
ਵਿੱਕੀ ਮਿੱਡੂਖੇੜਾ ਕਤਲਕਾਂਡ: ਵੱਡੇ ਭਰਾ ਨੇ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਇਨਸਾਫ਼ ਦੀ ਲਾਈ ਗੁਹਾਰ
ਪੀੜਤ ਪਰਿਵਾਰ ਨੇ ਆਪਣੀ ਜਾਨ ਮਾਲ ਦੀ ਸੁਰੱਖਿਆ ਕਰਨ ਦੀ ਮੰਗ ਕੀਤੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਦਸੰਬਰ:
ਇੱਥੋਂ ਦੇ ਸੈਕਟਰ-71 ਦੀ ਮਾਰਕੀਟ ਵਿੱਚ ਪੰਜ ਮਹੀਨੇ ਪਹਿਲਾਂ 7 ਅਗਸਤ ਨੂੰ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ ਕੀਤੇ ਗਏ ਐਸਓਆਈ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਯੂਥ ਆਗੂ ਬਿਕਰਮਜੀਤ ਸਿੰਘ ਵਿੱਕੀ ਮਿੱਡੂਖੇੜਾ ਦਾ ਪਰਿਵਾਰ ਇਨਸਾਫ਼ ਲਈ ਦਰ-ਦਰ ਦੀਆਂ ਠੋਕਰਾਂ ਖਾਣ ਲਈ ਮਜਬੂਰ ਹੈ। ਹੁਣ ਪੀੜ੍ਹਤ ਪਰਿਵਾਰ ਨੇ ਆਪਣੀ ਜਾਨ ਮਾਲ ਨੂੰ ਖ਼ਤਰਾ ਦੱਸਦਿਆਂ ਸੁਰੱਖਿਆ ਦੀ ਮੰਗ ਕੀਤੀ ਹੈ। ਵਿੱਕੀ ਮਿੱਡੂਖੇੜਾ ਦੇ ਵੱਡੇ ਭਰਾ ਤੇ ਸੀਨੀਅਰ ਅਕਾਲੀ ਆਗੂ ਅਜੈਪਾਲ ਸਿੰਘ ਮਿੱਡੂਖੇੜਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਇਨਸਾਫ਼ ਦਿਵਾਉਣ ਅਤੇ ਪਰਿਵਾਰ ਨੂੰ ਪ੍ਰਦਾਨ ਸੁਰੱਖਿਆ ਕਰਨ ਦੀ ਮੰਗ ਕੀਤੀ ਹੈ।
ਅਜੈਪਾਲ ਨੇ ਕਿਹਾ ਕਿ ਉਸ ਦੇ ਬੇਰਹਿਮ ਕਤਲ ਦੀ ਵਾਰਦਾਤ ਸੀਸੀਟੀਵੀ ਵਿੱਚ ਕੈਦ ਹੋਣ ਦੇ ਬਾਵਜੂਦ ਹੁਣ ਤੱਕ ਅਸਲ ਹਮਲਾਵਰਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾ ਸਕਿਆ ਹੈ। ਉਨ੍ਹਾਂ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਪੱਤਰ ਲਿਖ ਕੇ ਇਸ ਮਾਮਲੇ ਦੀ ਜਾਂਚ ਵਿੱਚ ਤੇਜ਼ੀ ਲਿਆਉਣ ਅਤੇ ਦੋਸ਼ੀਆਂ ਨੂੰ ਜਲਦੀ ਫੜਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਪੀੜਤ ਪਰਿਵਾਰ ਨੂੰ ਕੇਂਦਰ ਸਰਕਾਰ ਦੀ ਮਦਦ ਦੀ ਸਖ਼ਤ ਲੋੜ ਹੈ। ਉਨ੍ਹਾਂ ਖ਼ਦਸ਼ਾ ਪ੍ਰਗਟ ਕੀਤਾ ਕਿ ਜੇਕਰ ਹਮਲਾਵਰਾਂ ਨੂੰ ਛੇਤੀ ਗ੍ਰਿਫ਼ਤਾਰ ਨਾ ਕੀਤਾ ਗਿਆ ਤਾਂ ਉਹ ਉਨ੍ਹਾਂ ਦੇ ਪਰਿਵਾਰ ਨੂੰ ਮਾਰ ਸਕਦੇ ਹਨ। ਉਨ੍ਹਾਂ ਕਿਹਾ ਕਿ ਜਦੋਂ ਵੀ ਉਹ ਇਸ ਮਾਮਲੇ ਵਿੱਚ ਉਚਿੱਤ ਕਾਰਵਾਈ ਲਈ ਥਾਣੇ ਜਾਂ ਵਕੀਲ ਨੂੰ ਮਿਲਣ ਜਾਂਦੇ ਹਨ ਤਾਂ ਇੰਜ ਮਹਿਸੂਸ ਹੁੰਦਾ ਹੈ ਜਿਵੇਂ ਅਣਪਛਾਤੇ ਉਨ੍ਹਾਂ ਦਾ ਪਿੱਛਾ ਕਰ ਰਹੇ ਹੋਣ।
ਅਜੈਪਾਲ ਮਿੱਡੂਖੇੜਾ ਨੇ ਦੱਸਿਆ ਕਿ ਕੇਂਦਰੀ ਗ੍ਰਹਿ ਵਿਭਾਗ ਨੂੰ ਲਿਖੇ ਪੱਤਰ ਵਿੱਚ ਕਿਹਾ ਹੈ ਕਿ ਵਿੱਕੀ ਮਿੱਡੂਖੇੜਾ ਦੀ ਹੱਤਿਆ ਤੋਂ ਬਾਅਦ ਗੈਂਗਸਟਰਾਂ ਨੇ ਸੋਸ਼ਲ ਮੀਡੀਆ ’ਤੇ ਪੋਸਟ ਅਪਲੋਡ ਕਰਕੇ ਇਸ ਕਤਲ ਦੀ ਵਾਰਦਾਤ ਨੂੰ ਅੰਜਾਮ ਦੇਣ ਦੀ ਜ਼ਿੰਮੇਵਾਰੀ ਲਈ ਸੀ। ਕਾਤਲਾਂ ਖ਼ਿਲਾਫ਼ ਕਾਰਵਾਈ ਕਰਨ ਦੀ ਕੋਸ਼ਿਸ਼ ਕਰਨ ’ਤੇ ਵੀ ਧਮਕੀ ਭਰੀਆਂ ਪੋਸਟਾਂ ਪਾਈਆਂ ਗਈਆਂ। ਲਿਹਾਜ਼ਾ ਉਨ੍ਹਾਂ ਦੇ ਪਰਿਵਾਰ ਦੇ ਮੈਂਬਰਾਂ ਦੀ ਜਾਨ ਮਾਲ ਦੀ ਰੱਖਿਆ ਕੀਤੀ ਜਾਵੇ।