ਪੀੜਤ ਪਰਿਵਾਰਾਂ ਤੇ ਪਿੰਡ ਵਾਸੀਆਂ ਵੱਲੋਂ ‘ਆਪ’ ਸਰਕਾਰ ਵਿਰੁੱਧ ਰੋਸ ਮੁਜ਼ਾਹਰਾ, ਮੁੱਖ ਮੰਤਰੀ ਦਾ ਪੁਤਲਾ ਸਾੜਿਆ

ਨਬਜ਼-ਏ-ਪੰਜਾਬ, ਮੁਹਾਲੀ, 30 ਦਸੰਬਰ:
ਐਸਸੀ\ਬੀਸੀ ਮਹਾ ਪੰਚਾਇਤ ਪੰਜਾਬ ਵੱਲੋਂ ਕੁੰਭੜਾ ਦੇ ਦੋ ਪੰਜਾਬੀ ਨੌਜਵਾਨਾਂ ਦੇ ਕਤਲ ਮਾਮਲੇ ਅਤੇ ਹੋਰ ਮੰਗਾਂ ਨੂੰ ਲੈ ਕੇ ਅੱਜ ਫੇਜ਼-7 ਸਥਿਤ ਲਾਲ ਬੱਤੀ ਚੌਕ ਵਿਚਕਾਰ ਪੰਜਾਬ ਦੀ ‘ਆਪ’ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਸਾੜ ਕੇ ਨਾਅਰੇਬਾਜ਼ੀ ਕੀਤੀ। ਬਲਵਿੰਦਰ ਸਿੰਘ ਕੁੰਭੜਾ ਨੇ ਕਿਹਾ ਕਿ ਬੀਤੀ 13 ਨਵੰਬਰ ਨੂੰ ਪ੍ਰਵਾਸੀਆਂ ਵੱਲੋਂ ਦਮਨਪ੍ਰੀਤ ਸਿੰਘ ਅਤੇ ਦਿਲਪ੍ਰੀਤ ਸਿੰਘ ਦਾ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਕਤਲ ਕਰ ਦਿੱਤਾ ਸੀ ਲੇਕਿਨ ਹੁਣ ਤੱਕ ਪੀੜਤ ਪਰਿਵਾਰਾਂ ਨੂੰ ਯੋਗ ਮੁਆਵਜ਼ਾ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਨੇ ਦੋਵੇਂ ਪੀੜਤ ਪਰਿਵਾਰਾਂ ਨੂੰ 1-1 ਕਰੋੜ ਰੁਪਏ ਅਤੇ ਪਰਿਵਾਰ ਦੇ ਇੱਕ ਜੀਅ ਨੂੰ ਸਰਕਾਰੀ ਦੇਣ ਦੀ ਮੰਗ ਕੀਤੀ ਗਈ ਸੀ ਲੇਕਿਨ ਉਦੋਂ ਮੁਹਾਲੀ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ 25-25 ਲੱਖ ਰੁਪਏ ਦੇਣ ਦੀ ਗੱਲ ਆਖ ਕੇ ਲੋਕਾਂ ਨੂੰ ਸ਼ਾਂਤ ਕੀਤਾ ਸੀ ਲੇਕਿਨ ਹੁਣ ਤੱਕ ਪੀੜਤ ਪਰਿਵਾਰਾਂ ਨੂੰ ਨਿਗੂਣੀ ਰਾਸ਼ੀ ਹੀ ਪ੍ਰਾਪਤ ਹੋਈ ਹੈ ਅਤੇ ਬਾਕੀ ਮੁਆਵਜ਼ਾ ਰਾਸ਼ੀ ਬਾਰੇ ਅਧਿਕਾਰੀਆਂ ਨੇ ਚੁੱਪ ਵੱਟ ਲਈ ਹੈ। ਇਹੀ ਨਹੀਂ ਪੁਲੀਸ ਨੇ ਪੀੜਤ ਪਰਿਵਾਰਾਂ ਦੇ ਹੱਕ ਵਿੱਚ ਧਰਨਾ ਦੇਣ ਵਾਲਿਆਂ ਖ਼ਿਲਾਫ਼ ਪਰਚਾ ਦਰਜ ਕਰਕੇ ਉਨ੍ਹਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਣ ਦਾ ਕੰਮ ਕੀਤਾ ਹੈ।
