Share on Facebook Share on Twitter Share on Google+ Share on Pinterest Share on Linkedin ਪੀੜਤ ਪੱਤਰਕਾਰ ਮੇਜਰ ਸਿੰਘ ਨੂੰ ਸਰਕਾਰੀ ਹਸਪਤਾਲ ’ਚੋਂ ਛੁੱਟੀ ਮਿਲੀ ਯੂਨਾਈਟਿਡ ਸਿੱਖ ਜਥੇਬੰਦੀ ਦੇ ਵਫ਼ਦ ਨੇ ਬੁੱਧਵਾਰ ਨੂੰ ਜਾਂਚ ਅਧਿਕਾਰੀ ਨਾਲ ਕੀਤੀ ਮੁਲਾਕਾਤ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਮਈ: ਇੱਥੋਂ ਦੇ ਜ਼ਿਲ੍ਹਾ ਪੱਧਰੀ ਸਰਕਾਰੀ ਹਸਪਤਾਲ ਵਿੱਚ ਜ਼ੇਰੇ ਇਲਾਜ ਪੀੜਤ ਪੱਤਰਕਾਰ ਮੇਜਰ ਸਿੰਘ ਪੰਜਾਬੀ ਨੂੰ ਬੁੱਧਵਾਰ ਨੂੰ ਹਸਪਤਾਲ ’ਚੋਂ ਛੁੱਟੀ ਦੇ ਕੇ ਘਰ ਭੇਜ ਦਿੱਤਾ ਹੈ। ਡਾਕਟਰਾਂ ਨੇ ਉਸ ਨੂੰ 15 ਦਿਨਾਂ ਲਈ ਆਰਾਮ ਕਰਨ ਦੀ ਸਲਾਹ ਦਿੰਦਿਆਂ ਦੋ ਜਾਂ 3-3 ਦਿਨਾਂ ਬਾਅਦ ਆਪਣਾ ਚੈੱਕਅਪ ਕਰਵਾਉਣ ਲਈ ਕਿਹਾ ਹੈ। ਬੀਤੀ 22 ਮਈ ਨੂੰ ਗੁਰਦੁਆਰਾ ਸ੍ਰੀ ਕਲਗੀਧਰ ਸਿੰਘ ਸਭਾ ਫੇਜ਼-4 ਵਿੱਚ ਦੋ ਧਿਰਾਂ ਵਿੱਚ ਆਪਸੀ ਵਿਵਾਦ ਦੌਰਾਨ ਕਵਰੇਜ ਕਰ ਰਹੇ ਪੱਤਰਕਾਰ ਮੇਜਰ ਸਿੰਘ ਨੂੰ ਮੌਕੇ ਤੋਂ ਪੁਲੀਸ ਕਰਮਚਾਰੀ ਜਬਰੀ ਚੁੱਕ ਕੇ ਥਾਣੇ ਲੈ ਆਏ ਸੀ ਅਤੇ ਥਾਣੇ ਵਿੱਚ ਉਸ ਦੀ ਬੇਰਹਿਮੀ ਨਾਲ ਕੁੱਟਮਾਰ ਕਰ ਕੇ ਉਸ ਨੂੰ ਹਵਾਲਾਤ ਵਿੱਚ ਬੰਦ ਕਰ ਦਿੱਤਾ ਸੀ। ਬਾਅਦ ਵਿੱਚ ਜ਼ਖ਼ਮੀ ਪੱਤਰਕਾਰ ਮੇਜਰ ਸਿੰਘ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਉਧਰ, ਯੂਨਾਈਟਿਡ ਸਿੱਖ ਜਥੇਬੰਦੀ ਦੇ ਡਾਇਰੈਕਟਰ ਗੁਰਪ੍ਰੀਤ ਸਿੰਘ ਦੀ ਅਗਵਾਈ ਵਿੱਚ ਵਫ਼ਦ ਨੇ ਅੱਜ ਜਾਂਚ ਅਧਿਕਾਰੀ ਨਾਲ ਮੁਲਾਕਾਤ ਕਰ ਕੇ ਪੁਲੀਸ ਮੁਲਾਜ਼ਮਾਂ ਦੇ ਖ਼ਿਲਾਫ਼ ਧਾਰਾ 295ਏ ਤਹਿਤ ਕੇਸ ਦਰਜ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਸੰਸਥਾ ਉਦੋਂ ਤੱਕ ਚੁੱਪ ਕਰ ਕੇ ਨਹੀਂ ਬੈਠੇਗੀ ਜਦੋਂ ਤੱਕ ਮੇਜਰ ਸਿੰਘ ਪੰਜਾਬੀ ਨੂੰ ਇਨਸਾਫ਼ ਨਹੀਂ ਮਿਲ ਜਾਂਦਾ। ਜ਼ਿਕਰਯੋਗ ਹੈ ਕਿ ਇਸ ਸਬੰਧੀ ਜ਼ਿਲ੍ਹਾ ਪ੍ਰੈੱਸ ਕਲੱਬ ਐਸ.ਏ.ਐਸ. ਨਗਰ (ਮੁਹਾਲੀ) ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਅਤੇ ਐਸਐਸਪੀ ਕੁਲਦੀਪ ਸਿੰਘ ਚਾਹਲ ਨਾਲ ਮੁਲਾਕਾਤ ਕਰ ਕੇ ਸ਼ਿਕਾਇਤਾਂ ਦਿੱਤੀਆਂ ਗਈਆਂ ਸਨ। ਇਸ ਤੋਂ ਇਲਾਵਾ ਪੰਜਾਬ ਦੇ ਮੁੱਖ ਮੰਤਰੀ, ਰਾਜਪਾਲ ਅਤੇ ਡੀਜੀਪੀ ਨੂੰ ਵੀ ਵੱਖਰੇ ਤੌਰ ’ਤੇ ਸ਼ਿਕਾਇਤਾਂ ਭੇਜੀਆਂ ਗਈਆਂ ਸਨ। ਇਸ ਮਾਮਲੇ ਵਿੱਚ ਐਸਐਸਪੀ ਵੱਲੋਂ ਪੱਤਰਕਾਰ ਦੀ ਕੁੱਟਮਾਰ ਕਰਨ ਵਾਲੇ ਦੋਵੇਂ ਥਾਣੇਦਾਰ ਓਮ ਪ੍ਰਕਾਸ਼ ਅਤੇ ਅਮਰ ਨਾਥ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰਕੇ ਵਿਭਾਗੀ ਜਾਂਚ ਸ਼ੁਰੂ ਕੀਤੀ ਜਾ ਰਹੀ ਹੈ ਅਤੇ ਸਿਵਲ ਪ੍ਰਸ਼ਾਸਨ ਵੱਲੋਂ ਵੱਖਰੇ ਤੌਰ ’ਤੇ ਨਿਆਂਇਕ ਜਾਂਚ ਕੀਤੀ ਜਾ ਰਹੀ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