਦਿਆਰਥੀ ਜਥੇਬੰਦੀ ਦੀਆਂ ਚੋਣਾਂ ਵਿੱਚ ਹਮੇਸ਼ਾ ਅਹਿਮ ਭੂਮਿਕਾ ਹੁੰਦੀ ਸੀ। ਉਹ ਅਕਾਲੀ ਦਲ ਦੀਆਂ ਗਤੀਵਿਧੀਆਂ ਵਿੱਚ ਵੀ ਵੱਧ ਚੜ੍ਹ ਕੇ ਹਿੱਸਾ ਲੈਂਦਾ ਸੀ। ਯੂਥ ਵਿੰਗ ਦੀਆਂ ਰੈਲੀਆਂ, ਧਰਨਾ ਪ੍ਰਦਰਸ਼ਨਾਂ ਸਮੇਤ ਲੀਡਰਸ਼ਿਪ ਵੱਲੋਂ ਜੋ ਵੀ ਜ਼ਿੰਮੇਵਾਰੀ ਸੌਂਪੀ ਜਾਂਦੀ ਸੀ, ਉਹ ਉਸ ਨੂੰ ਪੂਰੀ ਲਗਨ ਨਾਲ ਨਿਭਾਉਂਦਾ ਸੀ। ਉਹ ਬਹੁਤ ਹੀ ਘੱਟ ਸਮੇਂ ਵਿੱਚ ਬਾਦਲ ਪਰਿਵਾਰ, ਮਜੀਠੀਆ ਸਮੇਤ ਵੱਡੇ ਆਗੂਆਂ ਦਾ ਚਹੇਤਾ ਬਣਾ ਗਿਆ ਸੀ।

Load More Related Articles
Load More By Nabaz-e-Punjab
Load More In General News

Check Also

ਮੁੱਖ ਮੰਤਰੀ ਨੇ ਪੁਲਿਸ ਮੁਲਾਜ਼ਮਾਂ ਨੂੰ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਰਕਸ਼ਕ ਪਦਕ ਅਤੇ ਮੁੱਖ ਮੰਤਰੀ ਮੈਡਲ ਨਾਲ ਕੀਤਾ ਸਨਮਾਨਿਤ

ਮੁੱਖ ਮੰਤਰੀ ਨੇ ਪੁਲਿਸ ਮੁਲਾਜ਼ਮਾਂ ਨੂੰ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਰਕਸ਼ਕ ਪਦਕ ਅਤੇ ਮੁ…