ਬੁਲਾਰਿਆਂ ਨੇ ਕਿਹਾ ਕਿ ਕੁੱਝ ਸਮਾਂ ਪਹਿਲਾਂ ਜਾਅਲੀ ਐਸਸੀ ਸਰਟੀਫਿਕੇਟਾਂ ਦੀ ਜਾਂਚ ਨੂੰ ਲੈ ਕੇ ਇਸੇ ਥਾਂ ’ਤੇ ਰੋਸ ਮੁਜ਼ਾਹਰਾ ਕੀਤਾ ਗਿਆ ਸੀ ਲੇਕਿਨ ਉਦੋਂ ਵੀ ਪੁਲੀਸ ਨੇ ਬਲਵਿੰਦਰ ਸਿੰਘ ਕੁੰਭੜਾ ਅਤੇ ਉਸ ਦੀ ਪਤਨੀ ਗੁਰਨਾਮ ਕੌਰ ਸਮੇਤ ਹੋਰਨਾਂ ਖ਼ਿਲਾਫ਼ ਪਰਚਾ ਦਰਜ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਝੂਠੇ ਪਰਚੇ ਰੱਦ ਕਰਵਾਉਣ ਲਈ ਪੀੜਤ ਲੋਕ ਸੰਘਰਸ਼ ਦੀ ਰਾਹ ’ਤੇ ਹਨ ਪ੍ਰੰਤੂ ਸਰਕਾਰ ਦੇ ਕੰਨ ’ਤੇ ਜੂੰ ਨਹੀਂ ਸਰਕੀ। ਜਿਸ ਕਾਰਨ ਪੀੜਤ ਲੋਕਾਂ ਨੂੰ ਮੁੜ ਸੜਕਾਂ ’ਤੇ ਆਉਣ ਲਈ ਮਜਬੂਰ ਹੋਣਾ ਪਿਆ ਹੈ। ਪ੍ਰਦਰਸ਼ਨਕਾਰੀਆਂ ਨੇ ਡੀਸੀ ਰਾਹੀਂ ਕੇਂਦਰੀ ਗ੍ਰਹਿ ਮੰਤਰੀ ਨੂੰ ਮੰਗ ਪੱਤਰ ਭੇਜਿਆ ਗਿਆ। ਇਹ ਮੰਗ ਪੱਤਰ ਐਸਡੀਐਮ ਦਮਨਦੀਪ ਕੌਰ ਨੇ ਪ੍ਰਾਪਤ ਕੀਤਾ ਅਤੇ ਸਰਕਾਰ ਤੱਕ ਪੁੱਜਦਾ ਕਰਨ ਦਾ ਭਰੋਸਾ ਦਿੱਤਾ।
ਇਸ ਮੌਕੇ ਸੋਨੀਆ ਰਾਣੀ, ਬਲਵਿੰਦਰ ਸਿੰਘ, ਪਿਆਰੀ, ਮਮਤਾ, ਸੁਰਿੰਦਰ ਸਿੰਘ ਛਿੰਦਾ ਅਤੇ ਪੱਕਾ ਮੋਰਚੇ ਦੇ ਆਗੂ ਨੰਬਰਦਾਰ ਹਰਚੰਦ ਸਿੰਘ ਜਖਵਾਲੀ, ਪ੍ਰਿੰਸੀਪਲ ਬਨਵਾਰੀ ਲਾਲ, ਜੈ ਸਿੰਘ ਬਾੜਾ, ਲਖਵੀਰ ਸਿੰਘ ਰੁਪਾਲਹੇੜੀ, ਮਨਦੀਪ ਸਿੰਘ ਕੁੰਭੜਾ, ਬਿਕਰਮਜੀਤ ਸਿੰਘ ਪੰਚ, ਹਰਨੇਕ ਸਿੰਘ ਮਲੋਆ, ਹਜ਼ਾਰਾ ਸਿੰਘ ਸਾਬਕਾ ਸਰਪੰਚ, ਨੰਬਰਦਾਰ ਬਲਵਿੰਦਰ ਸਿੰਘ, ਮਨਜੀਤ ਸਿੰਘ ਮੇਵਾ, ਸਤੀਸ਼ ਕੁਮਾਰ, ਸੁਰਿੰਦਰ ਸਿੰਘ ਕੰਡਾਲਾ, ਰਿਸ਼ੀਰਾਜ ਮਹਾਰ, ਸਰਪੰਚ ਬਲਵਿੰਦਰ ਸਿੰਘ ਮੱਕੜਿਆਂ, ਪਰਮਜੀਤ ਸਿੰਘ, ਅਜੈਬ ਸਿੰਘ, ਗੁਰਪਾਲ ਸਿੰਘ, ਗੁਰਜੀਤ ਸਿੰਘ, ਬਲਜਿੰਦਰ ਸਿੰਘ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

Gian Jyoti announces scholarships for African students

Gian Jyoti announces scholarships for African students Nabaz-e-Punjab, Mohali, March 2, 20…